ਖੇਤੀਬਾੜੀ ਵਿਭਾਗ ਵੱਲੋਂ ਡੀ.ਏ.ਪੀ. ਦੇ ਬਦਲਾਂ ਬਾਰੇ ਕਿਸਾਨਾਂ ਨੂੰ ਕੀਤਾ ਜਾ ਰਿਹੈ ਜਾਗਰੂਕ

ਜਲੰਧਰ, 13 ਨਵੰਬਰ : ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਦੇ ਦਿਸ਼ਾ-ਨਿਰਦੇਸ਼ਾਂ ਮੁਤਾਬਕ ਹਾੜ੍ਹੀ ਦੀਆਂ ਫ਼ਸਲਾਂ ਦੀ ਬਿਜਾਈ ਲਈ ਜਿਥੇ ਜ਼ਿਲ੍ਹੇ ਵਿੱਚ ਡੀ.ਏ.ਪੀ. ਖਾਦ ਦੀ ਉਪਲਬਧਤਾ ਯਕੀਨੀ ਬਣਾਈ ਜਾ ਰਹੀ ਹੈ ਉਥੇ ਕਿਸਾਨਾਂ ਨੂੰ ਡੀ.ਏ.ਪੀ. ਦੇ ਬਦਲਾਂ ਬਾਰੇ ਵੀ ਜਾਗਰੂਕ ਕੀਤਾ ਜਾ ਰਿਹਾ ਹੈ।
ਖੇਤੀਬਾੜੀ ਵਿਭਾਗ ਵੱਲੋਂ ਐਗਰੀ ਐਕਸਟੈਂਸ਼ਨ ਵਰਕਰਾਂ ਰਾਹੀਂ ਜ਼ਿਲ੍ਹੇ ਦੇ ਵੱਖ-ਵੱਖ ਬਲਾਕਾਂ ਦੇ ਪਿੰਡਾਂ ਵਿੱਚ ਕਿਸਾਨਾਂ ਤੱਕ ਪਹੁੰਚ ਕਰਕੇ ਉਨ੍ਹਾਂ ਨੂੰ ਝੋਨੇ ਦੀ ਪਰਾਲੀ ਦਾ ਸੁਚੱਜਾ ਪ੍ਰਬੰਧਨ ਕਰਨ ਲਈ ਪ੍ਰੇਰਨ ਦੇ ਨਾਲ-ਨਾਲ ਕਣਕ ਅਤੇ ਆਲੂ ਦੀ ਬਿਜਾਈ ਲਈ ਡੀ.ਏ.ਪੀ. ਦੇ ਬਦਲ ਵਜੋਂ ਵਰਤੀਆਂ ਜਾਣ ਵਾਲੀਆਂ ਫਾਸਫੋਰਸ ਤੱਤ ਵਾਲੀਆਂ ਹੋਰ ਖਾਦਾਂ ਬਾਰੇ ਵੀ ਜਾਣਕਾਰੀ ਦਿੱਤੀ ਜਾ ਰਹੀ ਹੈ।


ਖੇਤੀਬਾੜੀ ਐਕਸਟੈਂਸ਼ਨ ਅਫ਼ਸਰ ਭੋਗਪੁਰ ਸੁਰਿੰਦਰਪਾਲ ਸਿੰਘ ਨੇ ਕਿਸਾਨਾਂ ਨੂੰ ਵਾਤਾਵਰਣ ਦੀ ਸੰਭਾਲ ਲਈ ਪਰਾਲੀ ਦੇ ਸੁਚੱਜੇ ਪ੍ਰਬੰਧਨ ਲਈ ਉਤਸ਼ਾਹਿਤ ਕਰਨ ਤੋਂ ਇਲਾਵਾ ਅਤੇ ਡੀ.ਏ.ਪੀ. ’ਤੇ ਆਪਣੀ ਨਿਰਭਰਤਾ ਘਟਾਉਣ ਦੀ ਅਪੀਲ ਕੀਤੀ। ਉਨ੍ਹਾਂ ਕਿਸਾਨਾਂ ਨੂੰ ਜਾਗਰੂਕ ਕਰਦਿਆਂ ਦੱਸਿਆ ਕਿ ਡੀ.ਏ.ਪੀ. ਬਦਲ ਵਜੋਂ ਟ੍ਰਿਪਲ ਸੁਪਰ ਫਾਸਫੇਟ (0:46:0), ਐੱਨ.ਪੀ.ਕੇ 12:32:16, ਸਿੰਗਲ ਸੁਪਰ ਫਾਸਫੇਟ ਐੱਨ.ਪੀ.ਕੇ. 16:16:16 ਅਤੇ ਨਾਈਟ੍ਰੋ ਫਾਸਫੇਟ 20:20:13 ਖਾਦ ਦੀ ਵੀ ਵਰਤੋਂ ਕੀਤੀ ਜਾ ਸਕਦੀ ਹੈ, ਜੋ ਕਿ ਫਸਲਾਂ ਲਈ ਬਹੁਤ ਉਪਯੋਗੀ ਹਨ। ਉਨ੍ਹਾਂ ਕਿਹਾ ਕਿ ਉਕਤ ਫਾਸਫੋਰਸ ਤੱਤ ਵਾਲੀਆਂ ਖਾਦਾਂ ’ਚੋਂ ਕਿਸੇ ਵੀ ਖਾਦ ਨੂੰ ਡੀ.ਏ.ਪੀ. ਦੇ ਬਦਲ ਵਜੋਂ ਵਰਤਿਆ ਜਾ ਸਕਦਾ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਖਾਦਾਂ ਦੀ ਵਰਤੋਂ ਨਾਲ ਮਿੱਟੀ ਵਿਚਲੇ ਖੁਰਾਕੀ ਤੱਤ ਬਰਕਰਾਰ ਰਹਿੰਦੇ ਹਨ ਅਤੇ ਝਾੜ ’ਤੇ ਚੰਗਾ ਅਸਰ ਪੈਂਦਾ ਹੈ।

Leave a Comment

Your email address will not be published. Required fields are marked *

Scroll to Top