ਜਲੰਧਰ, 3 ਅਪ੍ਰੈਲ : ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ 5 ਅਪ੍ਰੈਲ ਨੂੰ ਦਾਣਾ ਮੰਡੀ, ਕਰਤਾਰਪੁਰ ਵਿਖੇ ਜ਼ਿਲ੍ਹਾ ਪੱਧਰੀ ਕਿਸਾਨ ਸਿਖ਼ਲਾਈ ਕੈਂਪ ਅਤੇ ਖੇਤੀ ਪ੍ਰਦਰਸ਼ਨੀਆਂ ਲਗਾਈਆਂ ਜਾ ਰਹੀਆਂ ਹਨ, ਜਿਸ ਵਿੱਚ ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮਹਿੰਦਰ ਭਗਤ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ।
ਮੁੱਖ ਖੇਤੀਬਾੜੀ ਅਫ਼ਸਰ ਡਾ. ਰਣਧੀਰ ਠਾਕੁਰ ਨੇ ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕੈਂਪ ਦਾ ਉਦਘਾਟਨ ਵਿਧਾਇਕ ਬਲਕਾਰ ਸਿੰਘ ਵੱਲੋਂ ਕੀਤਾ ਜਾਵੇਗਾ ਜਦਕਿ ਪ੍ਰਧਾਨਗੀ ਡਿਪਟੀ ਕਮਿਸ਼ਨਰ ਜਲੰਧਰ ਡਾ. ਹਿਮਾਂਸ਼ੂ ਅਗਰਵਾਲ ਕਰਨਗੇ ਅਤੇ ਸਯੁੰਕਤ ਡਾਇਰੈਕਟਰ ਖੇਤੀਬਾੜੀ ਦਿਲਬਾਗ ਸਿੰਘ ਵਿਸ਼ੇਸ਼ ਮਹਿਮਾਨ ਹੋਣਗੇ।
ਉਨ੍ਹਾਂ ਦੱਸਿਆ ਕਿ ਕੈਂਪ ਦੌਰਾਨ ਵੱਖ-ਵੱਖ ਮਾਹਰਾਂ ਵੱਲੋਂ ਕਿਸਾਨਾਂ ਨੂੰ ਸਾਉਣੀ ਦੀਆਂ ਫ਼ਸਲਾਂ ਅਤੇ ਝੋਨੇ ਦੀ ਪਰਾਲੀ ਦੇ ਸੁਚੱਜੇ ਪ੍ਰਬੰਧਨ ਸਬੰਧੀ ਤਕਨੀਕੀ ਜਾਣਕਾਰੀ ਦਿੱਤੀ ਜਾਵੇਗੀ।

















































