ਡਿਪਟੀ ਕਮਿਸ਼ਨਰ ਵਲੋਂ ਮੰਡੀਆਂ ਦਾ ਦੌਰਾ, ਖ਼ਰੀਦ ਪ੍ਰਕਿਰਿਆ ਦਾ ਲਿਆ ਜਾਇਜ਼ਾ

ਜਲੰਧਰ – ਡਿਪਟੀ ਕਮਿਸ਼ਨਰ ਡਾ.ਹਿਮਾਂਸ਼ੂ ਅਗਰਵਾਲ ਵਲੋਂ ਅੱਜ ਜਲੰਧਰ ਦੀਆਂ ਵੱਖ-ਵੱਖ ਮੰਡੀਆਂ ਦਾ ਦੌਰਾ ਕਰਦਿਆਂ ਕਣਕ ਦੀ ਖ਼ਰੀਦ ਪ੍ਰਕਿਰਿਆ ਦਾ ਜਾਇਜ਼ਾ ਲਿਆ ਗਿਆ।

ਉਨ੍ਹਾਂ ਕਰਤਾਰਪੁਰ ਅਤੇ ਨੌਗੱਜਾ ਮੰਡੀ ਵਿੱਚ ਮੰਡੀ ਬੋਰਡ, ਖੁਰਾਕ ਤੇ ਸਿਵਲ ਸਪਲਾਈ ਵਿਭਾਗ ਅਤੇ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਨਾਲ ਖਰੀਦ ਪ੍ਰਕਿਰਿਆ ਦੇ ਜਾਇਜ਼ੇ ਮੌਕੇ ਕਿਸਾਨਾਂ ਤੇ ਆੜ੍ਹਤੀਆਂ ਨਾਲ ਵੀ ਗੱਲਬਾਤ ਕਰਕੇ ਬੀਤੇ ਕੱਲ੍ਹ ਹੋਈ ਬਾਰਿਸ਼ ਸਬੰਧੀ ਦਰਪੇਸ਼ ਕਿਸੇ ਵੀ ਮੁਸ਼ਕਿਲ ਬਾਰੇ ਜਾਣਕਾਰੀ ਪ੍ਰਾਪਤ ਕੀਤੀ।

ਇਸ ਤੋਂ ਇਲਾਵਾ ਡਿਪਟੀ ਕਮਿਸ਼ਨਰ ਡਾ.ਹਿਮਾਂਸ਼ੂ ਅਗਰਵਾਲ ਦੀਆਂ ਹਦਾਇਤਾਂ ’ਤੇ ਵੱਖ-ਵੱਖ ਸਬ ਡਵੀਜ਼ਨਾਂ ਦੇ ਉਪ ਮੰਡਲ ਮੈਜਿਸਟਰੇਟਾਂ ਵਲੋਂ ਵੀ ਮੰਡੀਆਂ ਵਿੱਚ ਕਣਕ ਦੀ ਖ਼ਰੀਦ ਪ੍ਰਕਿਰਿਆ ਦਾ ਜਾਇਜ਼ਾ ਲਿਆ ਜਾ ਰਿਹਾ ਹੈ।

ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ 80 ਦੇ ਕਰੀਬ ਮੰਡੀਆਂ ਵਿੱਚ 5.17 ਲੱਖ ਮੀਟਰਿਕ ਟਨ ਕਣਕ ਦੀ ਖ਼ਰੀਦ ਦਾ ਟੀਚਾ ਹੈ ਜਿਸ ਲਈ ਮੰਡੀਆਂ ਵਿੱਚ ਕਿਸਾਨਾਂ ਦੀ ਫ਼ਸਲ ਦੀ ਨਿਰਵਿਘਨ ਖਰੀਦ ਲਈ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ।

ਉਨ੍ਹਾਂ ਖ਼ਰੀਦ ਏਜੰਸੀਆਂ ਦੇ ਅਧਿਕਾਰੀਆਂ ਨੂੰ ਸਖ਼ਤ ਨਿਰਦੇਸ਼ ਦਿੱਤੇ ਕਿ ਕਿਸਾਨਾਂ ਨੂੰ ਕਣਕ ਵੇਚਣ ਵਿੱਚ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ ।

ਉਨ੍ਹਾਂ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨਾਲ ਜਾ ਕੇ ਖੜ੍ਹੀ ਫ਼ਸਲ ਦਾ ਨਿਰੀਖਣ ਕਰਦਿਆਂ ਕਿਹਾ ਕਿ ਅਗਲੇ ਕੁਝ ਦਿਨਾਂ ਵਿੱਚ ਕਣਕ ਦੀ ਆਮਦ ਵਿੱਚ ਤੇਜ਼ੀ ਆਵੇਗੀ।

ਉਨ੍ਹਾਂ ਇਹ ਵੀ ਕਿਹਾ ਕਿ ਖਰੀਦੀ ਗਈ ਫਸਲ ਦੀ ਸਮੇਂ ਸਿਰ ਚੁਕਾਈ ਅਤੇ ਅਦਾਇਗੀ ਨੂੰ ਨਿਰਧਾਰਿਤ ਸਮੇਂ ਵਿੱਚ ਕੀਤਾ ਜਾਣਾ ਯਕੀਨੀ ਬਣਾਇਆ ਜਾਵੇ।

ਉਨ੍ਹਾਂ ਮੰਡੀਆਂ ਵਿੱਚ ਬਰਸਾਤ ਤੋਂ ਕਣਕ ਨੂੰ ਬਚਾਉਣ ਲਈ ਕੀਤੇ ਗਏ ਪ੍ਰਬੰਧਾਂ ’ਤੇ ਤਸੱਲੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸ਼ਨ ਵਲੋਂ ਫ਼ਸਲ ਦੀ ਸੁਚੱਜੀ ਸਾਂਭ-ਸੰਭਾਲ ਲਈ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ।

ਡਿਪਟੀ ਕਮਿਸ਼ਨਰ ਨੇ ਇਹ ਵੀ ਦੱਸਿਆ ਕਿ ਹੁਣ ਤੱਕ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ 16613 ਮੀਟਰਿਕ ਟਨ ਕਣਕ ਦੀ ਆਮਦ ਹੋ ਚੁੱਕੀ ਹੈ ਜਿਸ ਵਿਚੋਂ 15121 ਮੀਟਰਿਕ ਟਨ ਦੀ ਖਰੀਦ ਕੀਤੀ ਜਾ ਚੁੱਕੀ ਹੈ।

ਡਾ. ਅਗਰਵਾਲ ਨੇ ਕਿਹਾ ਕਿ ਮੰਡੀਆਂ ਵਿੱਚ ਆਪਣੀ ਫ਼ਸਲ ਲੈ ਕੇ ਆਉਣ ਵਾਲੇ ਕਿਸਾਨਾਂ ਦੀ ਸਹੂਲਤ ਲਈ ਮੰਡੀਆਂ ਵਿੱਚ ਕਿਸਾਨਾਂ ਦੀ ਸਹੂਲਤ ਲਈ ਪੀਣ ਵਾਲੇ ਪਾਣੀ, ਛਾਂ, ਰੌਸ਼ਨੀ, ਸਾਫ-ਸਫਾਈ, ਪਖਾਨੇ ਆਦਿ ਇੰਤਜ਼ਾਮ ਪਹਿਲਾਂ ਹੀ ਕੀਤੇ ਗਏ ਹਨ।

ਇਸ ਤੋਂ ਇਲਾਵਾ ਲੇਬਰ, ਫ਼ਸਲ ਦੀ ਢੋਆ-ਢੁਆਈ, ਲੋੜੀਂਦੀ ਮਾਤਰਾ ਵਿੱਚ ਬਾਰਦਾਨਾ ਆਦਿ ਦੇ ਪ੍ਰਬੰਧ ਵੀ ਯਕੀਨੀ ਬਣਾਏ ਗਏ ਹਨ।

ਉਨ੍ਹਾਂ ਕਿਸਾਨਾਂ ਨੂੰ ਵੀ ਅਪੀਲ ਕੀਤੀ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਨਿਰਧਾਰਿਤ ਮਾਪਦੰਡਾਂ ਅਨੁਸਾਰ ਹੀ ਫ਼ਸਲ ਲਿਆਂਦੀ ਜਾਵੇ ਤਾਂ ਜੋ ਵੱਖ-ਵੱਖ ਖ਼ਰੀਦ ਏਜੰਸੀਆਂ ਨੂੰ ਖ਼ਰੀਦ ਕਰਨ ਵਿੱਚ ਕੋਈ ਮੁਸ਼ਕਿਲ ਪੇਸ਼ ਨਾ ਆਵੇ। ਉਨ੍ਹਾਂ ਅਧਿਕਾਰੀਆਂ ਨੂੰ ਇਹ ਵੀ ਹਦਾਇਤ ਕੀਤੀ ਕਿ ਕਣਕ ਦੀ ਖ਼ਰੀਦ ਪ੍ਰਕਿਰਿਆ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜਨ ਨੂੰ ਯਕੀਨੀ ਬਣਾਇਆ ਜਾਵੇ।

ਫੋਟੋ ਕੈਪਸ਼ਨ : — ਡਿਪਟੀ ਕਮਿਸ਼ਨਰ ਡਾ.ਹਿਮਾਂਸ਼ੂ ਅਗਰਵਾਲ ਕਰਤਾਰਪੁਰ ਅਤੇ ਨੌਗੱਜਾ ਦਾਣਾ ਮੰਡੀਆਂ ਵਿੱਚ ਕਣਕ ਦੀ ਖ਼ਰੀਦ ਪ੍ਰਕਿਰਿਆ ਦਾ ਜਾਇਜ਼ਾ ਲੈਂਦੇ ਹੋਏ।

ਫੋਟੋ ਕੈਪਸ਼ਨ : — ਡਿਪਟੀ ਕਮਿਸ਼ਨਰ ਡਾ.ਹਿਮਾਂਸ਼ੂ ਅਗਰਵਾਲ ਦਾਣਾ ਮੰਡੀਆਂ ਵਿਖੇ ਕਣਕ ਦੀ ਖ਼ਰੀਦ ਪ੍ਰਕਿਰਿਆ ਦੌਰਾਨ ਕਿਸਾਨਾਂ ਨਾਲ ਗੱਲਬਾਤ ਕਰਦੇ ਹੋਏ।

ਕੈਪਸ਼ਨ – ਸ਼ਾਹਕੋਟ ਵਿਖੇ ਐਸ ਡੀ ਐਮ  ਰਿਸ਼ਭ ਬਾਂਸਲ ਕਣਕ ਦੀ ਖਰੀਦ ਦਾ ਜਾਇਜ਼ਾ ਲੈਂਦੇ ਹੋਏ ।

Leave a Comment

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।

Scroll to Top