ਸੀਚੇਵਾਲ/ਸੁਲਤਾਨਪੁਰ ਲੋਧੀ, 3 ਜੂਨ- ਸੰਤ ਅਵਤਾਰ ਸਿੰਘ ਜੀ ਦੀ 38ਵੀਂ ਸਲਾਨਾ ਬਰਸੀ ਨੂੰ ਸਮਰਪਿਤ ਕਰਵਾਏ ਜਾ ਰਹੇ ਖੇਡ ਮੇਲੇ ਦੌਰਾਨ ਅੱਜ ਪਿੰਡ ਸੀਚੇਵਾਲ ਵਿਖੇ ਗ੍ਰਾਮ ਪੰਚਾਇਤ ਸੀਚੇਵਾਲ ਵੱਲੋਂ ਸਥਾਪਿਤ ਕੀਤੇ ਗਏ “ਸੰਤ ਅਵਤਾਰ ਸਿੰਘ ਯਾਦਗਾਰੀ ਜਿੰਮ” ਦਾ ਉਦਘਾਟਨ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਅਤੇ ਪੰਜਾਬ ਦੇ ਜੇਲ੍ਹਾਂ, ਸੰਸਦੀ ਤੇ ਐਨ.ਆਰ.ਆਈ. ਮਾਮਲਿਆਂ ਬਾਰੇ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਸਾਂਝੇ ਤੌਰ ’ਤੇ ਕੀਤਾ।
ਜ਼ਿਕਰਯੋਗ ਹੈ ਕਿ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਵੱਲੋਂ ਆਪਣੇ ਅਖਤਿਆਰੀ ਫੰਡ ਵਿੱਚੋਂ 09 ਲੱਖ 42 ਹਜ਼ਾਰ ਰੁਪਏ ਦੀ ਗ੍ਰਾਂਟ ਜਾਰੀ ਕਰਕੇ ਜਿੰਮ ਲਈ ਅਤਿ-ਆਧੁਨਿਕ ਅਤੇ ਉੱਚ ਪੱਧਰੀ ਮਸ਼ੀਨਾਂ ਉਪਲਬਧ ਕਰਵਾਈਆਂ ਗਈਆਂ ਹਨ। ਇਸ ਜ਼ਿੰਮ ਦੀ ਨੌਜਵਾਨਾਂ ਨੂੰ ਸਿਹਤਮੰਦ ਜੀਵਨ ਸ਼ੈਲੀ ਵੱਲ ਪ੍ਰੇਰਿਤ ਕਰਨ ਅਤੇ ਖੇਡਾਂ ਨਾਲ ਜੋੜਨ ਵਿਚ ਵੱਡੀ ਭੂਮਿਕਾ ਰਹੇਗੀ।
ਉਦਘਾਟਨ ਸਮਾਗਮ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਕਿਹਾ ਕਿ ਸੰਤ ਬਲਬੀਰ ਸਿੰਘ ਸੀਚੇਵਾਲ ਦੀ ਅਗਵਾਈ ਹੇਠ ਸੀਚੇਵਾਲ ਪਿੰਡ ਨੇ ਵਾਤਾਵਰਨ ਸੰਭਾਲ ਦੇ ਖੇਤਰ ਵਿੱਚ ਵਿਸ਼ਵ ਪੱਧਰ ’ਤੇ ਪਛਾਣ ਬਣਾਈ ਹੈ ਅਤੇ ਹੁਣ ਸਿਹਤ ਤੇ ਖੇਡਾਂ ਦੇ ਖੇਤਰ ਵਿੱਚ ਵੀ ਨਵੀਆਂ ਮਿਸਾਲਾਂ ਕਾਇਮ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਪਿੰਡਾਂ ਵਿੱਚ ਖੇਡਾਂ ਅਤੇ ਸਿਹਤ ਨਾਲ ਸਬੰਧਤ ਬੁਨਿਆਦੀ ਢਾਂਚੇ ਦਾ ਵਿਕਾਸ ਨੌਜਵਾਨ ਪੀੜ੍ਹੀ ਦੇ ਸਰਵਪੱਖੀ ਵਿਕਾਸ ਲਈ ਬਹੁਤ ਜ਼ਰੂਰੀ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਪੰਜਾਬ ਸਰਕਾਰ ਖੇਡ ਸੱਭਿਆਚਾਰ ਨੂੰ ਪ੍ਰਫੁੱਲਤ ਕਰਨ, ਸਿਹਤਮੰਦ ਪੰਜਾਬ ਅਤੇ ਰੰਗਲੇ ਪੰਜਾਬ ਦੀ ਸਿਰਜਣਾ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨਾ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਸਰਕਾਰ ਹਰ ਪਿੰਡ ਵਿੱਚ ਖੇਡ ਮੈਦਾਨ ਤੇ ਸਟੇਡੀਅਮ ਬਣਾਉਣ ਦੇ ਏਜੰਡੇ ਕੰਮ ਕਰ ਰਹੀ ਹੈ।
ਇਸ ਮੌਕੇ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਕਿਹਾ ਕਿ ਵਾਤਾਵਰਨ ਦੀ ਸੰਭਾਲ ਦੇ ਨਾਲ-ਨਾਲ ਨੌਜਵਾਨਾਂ ਨੂੰ ਖੇਡਾਂ ਅਤੇ ਸਿਹਤਮੰਦ ਗਤੀਵਿਧੀਆਂ ਨਾਲ ਜੋੜਨਾ ਸਮੇਂ ਦੀ ਮੁੱਖ ਲੋੜ ਹੈ, ਤਾਂ ਜੋ ਉਹ ਨਸ਼ਿਆਂ ਅਤੇ ਹੋਰ ਸਮਾਜਿਕ ਬੁਰਾਈਆਂ ਤੋਂ ਦੂਰ ਰਹਿ ਸਕਣ। ਇਸੇ ਉਦੇਸ਼ ਨੂੰ ਧਿਆਨ ਵਿੱਚ ਰੱਖਦਿਆਂ ਉਨ੍ਹਾਂ ਵੱਲੋਂ ਆਪਣੇ ਅਖਤਿਆਰੀ ਫੰਡ ਰਾਹੀਂ ਸਿੱਖਿਆ, ਸਿਹਤ, ਖੇਡਾਂ ਅਤੇ ਲੋਕ ਭਲਾਈ ਨਾਲ ਸਬੰਧਤ ਪ੍ਰੋਜੈਕਟਾਂ ਨੂੰ ਲਗਾਤਾਰ ਸਹਿਯੋਗ ਦਿੱਤਾ ਜਾ ਰਿਹਾ ਹੈ।
ਇਸ ਮੌਕੇ ਪਿੰਡ ਦੇ ਸਰਪੰਚ ਸ. ਬੂਟਾ ਸਿੰਘ ਅਤੇ ਸਮੁੱਚੀ ਗ੍ਰਾਮ ਪੰਚਾਇਤ ਨੇ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਦਾ ਧੰਨਵਾਦ ਕੀਤਾ ਕਿ ਉਹਨਾਂ ਨੇ ਆਪਣੇ ਅਖਤਿਆਰੀ ਫੰਡ ਵਿੱਚੋਂ ਗ੍ਰਾਂਟ ਦੇ ਕੇ ਅਧੁਨਿਕ ਕਿਸਮ ਦਾ ਜ਼ਿੰਮ ਨੌਜਵਾਨਾਂ ਨੂੰ ਸਮਰਪਿਤ ਕੀਤਾ। ਇਸ ਜਿੰਮ ਦੀ ਸਥਾਪਨਾ ਨਾਲ ਪਿੰਡ ਦੇ ਨੌਜਵਾਨਾਂ ਨੂੰ ਆਪਣੇ ਹੀ ਪਿੰਡ ਵਿੱਚ ਆਧੁਨਿਕ ਖੇਡ ਅਤੇ ਫਿਟਨੈੱਸ ਸਹੂਲਤਾਂ ਉਪਲਬਧ ਹੋਣਗੀਆਂ, ਜਿਸ ਨਾਲ ਉਨ੍ਹਾਂ ਦਾ ਖੇਡਾਂ ਪ੍ਰਤੀ ਰੁਝਾਨ ਹੋਰ ਵਧੇਗਾ ਅਤੇ ਸਿਹਤਮੰਦ ਸਮਾਜ ਦੀ ਸਿਰਜਣਾ ਨੂੰ ਬਲ ਮਿਲੇਗਾ। ਇਸ ਦੌਰਾਨ ਸੁਰਜੀਤ ਸਿੰਘ ਸ਼ੰਟੀ, ਸਰਪੰਚ ਜੋਗਾ ਸਿੰਘ ਚੱਕ ਚੇਲਾ, ਰਾਮ ਆਸਰਾ, ਜਸਵਿੰਦਰ ਸਿੰਘ ਪੰਚਾਇਤ ਸਕੱਤਰ, ਸਾਬਕਾ ਸਰਪੰਚ ਤਜਿੰਦਰ ਸਿੰਘ, ਕੁਲਵਿੰਦਰ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਪਿੰਡ ਦੇ ਲੋਕ ਹਾਜ਼ਰ ਰਹੇ।

















































