ਵਿਸ਼ੇਸ਼ ਸਰਸਰੀ ਸੁਧਾਈ-2025 ਸਬੰਧੀ ਲਗਾਏ ਵਿਸ਼ੇਸ਼ ਕੈਂਪ ‘ਚ ਪ੍ਰਾਪਤ ਕੀਤੇ ਦਾਅਵੇ ਅਤੇ ਇਤਰਾਜ਼

ਜਲੰਧਰ, 9 ਨਵੰਬਰ: ਭਾਰਤ ਚੋਣ ਕਮਿਸ਼ਨ ਵੱਲੋਂ ਯੋਗਤਾ ਮਿਤੀ 1-1-2025 ਦੇ ਆਧਾਰ ‘ਤੇ ਵੋਟਰ ਸੂਚੀਆਂ ਦੀ ਵਿਸ਼ੇਸ਼ ਸਰਸਰੀ ਸੁਧਾਈ-2025 ਸਬੰਧੀ ਜਾਰੀ ਪ੍ਰੋਗਰਾਮ ਤਹਿਤ ਸ਼ਨੀਵਾਰ ਨੂੰ ਜ਼ਿਲ੍ਹੇ ਦੇ ਸਮੁੱਚੇ 1926 ਪੋਲਿੰਗ ਸਟੇਸ਼ਨਾਂ ’ਤੇ ਵਿਸ਼ੇਸ਼ ਕੈਂਪ ਲਗਾਏ ਗਏ, ਜਿਥੇ ਬੀ.ਐਲ.ਓਜ਼ ਵੱਲੋਂ ਸਵੇਰੇ 10 ਵਜੇ ਤੋਂ ਸ਼ਾਮ 5 ਵਜੇ ਤੱਕ ਮੌਜੂਦ ਰਹਿ ਕੇ ਲੋਕਾਂ ਪਾਸੋਂ ਦਾਅਵੇ ਤੇ ਇਤਰਾਜ਼ ਪ੍ਰਾਪਤ ਕੀਤੇ ਗਏ।
ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਡਾ. ਹਿਮਾਂਸ਼ੂ ਅਗਰਵਾਲ ਨੇ ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਵੋਟਰ ਸੂਚੀ ਦੀ ਮੁੱਢਲੀ ਪ੍ਰਕਾਸ਼ਨਾ 29 ਅਕਤੂਬਰ 2024 ਨੂੰ ਕੀਤੀ ਜਾ ਚੁੱਕੀ ਹੈ ਅਤੇ 28 ਨਵੰਬਰ 2024 ਤੱਕ ਵੋਟਰ ਸੂਚੀ ਵਿੱਚ ਦਰਜ ਇੰਦਰਾਜਾਂ ਪ੍ਰਤੀ ਦਾਅਵੇ ਅਤੇ ਇਤਰਾਜ਼ ਪ੍ਰਾਪਤ ਕੀਤੇ ਜਾਣੇ ਹਨ। ਉਨ੍ਹਾਂ ਅੱਗੇ ਦੱਸਿਆ ਕਿ ਵਿਸ਼ੇਸ਼ ਸਰਸਰੀ ਸੁਧਾਈ ਸਬੰਧੀ ਜਾਰੀ ਪ੍ਰੋਗਰਾਮ ਤਹਿਤ ਅੱਜ ਜ਼ਿਲ੍ਹੇ ਦੇ ਸਾਰੇ ਪੋਲਿੰਗ ਸਟੇਸ਼ਨਾਂ ’ਤੇ ਵਿਸ਼ੇਸ਼ ਕੈਂਪ ਲਗਾ ਕੇ ਬੀ.ਐਲ.ਓਜ਼ ਵੱਲੋਂ ਦਾਅਵੇ ਅਤੇ ਇਤਰਾਜ਼ਾਂ ਦੇ ਫਾਰਮ ਪ੍ਰਾਪਤ ਕੀਤੇ ਗਏ ਹਨ।
ਡਾ. ਅਗਰਵਾਲ ਨੇ ਦੱਸਿਆ ਕਿ 10 ਨਵੰਬਰ ਦਿਨ ਐਤਵਾਰ ਅਤੇ 23 ਨਵੰਬਰ ਸ਼ਨੀਵਾਰ ਅਤੇ 24 ਨਵੰਬਰ ਐਤਵਾਰ ਨੂੰ ਵੀ ਜ਼ਿਲ੍ਹੇ ਦੇ ਸਮੂਹ ਪੋਲਿੰਗ ਸਟੇਸ਼ਨਾਂ ’ਤੇ ਸਵੇਰੇ 10 ਵਜੇ ਤੋਂ ਸ਼ਾਮ 5 ਵਜੇ ਤੱਕ ਅਜਿਹੇ ਵਿਸ਼ੇਸ਼ ਕੈਂਪ ਲਗਾਏ ਜਾਣਗੇ। ਉਨ੍ਹਾਂ ਅੱਗੇ ਦੱਸਿਆ ਕਿ ਵੋਟਰ ਸੂਚੀ ਵਿੱਚ ਨਾਮ ਦਰਜ ਕਰਵਾਉਣ ਲਈ ਫਾਰਮ ਨੰਬਰ 6, ਵੋਟਰ ਸੂਚੀ ਵਿੱਚ ਨਾਮ ਤੇ ਇਤਰਾਜ਼ ਜਾਂ ਪਹਿਲਾਂ ਤੋਂ ਦਰਜ ਇੰਦਰਾਜ ਦੀ ਕਟੌਤੀ ਲਈ ਫਾਰਮ 7, ਵੋਂਟਰ ਸੂਚੀ ਵਿੱਚ ਦਰਜ ਇੰਦਰਾਜਾਂ ਦੀ ਦਰੁੱਸਤੀ ਅਤੇ ਇੰਦਰਾਜਾਂ ਦੀ ਅਦਲਾ-ਬਦਲੀ, ਪੀ.ਡਬਲਯੂ.ਡੀ. ਮਾਰਕਿੰਗ ਲਈ, ਡੁਪਲੀਕੇਟ ਵੋਟਰ ਕਾਰਡ ਲੈਣ ਲਈ ਫਾਰਮ ਨੰਬਰ 8 ਭਰਿਆ ਜਾ ਸਕਦਾ ਹੈ।
ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਵਾਸੀਆਂ ਨੂੰ ਪ੍ਰਸ਼ਾਸਨ ਵੱਲੋਂ ਲਗਾਏ ਜਾ ਰਹੇ ਇਨ੍ਹਾਂ ਵਿਸ਼ੇਸ਼ ਕੈਂਪਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ ਦੀ ਅਪੀਲ ਕੀਤੀ।
—————

Leave a Comment

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।

Scroll to Top