ਜਲੰਧਰ, 12 ਫਰਵਰੀ – ਨਸ਼ੇ ਦੀ ਤਸਕਰੀ ਵਿਰੁੱਧ ਇੱਕ ਵੱਡੀ ਸਫਲਤਾ ਹਾਸਲ ਕਰਦਿਆਂ ਜਲੰਧਰ ਦਿਹਾਤੀ ਪੁਲਿਸ ਨੇ 24 ਘੰਟਿਆਂ ਦੇ ਅੰਦਰ ਦੋ ਵੱਖ-ਵੱਖ ਮਾਮਲਿਆਂ ਵਿੱਚ ਤਿੰਨ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ 521 ਨਸ਼ੀਲੀਆਂ ਗੋਲੀਆਂ ਜ਼ਬਤ ਕੀਤੀਆਂ ਹਨ। ਪੁਲਿਸ ਨੇ ਅਪਰਾਧ ਵਿੱਚ ਵਰਤੇ ਗਏ ਦੋ ਵਾਹਨਾਂ ਨੂੰ ਵੀ ਜ਼ਬਤ ਕਰ ਲਿਆ ਹੈ।
ਐਸ.ਐਸ.ਪੀ. ਜਲੰਧਰ ਦਿਹਾਤੀ ਹਰਕਮਲਪ੍ਰੀਤ ਸਿੰਘ ਖੱਖ ਨੇ ਕਿਹਾ ਕਿ ਪਹਿਲੀ ਸਫਲਤਾ ਉਦੋਂ ਮਿਲੀ ਜਦੋਂ ਮਕਸੂਦਾਂ ਪੁਲਿਸ ਸਟੇਸ਼ਨ ਦੀ ਇੱਕ ਵਿਸ਼ੇਸ਼ ਟੀਮ ਨੇ ਰਾਏਪੁਰ ਰਸੂਲਪੁਰ ਨਹਿਰ ਨੇੜੇ ਇੱਕ ਸਵਿਫਟ ਡਿਜ਼ਾਇਰ ਕਾਰ (ਜੇਕੇ-02-ਬੀਐਲ-3289) ਨੂੰ ਰੋਕਿਆ। ਉਨ੍ਹਾਂ ਦੱਸਿਆ ਕਿ ਟੀਮ ਨੇ ਹਰਗੋਬਿੰਦ ਨਗਰ ਦੇ ਜਸਵੀਰ ਸਿੰਘ ਅਤੇ ਕਾਹਨਪੁਰ ਦੇ ਲਖਵੀਰ ਕੁਮਾਰ ਨੂੰ ਗ੍ਰਿਫ਼ਤਾਰ ਕੀਤਾ। ਉਨ੍ਹਾਂ ਦੱਸਿਆ ਕਿ ਇਹਨਾਂ ਦੇ ਕਬਜ਼ੇ ਵਿੱਚੋਂ 250 ਸੰਤਰੀ ਰੰਗ ਦੀਆਂ ਨਸ਼ੀਲੀਆਂ ਗੋਲੀਆਂ ਵੀ ਬਰਾਮਦ ਕੀਤੀਆਂ ਗਈਆਂ।
ਇੱਕ ਹੋਰ ਕਾਰਵਾਈ ਬਾਰੇ ਦੱਸਦਿਆਂ ਐਸਐਸਪੀ ਖੱਖ ਨੇ ਦੱਸਿਆ ਕਿ ਸਦਰ ਨਕੋਦਰ ਪੁਲਿਸ ਟੀਮ ਨੇ ਬੋਪਾਰਾਏ ਕਲਾਂ ਪਿੰਡ ਨੇੜੇ ਸ਼ਰਕਪੁਰ ਦੇ ਵਿਕਰਮਜੋਤ ਸਿੰਘ ਉਰਫ਼ ਬਿੱਕਾ ਨੂੰ ਕਾਬੂ ਕੀਤਾ। ਇਹ ਵਿਅਕਤੀ, ਜੋ ਇੱਕ ਕਾਲੇ ਐਫਜ਼ੈਡ ਮੋਟਰਸਾਈਕਲ (ਪੀਬੀ-10-ਡੀਸੀ-6075) ‘ਤੇ ਸਵਾਰ ਸੀ, ਨੂੰ 271 ਨਸ਼ੀਲੀਆਂ ਗੋਲੀਆਂ ਸਮੇਤ ਫੜਿਆ ਗਿਆ।
ਉਨ੍ਹਾਂ ਦੱਸਿਆ ਕਿ ਦੋਵੇਂ ਕਾਰਵਾਈਆਂ ਐਸਪੀ ਇਨਵੈਸਟੀਗੇਸ਼ਨ ਜਸਰੂਪ ਕੌਰ ਬਾਠ ਦੀ ਨਿਗਰਾਨੀ ਹੇਠ ਕੀਤੀਆਂ ਗਈਆਂ। ਉਨ੍ਹਾਂ ਦੱਸਿਆ ਕਿ ਇਹ ਗ੍ਰਿਫ਼ਤਾਰੀਆਂ ਪੁਲਿਸ ਨੂੰ ਇਸ ਖੇਤਰ ਵਿੱਚ ਕੰਮ ਕਰ ਰਹੇ ਇੱਕ ਵੱਡੇ ਡਰੱਗ ਨੈੱਟਵਰਕ ਦਾ ਪਰਦਾਫਾਸ਼ ਕਰਨ ਵਿੱਚ ਮਦਦ ਕਰਨਗੀਆਂ। ਉਨ੍ਹਾਂ ਦੱਸਿਆ ਕਿ ਸਬੰਧਤ ਥਾਣਿਆਂ ਵਿੱਚ ਐਨਡੀਪੀਐਸ ਐਕਟ ਦੀ ਧਾਰਾ 22-61-85 ਤਹਿਤ ਕੇਸ ਦਰਜ ਕਰ ਲਏ ਗਏ ਹਨ।
ਐਸਐਸਪੀ ਨੇ ਅੱਗੇ ਕਿਹਾ ਕਿ ਪੁਲਿਸ ਨੇ ਜ਼ਿਲ੍ਹੇ ਵਿੱਚ ਨਸ਼ੀਲੇ ਪਦਾਰਥਾਂ ਦੀ ਤਸਕਰੀ ਵਿਰੁੱਧ ਇੱਕ ਵਿਸ਼ੇਸ਼ ਮੁਹਿੰਮ ਸ਼ੁਰੂ ਕੀਤੀ ਹੈ। ਉਨ੍ਹਾਂ ਦੱਸਿਆ ਕਿ ਨਸ਼ਾ ਤਸਕਰਾਂ ਦਾ ਪਤਾ ਲਗਾਉਣ ਅਤੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰਨ ਲਈ ਸਮਰਪਿਤ ਟੀਮਾਂ ਬਣਾਈਆਂ ਗਈਆਂ ਹਨ।
ਉਨ੍ਹਾਂ ਦੱਸਿਆ ਕਿ ਫੜੇ ਗਏ ਵਿਅਕਤੀਆਂ ਨੂੰ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਹੋਰ ਜਾਂਚ ਲਈ ਰਿਮਾਂਡ ਲਿਆ ਜਾਵੇਗਾ।
ਐਸ.ਐਸ.ਪੀ. ਨੇ ਅਪੀਲ ਕਰਦਿਆਂ ਕਿ ਨਸ਼ੇ ਨੂੰ ਜੜ੍ਹੋਂ ਖਤਮ ਕਰਨ ਲਈ ਨਾਗਰਿਕ ਅੱਗੇ ਆ ਕੇ ਆਪਣੇ ਖੇਤਰਾਂ ਵਿੱਚ ਨਸ਼ੀਲੇ ਪਦਾਰਥਾਂ ਦੀ ਤਸਕਰੀ ਬਾਰੇ ਜਾਣਕਾਰੀ ਸਾਂਝੀ ਕਰਨ । ਸੂਚਨਾ ਦੇਣ ਵਾਲੇ ਦੀ ਪਛਾਣ ਗੁਪਤ ਰੱਖੀ ਜਾਵੇਗੀ।
*ਬਰਾਮਦਗੀਆਂ*:
• ਮਕਸੂਦਾਂ ਵਿੱਚ ਦੋ ਮੁਲਜ਼ਮਾਂ ਤੋਂ 250 ਨਸ਼ੀਲੀਆਂ ਗੋਲੀਆਂ ਅਤੇ ਸਵਿਫਟ ਡਿਜ਼ਾਇਰ ਕਾਰ
• ਨਕੋਦਰ ਵਿੱਚ ਇੱਕ ਮੁਲਜ਼ਮ ਤੋਂ 271 ਨਸ਼ੀਲੀਆਂ ਗੋਲੀਆਂ ਅਤੇ ਐਫਜ਼ੈਡ ਮੋਟਰਸਾਈਕਲ
• ਸਬੰਧਤ ਥਾਣਿਆਂ ਵਿੱਚ ਐਨਡੀਪੀਐਸ ਐਕਟ ਤਹਿਤ ਕੇਸ ਦਰਜ
———-

















































