ਜ਼ਮੀਨੀ ਪੱਧਰ ‘ਤੇ ਬੁਨਿਆਦੀ ਢਾਂਚੇ ਨੂੰ ਹੁਲਾਰਾ ਤੇ ਆਲਮੀ ਪੱਧਰ ਦੇ ਸਮਾਗਮ ਪੰਜਾਬ ਨੂੰ ਭਾਰਤ ਦੇ ਖੇਡ ਪਾਵਰਹਾਊਸ ਵਜੋਂ ਸਥਾਪਤ ਕਰ ਰਹੇ ਹਨ : ਮੋਹਿੰਦਰ ਭਗਤ

ਜਲੰਧਰ, 28 ਨਵੰਬਰ :  ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਨੇ ਅੱਜ ਕਿਹਾ ਕਿ ਪੰਜਾਬ ਤੇਜ਼ੀ ਨਾਲ ਦੇਸ਼ ਦੇ ਖੇਡ ਕੇਂਦਰ ਵਜੋਂ ਉੱਭਰ ਰਿਹਾ ਹੈ, ਜਿਸ ਦੇ ਪਿੱਛੇ ਪੰਜਾਬ ਸਰਕਾਰ ਵੱਲੋਂ ਜ਼ਮੀਨੀ ਪੱਧਰ ‘ਤੇ ਖੇਡ ਢਾਂਚੇ ਅਤੇ ਖੇਡ ਸੱਭਿਆਚਾਰ ਨੂੰ ਮਜ਼ਬੂਤ ਕਰਨ ਲਈ ਅਪਣਾਈ ਗਈ ਸਰਗਰਮ ਪਹੁੰਚ ਹੈ।

ਕੈਬਨਿਟ ਮੰਤਰੀ ਨੇ ਡਿਪਟੀ ਕਮਿਸ਼ਨਰ ਵਰਜੀਤ ਵਾਲੀਆ, ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ, ਹਾਕੀ ਪੰਜਾਬ ਦੇ ਪ੍ਰਧਾਨ ਨਿਤਿਨ ਕੋਹਲੀ ਅਤੇ ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਅੰਮ੍ਰਿਤਪਾਲ ਸਿੰਘ ਸਮੇਤ 43ਵੇਂ ਓਲੰਪੀਅਨ ਸੁਰਜੀਤ ਹਾਕੀ ਟੂਰਨਾਮੈਂਟ ਦੇ ਸਮਾਪਤੀ ਸਮਾਰੋਹ ਅਤੇ ਫਾਈਨਲ ਮੈਚ ਦੀ ਪ੍ਰਧਾਨਗੀ ਕੀਤੀ। ਇਹ ਫਾਈਨਲ ਮੁਕਾਬਲਾ ਪੰਜਾਬ ਪੁਲਿਸ ਅਤੇ ਸੀ.ਏ.ਜੀ.ਦਿੱਲੀ ਵਿਚਕਾਰ ਖੇਡਿਆ ਗਿਆ। ਦਰਸ਼ਕਾਂ ਨਾਲ ਖਚਾਖਚ ਭਰੇ ਸਟੇਡੀਅਮ ਵਿੱਚ ਦੋਵਾਂ ਟੀਮਾਂ ਨੇ ਖਿਤਾਬ ਜਿੱਤਣ ਲਈ ਰੋਮਾਂਚਕ ਮੈਚ ਖੇਡਿਆ।

ਇਕੱਠ ਨੂੰ ਸੰਬੋਧਨ ਕਰਦਿਆਂ ਸ਼੍ਰੀ ਭਗਤ ਨੇ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਸੂਬੇ ਵਿੱਚ ਪਹਿਲੀ ਵਾਰ ‘ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫੀ’ ਦੀ ਸਫ਼ਲ ਮੇਜ਼ਬਾਨੀ ਕਰਕੇ ਕਾਮਯਾਬੀ ਦੀ ਇੱਕ ਨਵੀਂ ਕਹਾਣੀ ਲਿਖੀ ਹੈ। ਇਹ ਇੱਕ ਅਜਿਹਾ ਮੀਲ ਪੱਥਰ ਹੈ, ਜਿਸ ਨੇ ਪੰਜਾਬ ਨੂੰ ਅੰਤਰਰਾਸ਼ਟਰੀ ਖੇਡ ਸਮਾਗਮਾਂ ਲਈ ਵਿਸ਼ਵ ਨਕਸ਼ੇ ‘ਤੇ ਮਜ਼ਬੂਤੀ ਨਾਲ ਸਥਾਪਿਤ ਕਰ ਦਿੱਤਾ ਹੈ। ਉਨ੍ਹਾਂ ਅੱਗੇ ਕਿਹਾ ਕਿ ਭਗਵੰਤ ਮਾਨ ਸਰਕਾਰ ਨੇ ਨੌਜਵਾਨਾਂ ਨੂੰ ਜ਼ਮੀਨੀ ਪੱਧਰ ‘ਤੇ ਖੇਡਾਂ ਨਾਲ ਜੋੜਨ ਲਈ ਸੂਬੇ ਭਰ ਵਿੱਚ 3,000 ਤੋਂ ਵੱਧ ਖੇਡ ਮੈਦਾਨਾਂ ਦਾ ਨਿਰਮਾਣ ਯਕੀਨੀ ਬਣਾਇਆ ਹੈ।
‘ਖੇਡਾਂ ਵਤਨ ਪੰਜਾਬ ਦੀਆਂ’ ਦੇ ਵਿਆਪਕ ਪ੍ਰਭਾਵ ’ਤੇ ਚਾਨਣਾ ਪਾਉਂਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਇਹ ਪੰਜਾਬ ਦੇ ਪ੍ਰਮੁੱਖ ਖੇਡ ਸਮਾਗਮਾਂ ਵਿੱਚੋਂ ਇੱਕ ਵਜੋਂ ਉੱਭਰਿਆ ਹੈ, ਜਿਸ ਵਿੱਚ ਹਰ ਉਮਰ ਵਰਗ ਦੇ ਲੱਖਾਂ ਲੋਕਾਂ ਦੀ ਸ਼ਮੂਲੀਅਤ ਯਕੀਨੀ ਬਣੀ ਹੈ। ਇਸੇ ਤਰ੍ਹਾਂ ਸੂਬੇ ਦੀ ਨਵੀਂ ਖੇਡ ਨੀਤੀ ਨੇ ਉੱਭਰਦੇ ਖਿਡਾਰੀਆਂ ਲਈ ਬਿਹਤਰ ਅਤੇ ਨਵੇਂ ਮੌਕੇ ਪੈਦਾ ਕੀਤੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਸਾਰੇ ਉਪਰਾਲਿਆਂ ਨੇ ਪੰਜਾਬ ਨੂੰ ਖੇਡਾਂ ਦੇ ਖੇਤਰ ਵਿੱਚ ਮੋਹਰੀ ਰਾਜ ਬਣਾ ਦਿੱਤਾ ਹੈ। ਇਸ ਦੇ ਨਾਲ ਹੀ ਸ਼੍ਰੀ ਭਗਤ ਨੇ ਉਨ੍ਹਾਂ ਰਵਾਇਤੀ ਖੇਡਾਂ ਨੂੰ ਸੰਭਾਲਣ ਦੀ ਲੋੜ ‘ਤੇ ਵੀ ਜ਼ੋਰ ਦਿੱਤਾ, ਜੋ ਲੰਬੇ ਸਮੇਂ ਤੋਂ ਪੇਂਡੂ ਪੰਜਾਬ ਦੀ ਪਛਾਣ ਰਹੀਆਂ ਹਨ।

ਉਨ੍ਹਾਂ ਮਹਾਨ ਓਲੰਪੀਅਨ ਸੁਰਜੀਤ ਸਿੰਘ ਦੀ ਯਾਦ ਵਿੱਚ ਪਿਛਲੇ 40 ਸਾਲਾਂ ਤੋਂ ਵੱਧ ਸਮੇਂ ਤੋਂ ਲਗਾਤਾਰ ਇਹ ਟੂਰਨਾਮੈਂਟ ਕਰਵਾਉਣ ਲਈ ਸੁਸਾਇਟੀ ਦੀ ਸ਼ਲਾਘਾ ਵੀ ਕੀਤੀ। ਓਲੰਪੀਅਨ ਸੁਰਜੀਤ ਸਿੰਘ ਭਾਰਤ ਦੇ ਉੱਘੇ ਫੁੱਲ-ਬੈਕ ਖਿਡਾਰੀ ਸਨ ਅਤੇ 1975 ਵਿੱਚ ਵਿਸ਼ਵ ਕੱਪ ਜਿੱਤਣ ਵਾਲੀ ਟੀਮ ਦਾ ਹਿੱਸਾ ਸਨ, ਜਿਨ੍ਹਾਂ ਦਾ 7 ਜਨਵਰੀ 1984 ਨੂੰ ਇੱਕ ਸੜਕ ਹਾਦਸੇ ਵਿੱਚ ਦੁਖਦਾਈ ਦਿਹਾਂਤ ਹੋ ਗਿਆ ਸੀ।

ਉਨ੍ਹਾਂ ਜ਼ੋਰ ਦਿੰਦਿਆਂ ਕਿਹਾ ਕਿ ਭਗਵੰਤ ਮਾਨ ਸਰਕਾਰ ਵੱਲੋਂ ਹਾਲ ਹੀ ਵਿੱਚ ਅੰਤਰਰਾਸ਼ਟਰੀ ਪੱਧਰ ‘ਤੇ ਤਗਮੇ ਜਿੱਤਣ ਵਾਲੇ ਖਿਡਾਰੀਆਂ ਨੂੰ ਵੱਡੀ ਨਕਦ ਇਨਾਮੀ ਰਾਸ਼ੀ ਨਾਲ ਸਨਮਾਨਿਤ ਕੀਤਾ ਗਿਆ ਹੈ ਅਤੇ ਨਾਲ ਹੀ ਉਨ੍ਹਾਂ ਨੂੰ ਵੱਕਾਰੀ ਅਹੁਦਿਆਂ ‘ਤੇ ਨਿਯੁਕਤ ਵੀ ਕੀਤਾ ਹੈ। ਕੈਬਨਿਟ ਮੰਤਰੀ ਨੇ ਫਾਈਨਲ ਮੁਕਾਬਲੇ ਵਿੱਚ ਪਹੁੰਚੇ ਖਿਡਾਰੀਆਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਵਿਅਕਤੀਆਂ ਨੂੰ ਵੀ ਸਨਮਾਨਿਤ ਕੀਤਾ, ਜਿਨ੍ਹਾਂ ਨੇ ਖੇਡਾਂ ਨੂੰ ਉਤਸ਼ਾਹਿਤ ਕਰਨ ਵਿੱਚ ਅਹਿਮ ਯੋਗਦਾਨ ਪਾਇਆ ਹੈ।

ਇਸ ਤੋਂ ਪਹਿਲਾਂ ਡਿਪਟੀ ਕਮਿਸ਼ਨਰ ਵਰਜੀਤ ਵਾਲੀਆ, ਜੋ ਓਲੰਪੀਅਨ ਸੁਰਜੀਤ ਹਾਕੀ ਸੁਸਾਇਟੀ ਦੇ ਪ੍ਰਧਾਨ ਵੀ ਹਨ, ਨੇ ਸਟੇਡੀਅਮ ਵਿਖੇ ਪਹੁੰਚਣ ‘ਤੇ ਮੁੱਖ ਮਹਿਮਾਨ ਦਾ ਸਵਾਗਤ ਕੀਤਾ। ਇਸ ਮੌਕੇ ਵਿਦਿਆਰਥੀਆਂ ਵੱਲੋਂ ਪੰਜਾਬੀ ਲੋਕ ਨਾਚ ਭੰਗੜੇ ਅਤੇ ਗਿੱਧੇ ਦੀ ਪੇਸ਼ਕਾਰੀ ਕੀਤੀ ਗਈ, ਜਦਕਿ ਪ੍ਰਸਿੱਧ ਪੰਜਾਬੀ ਗਾਇਕ ਸੱਬਾ ਨੇ ਆਪਣੀ ਲਾਈਵ ਪੇਸ਼ਕਾਰੀ ਨਾਲ ਦਰਸ਼ਕਾਂ ਨੂੰ ਮੰਤਰ-ਮੁਗਧ ਕਰ ਦਿੱਤਾ।

Table of Contents

Scroll to Top