ਖੇਤੀਬਾੜੀ ਵਿਭਾਗ ਦੀਆਂ ਟੀਮਾਂ ਵੱਲੋਂ ਨਕੋਦਰ ਵਿਖੇ ਖਾਦ ਸਟੋਰਾਂ ਦੀ ਚੈਕਿੰਗ

ਜਲੰਧਰ, 20 ਨਵੰਬਰ : ਹਾੜੀ ਦੇ ਸੀਜ਼ਨ ਦੌਰਾਨ ਕਿਸਾਨਾਂ ਲਈ ਲੋੜੀਂਦੀਆਂ ਖਾਦਾਂ ਦੀ ਉਪਲਬਧਤਾ ਯਕੀਨੀ ਬਣਾਉਣ ਲਈ ਖੇਤੀਬਾੜੀ ਵਿਭਾਗ ਵੱਲੋਂ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਦੀਆਂ ਹਦਾਇਤਾਂ ’ਤੇ ਵਿੱਢੀ ਮੁਹਿੰਮ ਤਹਿਤ ਅੱਜ ਬਲਾਕ ਨਕੋਦਰ ਵਿਖੇ ਖਾਦ ਵਿਕਰੇਤਾਵਾਂ/ਡੀਲਰਾਂ ਦੀਆਂ ਦੁਕਾਨਾਂ ਤੇ ਗੁਦਾਮਾਂ ਦੀ ਚੈਕਿੰਗ ਕੀਤੀ ਗਈ।
ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਮੁੱਖ ਖੇਤੀਬਾੜੀ ਅਫ਼ਸਰ ਡਾ. ਰਣਧੀਰ ਸਿੰਘ ਠਾਕੁਰ ਨੇ ਦੱਸਿਆ ਕਿ ਚੈਕਿੰਗ ਦੌਰਾਨ ਕਣਕ ਤੇ ਆਲੂ ਦੀ ਬਿਜਾਈ ਲਈ ਵਰਤੀਆਂ ਜਾਂਦੀਆਂ ਵੱਖ-ਵੱਖ ਖਾਦਾਂ ਦੇ 8 ਸੈਂਪਲ ਭਰਨ ਤੋਂ ਇਲਾਵਾ ਖਾਦ ਸਟੋਰਾਂ ਦੇ ਰਿਕਾਰਡ ਦੀ ਜਾਂਚ ਵੀ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਭਰੇ ਗਏ ਸੈਂਪਲ ਲੈਬੋਰੇਟਰੀ ਵਿਖੇ ਟੈਸਟ ਲਈ ਭੇਜੇ ਜਾਣਗੇ ਅਤੇ ਜੇਕਰ ਕੋਈ ਸੈਂਪਲ ਫੇਲ ਪਾਇਆ ਗਿਆ ਤਾਂ ਜ਼ਿੰਮੇਵਾਰ ਖਾਦ ਵਿਕਰੇਤਾ/ਡੀਲਰ ਖਿਲਾਫ਼ ਬਣਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।


ਉਨ੍ਹਾਂ ਦੱਸਿਆ ਕਿ ਡਿਪਟੀ ਕਮਿਸ਼ਨਰ ਦੇ ਨਿਰਦੇਸ਼ਾਂ ਅਨੁਸਾਰ ਵਿਭਾਗ ਦੀਆਂ ਟੀਮਾਂ ਵੱਲੋਂ ਜ਼ਿਲ੍ਹੇ ਭਰ ਵਿੱਚ ਖਾਦ ਸਟੋਰਾਂ ਦੀ ਲਗਾਤਾਰ ਜਾਂਚ ਯਕੀਨੀ ਬਣਾਈ ਜਾ ਰਹੀ ਹੈ ਤਾਂ ਜੋ ਕਿਸੇ ਵੀ ਖਾਦ ਦੀ ਫਾਲਤੂ ਸਟੋਰੇਜ ਨਾ ਕੀਤੀ ਜਾ ਸਕੇ। ਉਨ੍ਹਾਂ ਦੱਸਿਆ ਕਿ ਅੱਜ ਕੀਤੀ ਗਈ ਚੈਕਿੰਗ ਦੌਰਾਨ ਟੀਮ ਵਿੱਚ ਖੇਤੀਬਾੜੀ ਅਫ਼ਸਰ ਡਾ. ਸੁਰਜੀਤ ਸਿੰਘ, ਖੇਤੀਬਾੜੀ ਵਿਕਾਸ ਅਫ਼ਸਰ ਡਾ. ਅਮਰੀਕ ਸਿੰਘ ਅਤੇ ਵਿਭਾਗ ਦੇ ਹੋਰ ਕਰਮਚਾਰੀ ਸ਼ਾਮਲ ਸਨ। 
ਉਨ੍ਹਾਂ ਦੱਸਿਆ ਕਿ ਚੈਕਿੰਗ ਦੌਰਾਨ ਖਾਦ ਵਿਕਰੇਤਾਵਾਂ ਨੂੰ ਆਪਣੇ ਸਟਾਕ ਦਾ ਪੂਰਾ ਰਿਕਾਰਡ ਰੱਖਣ, ਸਟਾਕ ਬੋਰਡ ’ਤੇ ਰੋਜ਼ਾਨਾ ਖਾਦ ਦਾ ਸਟਾਕ ਤੇ ਕੀਮਤ ਲਿਖਣ, ਖਾਦ ਨਾਲ ਬੇਲੋੜੀਆਂ ਵਸਤਾਂ ਟੈਗ ਕਰਕੇ ਨਾ ਦੇਣ ਅਤੇ ਵੇਚੀਆਂ ਜਾਣ ਵਾਲੀਆਂ ਵਸਤਾਂ ਦਾ ਕਿਸਾਨਾਂ ਨੂੰ ਪੱਕਾ ਬਿੱਲ ਕੱਟ ਕੇ ਦੇਣ ਦੀ ਹਦਾਇਤ ਕੀਤੀ ਗਈ ਹੈ।
ਮੁੱਖ ਖੇਤੀਬਾੜੀ ਅਫ਼ਸਰ ਨੇ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਵੀ ਇਹ ਮੁਹਿੰਮ ਜਾਰੀ ਰਹੇਗੀ ਅਤੇ ਜੇਕਰ ਕੋਈ ਖਾਦ ਵਿਕਰੇਤਾ/ਡੀਲਰ ਬਿਨਾਂ ਬਿੱਲ ਤੋਂ ਖਾਦ, ਦਵਾਈ ਜਾਂ ਬੀਜ ਵੇਚਦਾ ਪਾਇਆ ਗਿਆ ਤਾਂ ਉਸ ਵਿਰੁੱਧ ਖਾਦ ਕੰਟਰੋਲ ਆਰਡਰ 1985 ਤਹਿਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।


ਡਾ. ਰਣਧੀਰ ਸਿੰਘ ਨੇ ਕਿਸਾਨਾਂ ਨੂੰ ਹਾੜੀ ਦੀਆਂ ਫ਼ਸਲਾਂ ਦੀ ਬਿਜਾਈ ਲਈ ਡੀ.ਏ.ਪੀ. ਦੇ ਬਦਲਾਂ ਦੀ ਵਰਤੋਂ ਕਰਨ ਦੀ ਸਲਾਹ ਵੀ ਦਿੱਤੀ। ਉਨ੍ਹਾਂ ਦੱਸਿਆ ਕਿ ਡੀ.ਏ.ਪੀ. ਖਾਦ ਦੇ ਬਦਲ ਵਜੋਂ ਕਿਸਾਨ ਟ੍ਰਿਪਲ ਸੁਪਰ ਫਾਸਫੇਟ (0:46:0), ਐਨ.ਪੀ.ਕੇ. (12:32:16), ਸਿੰਗਲ ਸੁਪਰ ਫਾਸਫੇਟ ਐਨ.ਪੀ. ਕੇ (16:16:16), ਨਾਈਟ੍ਰੋ ਫਾਸਫੇਟ (20:20:13) ਅਤੇ ਹੋਰ ਫਾਸਫੋਰਸ ਤੱਤ ਵਾਲੀਆਂ ਖਾਦਾਂ ਦੀ ਵੀ ਵਰਤੋਂ ਕਰ ਕੇ ਡੀ.ਏ.ਪੀ. ’ਤੇ ਆਪਣੀ ਨਿਰਭਰਤਾ ਘਟਾ ਸਕਦੇ ਹਨ।
ਉਨ੍ਹਾਂ ਕਿਸਾਨਾਂ ਨੂੰ ਖਾਦ, ਕੀਟਨਾਸ਼ਕ ਰਸਾਇਣ ਜਾਂ ਬੀਜ ਖ਼ਰੀਦਣ ਸਮੇਂ ਦੁਕਾਨਦਾਰ ਤੋਂ ਬਿੱਲ ਜ਼ਰੂਰ ਲੈਣ ਦੀ ਅਪੀਲ ਵੀ ਕੀਤੀ।

Leave a Comment

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।

Scroll to Top