ਜਲੰਧਰ, 25 ਸਤੰਬਰ:- ਫ਼ਸਲਾਂ ਦੀ ਰਹਿੰਦ-ਖੂੰਹਦ ਸਾੜਨ ਦੇ ਰੁਝਾਨ ਨੂੰ ਜ਼ਮੀਨੀ ਪੱਧਰ ’ਤੇ ਠੱਲ੍ਹ ਪਾਉਣ ਲਈ ਬਹੁ-ਪੱਖੀ ਰਣਨੀਤੀ ਅਪਣਾਉਂਦੇ ਹੋਏ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਅੱਜ ਹਾਟ ਸਪਾਟ ਪਿੰਡਾਂ ਵਿੱਚ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਤਿੰਨ ਜਾਗਰੂਕਤਾ ਵੈਨਾਂ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ ਗਿਆ।
ਇਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤੋਂ ਵੈਨਾਂ ਨੂੰ ਰਵਾਨਾ ਕਰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਹ ਵੈਨਾਂ ਲੋਕਾਂ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨਗੀਆਂ, ਜਿਨ੍ਹਾਂ ਵਿੱਚ ਆਡੀਓ ਸੰਦੇਸ਼ ਚਲਾਏ ਜਾਣਗੇ। ਉਨ੍ਹਾਂ ਦੱਸਿਆ ਕਿ ਇਹ ਵੈਨਾਂ ਅਗਲੇ 30 ਦਿਨਾਂ ਦੌਰਾਨ ਸਮੁੱਚੇ 10 ਖੇਤੀਬਾੜੀ ਬਲਾਕਾਂ ਦੇ ਫ਼ਸਲਾਂ ਦੀ ਰਹਿੰਦ-ਖੂੰਹਦ ਸਾੜਨ ਪੱਖੋਂ ਸੰਵੇਦਨਸ਼ੀਲ ਖੇਤਰਾਂ (ਹਾਟ ਸਪਾਟਸ) ਦਾ ਦੌਰਾ ਕਰਨਗੀਆਂ।
ਉਨ੍ਹਾਂ ਕਿਹਾ ਕਿ ਝੋਨੇ ਦੀ ਪਰਾਲੀ ਕਿਸਾਨਾਂ ਲਈ ਲਾਹੇਵੰਦ ਹੈ ਅਤੇ ਇਸ ਨੂੰ ਕਿਸੇ ਵੀ ਕੀਮਤ ‘ਤੇ ਸਾੜਿਆ ਨਹੀਂ ਜਾਣਾ ਚਾਹੀਦਾ। ਉਨ੍ਹਾਂ ਕਿਹਾ ਕਿ ਫ਼ਸਲਾਂ ਦੀ ਰਹਿੰਦ-ਖੂੰਹਦ ਜ਼ਮੀਨ ਦੀ ਉਪਜਾਊ ਸ਼ਕਤੀ ਵਧਾਉਣ ਵਿਚ ਅਹਿਮ ਭੂਮਿਕਾ ਨਿਭਾਅ ਸਕਦੀ ਹੈ। ਉਨ੍ਹਾਂ ਕਿਹਾ ਕਿ ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਲਗਾਉਣਾ ਵਾਤਾਵਰਣ ਲਈ ਨੁਕਸਾਨਦਾਇਕ ਹੈ, ਜਿਸ ਤੋਂ ਹਰ ਕੀਮਤ ‘ਤੇ ਗੁਰੇਜ਼ ਕਰਨਾ ਚਾਹੀਦਾ ਹੈ।
ਡਿਪਟੀ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਪ੍ਰਸ਼ਾਸਨ ਵੱਲੋਂ ਫਸਲਾਂ ਦੀ ਰਹਿੰਦ-ਖੂੰਹਦ ਦੇ ਸੁਚੱਜੇ ਪ੍ਰਬੰਧਨ ਵਿੱਚ ਕਿਸਾਨਾਂ ਦੀ ਮਦਦ ਲਈ ਵੱਡੀ ਗਿਣਤੀ ਵਿੱਚ ਮਸ਼ੀਨਾਂ ਦੀ ਖ਼ਰੀਦ ਕੀਤੀ ਗਈ ਹੈ। ਹੁਣ ਤੱਕ ਅਜਿਹੀਆਂ 6342 ਮਸ਼ੀਨਾਂ ਕਿਸਾਨਾਂ ਨੂੰ ਫ਼ਸਲਾਂ ਦੀ ਰਹਿੰਦ-ਖੂੰਹਦ ਦੇ ਪ੍ਰਬੰਧਨ ਲਈ ਮੁਹੱਈਆ ਕਰਵਾਈਆਂ ਜਾ ਚੁੱਕੀਆਂ ਹਨ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਆਡੀਓ ਸੰਦੇਸ਼ਾਂ ਤੋਂ ਇਲਾਵਾ ਵੈਨਾਂ ਪੈਂਫਲੈਟਾਂ ਅਤੇ ਪੋਸਟਰਾਂ ਰਾਹੀਂ ਵੀ ਕਿਸਾਨਾਂ ਨੂੰ ਫ਼ਸਲ ਦੀ ਰਹਿੰਦ-ਖੂੰਹਦ ਸਾੜਨ ਨਾਲ ਹੋਣ ਵਾਲੇ ਪ੍ਰਦੂਸ਼ਣ ਅਤੇ ਝੋਨੇ ਦੀ ਪਰਾਲੀ ਦੇ ਸੁਚੱਜੇ ਪ੍ਰਬੰਧਨ ਦੇ ਤਰੀਕਿਆਂ ਬਾਰੇ ਜਾਣੂ ਕਰਵਾਉਣਗੀਆਂ।
ਉਨ੍ਹਾਂ ਇਹ ਵੀ ਕਿਹਾ ਕਿ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਨਾਲ ਮਿੱਟੀ ਦੇ ਕਈ ਮੁੱਖ ਪੌਸ਼ਟਿਕ ਅਤੇ ਹੋਰ ਸੂਖਮ ਤੱਤ ਨਸ਼ਟ ਹੋ ਜਾਂਦੇ ਹਨ ਜਦਕਿ ਪਰਾਲੀ ਦੀ ਰਹਿੰਦ-ਖੂੰਹਦ ਨੂੰ ਮਿੱਟੀ ਵਿੱਚ ਮਿਲਾਉਣ ਨਾਲ ਮਿੱਟੀ ਦੀ ਸਿਹਤ ਵਿੱਚ ਸੁਧਾਰ ਹੁੰਦਾ ਹੈ। ਇਸ ਮੌਕੇ ਖੇਤੀਬਾੜੀ ਵਿਭਾਗ ਅਤੇ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ।

















































