ਮੈਰਿਜ ਪੈਲਸਾਂ/ਹੋਟਲਾਂ ਦੇ ਦਾਅਵਤ ਹਾਲਾਂ ’ਚ ਵਿਆਹ-ਸ਼ਾਦੀਆਂ ਤੇ ਹੋਰ ਸਮਾਜਿਕ ਪ੍ਰੋਗਰਾਮਾਂ ’ਚ ਹਥਿਆਰ ਲੈ ਕੇ ਜਾਣ ’ਤੇ ਪਾਬੰਦੀ

ਜਲੰਧਰ, 28 ਦਸੰਬਰ : ਡਿਪਟੀ ਕਮਿਸ਼ਨਰ ਪੁਲਿਸ (ਲਾਅ ਐਂਡ ਆਰਡਰ) ਅੰਕੁਰ ਗੁਪਤਾ ਵੱਲੋਂ ਭਾਰਤੀ ਨਾਗਰਿਕ ਸੁਰੱਖਿਆ ਸਹਿੰਤਾ, 2023 ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਲੋਕ ਹਿੱਤ ਨੂੰ ਮੁੱਖ ਰੱਖਦਿਆਂ ਅਤੇ ਅਮਨ ਕਾਨੂੰਨ ਦੀ ਸਥਿਤੀ ਨੂੰ ਬਹਾਲ ਰੱਖਣ ਲਈ ਹੁਕਮ ਜਾਰੀ ਕੀਤੇ ਗਏ ਹਨ ਕਿ ਪੁਲਿਸ ਕਮਿਸ਼ਨਰੇਟ ਜਲੰਧਰ ਦੀ ਹਦੂਦ ਅੰਦਰ ਪੈਂਦੀਆਂ ਵਾਹਨ ਖੜ੍ਹੀਆਂ ਕਰਨ ਦੀਆਂ ਥਾਵਾਂ ਜਿਵੇਂ ਰੇਲਵੇ ਸਟੇਸ਼ਨ, ਬੱਸ ਸਟੈਂਡ, ਧਾਰਮਿਕ ਥਾਵਾਂ, ਹਸਪਤਾਲ, ਭੀੜ ਵਾਲੇ ਬਾਜ਼ਾਰਾਂ ਅਤੇ ਹੋਰ ਵਾਹਨ ਪਾਰਕ ਕਰਨ ਲਈ ਬਣੀਆਂ ਥਾਵਾਂ ਆਦਿ ਦੇ ਮਾਲਕ/ਪ੍ਰਬੰਧਕ (ਕੰਪਲੈਕਸ ਦੇ ਅੰਦਰ ਜਾਂ ਬਾਹਰ) ’ਤੇ ਸੀ.ਸੀ.ਟੀ.ਵੀ.ਕੈਮਰੇ ਲਗਾਏ ਬਿਨਾਂ ਵਾਹਨ ਪਾਰਕਿੰਗ ਨਹੀਂ ਚਲਾਉਣਗੇ।
ਜਾਰੀ ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਇਸ ਗੱਲ ਨੂੰ ਯਕੀਨੀ ਬਣਾਇਆ ਜਾਵੇ ਕਿ ਸੀ.ਸੀ.ਟੀ.ਵੀ. ਕੈਮਰੇ ਇਸ ਤਰੀਕੇ ਨਾਲ ਲਗਾਏ ਜਾਣ ਕਿ ਜੋ ਵਾਹਨ ਪਾਰਕਿੰਗ ਦੇ ਅੰਦਰ/ਬਾਹਰ ਆਉਂਦਾ-ਜਾਂਦਾ ਹੈ, ਉਸ ਦੀ ਵਾਹਨ ਦੀ ਨੰਬਰ ਪਲੇਟ ਅਤੇ ਵਾਹਨ ਚਲਾਉਣ ਵਾਲੇ ਵਿਅਕਤੀ ਦਾ ਚਿਹਰਾ ਸਾਫ਼ ਨਜ਼ਰ ਆਵੇ ਅਤੇ ਇਸ ਸਬੰਧੀ ਲਗਾਏ ਗਏ ਸੀ.ਸੀ.ਟੀ.ਵੀ. ਕੈਮਰਿਆਂ ਦੀ 45 ਦਿਨ ਦੀ ਰਿਕਾਰਡਿੰਗ ਦੀ ਸੀ.ਡੀ.ਤਿਆਰ ਕਰਨ ਉਪਰੰਤ ਹਰ 15 ਦਿਨ ਬਾਅਦ ਸਕਿਓਰਿਟੀ ਬ੍ਰਾਂਚ ਦਫ਼ਤਰ, ਪੁਲਿਸ ਕਮਿਸ਼ਨਰ, ਜਲੰਧਰ ਵਿੱਚ ਜਮ੍ਹਾ ਕਰਵਾਈ ਜਾਵੇ। ਇਸੇ ਤਰ੍ਹਾਂ ਵਾਹਨ ਪਾਰਕ ਕਰਨ ਵਾਲੇ ਵਾਹਨ ਮਾਲਕਾਂ ਦਾ ਰਿਕਾਰਡ ਜੇਕਰ ਵਾਹਨ ਇੱਕ ਦਿਨ ਲਈ ਖੜ੍ਹਾ ਕਰਨਾ ਹੋਵੇ ਤਾਂ ਰਜਿਸਟਰ ਵਿੱਚ ਉਸ ਦਾ ਇੰਦਰਾਜ ਵਿਅਕਤੀ ਦਾ ਨਾਮ, ਮੋਬਾਇਲ ਫੋਨ ਨੰਬਰ ਆਈ ਡੀ, ਵਾਹਨ ਦੀ ਕਿਸਮ, ਰਜਿਸਟ੍ਰੇਸ਼ਨ ਨੰਬਰ, ਚੈਸੀ ਨੰਬਰ, ਇੰਜਣ ਨੰਬਰ, ਵਾਹਨ ਪਾਰਕ ਕਰਨ ਦੀ ਮਿਤੀ ਅਤੇ ਵਾਹਨ ਵਾਪਸ ਲੈਣ ਦੀ ਮਿਤੀ ਦਰਜ ਕਰਨ ਤੋਂ ਇਲਾਵਾ ਵਾਹਨ ਮਾਲਕ ਦੇ ਰਜਿਸਟਰ ਉਪਰ ਦਸਤਖ਼ਤ ਕਰਵਾਏ ਜਾਣ। ਹੁਕਮਾਂ ਵਿੱਚ ਇਹ ਵੀ ਕਿਹਾ ਗਿਆ ਹੈ ਕਿ ਜੇਕਰ ਵਾਹਨ ਇੱਕ ਦਿਨ ਤੋਂ ਵੱਧ ਸਮੇਂ ਲਈ ਖੜ੍ਹਾ ਕਰਨਾ ਹੋਵੇ ਤਾਂ ਉਸ ਦਾ ਇੰਦਰਾਜ ਰਜਿਸਟਰ ਵਿੱਚ ਉਕਤ ਅਨੁਸਾਰ ਕਰਕੇ ਵਾਹਨ ਮਾਲਕ ਵਲੋਂ ਵਾਹਨ ਦੇ ਰਜਿਸਟ੍ਰੇਸ਼ਨ ਅਤੇ ਡਰਾਈਵਿੰਗ ਲਾਇਸੈਂਸ ਦੀ ਫੋਟੋ ਕਾਪੀ ਲੈ ਕੇ ਬਤੌਰ ਰਿਕਾਰਡ ਰੱਖਿਆ ਜਾਵੇ। ਇਸ ਤੋਂ ਇਲਾਵਾ ਪਾਰਕਿੰਗ ਦੀਆਂ ਥਾਵਾਂ ’ਤੇ ਕੰਮ ਕਰ ਰਹੇ ਵਿਅਕਤੀਆਂ ਦੀ ਪੁਲਿਸ ਵੈਰੀਫਿਕੇਸ਼ਨ ਸਬੰਧਿਤ ਥਾਣਿਆਂ ਤੋਂ ਕਰਵਾਈ ਜਾਵੇ।
ਡੀ.ਸੀ.ਪੀ. ਵੱਲੋਂ ਇਕ ਹੋਰ ਹੁਕਮ ਰਾਹੀਂ ਕਮਿਸ਼ਨਰੇਟ ਪੁਲਿਸ ਜਲੰਧਰ ਦੀ ਹਦੂਦ ਅੰਦਰ ਕਿਸੇ ਕਿਸਮ ਦਾ ਹਥਿਆਰ ਜਿਵੇਂ ਕਿ ਬੇਸਬਾਲ, ਤੇਜ਼ ਹਥਿਆਰ, ਨੋਕੀਲਾ ਹਥਿਆਰ ਜਾਂ ਕੋਈ ਵੀ ਜਾਨਲੇਵਾ ਹਥਿਆਰ ਗੱਡੀ ਵਿੱਚ ਰੱਖ ਕੇ ਚੱਲਣ ’ਤੇ ਵੀ ਪਾਬੰਦੀ ਲਗਾਈ ਗਈ ਹੈ। ਇਸੇ ਤਰ੍ਹਾਂ ਕਮਿਸ਼ਨਰੇਟ ਪੁਲਿਸ ਦੀ ਹਦੂਦ ਅੰਦਰ ਕਿਸੇ ਕਿਸਮ ਦਾ ਜਲੂਸ ਕੱਢਣ, ਕਿਸੇ ਸਮਾਗਮ/ਜਲੂਸ ਵਿੱਚ ਹਥਿਆਰ ਲੈ ਕੇ ਚੱਲਣ, ਪੰਜ ਜਾਂ ਪੰਜ ਤੋਂ ਵੱਧ ਵਿਅਕਤੀਆਂ ਦੀ ਇਕੱਤਰਤਾ ਅਤੇ ਨਾਅਰੇਬਾਜ਼ੀ ਕਰਨ ’ਤੇ ਵੀ ਪਾਬੰਦੀ ਲਗਾਈ ਗਈ ਹੈ। 
ਡਿਪਟੀ ਕਮਿਸ਼ਨਰ ਪੁਲਿਸ ਵੱਲੋਂ ਕਮਿਸ਼ਨਰੇਟ ਜਲੰਧਰ ਦੀ ਹਦੂਦ ਅੰਦਰ ਆਉਂਦੇ ਸਾਰੇ ਮੈਰਿਜ ਪੈਲੇਸਾਂ/ਹੋਟਲਾਂ ਦੇ ਦਾਅਵਤ ਹਾਲਾਂ, ਵਿਆਹ-ਸ਼ਾਦੀਆਂ ਦੇ ਪ੍ਰੋਗਰਾਮਾਂ ਅਤੇ ਹੋਰ ਸਮਾਜਿਕ ਪ੍ਰੋਗਰਾਮਾਂ ਵਿੱਚ ਪਬਲਿਕ ਵੱਲੋਂ ਹਥਿਆਰ ਲੈ ਕੇ ਜਾਣ ’ਤੇ ਪਾਬੰਦੀ ਲਗਾਈ ਗਈ ਹੈ। ਹੁਕਮਾਂ ਵਿੱਚ ਮੈਰਿਜ ਪੈਲੇਸਾਂ ਅਤੇ ਦਾਅਵਤ ਹਾਲਾਂ ਦੇ ਮਾਲਕਾਂ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਮੈਰਿਜ ਪੈਲੇਸਾਂ/ਦਾਅਵਤ ਹਾਲਾਂ ਵਿੱਚ ਸੀ.ਸੀ.ਟੀ.ਵੀ. ਕੈਮਰੇ ਲਗਵਾਉਣ ਦੇ ਜ਼ਿੰਮੇਵਾਰ ਹੋਣਗੇ।
ਡੀ.ਸੀ.ਪੀ. ਵੱਲੋਂ ਜਾਰੀ ਇਕ ਹੋਰ ਹੁਕਮ ਅਨੁਸਾਰ ਕੋਈ ਵੀ ਦੁਕਾਨਦਾਰ/ਦਰਜੀ, ਸੈਨਿਕ/ਅਰਧ ਸੈਨਿਕ ਬੱਲ/ਪੁਲਿਸ ਦੀ ਬਣੀ ਬਣਾਈ ਵਰਦੀ ਜਾਂ ਕਪੜਾ ਲੈ ਕੇ ਸੀਤੀ ਸਿਲਾਈ ਵਰਦੀ ਖ਼ਰੀਦਦਾਰ ਦੀ ਦਰੁੱਸਤ ਸ਼ਨਾਖਤ ਕੀਤੇ ਬਿਨਾਂ ਨਹੀਂ ਵੇਚੇਗਾ। ਵਰਦੀ ਖ਼ਰੀਦਣ ਵਾਲੇ ਵਿਅਕਤੀ ਦੇ ਫੋਟੋ ਸ਼ਨਾਖਤੀ ਕਾਰਡ, ਜੋ ਸਮਰੱਥ ਅਧਿਕਾਰੀ ਵਲੋਂ ਉਸ ਨੂੰ ਜਾਰੀ ਕੀਤਾ ਗਿਆ ਹੋਵੇ, ਦੀ ਸਵੈ ਤਸਦੀਕਸ਼ੁਦਾ ਫੋਟੋ ਕਾਪੀ ਰੱਖੇਗਾ ਅਤੇ ਖ਼ਰੀਦਣ ਵਾਲੇ ਦਾ ਰੈਂਕ, ਨਾਮ,ਪਤਾ,ਫੋਨ ਨੰਬਰ ਅਤੇ ਤਾਇਨਾਤੀ ਦੇ ਸਥਾਨ ਸਬੰਧੀ ਰਿਕਾਰਡ ਰਜਿਸਟਰ ’ਤੇ ਮੇਨਟੇਨ ਕਰੇਗਾ ਅਤੇ ਇਹ ਰਜਿਸਟਰ ਦੋ ਮਹੀਨਿਆਂ ਵਿੱਚ ਇਕ ਵਾਰ ਸਬੰਧਿਤ ਮੁੱਖ ਥਾਣਾ ਅਫ਼ਸਰ ਪਾਸੋਂ ਤਸਦੀਕ ਕਰਵਾਏਗਾ ਅਤੇ ਲੋੜ ਪੈਣ ’ਤੇ ਰਿਕਾਰਡ ਪੁਲਿਸ ਨੂੰ ਮੁਹੱਈਆ ਕਰਵਾਏਗਾ।
ਡਿਪਟੀ ਕਮਿਸ਼ਨਰ ਆਫ ਪੁਲਿਸ ਵੱਲੋਂ ਜਾਰੀ ਇਹ ਹੋਰ ਹੁਕਮਾਂ ਮੁਤਾਬਕ ਮਕਾਨ ਮਾਲਕ ਘਰਾਂ ਵਿੱਚ ਕਿਰਾਏਦਾਰ ਅਤੇ  ਪੀ.ਜੀ. ਮਾਲਕ, ਪੀ.ਜੀ. ਅਤੇ ਇਸ ਤੋਂ ਇਲਾਵਾ ਆਮ ਲੋਕ ਘਰਾਂ ਵਿੱਚ ਨੌਕਰ ਅਤੇ ਹੋਰ ਕਾਮੇ ਆਪਣੇ ਨੇੜੇ ਦੇ ਪੰਜਾਬ ਪੁਲਿਸ ਦੇ ਸਾਂਝ ਕੇਂਦਰ ਵਿੱਚ ਜਾਣਕਾਰੀ/ਇਤਲਾਹ ਦਿੱਤੇ ਬਿਨਾਂ ਨਹੀਂ ਰੱਖਣਗੇ। ਇਸ ਤੋਂ ਇਲਾਵਾ ਪੁਲਿਸ ਕਮਿਸ਼ਨਰੇਟ ਦੇ ਇਲਾਕੇ ਵਿੱਚ ਅਮਨ ਕਾਨੂੰਨ ਦੀ ਵਿਵਸਥਾ ਨੂੰ ਬਰਕਰਾਰ  ਰੱਖਣ ਅਤੇ ਆਮ ਜਨਤਾ ਦੇ ਜਾਨ-ਮਾਲ ਦੀ ਰਾਖੀ ਨੂੰ ਯਕੀਨੀ ਬਣਾਉਣ ਲਈ ਸਮੂਹ ਪਟਾਕਿਆਂ ਦੇ ਨਿਰਮਾਣਕਾਂ/ਡੀਲਰਾਂ ਨੂੰ ਹੁਕਮ ਜਾਰੀ ਕੀਤੇ ਗਏ ਹਨ ਕਿ ਪਟਾਕਿਆਂ ਦੇ ਪੈਕਟਾਂ ’ਤੇ ਆਵਾਜ਼ ਦਾ ਲੈਵਲ (ਡੈਸੀਬਲ ਵਿੱਚ) ਪ੍ਰਿੰਟ ਹੋਣਾ ਲਾਜ਼ਮੀ ਹੈ।
ਉਪਰੋਕਤ ਸਾਰੇ ਹੁਕਮ 25.02.2025 ਤੱਕ ਲਾਗੂ ਰਹਿਣਗੇ।

Leave a Comment

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।

Scroll to Top