ਪਰਾਲੀ ਨੂੰ ਅੱਗ ਲਾਏ ਬਿਨਾਂ ਖੇਤੀ ਕਰ ਰਿਹੈ ਪਿੰਡ ਤੇਹੰਗ ਦਾ ਅਗਾਂਹਵਧੂ ਕਿਸਾਨ ਬਲਪ੍ਰੀਤ ਸਿੰਘ

ਜਲੰਧਰ, 10 ਨਵੰਬਰ: ਬਲਾਕ ਫਿਲੌਰ ਦੇ ਪਿੰਡ ਤੇਹੰਗ ਦਾ ਅਗਾਂਹਵਧੂ ਕਿਸਾਨ ਬਲਪ੍ਰੀਤ ਸਿੰਘ, ਜੋ ਝੋਨੇ ਦੀ ਪਰਾਲੀ ਨੂੰ ਅੱਗ ਲਾਏ ਬਿਨਾਂ ਇਸ ਨੂੰ ਖੇਤਾਂ ਵਿੱਚ ਵਾਹ ਕੇ ਖੇਤੀ ਕਰ ਰਿਹਾ ਹੈ, ਹੋਰਨਾਂ ਕਿਸਾਨਾਂ ਲਈ ਮਿਸਾਲ ਸਾਬਤ ਹੋ ਰਿਹਾ ਹੈ।
ਕਿਸਾਨ ਬਲਪ੍ਰੀਤ ਸਿੰਘ ਨੇ ਦੱਸਿਆ ਕਿ ਉਹ ਪਿਛਲੇ ਕੁਝ ਸਾਲਾਂ ਤੋਂ ਝੋਨੇ ਦੀ ਪਰਾਲੀ ਨੂੰ ਸਾੜੇ ਬਿਨਾਂ ਹੀ ਖੇਤੀ ਕਰ ਰਿਹਾ ਹੈ। ਉਸ ਨੇ ਦੱਸਿਆ ਕਿ 150 ਏਕੜ ਜ਼ਮੀਨ ਵਿੱਚ ਸੁਪਰ ਸੀਡਰ ਦੀ ਮਦਦ ਨਾਲ ਪਰਾਲੀ ਖੇਤ ਵਿੱਚ ਹੀ ਰਲਾ ਰਿਹਾ ਹੈ, ਜਿਸ ਨਾਲ ਨਾ ਸਿਰਫ਼ ਕਣਕ ਦੀ ਫ਼ਸਲ ਦੇ ਝਾੜ ਵਿੱਚ ਵਾਧਾ ਹੋਇਆ ਸਗੋਂ ਮਿੱਟੀ ਦੀ ਉਪਜਾਊ ਸ਼ਕਤੀ ਵਿੱਚ ਵੀ ਸੁਧਾਰ ਹੋਇਆ ਹੈ।
ਕਿਸਾਨ ਨੇ ਦੱਸਿਆ ਕਿ ਸੁਪਰ ਐਸ.ਐਮ.ਐਸ. ਲੱਗੀ ਕੰਬਾਈਨ ਨਾਲ ਝੋਨੇ ਦੀ ਵਾਢੀ ਉਪਰੰਤ ਸੁਪਰ ਸੀਡਰ ਨਾਲ ਕਣਕ ਦੀ ਬਿਜਾਈ ਆਸਾਨੀ ਨਾਲ ਹੋ ਜਾਂਦੀ ਹੈ। ਬਲਪ੍ਰੀਤ ਸਿੰਘ ਨੇ ਹੋਰਨਾਂ ਕਿਸਾਨਾਂ ਨੂੰ ਵੀ ਅਪੀਲ ਕੀਤੀ ਕਿ ਉਹ ਪਰਾਲੀ ਨੂੰ ਅੱਗ ਲਾਉਣ ਦੀ ਗਲਤੀ ਨਾ ਕਰਨ ਅਤੇ ਇਸ ਨੂੰ ਖੇਤ ਵਿੱਚ ਹੀ ਵਾਹੁਣ ਤਾਂ ਜੋ ਖੇਤੀ ਖ਼ਰਚੇ ਘੱਟ ਸਕਣ ਅਤੇ ਖੇਤ ਦੀ ਉਪਜਾਊ ਸ਼ਕਤੀ ਵੀ ਵਧ ਸਕੇ।
ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਜ਼ਿਲ੍ਹੇ ਦੇ ਕਿਸਾਨਾਂ ਨੂੰ ਪਰਾਲੀ ਦੇ ਸੁਚੱਜੇ ਪ੍ਰਬੰਧਨ ਰਾਹੀਂ ਵਾਤਾਵਰਣ ਦੀ ਸੰਭਾਲ ਵਿੱਚ ਯੋਗਦਾਨ ਪਾਉਣ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਫ਼ਸਲ ਦੀ ਰਹਿੰਦ-ਖੂੰਹਦ ਸਾੜਨ ਨਾਲ ਜਿਥੇ ਮਿੱਟੀ ਦੀ ਉਪਜਾਊ ਸ਼ਕਤੀ ’ਤੇ ਬੁਰਾ ਅਸਰ ਪੈਂਦਾ ਹੈ ਉਥੇ ਵਾਤਾਵਰਣ ਪਲੀਤ ਹੋਣ ਨਾਲ ਮਨੁੱਖੀ ਸਿਹਤ ’ਤੇ ਵੀ ਮਾੜਾ ਅਸਰ ਪੈਂਦਾ ਹੈ। ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਲਾਉਣ ਨਾਲ ਪੈਦਾ ਹੋਣ ਵਾਲਾ ਧੂੰਆਂ ਕਈ ਵਾਰ ਹਾਦਸਿਆਂ ਦਾ ਵੀ ਕਾਰਨ ਬਣਦਾ ਹੈ।
ਡਾ. ਅਗਰਵਾਲ ਨੇ ਦੱਸਿਆ ਕਿ ਪਰਾਲੀ ਪ੍ਰਬੰਧਨ ਵਿੱਚ ਕਿਸਾਨਾਂ ਦੀ ਮਦਦ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਹੈਲਪਲਾਈਨ ਨੰਬਰ 0181-2225005 ਵੀ ਜਾਰੀ ਕੀਤਾ ਗਿਆ ਹੈ, ਜਿਸ ’ਤੇ ਕਿਸਾਨ ਫ਼ਸਲ ਦੀ ਰਹਿੰਦ-ਖੂੰਹਦ ਦੇ ਸੁਚੱਜੇ ਪ੍ਰਬੰਧਨ ਵਿੱਚ ਤਕਨੀਕੀ ਸਹਾਇਤਾ ਲਈ ਸੰਪਰਕ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਫ਼ਸਲਾਂ ਦੀ ਰਹਿੰਦ-ਖੂੰਹਦ ਦੇ ਪ੍ਰਬੰਧਨ ਲਈ ਕਿਸਾਨਾਂ ਨੂੰ ਹਰ ਸੰਭਵ ਸਹਿਯੋਗ ਦੇਣ ਲਈ ਵਚਨਬੱਧ ਹੈ।

Leave a Comment

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।

Scroll to Top