ਚੰਡੀਗੜ੍ਹ: ਪੰਜਾਬ ਦੇ ਜਲ ਸਰੋਤ ਅਤੇ ਭੂਮੀ ਤੇ ਜਲ ਸੰਭਾਲ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਪਹਿਲਗਾਮ ਵਿੱਚ ਹੋਏ ਅਤਿਵਾਦੀ ਹਮਲੇ ਦੀ ਕਰੜੇ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ। ਇਸ ਹਮਲੇ ਦੌਰਾਨ 26 ਸੈਲਾਨੀਆਂ ਨੂੰ ਆਪਣੀ ਜਾਨ ਗੁਆਉਣੀ ਪਈ।
ਇੱਥੇ ਜਾਰੀ ਪ੍ਰੈਸ ਬਿਆਨ ਵਿੱਚ ਇਸ ਅਤਿਵਾਦੀ ਹਮਲੇ ਨੂੰ ਘਿਨਾਉਣਾ, ਕਾਇਰਤਾਪੂਰਨ ਅਤੇ ਅਣਮਨੁੱਖੀ ਕਰਾਰ ਦਿੰਦਿਆਂ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਬੇਦੋਸ਼ੇ ਲੋਕਾਂ ਦੀਆਂ ਜਾਨਾਂ ਜਾਣ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ।
ਕੈਬਨਿਟ ਮੰਤਰੀ ਨੇ ਕਿਹਾ ਕਿ ਪਹਿਲਗਾਮ ਵਿੱਚ ਹੋਏ ਇਸ ਘਿਨਾਉਣੇ ਅਤਿਵਾਦੀ ਹਮਲੇ ਤੋਂ ਉਹ ਬਹੁਤ ਦੁਖੀ ਹਨ। ਉਨ੍ਹਾਂ ਕਿਹਾ ਕਿ ਮਾਸੂਮ ਸੈਲਾਨੀਆਂ ਵਿਰੁੱਧ ਹਿੰਸਾ ਦੀਆਂ ਅਜਿਹੀਆਂ ਕਾਰਵਾਈਆਂ ਹਮਲਾਵਰਾਂ ਦੀ ਬੁਜ਼ਦਿਲੀ ਅਤੇ ਅਣਮਨੁੱਖੀ ਮਾਨਸਿਕਤਾ ਦਰਸਾਉਂਦੀਆਂ ਹਨ। ਧਰਤੀ ‘ਤੇ ਸਵਰਗ ਮੰਨੇ ਜਾਂਦੇ ਕਸ਼ਮੀਰ ਵਿਖੇ ਘੁੰਮਣ ਜਾਣ ਵਾਲੇ ਸੈਲਾਨੀਆਂ ‘ਤੇ ਇਹ ਹਮਲਾ ਅਸਲ ਮਾਅਨਿਆਂ ਵਿੱਚ ਮਨੁੱਖਤਾ ‘ਤੇ ਹਮਲਾ ਹੈ।
ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਦੁਖੀ ਪਰਿਵਾਰਾਂ ਨਾਲ ਦਿਲੀ ਹਮਦਰਦੀ ਜ਼ਾਹਰ ਕਰਦਿਆਂ ਇਸ ਔਖੀ ਘੜੀ ਵਿੱਚ ਉਨ੍ਹਾਂ ਨਾਲ ਇਕਜੁੱਟਤਾ ਦਾ ਪ੍ਰਗਟਾਵਾ ਕੀਤਾ। ਕੈਬਨਿਟ ਮੰਤਰੀ ਨੇ ਉਨ੍ਹਾਂ ਸਾਰੇ ਦੁਖੀ ਪਰਿਵਾਰਾਂ ਲਈ ਅਰਦਾਸ ਕੀਤੀ, ਜਿਨ੍ਹਾਂ ਨੇ ਇਸ ਹਮਲੇ ਵਿੱਚ ਆਪਣੇ ਜੀਅ ਹਮੇਸ਼ਾ ਲਈ ਗੁਆ ਦਿੱਤੇ। ਉਨ੍ਹਾਂ ਕਿਹਾ ਕਿ ਇਸ ਦੁੱਖ ਦੀ ਘੜੀ ਵਿੱਚ ਪੰਜਾਬ ਦੇ ਲੋਕ ਉਨ੍ਹਾਂ ਨਾਲ ਚੱਟਾਨ ਵਾਂਗ ਖੜ੍ਹੇ ਹਨ।
ਕੈਬਨਿਟ ਮੰਤਰੀ ਨੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਜਲਦ ਤੋਂ ਜਲਦ ਫ਼ੈਸਲਾਕੁੰਨ ਕਾਰਵਾਈ ਕਰਕੇ ਦੋਸ਼ੀਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇ ਅਤੇ ਇਸ ਹਮਲੇ ਦੀ ਵਿਆਪਕ ਜਾਂਚ ਯਕੀਨੀ ਬਣਾਉਣ ਅਤੇ ਦੋਸ਼ੀਆਂ ਵਿਰੁੱਧ ਬਣਦੀ ਸਖ਼ਤ ਕਾਰਵਾਈ ਅਮਲ ਵਿੱਚ ਲਿਆਉਣ ਲਈ ਜ਼ਰੂਰੀ ਕਦਮ ਚੁੱਕੇ ਜਾਣ। ਉਨ੍ਹਾਂ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਅਜਿਹੇ ਅਤਿਵਾਦੀ ਕਾਰੇ ਨੂੰ ਕਾਨੂੰਨ ਮੁਤਾਬਕ ਸਖ਼ਤੀ ਨਾਲ ਨਜਿੱਠਿਆ ਜਾਵੇ।
ਕੈਬਨਿਟ ਮੰਤਰੀ ਨੇ ਇਸੇ ਤਰ੍ਹਾਂ ਸੰਵੇਦਨਸ਼ੀਲ ਖੇਤਰਾਂ ਵਿੱਚ ਸੈਲਾਨੀਆਂ ਅਤੇ ਨਾਗਰਿਕਾਂ ਦੇ ਹਿੱਤਾਂ ਲਈ ਸੁਰੱਖਿਆ ਵਧਾਉਣ ਦੀ ਮੰਗ ਵੀ ਕੀਤੀ।

















































