ਜਲੰਧਰ, 23 ਦਸੰਬਰ : ਸ਼ਹਿਰ ਦੇ ਬੁਨਿਆਦੀ ਢਾਂਚੇ ਦੇ ਵਿਕਾਸ ਨੂੰ ਵੱਡਾ ਹੁਲਾਰਾ ਦਿੰਦਿਆਂ ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਨੇ ਅੱਜ ਸ਼ਹਿਰ ਦੇ ਵਾਰਡ ਨੰ. 56 ਅਧੀਨ ਪੈਂਦੇ ਕ੍ਰਿਸ਼ਨਾ ਨਗਰ, ਹਰਬੰਸ ਨਗਰ ਅਤੇ ਜੇ.ਪੀ. ਨਗਰ ਵਿਖੇ 1.22 ਕਰੋੜ ਰੁਪਏ ਦੀ ਲਾਗਤ ਵਾਲੇ ਵਿਕਾਸ ਕਾਰਜਾਂ ਦੇ ਨੀਂਹ ਪੱਥਰ ਰੱਖੇ।
ਕੈਬਨਿਟ ਮੰਤਰੀ ਨੇ ਕ੍ਰਿਸ਼ਨਾ ਨਗਰ ਵਿਖੇ 80 ਲੱਖ ਰੁਪਏ ਦੀ ਲਾਗਤ ਨਾਲ ਮੇਨ ਰੋਡ ਦੇ ਨਿਰਮਾਣ ਕਾਰਜ ਦਾ ਨੀਂਹ ਪੱਥਰ ਰੱਖਦਿਆਂ ਕਿਹਾ ਕਿ ਇਸ ਸੜਕ ਦੇ ਬਣਨ ਨਾਲ ਇਲਾਕਾ ਵਾਸੀਆਂ ਦੀ ਪ੍ਰਮੁੱਖ ਮੰਗ ਪੂਰੀ ਹੋਣ ਦੇ ਨਾਲ-ਨਾਲ ਆਉਣ-ਜਾਣ ਵਾਲੇ ਲੋਕਾਂ ਲਈ ਆਵਾਜਾਈ ਆਸਾਨ ਹੋਵੇਗੀ। ਸ਼੍ਰੀ ਭਗਤ ਵੱਲੋਂ ਇਸ ਮੌਕੇ ਇਲਾਕਾ ਵਾਸੀਆਂ ਲਈ ਮਨੋਰੰਜਨ ਸੁਵਿਧਾਵਾਂ ਨੂੰ ਬਿਹਤਰ ਬਣਾਉਣ ਦੇ ਉਦੇਸ਼ ਨਾਲ ਜੇ.ਪੀ. ਨਗਰ, ਹਰਬੰਸ ਨਗਰ ਸਮੇਤ ਇਲਾਕੇ ਵਿੱਚ 42 ਲੱਖ ਰੁਪਏ ਦੀ ਲਾਗਤ ਨਾਲ ਪਾਰਕਾਂ ਦੇ ਨਵੀਨੀਕਰਨ ਦਾ ਕੰਮ ਦੀ ਸ਼ੁਰੂਆਤ ਵੀ ਕਰਵਾਈ ਗਈ। ਇਸ ਮੌਕੇ ਉਨ੍ਹਾਂ ਨਾਲ ਮੇਅਰ ਵਿਨੀਤ ਧੀਰ ਵੀ ਮੌਜੂਦ ਸਨ।
ਕੈਬਨਿਟ ਮੰਤਰੀ ਨੇ ਆਪਣੇ ਸੰਬੋਧਨ ਦੌਰਾਨ ਕਿਹਾ ਕਿ ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਭਰ ਵਿੱਚ ਵੱਡੇ ਪੱਧਰ ’ਤੇ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸੂਬੇ ਦੇ ਲੋਕਾਂ ਨੂੰ ਬਿਹਤਰ ਬੁਨਿਆਦੀ ਢਾਂਚਾ ਪ੍ਰਦਾਨ ਕਰਨ ਲਈ ਰਾਜ ਸਰਕਾਰ ਠੋਸ ਉਪਰਾਲੇ ਕਰ ਰਹੀ ਹੈ ਅਤੇ ਸ਼ਹਿਰੀ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਵੱਲ ਵਿਸ਼ੇਸ਼ ਤਵਜੋਂ ਦੇ ਰਹੀ ਹੈ। ਉਨ੍ਹਾਂ ਕਿਹਾ ਕਿ ਵਿਕਾਸ ਕਾਰਜਾਂ ਲਈ ਸੂਬਾ ਸਰਕਾਰ ਪਾਸ ਫੰਡਾਂ ਦੀ ਕੋਈ ਕਮੀ ਨਹੀਂ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਹੋਰ ਵਿਕਾਸ ਪ੍ਰਾਜੈਕਟ ਸ਼ੁਰੂ ਕੀਤੇ ਜਾਣਗੇ। ਉਨ੍ਹਾਂ ਸਬੰਧਤ ਵਿਭਾਗ ਨੂੰ ਨਿਰਧਾਰਿਤ ਮਾਪਦੰਡਾਂ ਅਨੁਸਾਰ ਤੈਅ ਸਮੇਂ ਦੇ ਅੰਦਰ ਵਿਕਾਸ ਕਾਰਜ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ ਤਾਂ ਜੋ ਲੋਕਾਂ ਨੂੰ ਇਨ੍ਹਾਂ ਦਾ ਜਲਦ ਤੋਂ ਜਲਦ ਲਾਭ ਮਿਲ ਸਕੇ।
ਕੈਬਨਿਟ ਮੰਤਰੀ ਨੇ ਇਸ ਮੌਕੇ ਪੰਜਾਬ ਸਰਕਾਰ ਵੱਲੋਂ ਲੋਕਾਂ ਦੀ ਭਲਾਈ ਅਤੇ ਬਿਹਤਰੀ ਲਈ ਚੁੱਕੇ ਗਏ ਕ੍ਰਾਂਤੀਕਾਰੀ ਕਦਮਾਂ ’ਤੇ ਵੀ ਚਾਨਣਾ ਪਾਇਆ।
ਮੇਅਰ ਵਿਨੀਤ ਧੀਰ ਨੇ ਕਿਹਾ ਕਿ ਇਨ੍ਹਾਂ ਵਿਕਾਸ ਕੰਮਾਂ ਦੇ ਮੁਕੰਮਲ ਹੋਣ ਨਾਲ ਇਲਾਕੇ ਦੇ ਲੋਕਾਂ ਲਈ ਜਿਥੇ ਸੜਕੀ ਸੰਪਰਕ ਬਿਹਤਰ ਹੋਵੇਗਾ ਅਤੇ ਪਾਰਕਾਂ ਦੇ ਨਵੀਨੀਕਰਨ ਨਾਲ ਇਲਾਕਾ ਵਾਸੀਆਂ ਨੂੰ ਸੈਰ ਆਦਿ ਲਈ ਬਿਹਤਰ ਸਹੂਲਤ ਮਿਲੇਗੀ।
ਇਸ ਦੌਰਾਨ ਕੌਂਸਲਰ ਮੁਕੇਸ਼ ਸੇਠੀ ਨੇ ਕੈਬਨਿਟ ਮੰਤਰੀ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਇਨ੍ਹਾਂ ਕੰਮਾਂ ਨਾਲ ਇਲਾਕੇ ਵਿੱਚ ਵਿਕਾਸ ਕਾਰਜਾਂ ਨੂੰ ਮਜ਼ਬੂਤੀ ਮਿਲੇਗੀ।

















































