ਜਲੰਧਰ – ਕੜਾਕੇ ਦੀ ਠੰਡ ਦੇ ਬਾਵਜੂਦ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਹਲਕੀ ਧੁੱਪ ਨਿਕਲਣ ਕਾਰਨ ਲੋਕਾਂ ਨੂੰ ਕੁਝ ਹੱਦ ਤੱਕ ਰਾਹਤ ਮਿਲੀ ਹੈ। ਹਾਲਾਂਕਿ ਮੌਸਮ ਵਿਭਾਗ ਨੇ ਚੇਤਾਵਨੀ ਦਿੱਤੀ ਹੈ ਕਿ ਆਉਣ ਵਾਲੇ ਦਿਨਾਂ ਵਿੱਚ ਠੰਡ ਹੋਰ ਵਧਣ ਵਾਲੀ ਹੈ ਅਤੇ ਪਾਰਾ ਹੋਰ ਹੇਠਾਂ ਜਾ ਸਕਦਾ ਹੈ। ਵਿਭਾਗ ਵੱਲੋਂ ਕੱਲ੍ਹ ਲਈ ਸੰਘਣੇ ਕੋਹਰੇ, ਕੋਲਡ ਵੇਵ ਅਤੇ ਕੋਲਡ ਡੇ ਨੂੰ ਲੈ ਕੇ ਓਰੇਂਜ ਅਲਰਟ ਜਾਰੀ ਕੀਤਾ ਗਿਆ ਹੈ, ਜੋ ਕਿ 9 ਜਨਵਰੀ ਤੱਕ ਜਾਰੀ ਰਹਿਣ ਦੀ ਸੰਭਾਵਨਾ ਹੈ। ਇਸ ਕਾਰਨ ਰਾਤ ਦੇ ਨਾਲ-ਨਾਲ ਦਿਨ ਦੇ ਤਾਪਮਾਨ ਵਿੱਚ ਵੀ ਲਗਾਤਾਰ ਕਮੀ ਦਰਜ ਕੀਤੀ ਜਾ ਰਹੀ ਹੈ।
ਮੌਸਮ ਵਿਭਾਗ ਅਨੁਸਾਰ ਇਸ ਵੇਲੇ ਉੱਤਰ-ਪੱਛਮੀ ਭਾਰਤ ਉੱਪਰ ਵੈਸਟਰਨ ਡਿਸਟਰਬੈਂਸ ਸਰਗਰਮ ਹੈ, ਜਿਸ ਦਾ ਅਸਰ ਪੰਜਾਬ ਦੇ ਮੌਸਮ ‘ਤੇ ਪੈ ਰਿਹਾ ਹੈ। ਪਹਾੜੀ ਖੇਤਰਾਂ ਤੋਂ ਆ ਰਹੀਆਂ ਠੰਢੀਆਂ ਹਵਾਵਾਂ ਕਾਰਨ ਸੂਬੇ ਵਿੱਚ ਸਿਆਲ ਹੋਰ ਤੀਬਰ ਹੋ ਰਿਹਾ ਹੈ। 6 ਅਤੇ 7 ਜਨਵਰੀ ਨੂੰ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਲੁਧਿਆਣਾ, ਸੰਗਰੂਰ, ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ, ਮੋਹਾਲੀ ਅਤੇ ਮਲੇਰਕੋਟਲਾ ਦੇ ਕੁਝ ਇਲਾਕਿਆਂ ਵਿੱਚ ਬਹੁਤ ਸੰਘਣਾ ਕੋਹਰਾ ਪੈਣ ਦੀ ਸੰਭਾਵਨਾ ਜਤਾਈ ਗਈ ਹੈ।
ਪਿਛਲੇ 24 ਘੰਟਿਆਂ ਦੌਰਾਨ ਪੰਜਾਬ ਦੇ ਤਾਪਮਾਨ ਵਿੱਚ ਲਗਭਗ 2.1 ਡਿਗਰੀ ਸੈਲਸੀਅਸ ਦੀ ਗਿਰਾਵਟ ਦਰਜ ਕੀਤੀ ਗਈ ਹੈ, ਜਿਸ ਨਾਲ ਔਸਤ ਤਾਪਮਾਨ ਆਮ ਨਾਲੋਂ 4.1 ਡਿਗਰੀ ਘੱਟ ਹੋ ਗਿਆ ਹੈ। ਹੁਸ਼ਿਆਰਪੁਰ ਸੂਬੇ ਦਾ ਸਭ ਤੋਂ ਠੰਡਾ ਇਲਾਕਾ ਰਿਹਾ, ਜਿੱਥੇ ਘੱਟੋ-ਘੱਟ ਤਾਪਮਾਨ 6.8 ਡਿਗਰੀ ਦਰਜ ਕੀਤਾ ਗਿਆ, ਜਦਕਿ ਅੰਮ੍ਰਿਤਸਰ ਵਿੱਚ ਕੋਲਡ ਡੇ ਦੀ ਸਥਿਤੀ ਬਣੀ ਰਹੀ। ਮੌਸਮ ਵਿਭਾਗ ਮੁਤਾਬਕ ਆਉਣ ਵਾਲੇ ਦੋ ਦਿਨਾਂ ਵਿੱਚ ਤਾਪਮਾਨ ਵਿੱਚ ਹੋਰ 2 ਤੋਂ 3 ਡਿਗਰੀ ਤੱਕ ਕਮੀ ਆ ਸਕਦੀ ਹੈ।

















































