ਕੈਬਨਿਟ ਮੰਤਰੀ ਮਹਿੰਦਰ ਭਗਤ ਵਲੋਂ 100 ਤੋਂ ਵੱਧ ਲਾਭਪਾਤਰੀਆਂ ਨੂੰ ਪੈਨਸ਼ਨ ਮਨਜ਼ੂਰੀ ਪੱਤਰ ਤਕਸੀਮ

ਜਲੰਧਰ, 29 ਸਤੰਬਰ:- ਪੰਜਾਬ ਦੇ ਰੱਖਿਆ ਭਲਾਈ, ਸੁਤੰਤਰਤਾ ਸੈਨਾਨੀ ਅਤੇ ਬਾਗਬਾਨੀ ਮੰਤਰੀ ਮਹਿੰਦਰ ਭਗਤ ਵਲੋਂ ਅੱਜ ਪੰਜਾਬ ਸਰਕਾਰ ਦੀ ਸਮਾਜਿਕ ਸੁਰੱਖਿਆ ਸਕੀਮ ਅਧੀਨ 100 ਤੋਂ ਲਾਭਪਾਤਰੀਆਂ ਨੂੰ ਪੈਨਸ਼ਨ ਮਨਜ਼ੂਰੀ ਦੇ ਪੱਤਰ ਵੰਡੇ ਗਏ। ਇਹ ਲਾਭਪਾਤਰੀ ਇਸ ਪਹਿਲਕਦਮੀ ਸਦਕਾ ਜਲਦ ਹੀ ਮਹੀਨਾਵਾਰ ਵਿੱਤੀ ਸਹਾਇਤਾ ਪ੍ਰਾਪਤ ਕਰ ਸਕਣਗੇ।


ਇਸ ਮੌਕੇ ਲੋਕਾਂ ਨਾਲ ਰੂਬਰੂ ਹੁੰਦਿਆਂ ਕੈਬਨਿਟ ਮੰਤਰੀ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵਲੋਂ ਸਮਾਜ ਦੇ ਹਰ ਵਰਗ ਨੂੰ ਉੱਚਾ ਚੁੱਕਣ ਦੀ ਵਚਨਬੱਧਤਾ ’ਤੇ ਜ਼ੋਰ ਦਿੱਤਾ। ਉਨ੍ਹਾਂ ਭਰੋਸਾ ਦੁਆਇਆ ਕਿ ਸਾਰੇ ਵਰਗਾਂ ਦੇ 100 ਤੋਂ ਵੱਧ ਲਾਭਪਾਤਰੀਆਂ ਦੀਆਂ ਪੈਨਸ਼ਨ ਅਰਜ਼ੀਆਂ ਮਨਜ਼ੂਰ ਕੀਤੀਆਂ ਗਈਆਂ ਹਨ ਅਤੇ ਜਲਦ ਹੀ ਹੋਰ ਬਕਾਇਆ ਪਏ ਪੈਨਸ਼ਨ ਬਿਨੈਪੱਤਰਾਂ ਨੂੰ ਮਨਜ਼ੂਰ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਆਉਂਦੇ ਦਿਨਾਂ ਵਿੱਚ ਹੋਰ ਪੈਨਸ਼ਨ ਮਨਜ਼ੂਰੀ ਪੱਤਰ ਵੰਡੇ ਜਾਣਗੇ ਤੇ ਸਾਰੇ ਲਾਭਪਾਤਰੀ ਬੁਢਾਪਾ, ਵਿਧਵਾ, ਦਿਵਿਆਂਗ ਅਤੇ ਹੋਰ ਸ੍ਰੇਣੀਆਂ ਤਹਿਤ ਮਹੀਨਾਵਾਰ ਪੈਨਸ਼ਨ ਮੁਹੱਈਆ ਕਰਵਾਈ ਜਾਵੇਗੀ।


ਕੈਬਨਿਟ ਮੰਤਰੀ ਨੇ ‘ਸਰਕਾਰ ਆਪ ਦੇ ਦੁਆਰ’ ਦੀ ਸਫ਼ਲਤਾ ਬਾਰੇ ਦੱਸਦਿਆਂ ਕਿਹਾ ਕਿ ਪੰਜਾਬ ਸਰਕਾਰ ਦੀ ਇਸ ਪਹਿਲਕਦਮੀ ਦਾ ਉਦੇਸ਼ ਸਰਕਾਰੀ ਸੇਵਾਵਾਂ ਨੂੰ ਸਿੱਧੇ ਤੌਰ ’ਤੇ ਲੋਕਾਂ ਦੇ ਵਿੱਚ ਜਾ ਕੇ ਮੁਹੱਈਆ ਕਰਵਾਉਣਾ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਭਰ ਵਿੱਚ ਵੱਡੇ ਪੱਧਰ ’ਤੇ ਇਹ ਕੈਂਪ ਲਗਾਏ ਜਾ ਰਹੇ ਹਨ, ਤਾਂ ਕਿ ਜ਼ਿਲ੍ਹਾ ਵਾਸੀ ਵੱਧ ਤੋਂ ਵੱਧ ਭਲਾਈ ਸਕੀਮਾਂ ਦਾ ਲਾਭ ਲੈ ਸਕਣ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਲੋਕ ਭਲਾਈ ਸਕੀਮਾਂ ਨੂੰ ਹੇਠਲੇ ਪੱਧਰ ਤੱਕ ਪਹੁੰਚਾਉਣ ਨੂੰ ਯਕੀਨੀ ਬਣਾਉਣ ਲਈ ਵਿਸ਼ੇਸ਼ ਤਵੱਜੋਂ ਦਿੱਤੀ ਜਾ ਰਹੀ ਹੈ।
ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਪ੍ਰੋਗਰਾਮਾਂ ਤਹਿਤ ਲੋੜਵੰਦਾਂ ਨੂੰ ਵਿੱਤੀ ਸਹਾਇਤਾ ਮੁਹੱਈਆ ਕਰਵਾਉਣ ਨੂੰ ਹਮੇਸ਼ਾਂ ਪਹਿਲ ਦਿੱਤੀ ਜਾਂਦੀ ਰਹੇਗੀ। ਉਨ੍ਹਾਂ ਕਿਹਾ ਕਿ ਸਾਰੇ ਵਰਗਾਂ ਦੀ ਭਲਾਈ ਲਈ ਕੀਤੇ ਜਾ ਰਹੇ ਸੰਜੀਦਾ ਯਤਨ ਸੂਬਾ ਸਰਕਾਰ ਦੀ ਦ੍ਰਿੜਤਾ ਨੂੰ ਦਰਸਾਉਂਦੇ ਹਨ।

Leave a Comment

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।

Scroll to Top