ਸੈਂਟਰਲ ਪ੍ਰਭਾਰੀ ਅਫ਼ਸਰ ਵੱਲੋਂ ਐਸਪੀਰੇਸ਼ਨਲ ਬਲਾਕ ਸ਼ਾਹਕੋਟ ਦਾ ਦੌਰਾ

ਜਲੰਧਰ, 23 ਦਸੰਬਰ: ਸੈਂਟਰਲ ਪ੍ਰਭਾਰੀ ਅਫ਼ਸਰ ਕੁਮਾਰ ਸੌਰਭ ਆਈ.ਏ.ਐਸ. 2011 ਬੈਚ ਵੱਲੋਂ ਅੱਜ ਬਲਾਕ ਸ਼ਾਹਕੋਟ ਵਿਖੇ ਐਸਪੀਰੇਸ਼ਨਲ ਬਲਾਕ ਪ੍ਰੋਗਰਾਮ ਦਾ ਜਾਇਜ਼ਾ ਲਿਆ ਗਿਆ।
ਇਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਐਸ.ਡੀ.ਐਮ. ਆਦਮਪੁਰ ਵਿਵੇਕ ਕੁਮਾਰ ਮੋਦੀ, ਐਸ.ਡੀ.ਐਮ. ਸ਼ਾਹਕੋਟ ਸ਼ੁਭੀ ਆਂਗਰਾ ਅਤੇ ਸਹਾਇਕ ਕਮਿਸ਼ਨਰ (ਯੂ.ਟੀ.) ਮੁਕਿਲਨ ਆਰ ਸਮੇਤ ਇਸ ਸਬੰਧੀ ਇਕ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਉਨ੍ਹਾਂ ਸਿਹਤ, ਸਿੱਖਿਆ, ਖੇਤੀਬਾੜੀ, ਬੁਨਿਆਦੀ ਢਾਂਚਾ ਅਤੇ ਹੋਰ ਖੇਤਰਾਂ ਨਾਲ ਸਬੰਧਤ ਇੰਡੀਕੇਟਰਾਂ ਵਿੱਚ ਸੁਧਾਰ ਲਈ ਵਿਭਾਗਾਂ ਦੀ ਕਾਰਗੁਜ਼ਾਰੀ ਦਾ ਜਾਇਜ਼ਾ ਲਿਆ।
ਸ਼੍ਰੀ ਕੁਮਾਰ ਸੌਰਭ ਨੇ ਬਲਾਕ ਪੱਧਰੀ ਅਧਿਕਾਰੀਆਂ ਨੂੰ ਸੁਧਾਰਾਂ ਨੂੰ ਜ਼ਮੀਨੀ ਪੱਧਰ ’ਤੇ ਲਾਗੂ ਕਰਨ ਨੂੰ ਯਕੀਨੀ ਬਣਾਉਣ ਲਈ ਨਿਯਮਿਤ ਤੌਰ ’ਤੇ ਫੀਲਡ ਵਿਜ਼ਿਟ ਕਰਨ ਦੇ ਨਿਰਦੇਸ਼ ਦਿੱਤੇ ਤਾਂ ਜੋ ਚੱਲ ਰਹੇ ਕੰਮਾਂ ਦੀ ਨਿਗਰਾਨੀ ਯਕੀਨੀ ਬਣਾ ਕੇ ਇੰਡੀਕੇਟਰਾਂ ਦੀ ਕਾਰਗੁਜ਼ਾਰੀ ਹੋਰ ਬਿਹਤਰ ਬਣਾਈ ਜਾ ਸਕੇ।
ਬੱਚਿਆਂ ਦੀ ਸਿਹਤ ਅਤੇ ਪੋਸ਼ਣ ਨੂੰ ਲੈ ਕੇ ਗੱਲ ਕਰਦਿਆਂ ਸੈਂਟਰਲ ਪ੍ਰਭਾਰੀ ਅਫ਼ਸਰ ਨੇ ਆਂਗਣਵਾੜੀ ਕੇਂਦਰਾਂ ਵਿੱਚ ਮਾਪਿਆਂ ਨੂੰ ਪੋਸ਼ਣ ਦੀ ਮਹੱਤਤਾ ਅਤੇ ਪੌਸ਼ਟਿਕ ਖੁਰਾਕ ਸਬੰਧੀ ਜਾਗਰੂਕ ਕਰਨ ’ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਬੱਚਿਆਂ ਦੇ ਸਮੁੱਚੇ ਵਿਕਾਸ ਲਈ ਸੰਤੁਲਿਤ ਖੁਰਾਕ ਬਹੁਤ ਜ਼ਰੂਰੀ ਹੈ। ਇਸ ਤੋਂ ਇਲਾਵਾ ਸਕੂਲਾਂ ਵਿੱਚ ਵੀ ਵਿਦਿਆਰਥੀਆਂ ਨੂੰ ਸਵੇਰ ਦੇ ਨਾਸ਼ਤੇ ਦੀ ਮਹੱਤਤਾ ਬਾਰੇ ਜਾਣੂ ਕਰਵਾਉਣ ਲਈ ਕਿਹਾ ਤਾਂ ਜੋ ਬੱਚਿਆਂ ਵਿੱਚ ਪੋਸ਼ਣ ਦੀਆਂ ਲੋੜਾਂ ਨੂੰ ਪੂਰਾ ਕੀਤਾ ਜਾ ਸਕੇ। ਮੀਟਿੰਗ ਦੌਰਾਨ ਧਰਤੀ ਹੇਠਲੇ ਪਾਣੀ ਦੀ ਸੰਭਾਲ ਸਬੰਧੀ ਚੱਲ ਰਹੇ ਉਪਰਾਲਿਆਂ ਦੀ ਵੀ ਸਮੀਖਿਆ ਕੀਤੀ ਗਈ। ਉਨ੍ਹਾਂ ਨੇ ਧਰਤੀ ਹੇਠਲੇ ਪਾਣੀ ਸੰਭਾਲ ਲਈ ਰੇਨ ਵਾਟਰ ਹਾਰਵੈਸਟਿੰਗ ’ਤੇ ਵੀ ਜ਼ੋਰ ਦਿੱਤਾ।
ਇਸ ਮੌਕੇ ਐਸ.ਡੀ.ਐਮ. ਵਿਵੇਕ ਕੁਮਾਰ ਮੋਦੀ ਨੇ ਸੈਂਟਰਲ ਪ੍ਰਭਾਰੀ ਅਫ਼ਸਰ ਨੂੰ ਐਸਪੀਰੇਸ਼ਨਲ ਬਲਾਕ ਪ੍ਰੋਗਰਾਮ ਅਧੀਨ ਵੱਖ-ਵੱਖ ਇੰਡੀਕੇਟਰਾਂ ਤਹਿਤ ਸ਼ਾਹਕੋਟ ਬਲਾਕ ਦੀ ਪ੍ਰਗਤੀ ਬਾਰੇ ਵਿਸਥਾਰ ਨਾਲ ਜਾਣੂ ਕਰਵਾਇਆ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਸ਼ਾਸਨ ‘ਐਸਪੀਰੇਸ਼ਨਲ ਬਲਾਕ’ ਨੂੰ ‘ਇੰਸਪੀਰੇਸ਼ਨਲ ਬਲਾਕֹ’ ਬਣਾਉਣ ਲਈ ਵਚਨਬੱਧ ਹੈ।
ਉਪਰੰਤ ਸੈਂਟਰਲ ਪ੍ਰਭਾਰੀ ਅਫ਼ਸਰ ਨੇ ਐਸਪੀਰੇਸ਼ਨਲ ਬਲਾਕ ਪ੍ਰੋਗਰਾਮ ਤਹਿਤ ਚੱਲ ਰਹੀਆਂ ਪਹਿਲਕਦਮੀਆਂ ਦਾ ਜਾਇਜ਼ਾ ਲੈਣ ਲਈ ਸ਼ਾਹਕੋਟ ਵਿਖੇ ਸਰਕਾਰੀ ਸਕੂਲਾਂ, ਕਮਿਊਨਿਟੀ ਹੈਲਥ ਸੈਂਟਰ ਅਤੇ ਸਵੈ-ਸਹਾਇਤਾ ਸਮੂਹਾਂ ਦਾ ਦੌਰਾ ਕੀਤਾ। ਉਨ੍ਹਾਂ ਨੇ ਬਲਾਕ ਵਿੱਚ ਡਰੈਗਨ ਫਰੂਟ ਫਾਰਮ ਅਤੇ ਵਿਦਿਅਕ ਸੰਸਥਾਵਾਂ ਵਿਖੇ ਕੀਤੇ ਗਏ ਨਵੀਨਤਾਕਾਰੀ ਅਭਿਆਸਾਂ ਦੀ ਵੀ ਸ਼ਲਾਘਾ ਕੀਤੀ। ਉਨ੍ਹਾਂ ਸ਼ਾਹਕੋਟ ਗਊਸ਼ਾਲਾ ਦੀ ਵੀ ਸ਼ਲਾਘਾ ਕੀਤੀ, ਜਿੱਥੇ ਬੇਸਹਾਰਾ ਪਸ਼ੂਆਂ ਦੀ ਸਾਂਭ-ਸੰਭਾਲ ਕੀਤੀ ਜਾ ਰਹੀ ਹੈ।
ਮੀਟਿੰਗ ਦੌਰਾਨ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਵੀ ਮੌਜੂਦ ਸਨ।

Leave a Comment

Your email address will not be published. Required fields are marked *

Scroll to Top