Click on the Edit Content button to edit/add the content.

ਹਰ ਵਿਅਕਤੀ ਨੂੰ ਮਿਆਰੀ ਸਿਹਤ ਸਹੂਲਤਾਂ ਮੁਹੱਈਆ ਕਰਵਾਉਣਾ ਪੰਜਾਬ ਸਰਕਾਰ ਦੀ ਪਹਿਲੀ ਤਰਜੀਹ : ਮੋਹਿੰਦਰ ਭਗਤ

ਜਲੰਧਰ, 8 ਸਤੰਬਰ : ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਨੇ ਕਿਹਾ ਕਿ ਸੂਬੇ ਦੇ ਹਰ ਵਿਅਕਤੀ ਨੂੰ ਮਿਆਰੀ ਸਿਹਤ ਸਹੂਲਤਾਂ ਮੁਹੱਈਆ ਕਰਵਾਉਣਾ ਪੰਜਾਬ ਸਰਕਾਰ ਦੀ ਪਹਿਲੀ ਤਰਜੀਹ ਹੈ।

ਉਹ ਸਥਾਨਕ ਸ਼ਹੀਦ ਬਾਬੂ ਲਾਭ ਸਿੰਘ ਸਿਵਲ ਹਸਪਤਾਲ ਵਿਖੇ ਟੀ.ਬੀ. ਦੇ ਮਰੀਜ਼ਾਂ ਨੂੰ ਪੋਸ਼ਣ ਕਿੱਟਾਂ ਦੀ ਵੰਡ ਮੌਕੇ ਸੰਬੋਧਨ ਕਰ ਰਹੇ ਸਨ।

ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸਿਹਤ ਖੇਤਰ ਨੂੰ ਮਜ਼ਬੂਤ ਕਰਨ ਅਤੇ ਸੂਬਾ ਵਾਸੀਆਂ ਨੂੰ ਬਿਹਤਰ ਤੇ ਗੁਣਵੱਤਾ ਭਰਪੂਰ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਨੇ ਆਮ ਆਦਮੀ ਕਲੀਨਿਕਾਂ ਰਾਹੀਂ ਜਿਥੇ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਨੇੜੇ ਮੁਫ਼ਤ ਮਿਆਰੀ ਸਿਹਤ ਸਹੂਲਤਾਂ ਮੁਹੱਈਆ ਕਰਵਾਈਆਂ ਹਨ ਉਥੇ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ 10 ਲੱਖ ਰੁਪਏ ਤੱਕ ਦੇ ਨਕਦੀ ਰਹਿਤ ਇਲਾਜ ਦੀ ਸਹੂਲਤ ਦਿੱਤੀ ਜਾ ਰਹੀ ਹੈ।



ਟੀ.ਬੀ. ਦੇ ਮਰੀਜ਼ਾਂ ਨੂੰ ਪੋਸ਼ਣ ਕਿੱਟਾਂ ਦੀ ਵੰਡ ਕਰਦਿਆਂ ਕੈਬਨਿਟ ਮੰਤਰੀ ਭਗਤ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਵਿੱਚੋਂ ਟੀ.ਬੀ. ਦੇ ਜੜ੍ਹੋਂ ਖਾਤਮੇ ਲਈ ਵਚਨਬੱਧ ਹੈ। ਉਨ੍ਹਾਂ ਦੱਸਿਆ ਕਿ ਸੂਬੇ ਦੇ ਸਾਰੇ ਸਰਕਾਰੀ ਹਸਪਤਾਲਾਂ ਵਿੱਚ ਟੀ.ਬੀ. ਦਾ ਮੁਫ਼ਤ ਇਲਾਜ ਤੇ ਟੈਸਟ ਕੀਤੇ ਜਾਂਦੇ ਹਨ। 

ਉਨ੍ਹਾਂ ਟੀ.ਬੀ. ਦੇ ਮਰੀਜ਼ਾਂ ਨੂੰ ਦਵਾਈ ਦਾ ਕੋਰਸ ਪੂਰਾ ਕਰਨ ਅਤੇ ਡਾਕਟਰਾਂ ਦੇ ਕਹੇ ਅਨੁਸਾਰ ਸਾਵਧਾਨੀਆਂ ਵਰਤਣ ਦੀ ਅਪੀਲ ਵੀ ਕੀਤੀ। ਇਸ ਬਿਮਾਰੀ ਦੇ ਖਾਤਮੇ ਲਈ ਉਨ੍ਹਾਂ ਵੱਧ ਤੋਂ ਵੱਧ ਜਾਗਰੂਕਤਾ ਫੈਲਾਉਣ ‘ਤੇ ਵੀ ਜ਼ੋਰ ਦਿੱਤਾ।

ਇਸ ਤੋਂ ਪਹਿਲਾਂ ਸਿਵਲ ਸਰਜਨ ਡਾ. ਰਾਜੇਸ਼ ਗਰਗ ਵੱਲੋਂ ਸਿਵਲ ਹਸਪਤਾਲ ਵਿੱਚ ਪਹੁੰਚਣ ’ਤੇ ਕੈਬਨਿਟ ਮੰਤਰੀ ਮੋਹਿੰਦਰ ਭਗਤ ਦਾ ਸਵਾਗਤ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਅੱਜ ਟੀ.ਬੀ. ਮੁਕਤ ਭਾਰਤ ਮੁਹਿੰਮ ਤਹਿਤ ਟੀ.ਬੀ. ਦੇ ਮਰੀਜ਼ਾਂ ਨੂੰ 80 ਪੋਸ਼ਣ ਕਿੱਟਾਂ ਦੀ ਵੰਡ ਕੀਤੀ ਹੈ। ਉਨ੍ਹਾਂ ਦੱਸਿਆ ਕਿ ਟੀ.ਬੀ. ਦੇ ਮਰੀਜ਼ਾਂ ਨੂੰ ਹਰ ਮਹੀਨੇ ਪੋਸ਼ਣ ਕਿੱਟਾਂ ਮੁਹੱਈਆ ਕਰਵਾਈਆਂ ਜਾਂਦੀਆਂ ਹਨ ਅਤੇ ਪਿਛਲੇ 6 ਮਹੀਨਿਆਂ ਦੌਰਾਨ ਕਰੀਬ 600 ਪੋਸ਼ਣ ਕਿੱਟਾਂ ਦੀ ਵੰਡ ਕੀਤੀ ਜਾ ਚੁੱਕੀ ਹੈ।



ਉਨ੍ਹਾਂ ਕਿਹਾ ਕਿ ਟੀਬੀ ਦੀ ਬਿਮਾਰੀ ਇਲਾਜਯੋਗ ਹੈ, ਜਿਸ ਦੇ ਲਈ ਰੋਗੀ ਦੀ ਸਮੇਂ ਸਿਰ ਪਛਾਣ ਹੋਣਾ ਜ਼ਰੂਰੀ ਹੈ। ਇਸ ਦੇ ਲਈ ਬਿਨਾਂ ਕਿਸੇ ਦੇਰੀ ਤੋਂ ਹਸਪਤਾਲ ’ਚ ਜਾਂਚ ਕਰਵਾ ਕੇ ਪੂਰਾ ਇਲਾਜ ਕਰਵਾਉਣਾ ਚਾਹੀਦਾ ਹੈ। ਉਨ੍ਹਾਂ ਦੱਸਿਆ ਕਿ ਟੀ.ਬੀ. ਦੇ ਮਰੀਜ਼ਾਂ ਦੀ ਜਾਂਚ ਲਈ ਸਰਕਾਰੀ ਹਸਪਤਾਲਾਂ ਵਿੱਚ ਟੈਸਟਾਂ ਤੋਂ ਇਲਾਵਾ ਆਊਟਰੀਚ ਕੈਂਪ ਵੀ ਲਗਾਏ ਜਾਂਦੇ ਹਨ।

ਇਸ ਤੋਂ ਪਹਿਲਾਂ ਟੀ.ਬੀ. ਅਫ਼ਸਰ ਡਾ. ਪਰਮਵੀਰ ਸਿੰਘ ਨੇ ਟੀਬੀ ਦੇ ਲੱਛਣਾਂ, ਬਚਾਅ ਤੇ ਇਲਾਜ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ।

ਇਸ ਦੌਰਾਨ ਟੀ.ਬੀ. ਦੀ ਬਿਮਾਰੀ ਸਬੰਧੀ ਜਾਗਰੂਕਤਾ ਲਈ ਕਰਵਾਏ ਗਏ ਪੋਸਟਰ ਮੇਕਿੰਗ ਅਤੇ ਲੇਖ ਮੁਕਾਬਲਿਆਂ ਦੇ ਜੇਤੂ ਵਿਦਿਆਰਥੀਆਂ ਨੂੰ ਵੀ ਸਨਮਾਨਿਤ ਕੀਤਾ ਗਿਆ।

ਇਸ ਮੌਕੇ ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਵਰਿੰਦਰ ਰਿਆੜ, ਐਮ.ਈ.ਆਈ.ਓ. ਗੁਰਦੀਪ ਸਿੰਘ ਤੋਂ ਇਲਾਵਾ ਸਿਵਲ ਹਸਪਤਾਲ ਦਾ ਸਟਾਫ਼ ਵੀ ਮੌਜੂਦ ਸੀ।

Table of Contents

Scroll to Top