ਹਲਕਾ ਵਿਧਾਇਕ ਅਤੇ ਡਿਪਟੀ ਕਮਿਸ਼ਨਰ ਨੇ ਕਰਤਾਰਪੁਰ ਦੀ ਨਵੀਂ ਦਾਣਾ ਮੰਡੀ ‘ਚ ਸ਼ੁਰੂ ਕਰਵਾਈ ਕਣਕ ਦੀ ਖ਼ਰੀਦ, ਕਿਸਾਨਾਂ ਨਾਲ ਕੀਤੀ ਗੱਲਬਾਤ

ਜਲੰਧਰ : ਕਰਤਾਰਪੁਰ ਤੋਂ ਹਲਕਾ ਵਿਧਾਇਕ ਬਲਕਾਰ ਸਿੰਘ ਅਤੇ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਵਲੋਂ ਅੱਜ ਕਰਤਾਰਪੁਰ ਦੀ ਦਾਣਾ ਮੰਡੀ ਵਿਖੇ ਕਣਕ ਦੀ ਖ਼ਰੀਦ ਦੀ ਸ਼ੁਰੂਆਤ ਕਰਵਾਈ ਗਈ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤਾਂ ਕੀਤੀਆਂ ਕਿ ਕਣਕ ਦੀ ਸਮੁੱਚੀ ਖ਼ਰੀਦ ਪ੍ਰਕਿਰਿਆ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਦਿਆਂ ਮੰਡੀਆਂ ਵਿੱਚ ਫ਼ਸਲ ਲਿਆਉਣ ਵਾਲੇ ਕਿਸਾਨਾਂ ਨੂੰ ਹਰ ਸਹੂਲਤ ਮੁਹੱਈਆ ਕਰਵਾਈ ਜਾਵੇ।
ਇਸ ਮੌਕੇ ਵਿਧਾਇਕ ਅਤੇ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਦੇ 79 ਖ਼ਰੀਦ ਕੇਂਦਰਾਂ ਵਿੱਚ ਇਸ ਸਾਲ 5.25 ਲੱਖ ਮੀਟਰਿਕ ਟਨ ਕਣਕ ਆਉਣ ਦੀ ਸੰਭਾਵਨਾ ਹੈ ਅਤੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਕਣਕ ਦਾ ਇਕ-ਇਕ ਦਾਣਾ ਖ਼ਰੀਦ ਕਰਨ ਲਈ ਪਹਿਲਾਂ ਹੀ ਪੁਖ਼ਤਾ ਪ੍ਰਬੰਧਾਂ ਨੂੰ ਯਕੀਨੀ ਬਣਾਇਆ ਗਿਆ ਹੈ। ਉਨ੍ਹਾਂ ਦੁਹਰਾਇਆ ਕਿ ਮੁੱਖ ਮੰਤਰੀ ਪੰਜਾਬ ਸ.ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਰਾਜ ਵਿੱਚ ਕਣਕ ਦੀ ਸਮੁੱਚੀ ਖ਼ਰੀਦ ਪ੍ਰਕਿਰਿਆ ਨੂੰ ਨਿਰਵਿਘਨ ਢੰਗ ਨਾਲ ਨੇਪਰੇ ਚਾੜਨ ਅਤੇ ਕਿਸਾਨਾਂ ਨੂੰ ਹਰ ਤਰ੍ਹਾਂ ਦੀ ਸਹੂਲਤ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਉਨ੍ਹਾਂ ਅੱਗੇ ਦੱਸਿਆ ਕਿ ਹੁਣ ਤੱਕ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ 1000 ਮੀਟਰਿਕ ਟਨ ਕਣਕ ਦੀ ਆਮਦ ਹੋਈ ਹੈ, ਜਿਸ ਵਿਚੋਂ ਵੱਖ-ਵੱਖ ਖ਼ਰੀਦ ਏਜੰਸੀਆਂ ਵਲੋਂ 900 ਮੀਟਰਿਕ ਟਨ ਕਣਕ ਦੀ ਖ਼ਰੀਦ ਕੀਤੀ ਜਾ ਚੁੱਕੀ ਹੈ।
ਉਨ੍ਹਾਂ ਦੱਸਿਆ ਕਿ ਮੰਡੀਆਂ ਵਿੱਚ ਪੀਣ ਯੋਗ ਪਾਣੀ ਦੀ ਉਪਲਬੱਧਤਾ , ਸਾਫ਼-ਸਫ਼ਾਈ, ਛਾਂ, ਤਰਪਾਲਾਂ, ਬਾਰਦਾਨਾ ਆਦਿ ਤੋਂ ਇਲਾਵਾ ਹੋਰ ਲੋੜੀਂਦੇ ਪ੍ਰਬੰਧਾਂ ਪਹਿਲਾਂ ਹੀ ਅਧਿਕਾਰੀਆਂ ਵਲੋਂ ਮੁਕੰਮਲ ਕੀਤੇ ਜਾ ਚੁੱਕੇ ਹਨ। ਉਨ੍ਹਾਂ ਅਧਿਕਾਰੀਆਂ ਨੂੰ ਇਹ ਵੀ ਹਦਾਇਤਾਂ ਕੀਤੀਆਂ ਕਿ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਸਮੇਂ ਸਿਰ ਖ਼ਰੀਦੀ ਕਣਕ ਦੀ ਚੁਕਾਈ ਅਤੇ ਕਿਸਾਨਾਂ ਨੂੰ ਅਦਾਇਗੀ ਨੂੰ ਯਕੀਨੀ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਮੰਡੀਆਂ ਵਿੱਚ ਬਾਰਦਾਨੇ ਦੀ ਕੋਈ ਕਮੀ ਨਹੀਂ ਹੈ। ਉਨ੍ਹਾਂ ਕਿਹਾ ਕਿ ਸਮੁੱਚੀ ਖ਼ਰੀਦ ਪ੍ਰਕਿਰਿਆ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਿਆ ਜਾਵੇ ਅਤੇ ਇਸ ਵਿੱਚ ਕਿਸੇ ਵੀ ਪ੍ਰਕਾਰ ਦੀ ਅਣਗਹਿਲੀ ਨੂੰ ਬਿੱਲਕੁਲ ਬਰਦਾਸ਼ਤ ਨਹੀਂ ਕੀਤਾ ਜਾਵੇਗਾ।
ਇਸ ਮੌਕੇ ਵਿਧਾਇਕ ਅਤੇ ਡਿਪਟੀ ਕਮਿਸ਼ਨਰ ਵਲੋਂ ਮੰਡੀਆਂ ਵਿੱਚ ਫ਼ਸਲ ਲੈ ਕੇ ਆਏ ਕਿਸਾਨਾਂ ਨਾਲ ਗੱਲਬਾਤ ਕੀਤੀ ਗਈ ਅਤੇ ਅਧਿਕਾਰੀਆ ਵਲੋਂ ਮੰਡੀਆਂ ਵਿੱਚ ਕੀਤੇ ਗਏ ਪ੍ਰਬੰਧਾਂ ਸਬੰਧੀ ਜਾਣਕਾਰੀ ਹਾਸਿਲ ਕੀਤੀ ਗਈ।
   ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਵਲੋਂ ਕਣਕ ਦੀ 2425 ਰੁਪਏ ਐਮ.ਐਸ.ਪੀ. ਕੀਮਤ ਨਿਰਧਾਰਿਤ ਕੀਤੀ ਗਈ ਹੈ।  
ਬੂਲੇ ਪਿੰਡ ਦੇ ਕਿਸਾਨ ਜਸਵਿੰਦਰ ਸਿੰਘ ਜਿਸ ਵਲੋਂ ਲਗਭਗ 30 ਕੁਇੰਟਲ ਕਣਕ ਕਰਤਾਰਪੁਰ ਮੰਡੀ ਵਿੱਚ ਲਿਆਂਦੀ ਗਈ, ਵਲੋਂ ਕੀਤੇ ਗਏ ਖ਼ਰੀਦ ਪ੍ਰਬੰਧਾਂ ’ਤੇ ਤਸੱਲੀ ਦਾ ਪ੍ਰਗਟਾਵਾ ਕੀਤਾ ਗਿਆ। ਉਨ੍ਹਾਂ ਕਿਹਾ ਕਿ ਮੰਡੀ ਵਿੱਚ ਆਉਣ ਤੋਂ ਤੁਰੰਤ ਬਾਅਦ ਖ਼ਰੀਦ ਏਜੰਸੀਆਂ ਵਲੋਂ ਉਸ ਦੀ ਫ਼ਸਲ ਖ਼ਰੀਦ ਕਰ ਲਈ ਗਈ। ਉਨ੍ਹਾਂ ਕਿਹਾ ਕਿ ਜਲੰਧਰ ਪ੍ਰਸ਼ਾਸਨ ਵਲੋਂ ਮੰਡੀਆਂ ਵਿੱਚ ਕਿਸਾਨਾਂ ਲਈ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ, ਜਿਸ ਸਦਕਾ ਸੁਚਾਰੂ ਢੰਗ ਨਾਲ ਖ਼ਰੀਦ, ਚੁਕਾਈ ਅਤੇ ਅਦਾਇਗੀ ਨੂੰ ਯਕੀਨੀ ਬਣਾਇਆ ਗਿਆ ਹੈ।
   ਇਸ ਮੌਕੇ ਜ਼ਿਲ੍ਹਾ ਖ਼ੁਰਾਕ ਤੇ ਸਿਵਲ ਸਪਲਾਈ ਕੰਟਰੋਲਰ ਨਰਿੰਦਰ ਸਿੰਘ ਤੋਂ ਇਲਾਵਾ ਹੋਰ ਅਧਿਕਾਰੀ ਵੀ ਹਾਜ਼ਰ ਸਨ।
——————

Leave a Comment

Your email address will not be published. Required fields are marked *

Scroll to Top