ਜਲੰਧਰ, 2 ਮਈ : ਡਵੀਜ਼ਨਲ ਕਮਿਸ਼ਨਰ ਜਲੰਧਰ ਸ਼੍ਰੀ ਰਾਮਵੀਰ ਵੱਲੋਂ ਅੱਜ ਜਨਗਣਨਾ-2027 ਤਹਿਤ ਆਨਲਾਈਨ ਪੋਰਟਲ se.census.gov.in ਰਾਹੀਂ ਆਪਣੀ ਸਵੈ-ਗਣਨਾ ਦੀ ਪ੍ਰਕਿਰਿਆ ਮੁਕੰਮਲ ਕੀਤੀ ਗਈ।
ਡਵੀਜ਼ਨਲ ਕਮਿਸ਼ਨਰ ਨੇ ਨਾਗਰਿਕਾਂ ਨੂੰ ਸਵੈ-ਗਣਨਾ ਦੇ ਅਮਲ ਵਿੱਚ ਵਧ-ਚੜ੍ਹ ਕੇ ਨਾਲ ਹਿੱਸਾ ਲੈਣ ਦੀ ਅਪੀਲ ਕਰਦਿਆਂ ਕਿਹਾ ਕਿ ਇਹ ਪ੍ਰਕਿਰਿਆ ਬਹੁਤ ਹੀ ਆਸਾਨ ਹੈ।ਇਸ ਡਿਜੀਟਲ ਪਹਿਲਕਦਮੀ ਰਾਹੀਂ ਆਮ ਲੋਕ ਘਰ ਬੈਠੇ ਹੀ ਅਧਿਕਾਰਤ ਪੋਰਟਲ ਜ਼ਰੀਏ ਜਨਗਣਨਾ ਸਬੰਧੀ ਆਪਣੇ ਵੇਰਵੇ ਆਨਲਾਈਨ ਦਰਜ ਕਰ ਸਕਦੇ ਹਨ।
ਸਹੀ ਅਤੇ ਸਮੇਂ-ਸਿਰ ਵੇਰਵੇ ਦੇਣ ਦੀ ਮਹੱਤਤਾ ’ਤੇ ਜ਼ੋਰ ਦਿੰਦਿਆਂ ਸ਼੍ਰੀ ਰਾਮਵੀਰ ਨੇ ਕਿਹਾ ਕਿ ਯੋਜਨਾਬੰਦੀ ਅਤੇ ਵਿਕਾਸ ਗਤੀਵਿਧੀਆਂ ਲਈ ਮਜ਼ਬੂਤ ਡਾਟਾਬੇਸ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਭਰੋਸੇਯੋਗ ਜਨਗਣਨਾ ਡੇਟਾ ਭਵਿੱਖ ਵਿੱਚ ਸਕੂਲ, ਹਸਪਤਾਲ, ਸੜਕਾਂ, ਭਲਾਈ ਯੋਜਨਾਵਾਂ, ਵਿਕਾਸ ਨੀਤੀਆਂ ਅਤੇ ਹੋਰ ਬੁਨਿਆਦੀ ਢਾਂਚੇ ਦੀ ਯੋਜਨਾਬੰਦੀ ਲਈ ਬਹੁਤ ਅਹਿਮ ਹੈ।
ਉਨ੍ਹਾਂ ਨਾਗਰਿਕਾਂ ਨੂੰ ਤਕਨਾਲੋਜੀ-ਆਧਾਰਿਤ ਪ੍ਰਕਿਰਿਆ ਅਪਣਾਉਣ ਅਤੇ ਸਰਗਰਮੀ ਨਾਲ ਮਰਦਮਸ਼ੁਮਾਰੀ ਵਿੱਚ ਯੋਗਦਾਨ ਪਾਉਣ ਲਈ ਉਤਸ਼ਾਹਿਤ ਕੀਤਾ।
ਡਵੀਜ਼ਨਲ ਕਮਿਸ਼ਨਰ ਨੇ ਕਿਹਾ ਕਿ ਸਾਰੇ ਨਿਵਾਸੀਆਂ ਨੂੰ ਇਸ ਸਹੂਲਤ ਦਾ ਲਾਭ ਉਠਾਉਣਾ ਅਤੇ ਜਨਗਣਨਾ-2027 ਦੀ ਸਫ਼ਲਤਾ ਵਿੱਚ ਤਨਦੇਹੀ ਨਾਲ ਯੋਗਦਾਨ ਪਾਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਜਨਗਣਨਾ ਵਿਚ ਲੋਕਾਂ ਦੀ ਭਰਵੀਂ ਹਿੱਸੇਦਾਰੀ ਬਹੁਤ ਲਾਜ਼ਮੀ ਹੈ, ਜਿਸ ਲਈ ਸਾਰੇ ਨਾਗਰਿਕ ਇਸ ਪ੍ਰਕਿਰਿਆ ਵਿਚ ਸ਼ਾਮਲ ਹੋਣ। ਉਨ੍ਹਾਂ ਕਿਹਾ ਕਿ ਲੋਕਾਂ ਦੀ ਸਰਗਰਮ ਭਾਗੀਦਾਰੀ ਇੱਕ ਵਿਆਪਕ ਅਤੇ ਭਰੋਸੇਯੋਗ ਰਾਸ਼ਟਰੀ ਡੇਟਾਬੇਸ ਤਿਆਰ ਕਰਨ ਵਿੱਚ ਮਹੱਤਵਪੂਰਣ ਭੂਮਿਕਾ ਨਿਭਾਏਗੀ, ਜੋ ਫੈਸਲੇ ਲੈਣ ਅਤੇ ਭਵਿੱਖ ਦੀ ਯੋਜਨਾਬੰਦੀ ਲਈ ਜ਼ਰੂਰੀ ਹੈ।
ਸ਼੍ਰੀ ਰਾਮਵੀਰ ਨੇ ਦੱਸਿਆ ਕਿ ਜਨਗਣਨਾ-2027 ਲਈ ਸਵੈ ਗਣਨਾ ਦੀ ਪ੍ਰਕਿਰਿਆ 30 ਅਪ੍ਰੈਲ ਤੋਂ ਸ਼ੁਰੂ ਹੋ ਚੁੱਕੀ ਹੈ ਅਤੇ 14 ਮਈ 2026 ਤੱਕ ਜਾਰੀ ਰਹੇਗੀ। ਇਸ ਤੋਂ ਬਾਅਦ 15 ਮਈ ਤੋਂ 13 ਜੂਨ 2026 ਤੱਕ ਗਿਣਤੀਕਾਰ ਘਰ-ਘਰ ਜਾ ਕੇ ਸਰਵੇਖਣ ਕਰਨਗੇ।
ਇਸ ਮੌਕੇ ਚਾਰਜ ਅਫ਼ਸਰ-ਕਮ-ਸਹਾਇਕ ਕਮਿਸ਼ਨਰ ਵਿਕਰਾਂਤ ਵਰਮਾ, ਸਪਰਡੰਟ ਅਸ਼ੋਕ ਵਧਾਵਨ ਅਤੇ ਹੋਰ ਕਰਮਚਾਰੀ ਵੀ ਮੌਜੂਦ ਸਨ।

















































