ਜਲੰਧਰ, 15 ਦਸੰਬਰ :
ਪੰਜਾਬ ਦੇ ਬਾਗਬਾਨੀ, ਰੱਖਿਆ ਸੇਵਾਵਾਂ ਭਲਾਈ ਅਤੇ ਸੁਤੰਤਰਤਾ ਸੈਨਾਨੀ ਮੰਤਰੀ ਮੋਹਿੰਦਰ ਭਗਤ ਵਲੋਂ ਅੱਜ ਲੈਦਰ ਕੰਪਲੈਕਸ ਵਿਖੇ 1.72 ਕਰੋੜ ਰੁਪਏ ਦੀ ਲਾਗਤ ਨਾਲ ਮੁਕੰਮਲ ਹੋਣ ਵਾਲੇ ਵੱਖ-ਵੱਖ ਵਿਕਾਸ ਕਾਰਜਾਂ ਦੇ ਨੀਂਹ ਪੱਥਰ ਰੱਖੇ ਗਏ। ਇਸ ਮੌਕੇ ਉਨ੍ਹਾਂ ਦੇ ਨਾਲ ਮੇਅਰ ਨਗਰ ਨਿਗਮ ਵਨੀਤ ਧੀਰ ਵੀ ਮੌਜੂਦ ਸਨ।
ਵਿਕਾਸ ਕਾਰਜਾਂ ਦੇ ਉਦਘਾਟਨ ਮੌਕੇ ਲੋਕਾਂ ਦੇ ਨਾਲ ਰੂਬਰੂ ਹੁੰਦਿਆਂ ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਦੱਸਿਆ ਕਿ ਲੈਦਰ ਕੰਪਲੈਕਸ ਵਿਖੇ ਫੁੱਟਪਾਥ, ਸੈਂਟਰਲ ਵਰਜ਼, ਸੀਵਰੇਜ਼ ਲਾਈਨ ਅਤੇ ਗਲੀਆਂ ਦੀ ਉਸਾਰੀ ਦੇ ਕੰਮ ਮੁਕੰਮਲ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਇਹਨਾਂ ਪ੍ਰੋਜੈਕਟਾਂ ਦੇ ਮੁਕੰਮਲ ਹੋਣ ਨਾਲ ਇਲਾਕੇ ਦੇ ਲੋਕਾਂ ਨੂੰ ਵੱਡੀ ਰਾਹਤ ਮਿਲੇਗੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਸਰਦਾਰ ਭਗਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵਲੋਂ ਸ਼ਹਿਰ ਦੇ ਵਿਕਾਸ ਵਿੱਚ ਵੱਡੇ ਪੱਧਰ ’ਤੇ ਫੰਡ ਜਾਰੀ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸ਼ਹਿਰ ਨੂੰ ਬੁਨਿਆਦੀ ਢਾਂਚੇ ਪਖੋਂ ਹਰ ਪਾਸਿਓਂ ਮਜ਼ਬੂਤ ਕਰਕੇ ਅਤਿ ਆਧੁਨਿਕ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਸ਼ਹਿਰ ਦੇ ਸਰਵਪੱਖੀ ਵਿਕਾਸ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ ਤੇ ਵਿਕਾਸ ਕਾਰਜਾਂ ਲਈ ਫੰਡਾਂ ਦੀ ਕੋਈ ਕਮੀ ਨਹੀਂ ਹੈ।
ਇਸ ਮੌਕੇ ਬੋਲਦਿਆਂ ਮੇਅਰ ਵਨੀਤ ਧੀਰ ਨੇ ਕਿਹਾ ਕਿ ਨਗਰ ਨਿਗਮ ਵਲੋਂ ਸ਼ਹਿਰ ਦੇ ਵਿਕਾਸ ਵਿੱਚ ਲਗਾਤਾਰ ਅਨੇਕਾਂ ਪਹਿਲਕਦਮੀਆਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਲੈਦਰ ਕੰਪਲੈਕਸ ਵਿਖੇ ਜਿਨ੍ਹਾਂ ਵਿਕਾਸ ਕਾਰਜਾਂ ਦਾ ਅੱਜ ਉਦਘਾਟਨ ਕੀਤਾ ਗਿਆ ਹੈ, ਨਗਰ ਨਿਗਮ ਵਲੋਂ ਇਹਨਾਂ ਨੂੰ ਪਹਿਲ ਦੇ ਅਧਾਰ ’ਤੇ ਨਿਸ਼ਚਿਤ ਸਮੇਂ ਵਿੱਚ ਮੁਕੰਮਲ ਕਰਕੇ ਸ਼ਹਿਰ ਵਾਸੀਆਂ ਨੂੰ ਵੱਡੀ ਰਾਹਤ ਪ੍ਰਦਾਨ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਸ਼ਹਿਰ ਦੀਆਂ ਤੰਗ ਗਲੀਆਂ ਵਿੱਚ ਜੇਕਰ ਸੀਵਰੇਜ ਬੰਦ ਦੀ ਸਮੱਸਿਆ ਸਾਹਮਣੇ ਆਉਂਦੀ ਹੈ ਤਾਂ ਨਗਰ ਨਿਗਮ ਵਲੋਂ ਛੋਟੀਆਂ ਮਸ਼ੀਨਾਂ ਵੀ ਉਪਲਬੱਧ ਕਰਵਾਈਆਂ ਗਈਆਂ ਹਨ ਜੋ ਇਹਨਾਂ ਥਾਵਾਂ ’ਤੇ ਅਸਾਨੀ ਨਾਲ ਪਹੁੰਚਕੇ ਲੋਕਾਂ ਨੂੰ ਤੁਰੰਤ ਰਾਹਤ ਪਹੁੰਚਾਉਣਗੀਆਂ। ਇਸ ਮੌਕੇ ਇਲਾਕੇ ਦੀਆਂ ਹੋਰ ਵੀ ਉਘੀਆਂ ਸਖਸ਼ੀਅਤਾਂ ਹਾਜ਼ਰ ਸਨ।
—————
- +91 99148 68600
- info@livepunjabnews.com
















































