ਜਲੰਧਰ, 3 ਜੂਨ : ਪੰਜਾਬ ਦੇ ਜਲ ਸਰੋਤ, ਖਣਨ ਤੇ ਭੂ-ਵਿਗਿਆਨ ਅਤੇ ਭੂਮੀ ਤੇ ਜਲ ਸੰਭਾਲ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਕਿਹਾ ਕਿ ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹਾ ਹੈ। ਉਹ ਪਿੰਡ ਸੀਚੇਵਾਲ ਵਿਖੇ ਸੰਤ ਅਵਤਾਰ ਸਿੰਘ ਜੀ ਦੀ ਯਾਦ ਵਿੱਚ ਕਰਵਾਏ ਜਾ ਰਹੇ ਖੇਡ ਮੇਲੇ ਵਿੱਚ ਪਹੁੰਚੇ ਹੋਏ ਸਨ। ਇਸ ਮੌਕੇ ਪ੍ਰਸਿੱਧ ਵਾਤਾਵਰਣ ਪ੍ਰੇਮੀ ਅਤੇ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਵੀ ਮੌਜੂਦ ਸਨ।
ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਖਿਡਾਰੀਆਂ ਦੀ ਹੌਸਲਾ ਅਫਜ਼ਾਈ ਲਈ ਲਗਾਤਾਰ ਯਤਨ ਕਰ ਰਹੀ ਹੈ ਅਤੇ ਉਨ੍ਹਾਂ ਨੂੰ ਵੱਡੇ ਪੱਧਰ ’ਤੇ ਮਾਣ-ਸਤਿਕਾਰ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਬੀਤੇ ਦਿਨੀਂ ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਵਲੋਂ ਚੰਡੀਗੜ੍ਹ ਵਿਖੇ ਸੂਬੇ ਦੇ 87 ਖਿਡਾਰੀਆਂ ਨੂੰ ਮਹਾਰਾਜਾ ਰਣਜੀਤ ਸਿੰਘ ਐਵਾਰਡ ਨਾਲ ਸਨਮਾਨਤ ਕੀਤਾ ਗਿਆ। ਇਸ ਮੌਕੇ 1070 ਮੈਡਲ ਜੇਤੂ ਖਿਡਾਰੀਆਂ ਨੂੰ 27.70 ਕਰੋੜ ਰੁਪਏ ਦੀ ਰਾਸ਼ੀ ਦਿੱਤੀ ਗਈ ਅਤੇ 12000 ਖਿਡਾਰੀਆਂ ਨੂੰ ਖੇਡਾਂ ਦੇ ਸਮਾਨ ਲਈ 15 ਕਰੋੜ ਰੁਪਏ ਦੀ ਰਾਸ਼ੀ ਵੰਡੀ ਗਈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵਲੋਂ ‘ਖੇਡਾਂ ਵਤਨ ਪੰਜਾਬ ਦੀਆਂ’ ਤੋਂ ਇਲਾਵਾ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਅਤੇ ਖੇਡਾਂ ਨਾਲ ਜੋੜਨ ਲਈ ਸੂਬੇ ਭਰ ਵਿੱਚ 3000 ਤੋਂ ਵੱਧ ਅਤਿ ਆਧੁਨਿਕ ਸਹੂਲਤਾਂ ਨਾਲ ਲੈਸ ਖੇਡ ਮੈਦਾਨ ਵਿਕਸਿਤ ਕੀਤੇ ਜਾ ਰਹੇ ਹਨ।
ਸ਼੍ਰੀ ਗੋਇਲ ਨੇ ਰਾਜ ਸਭਾ ਮੈਂਬਰ ਸੰਤ ਸੀਚੇਵਾਲ ਵੱਲੋਂ ਨੌਜਵਾਨਾਂ ਦੀ ਊਰਜਾ ਨੂੰ ਉਸਾਰੂ ਗਤੀਵਿਧੀਆਂ ਵਿੱਚ ਲਾਉਣ ਲਈ ਕੀਤੇ ਜਾ ਰਹੇ ਯਤਨਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਸੂਬੇ ਨੂੰ ਰੰਗਲਾ ਪੰਜਾਬ ਬਣਾਉਣ ਲਈ ਅਜਿਹੇ ਖੇਡ ਮੇਲੇ ਕਾਰਗਰ ਸਾਬਿਤ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਮਾਣ ਵਾਲੀ ਗੱਲ ਹੈ ਕਿ ਸੰਤ ਸੀਚੇਵਾਲ ਵੱਲੋਂ ਬੂਟਿਆਂ ਦੀ ਨਰਸਰੀ ਦੇ ਨਾਲ-ਨਾਲ ਖਿਡਾਰੀਆਂ ਦੀ ਨਰਸਰੀ ਵੀ ਤਿਆਰ ਕੀਤੀ ਜਾ ਰਹੀ ਹੈ।
ਕੈਬਨਿਟ ਮੰਤਰੀ ਨੇ ਖਿਡਾਰੀਆਂ ਨੂੰ ਆਸ਼ੀਰਵਾਦ ਦਿੰਦਿਆਂ ਖੇਡਾਂ ਦੇ ਖੇਤਰ ਵਿੱਚ ਵੀ ਪੰਜਾਬ ਨੂੰ ਬੁਲੰਦੀਆਂ ’ਤੇ ਲਿਜਾਣ ਲਈ ਵੱਧ-ਚੜ੍ਹ ਕੇ ਖੇਡਾਂ ਵਿੱਚ ਭਾਗ ਲੈਣ ਅਤੇ ਵਧੀਆ ਖੇਡ ਪ੍ਰਦਰਸ਼ਨ ਕਰਨ ਲਈ ਪ੍ਰੇਰਿਤ ਕੀਤਾ।
ਪ੍ਰਸਿੱਧ ਵਾਤਾਵਰਣ ਪ੍ਰੇਮੀ ਅਤੇ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਕਿਹਾ ਕਿ ਤੰਦਰੁਸਤ ਨੌਜਵਾਨੀ ਲਈ ਬਚਪਨ ਵਿੱਚ ਹੀ ਬੱਚਿਆਂ ਅੰਦਰ ਖੇਡ ਰੁਚੀ ਪੈਦਾ ਕਰਨਾ ਬਹੁਤ ਜ਼ਰੂਰੀ ਹੈ। ਉਨ੍ਹਾਂ ਮਾਪਿਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਪੜ੍ਹਾਈ ਦੇ ਨਾਲ-ਨਾਲ ਬੱਚਿਆਂ ਅੰਦਰ ਖੇਡ ਰੁਚੀ ਵੀ ਪੈਦਾ ਕੀਤੀ ਜਾਵੇ। ਉਨ੍ਹਾਂ ਖਿਡਾਰੀਆਂ ਨੂੰ ਖੇਡ ਭਾਵਨਾ ਨਾਲ ਖੇਡਣ ਲਈ ਵੀ ਕਿਹਾ।
ਇਸ ਤੋਂ ਬਾਅਦ ਕੈਬਨਿਟ ਮੰਤਰੀ ਨੇ ਡਰੇਨੇਜ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਇਸ ਮੌਕੇ ਉਨ੍ਹਾਂ ਗਿੱਦੜਪਿੰਡੀ ਰੇਲਵੇ ਪੁਲ ਹੇਠ ਜਮ੍ਹਾ ਗਾਰ ਕੱਢਣ ਦੇ ਕੰਮ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ, ਤਾਂ ਜੋ ਆਉਣ ਵਾਲੇ ਬਰਸਾਤ ਦੇ ਸੀਜ਼ਨ ਤੋਂ ਪਹਿਲਾਂ ਪਾਣੀ ਦੀ ਨਿਕਾਸੀ ਯਕੀਨੀ ਬਣਾਈ ਜਾ ਸਕੇ। ਉਨ੍ਹਾਂ ਅਧਿਕਾਰੀਆਂ ਨੂੰ ਇਹ ਵੀ ਹਦਾਇਤ ਕੀਤੀ ਪੁਲ ਹੇਠੋਂ ਮਿੱਟੀ ਕੱਢਣ ਲਈ ਟਿੱਪਰਾਂ ਦੀ ਗਿਣਤੀ ਵਧਾਈ ਜਾਵੇ, ਜਿਸ ਨਾਲ ਮਿੱਟੀ ਕੱਢਣ ਦਾ ਕੰਮ ਹੋਰ ਤੇਜ਼ੀ ਨਾਲ ਹੋ ਸਕੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਮੰਡਾਲਾ ਛੰਨਾ ਅਤੇ ਗਿੱਦੜਪਿੰਡੀ ਵਿਖੇ ਮਜ਼ਬੂਤੀਕਰਨ ਦੇ ਕੰਮਾਂ ‘ਤੇ 16 ਕਰੋੜ ਰੁਪਏ ਖਰਚ ਕੀਤੇ ਜਾ ਰਹੇ ਹਨ।
ਸੰਤ ਸੀਚੇਵਾਲ ਨੇ ਕਿਹਾ ਕਿ ਸਤਲੁਜ ਦਰਿਆ ਦੇ ਜਲੰਧਰ ਵਾਲੇ ਪਾਸੇ ਪਿੰਡ ਮੰਡਾਲਾ ਛੰਨਾ ਨੇੜੇ ਪੱਥਰ ਲਾ ਕੇ ਬੰਨ੍ਹ ਮਜ਼ਬੂਤ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪੁਲ ਹੇਠੋਂ ਮਿੱਟੀ ਕੱਢਣੀ ਬਹੁਤ ਜ਼ਰੂਰੀ ਹੈ, ਜਿਸ ‘ਤੇ ਜਲ ਸਰੋਤ ਮੰਤਰੀ ਨੇ ਅਧਿਕਾਰੀਆਂ ਨੂੰ ਮਿੱਟੀ ਕੱਢਣ ਦੀ ਰਫ਼ਤਾਰ ਤੇਜ਼ ਕਰਨ ਦੀ ਸਖ਼ਤ ਹਦਾਇਤ ਕੀਤੀ, ਤਾਂ ਜੋ ਪੁਲ ਹੇਠੋਂ ਪਾਣੀ ਦੀ ਨਿਕਾਸੀ ਲਈ ਰਾਹ ਪੱਧਰਾ ਹੋ ਸਕੇ।

















































