ਜਲੰਧਰ, 6 ਜਨਵਰੀ : ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਨੇ ਅੱਜ ਮੇਅਰ ਵਿਨੀਤ ਧੀਰ ਦੇ ਪਿਤਾ ਵਿਨੋਦ ਕੁਮਾਰ ਧੀਰ ਦੇ ਦੇਹਾਂਤ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ।
ਇਥੇ ਜਲੰਧਰ ਕੁੰਜ ਸਥਿਤ ਮੇਅਰ ਦੀ ਰਿਹਾਇਸ਼ ਵਿਖੇ ਪਹੁੰਚ ਕੇ ਕੈਬਨਿਟ ਮੰਤਰੀ ਨੇ ਇਸ ਦੁੱਖ ਦੀ ਘੜੀ ਵਿੱਚ ਪਰਿਵਾਰਕ ਮੈਂਬਰਾਂ ਨਾਲ ਦਿਲੀ ਹਮਦਰਦੀ ਪ੍ਰਗਟ ਕੀਤੀ ਅਤੇ ਪ੍ਰਮਾਤਮਾ ਅੱਗੇ ਵਿਛੜੀ ਨੂੰ ਰੂਹ ਨੂੰ ਆਪਣੇ ਚਰਨਾਂ ਵਿੱਚ ਸਦੀਵੀ ਨਿਵਾਸ ਦੇਣ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ ਦੀ ਅਰਦਾਸ ਕੀਤੀ। ਇਸ ਮੌਕੇ ਸੀਨੀਅਰ ‘ਆਪ’ ਆਗੂ ਨਿਤਿਨ ਕੋਹਲੀ ਵੀ ਮੌਜੂਦ ਸਨ।
ਡਾ. ਰਵਜੋਤ ਸਿੰਘ ਨੇ ਕਿਹਾ ਕਿ ਵਿਨੋਦ ਕੁਮਾਰ ਧੀਰ ਜੀ ਦੇ ਵਿਛੋੜੇ ਨਾਲ ਪਰਿਵਾਰ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ। ਉਨ੍ਹਾਂ ਕਿਹਾ ਕਿ ਪਿਤਾ ਪਰਿਵਾਰ ਦਾ ਮੁਖੀ ਹੁੰਦਾ ਹੈ, ਜਿਸ ਦੀ ਕਮੀ ਕਦੇ ਵੀ ਪੂਰੀ ਨਹੀਂ ਕੀਤੀ ਜਾ ਸਕਦੀ। ਕੈਬਨਿਟ ਮੰਤਰੀ ਨੇ ਸਵ.ਵਿਨੋਦ ਕੁਮਾਰ ਧੀਰ ਜੀ ਦੀਆਂ ਸਮਾਜ ਪ੍ਰਤੀ ਸੇਵਾਵਾਂ ਨੂੰ ਯਾਦ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਚਲੇ ਜਾਣ ਨਾਲ ਨਾ ਸਿਰਫ਼ ਪਰਿਵਾਰ ਨੂੰ, ਸਗੋਂ ਸਮਾਜ ਨੂੰ ਵੀ ਘਾਟਾ ਪਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਇਸ ਦੁੱਖ ਦੀ ਘੜੀ ਵਿੱਚ ਪਰਿਵਾਰ ਦੇ ਨਾਲ ਖੜ੍ਹੀ ਹੈ।
ਜ਼ਿਕਰਯੋਗ ਹੈ ਕਿ ਮੇਅਰ ਵਿਨੀਤ ਧੀਰ ਦੇ ਪਿਤਾ ਵਿਨੋਦ ਕੁਮਾਰ ਧੀਰ ਬੀਤੇ ਦਿਨੀਂ ਅਕਾਲ ਚਲਾਣਾ ਕਰ ਗਏ ਸਨ।

















































