ਆਦਮਪੁਰ/ਜਲੰਧਰ, 1 ਸਤੰਬਰ : ਚੇਅਰਮੈਨ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਪਵਨ ਕੁਮਾਰ ਟੀਨੂੰ ਵਲੋਂ ਅੱਜ ਵਿਧਾਨ ਸਭਾ ਹਲਕਾ ਆਦਮਪੁਰ ਤੋਂ ਹੜ੍ਹ ਪ੍ਰਭਾਵਿਤ ਲੋਕਾਂ ਦੀ ਸਹਾਇਤਾ ਲਈ ਰਾਹਤ ਸਮੱਗਰੀ ਭੇਜੀ ਗਈ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ, ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਇਸ ਔਖੀ ਘੜੀ ਵਿੱਚ ਬਾਹਰ ਕੱਢਣ ਲਈ ਮਜ਼ਬੂਤੀ ਨਾਲ ਖੜ੍ਹੀ ਹੈ।
ਸ਼੍ਰੀ ਟੀਨੂੰ ਨੇ ਦੱਸਿਆ ਕਿ ਮੌਜੂਦਾ ਸਰਕਾਰ ਵਲੋਂ ਹੜ੍ਹ ਪ੍ਰਭਾਵਿਤ ਖੇਤਰਾਂ ਦੇ ਲੋਕਾਂ ਨੂੰ ਰਾਹਤ ਪਹੁੰਚਾਉਣ ਲਈ ਜੰਗੀ ਪੱਧਰ ’ਤੇ ਕਾਰਜ ਆਰੰਭੇ ਗਏ ਹਨ। ਉਨ੍ਹਾਂ ਦੱਸਿਆ ਕਿ ਅੱਜ ਵਿਧਾਨ ਸਭਾ ਹਲਕਾ ਆਦਮਪੁਰ ਤੋਂ ਹੜ੍ਹ ਪ੍ਰਭਾਵਿਤ ਲੋਕਾਂ ਲਈ ਤਰਪਾਲਾਂ, ਛੱਤਰੀਆਂ, ਮੱਛਰਦਾਨੀਆਂ, ਦਵਾਈਆਂ ਅਤੇ ਪਾਣੀ ਦੀਆਂ 800 ਪੇਟੀਆਂ ਤੇ ਬ੍ਰੈਡ ਭੇਜੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਕੈਂਪ ਲਗਾ ਕੇ ਪ੍ਰਭਾਵਿਤ ਲੋਕਾਂ ਨੂੰ ਇਹ ਰਾਹਤ ਸਮੱਗਰੀ ਵੰਡੀ ਜਾਵੇਗੀ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਲੋਕਾਂ ਨੂੰ ਡਾਕਟਰੀ ਸਹਾਇਤਾ ਮੁਹੱਈਆ ਕਰਵਾਉਣ ਲਈ ਡਾਕਟਰਾਂ ਦੀ ਟੀਮ ਵੀ ਭੇਜੀ ਜਾ ਰਹੀ ਹੈ।
ਉਨਾਂ ਦੱਸਿਆ ਕਿ ਪੰਜਾਬ ਗੁਰੂਆਂ-ਪੀਰਾਂ ਦੀ ਧਰਤੀ ਹੈ ਅਤੇ ਇਥੇ ਦੇ ਲੋਕਾਂ ਨੇ ਹਮੇਸ਼ਾਂ ਹੀ ਉਹਨਾਂ ਵਲੋਂ ਦਿਖਾਏ ਮਾਰਗ ’ਤੇ ਚੱਲਦਿਆਂ ਮੁਸੀਬਤ ਵਿੱਚ ਫਸੇ ਲੋਕਾਂ ਦੀ ਹਰ ਸੰਭਵ ਸਹਾਇਤਾ ਕੀਤੀ ਹੈ। ਉਨ੍ਹਾਂ ਵੱਖ-ਵੱਖ ਧਾਰਮਿਕ ਤੇ ਸਮਾਜਿਕ ਜਥੇਬੰਦੀਆਂ ਦੇ ਨੁਮਾਇੰਦਿਆਂ ਨੂੰ ਇਸ ਪਵਿੱਤਰ ਕਾਰਜ ਵਿੱਚ ਵੱਧ ਚੜ੍ਹ ਕੇ ਯੋਗਦਾਨ ਪਾਉਣ ਦੀ ਅਪੀਲ ਕੀਤੀ, ਤਾਂ ਕਿ ਉਹਨਾਂ ਨੂੰ ਇਸ ਔਖੀ ਘੜੀ ਵਿਚੋਂ ਬਾਹਰ ਕੱਢਿਆ ਜਾ ਸਕੇ।
ਇਸ ਮੌਕੇ ਉਨ੍ਹਾਂ ਰਾਹਤ ਸਮੱਗਰੀ ਵਿੱਚ ਯੋਗਦਾਨ ਪਾਉਣ ਲਈ ਰਾਜ ਕੁਮਾਰ ਰਾਜਾ, ਅਮਿਤ, ਮਨੀਸ਼, ਸੋਨੂੰ, ਸੰਜੀਵ ਗਾਂਧੀ, ਹਰਦੀਪ ਸਿੰਘ, ਚਰਨਜੀਤ ਸਿੰਘ, ਆਸੂ, ਪਰਮਜੀਤ ਪੰਮਾ, ਚਰਨਜੀਤ ਸਿੰਘ, ਅਜੈ ਕੁਮਾਰ, ਕਮਲਜੀਤ ਸਿੰਘ, ਸਰਪੰਚ ਤਰਲੋਚਨ ਸਿੰਘ ਅਤੇ ਹੋਰਨਾਂ ਸਖ਼ਸ਼ੀਅਤਾਂ ਦਾ ਧੰਨਵਾਦ ਵੀ ਪ੍ਰਗਟਾਇਆ।
————-
