ਚੰਡੀਗੜ੍ਹ, 28 ਨਵੰਬਰ, 2026: ਪੰਜਾਬ ਵਿੱਚ ਲਗਾਤਾਰ ਵਿਗੜ ਰਹੀ ਕਾਨੂੰਨ ਵਿਵਸਥਾ, ਸਰਹੱਦ ਪਾਰੋਂ ਡਰੋਨਾਂ ਰਾਹੀਂ ਆ ਰਹੇ ਹਥਿਆਰਾਂ ਅਤੇ ਨਸ਼ਿਆਂ, ਗੈਂਗਸਟਰਵਾਦ ਅਤੇ ਸਰਕਾਰੀ ਖ਼ਜ਼ਾਨੇ ਦੀ ਕਥਿਤ ਲੁੱਟ ਨੂੰ ਲੈ ਕੇ ਕਾਂਗਰਸ ਨੇ ਆਮ ਆਦਮੀ ਪਾਰਟੀ ਅਤੇ ਭਾਜਪਾ ’ਤੇ ਤਿੱਖਾ ਹਮਲਾ ਬੋਲਿਆ ਹੈ। ਪੰਜਾਬ ਕਾਂਗਰਸ ਭਵਨ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਘੇਰਦਿਆਂ ਕਿਹਾ ਕਿ ਪੰਜਾਬ ਦੀ ਸੁਰੱਖਿਆ ਅਤੇ ਕਾਨੂੰਨ ਵਿਵਸਥਾ ਯਕੀਨੀ ਬਣਾਉਣ ਵਿੱਚ ਦੋਵੇਂ ਸਰਕਾਰਾਂ ਪੂਰੀ ਤਰ੍ਹਾਂ ਨਾਕਾਮ ਸਾਬਤ ਹੋਈਆਂ ਹਨ। ਉਨ੍ਹਾਂ ਕਿਹਾ ਕਿ ਸੱਤਾ ਵਿੱਚ ਆਉਣ ਤੋਂ ਬਾਅਦ ਗੈਂਗਸਟਰਵਾਦ ਅਤੇ ਨਸ਼ਿਆਂ ਦੇ ਨੈੱਟਵਰਕ ਨੂੰ ਜੜ੍ਹੋਂ ਖ਼ਤਮ ਕਰਨਾ ਕਾਂਗਰਸ ਦੀ ਮੁੱਖ ਤਰਜੀਹ ਹੋਵੇਗੀ।
ਬਾਜਵਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਪੰਜਾਬ ਦੇ ਵੱਖ-ਵੱਖ ਹਿੱਸਿਆਂ ਵਿੱਚ ਜਾ ਕੇ ਆਪਣੀ ਸਰਕਾਰ ਦੀਆਂ ਪ੍ਰਾਪਤੀਆਂ ਗਿਣਵਾ ਰਹੇ ਹਨ ਅਤੇ ਸੂਬੇ ਦੀ ਆਰਥਿਕਤਾ ਨੂੰ ਮੁੜ ਲੀਹ ’ਤੇ ਲਿਆਉਣ ਦੇ ਦਾਅਵੇ ਕਰ ਰਹੇ ਹਨ, ਪਰ ਜ਼ਮੀਨੀ ਹਕੀਕਤ ਇਸ ਤੋਂ ਬਿਲਕੁਲ ਉਲਟ ਹੈ। ਪੰਜਾਬ ਵਿੱਚ ਕਾਨੂੰਨ ਵਿਵਸਥਾ ਦੀ ਸਥਿਤੀ ਬੇਹੱਦ ਚਿੰਤਾਜਨਕ ਬਣੀ ਹੋਈ ਹੈ। ਉਨ੍ਹਾਂ ਗੁਰਦਾਸਪੁਰ ਦੇ ਪਿੰਡ ਹਰਦੋ ਛੰਨੀ ਵਿੱਚ ਸਰਹੱਦ ਪਾਰੋਂ ਆਏ ਡਰੋਨ ਰਾਹੀਂ ਸੁੱਟੇ ਗਏ ਹਥਿਆਰਾਂ ਦੇ ਜ਼ਖੀਰੇ ਦਾ ਹਵਾਲਾ ਦਿੰਦਿਆਂ ਦੱਸਿਆ ਕਿ ਖੇਤਾਂ ਵਿੱਚੋਂ ਚਾਰ ਹੈਂਡ ਗ੍ਰਨੇਡ, ਦੋ ਪਿਸਤੌਲ ਅਤੇ 60 ਜ਼ਿੰਦਾ ਕਾਰਤੂਸ ਬਰਾਮਦ ਹੋਏ ਹਨ। ਉਨ੍ਹਾਂ ਕਿਹਾ ਕਿ ਪਠਾਨਕੋਟ ਤੋਂ ਫਾਜ਼ਿਲਕਾ ਤੱਕ ਲਗਭਗ 550 ਕਿਲੋਮੀਟਰ ਲੰਬੀ ਕੌਮਾਂਤਰੀ ਸਰਹੱਦ ਦੀ ਸੁਰੱਖਿਆ ਛੇ ਸਰਹੱਦੀ ਜ਼ਿਲ੍ਹਿਆਂ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਫਿਰੋਜ਼ਪੁਰ ਅਤੇ ਫਾਜ਼ਿਲਕਾ ਵਿੱਚ ਬੀਐੱਸਐੱਫ ਅਤੇ ਪੰਜਾਬ ਪੁਲਿਸ ਦੀ ਜ਼ਿੰਮੇਵਾਰੀ ਹੈ। ਇਸ ਦੇ ਬਾਵਜੂਦ ਸਰਹੱਦ ਪਾਰੋਂ ਹਥਿਆਰਾਂ ਅਤੇ ਨਸ਼ਿਆਂ ਦੀਆਂ ਖੇਪਾਂ ਲਗਾਤਾਰ ਪੰਜਾਬ ਪਹੁੰਚ ਰਹੀਆਂ ਹਨ।
ਬਾਜਵਾ ਨੇ ਸਵਾਲ ਕੀਤਾ ਕਿ ਇੱਕ ਪਾਸੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਕਸਲਵਾਦ ਅਤੇ ਵੱਡੇ ਗੈਂਗਸਟਰਾਂ ਦੇ ਖ਼ਾਤਮੇ ਦੇ ਦਾਅਵੇ ਕਰਦੇ ਹਨ, ਦੂਜੇ ਪਾਸੇ ਪੰਜਾਬ ਵਿੱਚ ਡਰੋਨਾਂ ਰਾਹੀਂ ਸ਼ਰੇਆਮ ਹਥਿਆਰ ਅਤੇ ਨਸ਼ੇ ਪਹੁੰਚ ਰਹੇ ਹਨ। ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਆਪਣਾ ਐਂਟੀ-ਡਰੋਨ ਸਿਸਟਮ ਲਗਾਉਣ ਦਾ ਵਾਅਦਾ ਕੀਤਾ ਸੀ, ਪਰ ਅੱਜ ਤੱਕ ਇਸ ਦਿਸ਼ਾ ਵਿੱਚ ਕੋਈ ਠੋਸ ਨਤੀਜਾ ਸਾਹਮਣੇ ਨਹੀਂ ਆਇਆ। ਪਹਿਲਾਂ ਡਰੋਨ ਰਾਤ ਦੇ ਹਨੇਰੇ ਜਾਂ ਤੜਕਸਾਰ ਆਉਂਦੇ ਸਨ, ਪਰ ਹੁਣ ਦਿਨ-ਦਿਹਾੜੇ ਹਥਿਆਰਾਂ ਅਤੇ ਨਸ਼ਿਆਂ ਦੀਆਂ ਖੇਪਾਂ ਸੁੱਟੀਆਂ ਜਾ ਰਹੀਆਂ ਹਨ। ਸਥਿਤੀ ਇੰਨੀ ਗੰਭੀਰ ਹੋ ਚੁੱਕੀ ਹੈ ਕਿ ਡਰੋਨਾਂ ਨਾਲ ਮੋਬਾਈਲ ਫੋਨ ਅਤੇ ਲੋਕੇਸ਼ਨ ਸਬੰਧੀ ਉਪਕਰਨ ਵੀ ਭੇਜੇ ਜਾ ਰਹੇ ਹਨ ਅਤੇ ਕਥਿਤ ਤੌਰ ’ਤੇ ਲੋਕਾਂ ਦੇ ਘਰਾਂ ਦੀਆਂ ਛੱਤਾਂ ਤੱਕ ਹਥਿਆਰਾਂ ਦੀਆਂ ਖੇਪਾਂ ਪਹੁੰਚਾਈਆਂ ਜਾ ਰਹੀਆਂ ਹਨ। ਉਨ੍ਹਾਂ ਸਵਾਲ ਕੀਤਾ ਕਿ ਪੰਜਾਬ ਵਿੱਚ ਪਹੁੰਚ ਰਹੇ ਇਨ੍ਹਾਂ ਹਥਿਆਰਾਂ ਅਤੇ ਨਸ਼ਿਆਂ ਲਈ ਆਖ਼ਰ ਜ਼ਿੰਮੇਵਾਰ ਕੌਣ ਹੈ?
ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਲਗਭਗ 10 ਵੱਡੇ ਗੈਂਗਸਟਰ ਆਪਰੇਟਰ, 500 ਗੈਂਗਸਟਰ ਅਤੇ 750 ਤੋਂ 1,000 ਤੱਕ ਉਨ੍ਹਾਂ ਦੇ ਗੁਰਗਿਆਂ ਦਾ ਨੈੱਟਵਰਕ ਸਰਗਰਮ ਹੋਣ ਦੀ ਜਾਣਕਾਰੀ ਸਾਹਮਣੇ ਆ ਰਹੀ ਹੈ। ਅੱਜ ਕੋਈ ਵੀ ਵਿਅਕਤੀ, ਪਰਿਵਾਰ ਜਾਂ ਕਾਰੋਬਾਰੀ ਆਪਣੇ ਆਪ ਨੂੰ ਸੁਰੱਖਿਅਤ ਮਹਿਸੂਸ ਨਹੀਂ ਕਰ ਰਿਹਾ। ਫਿਰੌਤੀਆਂ, ਧਮਕੀਆਂ ਅਤੇ ਅਪਰਾਧਾਂ ਕਾਰਨ ਕਾਰੋਬਾਰ ਪ੍ਰਭਾਵਿਤ ਹੋ ਰਹੇ ਹਨ ਅਤੇ ਸੂਬੇ ਦੀਆਂ ਆਰਥਿਕ ਗਤੀਵਿਧੀਆਂ ਨੂੰ ਭਾਰੀ ਨੁਕਸਾਨ ਪਹੁੰਚ ਰਿਹਾ ਹੈ। ਸਭ ਤੋਂ ਮੰਦਭਾਗੀ ਗੱਲ ਇਹ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ, ਜਿਨ੍ਹਾਂ ਕੋਲ ਗ੍ਰਹਿ ਵਿਭਾਗ ਵੀ ਹੈ, ਨੇ ਨਾ ਤਾਂ ਗੈਂਗਸਟਰਵਾਦ ਅਤੇ ਨਾ ਹੀ ਡਰੋਨਾਂ ਰਾਹੀਂ ਹਥਿਆਰਾਂ ਦੀ ਤਸਕਰੀ ਰੋਕਣ ਲਈ ਕੋਈ ਪ੍ਰਭਾਵਸ਼ਾਲੀ ਜਵਾਬਦੇਹੀ ਤੈਅ ਕੀਤੀ ਹੈ। ਉਨ੍ਹਾਂ ਮੰਗ ਕੀਤੀ ਕਿ ਮੁੱਖ ਮੰਤਰੀ ਅਤੇ ਕੇਂਦਰੀ ਗ੍ਰਹਿ ਮੰਤਰੀ ਦੱਸਣ ਕਿ ਦੋਵੇਂ ਸੁਰੱਖਿਆ ਏਜੰਸੀਆਂ ਆਪਣੀ ਜ਼ਿੰਮੇਵਾਰੀ ਨਿਭਾਉਣ ਵਿੱਚ ਕਿਉਂ ਨਾਕਾਮ ਰਹੀਆਂ ਹਨ ਅਤੇ ਐਂਟੀ-ਡਰੋਨ ਤਕਨੀਕ ਦੀ ਪ੍ਰਭਾਵਸ਼ਾਲੀ ਵਰਤੋਂ ਕਿਉਂ ਨਹੀਂ ਕੀਤੀ ਜਾ ਰਹੀ?
ਬਾਜਵਾ ਨੇ ਦੋਸ਼ ਲਾਇਆ ਕਿ ਆਮ ਆਦਮੀ ਪਾਰਟੀ ਅਤੇ ਭਾਜਪਾ ਇੱਕੋ ਸਿੱਕੇ ਦੇ ਦੋ ਪਹਿਲੂ ਹਨ ਅਤੇ ਦੋਵਾਂ ਨੇ ਸਿਆਸੀ ਲਾਹੇ ਲਈ ਇੱਕ-ਦੂਜੇ ਨੂੰ ਮਜ਼ਬੂਤ ਕਰਨ ਦਾ ਕੰਮ ਕੀਤਾ ਹੈ। ਉਨ੍ਹਾਂ ਕਿਹਾ ਕਿ ਦੁਨੀਆ ਵਿੱਚ ਕਿਤੇ ਵੀ ਨਸ਼ਿਆਂ ਦਾ ਇੰਨਾ ਵੱਡਾ ਨੈੱਟਵਰਕ ਸਿਆਸੀ ਸਰਪ੍ਰਸਤੀ, ਪੁਲਿਸ ਅਤੇ ਸੁਰੱਖਿਆ ਏਜੰਸੀਆਂ ਦੀ ਮਿਲੀਭੁਗਤ ਤੋਂ ਬਿਨਾਂ ਪ੍ਰਫੁੱਲਤ ਨਹੀਂ ਹੋ ਸਕਦਾ। ਪੰਜਾਬ ਵਿੱਚ ਨਸ਼ਿਆਂ ਅਤੇ ਗੈਂਗਸਟਰਵਾਦ ਦੇ ਵਧਦੇ ਨੈੱਟਵਰਕ ਪਿੱਛੇ ਕਿਸ ਦੀ ਸਰਪ੍ਰਸਤੀ ਹੈ, ਇਸ ਦੀ ਨਿਰਪੱਖ ਜਾਂਚ ਹੋਣੀ ਚਾਹੀਦੀ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਕਾਂਗਰਸ ਦੀ ਸਰਕਾਰ ਬਣਨ ’ਤੇ ਗੈਂਗਸਟਰਵਾਦ ਅਤੇ ਨਸ਼ਿਆਂ ਦੇ ਕਾਰੋਬਾਰ ਨੂੰ ਜੜ੍ਹੋਂ ਖ਼ਤਮ ਕਰਨ ਲਈ ਨਿਰਣਾਇਕ ਕਾਰਵਾਈ ਕੀਤੀ ਜਾਵੇਗੀ।
ਪੰਜਾਬ ਦੀ ਆਰਥਿਕ ਸਥਿਤੀ ’ਤੇ ਸਰਕਾਰ ਨੂੰ ਘੇਰਦਿਆਂ ਬਾਜਵਾ ਨੇ ਕਿਹਾ ਕਿ ਕਾਂਗਰਸ ਦੇ ਵਿਰੋਧ ਅਤੇ ਸੰਘਰਸ਼ ਕਾਰਨ ਲੈਂਡ ਪੂਲਿੰਗ ਨੀਤੀ ਰੱਦ ਹੋਈ, ਜਿਸ ਨਾਲ ਪੰਜਾਬ ਦੇ ਲੋਕਾਂ ਦੀ ਲਗਭਗ ਸਵਾ ਲੱਖ ਕਰੋੜ ਰੁਪਏ ਦੀ ਜਾਇਦਾਦ ਦੀ ਕਥਿਤ ਲੁੱਟ ਹੋਣ ਤੋਂ ਬਚਾਅ ਹੋਇਆ। ਉਨ੍ਹਾਂ ਮਾਈਨਿੰਗ ਦੇ ਮੁੱਦੇ ’ਤੇ ਵੀ ਸਰਕਾਰ ਨੂੰ ਘੇਰਦਿਆਂ ਕਿਹਾ ਕਿ ਸੂਬੇ ਵਿੱਚ ਲਗਭਗ ਇੱਕ ਲੱਖ ਕਰੋੜ ਰੁਪਏ ਦੇ ਖਣਨ ਕਾਰੋਬਾਰ ਦੇ ਬਾਵਜੂਦ ਪੰਜਾਬ ਦੇ ਖ਼ਜ਼ਾਨੇ ਵਿੱਚ ਸਿਰਫ਼ 1,500 ਕਰੋੜ ਰੁਪਏ ਆਉਣ ਦਾ ਦਾਅਵਾ ਕੀਤਾ ਜਾ ਰਿਹਾ ਹੈ। ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਮਾਈਨਿੰਗ ਤੋਂ ਹਰ ਸਾਲ 20,000 ਕਰੋੜ ਰੁਪਏ ਸਰਕਾਰੀ ਖ਼ਜ਼ਾਨੇ ਵਿੱਚ ਲਿਆਉਣ ਦਾ ਵਾਅਦਾ ਕੀਤਾ ਸੀ। ਹੁਣ ਸਵਾਲ ਇਹ ਹੈ ਕਿ ਬਾਕੀ ਪੈਸਾ ਕਿੱਥੇ ਗਿਆ ਅਤੇ ਕਿਸ ਦੀਆਂ ਜੇਬਾਂ ਵਿੱਚ ਪਹੁੰਚਿਆ? ਉਨ੍ਹਾਂ ਦੋਸ਼ ਲਾਇਆ ਕਿ ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਪੰਜਾਬ ਦੇ ਸਰੋਤਾਂ ਦਾ ਬੇਰਹਿਮੀ ਨਾਲ ਦੋਹਨ ਕਰਕੇ ਸੂਬੇ ਦੀ ਆਰਥਿਕਤਾ ਨੂੰ ਭਾਰੀ ਨੁਕਸਾਨ ਪਹੁੰਚਾਇਆ ਹੈ।
ਮੈਨੀਫੈਸਟੋ ਕਮੇਟੀ ਦੇ ਚੇਅਰਮੈਨ ਅਤੇ ਸੰਸਦ ਮੈਂਬਰ ਡਾ. ਅਮਰ ਸਿੰਘ ਨੇ ਕਿਹਾ ਕਿ ਕਾਂਗਰਸ ਪਾਰਟੀ ਜਲਦ ਹੀ ਪੰਜਾਬ ਲਈ ਆਪਣਾ ਚੋਣ ਮੈਨੀਫੈਸਟੋ ਲੋਕਾਂ ਦੇ ਸਾਹਮਣੇ ਪੇਸ਼ ਕਰੇਗੀ। ਉਨ੍ਹਾਂ ਦੱਸਿਆ ਕਿ ਮੈਨੀਫੈਸਟੋ ਕਮੇਟੀ ਨੂੰ ਹੁਣ ਤੱਕ ਪੂਰੇ ਪੰਜਾਬ ਤੋਂ 500 ਤੋਂ ਵੱਧ ਮੰਗ ਪੱਤਰ ਪ੍ਰਾਪਤ ਹੋ ਚੁੱਕੇ ਹਨ। ਇਨ੍ਹਾਂ ਸੁਝਾਵਾਂ ਵਿੱਚ ਸਮਾਜ ਦੇ ਹਰ ਵਰਗ ਦੀਆਂ ਸਮੱਸਿਆਵਾਂ, ਉਮੀਦਾਂ ਅਤੇ ਭਵਿੱਖ ਦੀਆਂ ਲੋੜਾਂ ਨੂੰ ਸ਼ਾਮਲ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਦਾ ਮੈਨੀਫੈਸਟੋ ਸਿਰਫ਼ ਚੋਣ ਵਾਅਦਿਆਂ ਦਾ ਦਸਤਾਵੇਜ਼ ਨਹੀਂ ਹੋਵੇਗਾ, ਸਗੋਂ ਪੰਜਾਬ ਨੂੰ ਆਰਥਿਕ, ਸਮਾਜਿਕ ਅਤੇ ਪ੍ਰਸ਼ਾਸਨਿਕ ਪੱਧਰ ’ਤੇ ਨਵੀਂ ਦਿਸ਼ਾ ਦੇਣ ਵਾਲਾ ਰੋਡਮੈਪ ਹੋਵੇਗਾ। ਪਾਰਟੀ ਆਮ ਲੋਕਾਂ, ਕਿਸਾਨਾਂ, ਮਜ਼ਦੂਰਾਂ, ਨੌਜਵਾਨਾਂ, ਵਪਾਰੀਆਂ, ਔਰਤਾਂ ਅਤੇ ਸਮਾਜ ਦੇ ਹੋਰ ਵਰਗਾਂ ਤੋਂ ਮਿਲੇ ਸੁਝਾਵਾਂ ਦੇ ਆਧਾਰ ’ਤੇ ਅਜਿਹੀਆਂ ਨੀਤੀਆਂ ਤਿਆਰ ਕਰੇਗੀ, ਜਿਨ੍ਹਾਂ ਵਿੱਚ ਪੰਜਾਬ ਦੇ ਹਿੱਤਾਂ ਅਤੇ ਅਧਿਕਾਰਾਂ ਨੂੰ ਸਭ ਤੋਂ ਉੱਪਰ ਰੱਖਿਆ ਜਾਵੇਗਾ।
ਇਸ ਮੌਕੇ ਪੰਜਾਬ ਕਾਂਗਰਸ ਦੇ ਸਹਿ-ਇੰਚਾਰਜ ਰਵਿੰਦਰ ਦਲਵੀ ਵੀ ਵਿਸ਼ੇਸ਼ ਤੌਰ ’ਤੇ ਮੌਜੂਦ ਰਹੇ।