ਜਲੰਧਰ, 9 ਨਵੰਬਰ: ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਕਿਹਾ ਕਿ ਹਾੜ੍ਹੀ ਦੀਆਂ ਫ਼ਸਲਾਂ ਦੀ ਬਿਜਾਈ ਲਈ ਕਿਸਾਨਾਂ ਨੂੰ ਡੀ.ਏ.ਪੀ. ਖਾਦ ਦੀ ਕਿੱਲਤ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿੱਚ ਡੀ.ਏ.ਪੀ. ਖਾਦ ਦੀ ਸਪਲਾਈ ਲਗਾਤਾਰ ਆ ਰਹੀ ਹੈ ਅਤੇ ਅੱਜ ਫਿਰ 644 ਮੀਟ੍ਰਿਕ ਟਨ ਡੀ.ਏ.ਪੀ. ਜ਼ਿਲ੍ਹੇ ਵਿੱਚ ਪਹੁੰਚੀ ਹੈ।
ਡਾ. ਅਗਰਵਾਲ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ 20636 ਮੀਟ੍ਰਿਕ ਟਨ ਡੀ.ਏ.ਪੀ. ਉਪਲਬਧ ਹੈ। ਇਸ ਤੋਂ ਇਲਾਵਾ ਡੀ.ਏ.ਪੀ. ਦੇ ਬਦਲ ਵਜੋਂ ਵਰਤੀਆਂ ਜਾਣ ਵਾਲੀਆਂ 6687 ਮੀਟ੍ਰਿਕ ਟਨ ਬਦਲਵੀਆਂ ਖਾਦਾਂ ਵੀ ਜ਼ਿਲ੍ਹੇ ਵਿੱਚ ਉਪਲਬਧ ਹਨ, ਜਿਨ੍ਹਾਂ ਵਿੱਚੋਂ 556 ਮੀਟ੍ਰਿਕ ਟਨ 20.20.13 ਖਾਦ ਸ਼ਨੀਵਾਰ ਨੂੰ ਪ੍ਰਾਪਤ ਹੋਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਜਿਥੇ ਹਾੜ੍ਹੀ ਦੀਆਂ ਫ਼ਸਲਾਂ ਦੀ ਬਿਜਾਈ ਲਈ ਕਿਸਾਨਾਂ ਨੂੰ ਡੀ.ਏ.ਪੀ. ਦੀ ਘਾਟ ਨਹੀਂ ਆਉਣ ਦਿੱਤੀ ਜਾਵੇਗੀ ਉਥੇ ਡੀ.ਏ.ਪੀ. ਦੇ ਬਦਲ ਵਜੋਂ ਵਰਤੀਆਂ ਜਾਣ ਵਾਲੀਆਂ ਖਾਦਾਂ ਵੀ ਉਪਲਬਧ ਕਰਵਾਈਆਂ ਜਾ ਰਹੀਆਂ ਹਨ।
ਉਨ੍ਹਾਂ ਖਾਦ ਵਿਕਰੇਤਾਵਾਂ ਨੂੰ ਕਿਸੇ ਵੀ ਤਰ੍ਹਾਂ ਦੀ ਖਾਦ ਦੀ ਫ਼ਾਲਤੂ ਸਟੋਰੇਜ ਨਾ ਕਰਨ ਦੀ ਹਦਾਇਤ ਕਰਦਿਆਂ ਕਿਹਾ ਕਿ ਖਾਦਾਂ ਦੀ ਜਮ੍ਹਾਖੋਰੀ ਅਤੇ ਕਾਲਾਬਾਜ਼ਾਰੀ ’ਤੇ ਪ੍ਰਸ਼ਾਸਨ ਵੱਲੋਂ ਸਖ਼ਤ ਨਜ਼ਰ ਰੱਖੀ ਜਾ ਰਹੀ ਹੈ। ਉਨ੍ਹਾਂ ਖਾਦ ਵਿਕਰੇਤਾਵਾਂ ਨੂੰ ਇਹ ਵੀ ਹਦਾਇਤ ਕੀਤੀ ਕਿ ਕਿਸਾਨਾਂ ਨੂੰ ਡੀ.ਏ.ਪੀ. ਖਾਦ ਦੇ ਨਾਲ ਕੋਈ ਹੋਰ ਵਾਧੂ ਸਾਮਾਨ ਜਾਂ ਦਵਾਈਆਂ ਆਦਿ ਖ਼ਰੀਦਣ ਲਈ ਮਜਬੂਰ ਨਾ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਜੇਕਰ ਕੋਈ ਖਾਦ ਵਿਕਰੇਤਾ ਅਜਿਹਾ ਕਰਦਾ ਪਾਇਆ ਗਿਆ ਤਾਂ ਉਸ ਖਿਲਾਫ਼ ਬਣਦੀ ਕਾਰਵਾਈ ਕੀਤੀ ਜਾਵੇਗੀ।
ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਕਣਕ ਦੀ ਬਿਜਾਈ ਲਈ ਡੀ.ਏ.ਪੀ. ਦੇ ਬਦਲ ਵਜੋਂ ਹੋਰ ਫਾਸਫੋਟਿਕ ਖਾਦਾਂ ਜਿਵੇਂ ਟ੍ਰਿਪਲ ਸੁਪਰ ਫਾਸਫੇਟ, ਐੱਨ.ਪੀ.ਕੇ., ਸਿੰਗਲ ਸੁਪਰ ਫਾਸਫੇਟ ਦੀ ਵੀ ਖੇਤੀਬਾੜੀ ਵਿਭਾਗ ਪੰਜਾਬ ਦੀਆਂ ਸਿਫਾਰਸ਼ਾਂ ਮੁਤਾਬਕ ਵਰਤੋਂ ਕੀਤੀ ਜਾ ਸਕਦੀ ਹੈ।
- +91 99148 68600
- info@livepunjabnews.com