ਕਾਂਗਰਸੀ ਸੰਸਦ ਮੈਂਬਰਾਂ ਵੱਲੋਂ ਸ਼੍ਰੀ ਹਰਿਮੰਦਰ ਸਾਹਿਬ ਨੂੰ ਮਿਲ ਰਹੀਆਂ ਧਮਕੀਆਂ ਵਿਰੁੱਧ ਪ੍ਰਦਰਸ਼ਨ

ਨਵੀਂ ਦਿੱਲੀ/ਚੰਡੀਗੜ੍ਹ, 24 ਜੁਲਾਈ: ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਦੇ ਕਾਂਗਰਸੀ ਸੰਸਦ ਮੈਂਬਰਾਂ ਨੇ ਅੱਜ ਸੰਸਦ ਭਵਨ ਦੇ ਬਾਹਰ ਪ੍ਰਦਰਸ਼ਨ ਕੀਤਾ ਅਤੇ ਅੰਮ੍ਰਿਤਸਰ ਸਥਿਤ ਸ਼੍ਰੀ ਹਰਿਮੰਦਰ ਸਾਹਿਬ ਨੂੰ ਮਿਲ ਰਹੀਆਂ ਧਮਕੀਆਂ ਸਬੰਧੀ ਤੁਰੰਤ ਕਾਰਵਾਈ ਦੀ ਮੰਗ ਕੀਤੀ।

ਇਸ ਮੌਕੇ ਵਿਰੋਧ ਪ੍ਰਦਰਸ਼ਨ ਵਿੱਚ ਸ਼ਾਮਲ ਹੋਣ ਵਾਲਿਆਂ ਵਿੱਚ ਅਮਰਿੰਦਰ ਸਿੰਘ ਰਾਜਾ ਵੜਿੰਗ, ਚਰਨਜੀਤ ਸਿੰਘ ਚੰਨੀ, ਡਾ. ਅਮਰ ਸਿੰਘ, ਸੁਖਜਿੰਦਰ ਸਿੰਘ ਰੰਧਾਵਾ, ਧਰਮਵੀਰ ਗਾਂਧੀ, ਮਨੀਸ਼ ਤਿਵਾੜੀ, ਕੁਮਾਰੀ ਸ਼ੈਲਜਾ, ਸ਼ੇਰ ਸਿੰਘ ਘੁਬਾਇਆ ਅਤੇ ਗੁਰਜੀਤ ਸਿੰਘ ਔਜਲਾ ਸ਼ਾਮਲ ਸਨ।

ਬਾਅਦ ਵਿੱਚ ਪੱਤਰਕਾਰਾਂ ਨੂੰ ਜਾਣਕਾਰੀ ਦਿੰਦੇ ਹੋਏ, ਸੂਬਾ ਕਾਂਗਰਸ ਪ੍ਰਧਾਨ ਅਤੇ ਲੁਧਿਆਣਾ ਤੋਂ ਸੰਸਦ ਮੈਂਬਰ ਵੜਿੰਗ ਨੇ ਦੱਸਿਆ ਕਿ ਸ਼੍ਰੀ ਹਰਿਮੰਦਰ ਸਾਹਿਬ ਨੂੰ ਲਗਾਤਾਰ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ।

ਉਨ੍ਹਾਂ ਜ਼ਿਕਰ ਕੀਤਾ ਕਿ ਜਦੋਂ ਕਿ ਪੰਜਾਬ ਸਰਕਾਰ ਨੇ ਇੱਕ ਦੋਸ਼ੀ ਨੂੰ ਗ੍ਰਿਫ਼ਤਾਰ ਕਰਨ ਦਾ ਦਾਅਵਾ ਕੀਤਾ ਸੀ, ਪਰ ਬਾਅਦ ਵਿੱਚ ਇਹ ਖੁਲਾਸਾ ਕੀਤਾ ਗਿਆ ਕਿ ਉਹ ਧਮਕੀਆਂ ਦੇਣ ਵਾਲਿਆਂ ਵਿੱਚ ਸ਼ਾਮਲ ਹੀ ਨਹੀਂ ਹੈ। ਉਨ੍ਹਾਂ ਜ਼ੋਰ ਦਿੰਦਿਆਂ ਕਿਹਾ ਕਿ ਕੇਂਦਰ ਸਰਕਾਰ ਅਤੇ ਕੇਂਦਰੀ ਗ੍ਰਹਿ ਮੰਤਰਾਲੇ ਨੂੰ ਇਨ੍ਹਾਂ ਧਮਕੀਆਂ ਦਾ ਗੰਭੀਰ ਨੋਟਿਸ ਲੈਣਾ ਚਾਹੀਦਾ ਹੈ ਤੇ ਦੋਸ਼ੀਆਂ ਦੀ ਪਛਾਣ ਕਰਕੇ ਉਨ੍ਹਾਂ ਨੂੰ ਕਾਨੂੰਨ ਦੇ ਕਟਹਿਰੇ ਵਿੱਚ ਲਿਆਉਣਾ ਚਾਹੀਦਾ ਹੈ। ਉਨ੍ਹਾਂ ਅੱਗੇ ਕਿਹਾ ਇੱਕ ਕਿ ਉਹਨਾਂ ਨੂੰ ਮਾਮਲੇ ਦੀ ਗੰਭੀਰਤਾ ਅਤੇ ਸੰਵੇਦਨਸ਼ੀਲਤਾ ਨੂੰ ਸਮਝਣਾ ਚਾਹੀਦਾ ਹੈ।

ਇਸ ਦੌਰਾਨ ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਵੱਲੋਂ ਭਾਜਪਾ ਅਤੇ ਅਕਾਲੀ ਦਲ ਵਿਚਕਾਰ ਗੱਠਜੋੜ ਦੇ ਸੁਝਾਅ ਬਾਰੇ ਪੁੱਛੇ ਗਏ ਇੱਕ ਹੋਰ ਸਵਾਲ ਦੇ ਜਵਾਬ ਵਿੱਚ, ਵੜਿੰਗ ਨੇ ਕਿਹਾ ਕਿ ਭਾਜਪਾ ਦੇ ਸੂਬਾ ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ ਪਹਿਲਾਂ ਹੀ ਗੱਠਜੋੜ ਦੇ ਸੁਝਾਅ ਦਾ ਵਿਰੋਧ ਕਰ ਚੁੱਕੇ ਹਨ।

ਉਨ੍ਹਾਂ ਸਪਸ਼ਟ ਕੀਤਾ ਕਿ ਭਾਜਪਾ ਅਤੇ ਅਕਾਲੀ ਦਲ ਵਿਚਾਲੇ ਗੱਠਜੋੜ ਨਾਲ ਕਾਂਗਰਸ ਨੂੰ ਕੋਈ ਫ਼ਰਕ ਨਹੀਂ ਪਵੇਗਾ। ਉਨ੍ਹਾਂ ਕਿਹਾ ਕਿ ਕਾਂਗਰਸ ਨੇ ਪਹਿਲਾਂ ਵੀ ਕਈ ਵਾਰ ਇਨ੍ਹਾਂ ਨੂੰ ਹਰਾਇਆ ਹੈ, ਜਦੋਂ ਇਹ ਗੱਠਜੋੜ ਵਿੱਚ ਸਨ, ਇਸ ਲਈ ਸਾਨੂੰ ਕੋਈ ਪਰੇਸ਼ਾਨੀ ਨਹੀਂ ਹੈ। ਫਿਰ ਭਾਂਵੇਂ ਇਹ ਆਮ ਆਦਮੀ ਪਾਰਟੀ ਨਾਲ ਵੀ ਹੱਥ ਕਿਉਂ ਨਾ ਮਿਲਾਉਣ, ਇਨ੍ਹਾਂ ਦਾ ਸਵਾਗਤ ਹੈ।

Leave a Comment

Your email address will not be published. Required fields are marked *

Scroll to Top