ਮੁੱਖ ਮੰਤਰੀ ਮਾਨ ਦੀ ਜਾਪਾਨ ਫੇਰੀ ਪੰਜਾਬ ਦੇ ਭਵਿੱਖ ਨੂੰ ਨਵਾਂ ਰੂਪ ਦੇਵੇਗੀ: ਹਰਜੋਤ ਸਿੰਘ ਬੈਂਸ

ਚੰਡੀਗੜ੍ਹ, 4 ਦਸੰਬਰ:

ਪੰਜਾਬ ਦੇ ਸਿੱਖਿਆ ਅਤੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਅੱਜ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਜਾਪਾਨ ਫੇਰੀ ਦੇ ਉਸਾਰੂ ਨਤੀਜੇ ਸਾਹਮਣੇ ਆਉਣੇ ਸ਼ੁਰੂ ਹੋ ਗਏ ਹਨ। ਉਨ੍ਹਾਂ ਕਿਹਾ ਕਿ ਇਸ ਫੇਰੀ ਨਾਲ ਸੂਬੇ ਵਿੱਚ ਵੱਡਾ ਨਿਵੇਸ਼ ਆਵੇਗਾ ਅਤੇ ਰਣਨੀਤਕ ਸਬੰਧ ਮਜ਼ਬੂਤ ਹੋਣਗੇ।

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੇ ਵਫ਼ਦ ਦੀ ਦੂਰਦਰਸ਼ੀ ਕੂਟਨੀਤਕ ਪਹੁੰਚ ਪੰਜਾਬ ਦੀ ਮਨੁੱਖੀ ਸਰੋਤਾਂ ਨੂੰ ਉੱਭਰ ਰਹੇ ਮੌਕਿਆਂ ਨਾਲ ਜੋੜੇਗੀ ਜਿਸ ਨਾਲ ਸੂਬੇ ਵਿੱਚ ਵਿਕਾਸ ਨੂੰ ਹੁਲਾਰਾ ਮਿਲੇਗਾ।

ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਠੋਸ ਯਤਨਾਂ ਸਦਕਾ ਪੰਜਾਬ ਨੇ ਜਾਪਾਨੀ ਉਦਯੋਗਜਗਤ ਦੀ ਮੋਹਰੀ ਕੰਪਨੀ ਟੋਪਨ ਸਪੈਸ਼ਲਿਟੀ ਫਿਲਮਜ਼ ਪ੍ਰਾਈਵੇਟ ਲਿਮਟਿਡ (ਟੀ.ਐਸ.ਐਫ.) ਨਾਲ ਇਤਿਹਾਸਕ ਨਿਵੇਸ਼ ਸਮਝੌਤਾ ਸਹੀਬੱਧ ਕੀਤਾ ਹੈ। ਉਨ੍ਹਾਂ ਕਿਹਾ ਕਿ ਇਹ ਕੰਪਨੀ ਪੰਜਾਬ ਵਿੱਚ 400 ਕਰੋੜ ਰੁਪਏ ਦਾ ਨਿਵੇਸ਼ ਕਰਨ ਜਾ ਰਹੀ ਹੈ ਅਤੇ ਇਸ ਕੰਪਨੀ ਨਾਲ ਇਹ ਸਮਝੌਤਾ 6ਵੇਂ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ 2026 ਤੋਂ ਪਹਿਲਾਂ ਪੰਜਾਬ ਨੂੰ ਵਿਸ਼ਵ ਪੱਧਰ ‘ਤੇ ਨਿਵੇਸ਼ ਲਈ ਪਸੰਦੀਦਾ ਸਥਾਨ ਵਜੋਂ ਸਥਾਪਤ ਕਰਨ ਦੇ ਸਫ਼ਰ ਵਿੱਚ ਇੱਕ ਵੱਡਾ ਮੀਲ ਪੱਥਰ ਹੋਵੇਗਾ।

ਕੈਬਨਿਟ ਮੰਤਰੀ ਨੇ ਕਿਹਾ ਕਿ ਇਹ ਸਮਝੌਤਾ ਸੂਬੇ ਦੇ ਉਦਯੋਗਿਕ ਵਿਕਾਸ ਅਤੇ ਤਕਨੀਕੀ ਵਿਦਿਅਕ ਸਮਰੱਥਾ ਦਰਮਿਆਨ ਤਾਲਮੇਲ ਨੂੰ ਮਜ਼ਬੂਤ ਕਰੇਗਾ, ਜੋ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਦੂਰਅੰਦੇਸ਼ੀ ਦ੍ਰਿਸ਼ਟੀਕੋਣ ਦੀ ਮਿਸਾਲ ਹੈ। ਉਨ੍ਹਾਂ ਕਿਹਾ ਕਿ ਸਕਿੱਲਿੰਗ ਐਕਸੀਲੈਂਸ ਸੈਂਟਰ ਉਦਯੋਗ-ਅਨੁਕੂਲ ਹੁਨਰ ਦਾ ਵਿਸਤਾਰ, ਨੌਜਵਾਨਾਂ ਲਈ ਰੋਜ਼ਗਾਰ ਦੇ ਮੌਕੇ ਵਧਾਏਗਾ ਅਤੇ ਸੂਬੇ ਦੇ ਆਰਥਿਕ ਵਿਕਾਸ ਨੂੰ ਹੁਲਾਰਾ ਦਿੰਦਿਆਂ ਪੰਜਾਬ ਨੂੰ ਉੱਤਰੀ ਭਾਰਤ ਦੀ ਹੁਨਰ ਰਾਜਧਾਨੀ ਵਜੋਂ ਸਥਾਪਤ ਕਰੇਗਾ। ਉਨ੍ਹਾਂ ਅੱਗੇ ਕਿਹਾ ਕਿ ਇਹ ਰਣਨੀਤਕ ਪਹੁੰਚ ਸਾਡੀਆਂ ਪ੍ਰਸ਼ਾਸਕੀ ਸਫ਼ਲਤਾਵਾਂ ਅਤੇ ਭਵਿੱਖਮੁਖੀ ਯੋਜਨਾਵਾਂ ਨੂੰ ਸਾਂਝਾ ਕਰਦਿਆਂ ਆਲਮੀ ਪੱਧਰ ‘ਤੇ ਪੰਜਾਬ ਦੀ ਇੱਕ ਸਫ਼ਲ ਪਛਾਣ ਕਾਇਮ ਕਰੇਗੀ ਜਿਸ ਨਾਲ ਦੁਨੀਆਂ ਨੂੰ ਪਤਾ ਚੱਲੇਗਾ ਕਿ ਪੰਜਾਬ ਨਾ ਸਿਰਫ਼ ਕਾਰੋਬਾਰ ਲਈ ਖੁੱਲ੍ਹਾ ਹੈ ਸਗੋਂ ਇਹ ਭਵਿੱਖ ਲਈ ਵੀ ਅਜਿਹੇ ਰਣਨੀਤਕ ਸਬੰਧ ਕਾਇਮ ਕਰ ਰਿਹਾ ਹੈ, ਜੋ ਇਸ ਦੇ ਅਤਿ-ਆਧੁਨਿਕ ਬੁਨਿਆਦੀ ਢਾਂਚੇ ਅਤੇ ਲੋਕਾਂ ਵਿੱਚ ਨਿਵੇਸ਼ ਲਈ ਹੱਥ ਵਧਾਉਂਦੇ ਹਨ।

ਸ. ਬੈਂਸ ਨੇ ਦੱਸਿਆ ਕਿ ਪੰਜਾਬ ਦੇ ਵਫ਼ਦ ਵੱਲੋਂ ਫਾਸਟਟ੍ਰੈਕ ਪੰਜਾਬ ਸਿੰਗਲ-ਵਿੰਡੋ ਸਿਸਟਮ, ਆਟੋ-ਡੀਮਡ ਪ੍ਰਵਾਨਗੀਆਂ ਅਤੇ ਪ੍ਰਗਤੀਸ਼ੀਲ ਪੰਜਾਬ ਰਾਈਟ ਟੂ ਬਿਜ਼ਨਸ ਐਕਟ ਸਮੇਤ ਸੂਬੇ ਦੇ ਬੇਮਿਸਾਲ ਸ਼ਾਸਨ ਸੁਧਾਰਾਂ ਨੂੰ ਸਫ਼ਲਤਾਪੂਰਵਕ ਢੰਗ ਨਾਲ ਪੇਸ਼ ਕੀਤਾ ਜਾ ਰਿਹਾ ਹੈ। ਨਵੀਂ ਉਦਯੋਗਿਕ ਨੀਤੀ 2022 ‘ਚ ਦਰਜ ਅਤੇ ਉਦਯੋਗਪਤੀਆਂ ਦੀ ਪ੍ਰਧਾਨਗੀ ਵਾਲੀਆਂ 24 ਸੈਕਟਰ-ਆਧਾਰਤ ਕਮੇਟੀਆਂ ਦੁਆਰਾ ਸੇਧਤ ਇਨ੍ਹਾਂ ਉਪਾਵਾਂ ਸਦਕਾ ਸੂਬੇ ਨੂੰ ਪਹਿਲਾਂ ਹੀ ਇਨਵੈਸਟ ਪੰਜਾਬ ਰਾਹੀਂ 1.4 ਲੱਖ ਕਰੋੜ ਤੋਂ ਵੱਧ ਦਾ ਨਿਵੇਸ਼ ਹਾਸਲ ਹੋ ਚੁੱਕਾ ਹੈ।

ਸ. ਬੈਂਸ ਨੇ ਅੱਗੇ ਕਿਹਾ ਕਿ ਸੂਬਾ ਸਰਕਾਰ ਪੰਜਾਬ ਦੀ ਸਫ਼ਲ ਵਿਕਾਸ ਕਹਾਣੀ ਦਾ ਗਵਾਹ ਬਣਨ ਲਈ ਦੁਨੀਆ ਭਰ ਦੇ ਨਿਵੇਸ਼ਕਾਂ ਅਤੇ ਭਾਈਵਾਲਾਂ ਨੂੰ ਆਗਾਮੀ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ ਵਿੱਚ ਸ਼ਾਮਲ ਹੋਣ ਦਾ ਸੱਦਾ ਦਿੰਦੀ ਹੈ।

Leave a Comment

Your email address will not be published. Required fields are marked *

Scroll to Top