ਡਿਪਟੀ ਕਮਿਸ਼ਨਰ ਅਤੇ ਪ੍ਰਿੰਸੀਪਲ ਪ੍ਰੇਮ ਕੁਮਾਰ ਵੱਲੋਂ ਸਕੂਲ ਆਫ਼ ਐਮੀਨੈਂਸ ਫਿਲੌਰ ‘ਚ ਅਤਿ-ਆਧੁਨਿਕ ਸਪੇਸ ਲੈਬ ਦਾ ਉਦਘਾਟਨ

ਫਿਲੌਰ (ਜਲੰਧਰ), 20 ਮਾਰਚ : ਵਿਦਿਆਰਥੀਆਂ ਨੂੰ ਪੁਲਾੜ ਅਤੇ ਵਿਗਿਆਨ ਨਾਲ ਸਬੰਧਤ ਨਵੀਨਤਮ ਤਕਨਾਲੋਜੀ ਅਤੇ ਗਿਆਨ ਮੁਹੱਈਆ ਕਰਵਾਉਣ ਦੇ ਮੰਤਵ ਨਾਲ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਅਤੇ ਵਾਈਸ ਚੇਅਰਮੈਨ ਪੰਜਾਬ ਸਕੂਲ ਸਿੱਖਿਆ ਬੋਰਡ ਮੋਹਾਲੀ ਪ੍ਰਿੰਸੀਪਲ ਪ੍ਰੇਮ ਕੁਮਾਰ ਵੱਲੋਂ ਅੱਜ ਸਕੂਲ ਆਫ਼ ਐਮੀਨੈਂਸ ਫਿਲੌਰ ਵਿਖੇ ਅਤਿ-ਆਧੁਨਿਕ ਸਪੇਸ ਲੈਬ ਦਾ ਉਦਘਾਟਨ ਕੀਤਾ ਗਿਆ।

ਇਸ ਮੌਕੇ ਸੰਬੋਧਨ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਹ ਲੈਬ ਵਿਦਿਆਰਥੀਆਂ ਵਿੱਚ ਵਿਗਿਆਨ ਪ੍ਰਤੀ ਰੁਚੀ ਨੂੰ ਉਤਸ਼ਾਹਿਤ ਕਰੇਗੀ ਅਤੇ ਉਨ੍ਹਾਂ ਨੂੰ ਪੁਲਾੜ ਵਿਗਿਆਨ ਅਤੇ ਤਕਨਾਲੋਜੀ ਵਿੱਚ ਅੱਗੇ ਵਧਣ ਦੇ ਮੌਕੇ ਪ੍ਰਦਾਨ ਕਰੇਗੀ। ਉਨ੍ਹਾਂ ਕਿਹਾ ਕਿ ਇਸ ਲੈਬ ਦੇ ਬਣਨ ਨਾਲ ਵਿਦਿਆਰਥੀ ਪੁਲਾੜ, ਗ੍ਰਹਿਆਂ ਅਤੇ ਰੋਬੋਟਿਕ ਤਕਨੀਕ ਨਾਲ ਮੌਸਮ ਦੀ ਭਵਿੱਖਵਾਣੀ, ਸੰਚਾਰ ਅਤੇ ਨੈਵੀਗੇਸ਼ਨ ਆਦਿ ਬਾਰੇ ਜਾਣਕਾਰੀ ਹਾਸਲ ਕਰ ਸਕਣਗੇ।

ਇਸ ਮੌਕੇ ਸਹਾਇਕ ਕਮਿਸ਼ਨਰ (ਯੂ.ਟੀ.) ਮੁਕਿਲਨ ਆਰ., ਐਸ.ਡੀ.ਐਮ. ਫਿਲੌਰ ਦੀਪਕ ਭਾਟੀਆ, ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰ.) ਡਾ. ਗੁਰਿੰਦਰਜੀਤ ਕੌਰ ਵੀ ਮੌਜੂਦ ਸਨ।

ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ‘ਸਿੱਖਿਆ ਕ੍ਰਾਂਤੀ’ ਤਹਿਤ ਵਿਦਿਆਰਥੀਆਂ ਨੂੰ ਵਿਸ਼ਵ ਪੱਧਰੀ ਸਿੱਖਿਆ ਸਹੂਲਤਾਂ ਮੁਹੱਈਆ ਕਰਵਾਉਣ ਦੀ ਵਚਨਬੱਧਤਾ ਦੁਹਰਾਉਂਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਪ੍ਰਸ਼ਾਸਨ ਵੱਲੋਂ ਜ਼ਿਲ੍ਹੇ ਦੇ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਸਹੂਲਤਾਂ ਪ੍ਰਦਾਨ ਕਰਨ ਲਈ ਹਰ ਸੰਭਵ ਉਪਰਾਲਾ ਕੀਤਾ ਜਾ ਰਿਹਾ ਹੈ।

ਡਾ. ਅਗਰਵਾਲ ਨੇ ਕਿਹਾ ਕਿ ਅੱਜ ਦਾ ਯੁੱਗ ਵਿਗਿਆਨ ਅਤੇ ਤਕਨਾਲੋਜੀ ਦਾ ਯੁੱਗ ਹੈ ਅਤੇ ਸਪੇਸ ਬਾਰੇ ਸਿੱਖਿਆ ਹਾਸਲ ਕਰਕੇ ਵਿਦਿਆਰਥੀਆਂ ਦੇ ਰੌਸ਼ਨ ਭਵਿੱਖ ਲਈ ਨਵੇਂ ਰਾਹ ਖੁੱਲ੍ਹਣਗੇ। ਉਨ੍ਹਾਂ ਕਿਹਾ ਕਿ ਇਸ ਲੈਬ ਤੋਂ ਸਿੱਖਿਆ ਹਾਸਲ ਕਰਕੇ ਵਿਦਿਆਰਥੀ ਭਵਿੱਖ ਵਿੱਚ ਸਪੇਸ ਵਿਗਿਆਨੀ ਬਣ ਕੇ ਆਪਣੇ ਜ਼ਿਲ੍ਹੇ, ਸੂਬੇ ਅਤੇ ਦੇਸ਼ ਦਾ ਨਾਮ ਰੌਸ਼ਨ ਕਰਨ ਵਿੱਚ ਕਾਮਯਾਬ ਹੋਣਗੇ।

ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਵਿੱਚ ਇਸ ਕਿਸਮ ਦੀ ਲੈਬ ਖੁੱਲ੍ਹਣ ਨਾਲ ਇਥੇ ਪੜ੍ਹਦੇ ਵਿਦਿਆਰਥੀਆਂ ਨੂੰ ਅੰਤਰਿਕਸ਼ ਵਿਗਿਆਨ ਬਾਰੇ ਬਿਹਤਰ ਢੰਗ ਨਾਲ ਜਾਨਣ ਅਤੇ ਸਿੱਖਣ ਦਾ ਮੌਕਾ ਮਿਲੇਗਾ। ਉਨ੍ਹਾਂ ਦੱਸਿਆ ਕਿ ਅਜਿਹੀ ਇਕ ਸਪੇਸ ਲੈਬ ਸਕੂਲ ਆਫ਼ ਐਮੀਨੈਂਸ ਆਦਮਪੁਰ ਵਿਖੇ ਵੀ ਬਣਾਈ ਗਈ ਹੈ, ਜਿਸ ਦਾ ਬੀਤੇ ਦਿਨੀਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਦੌਰਾ ਵੀ ਕੀਤਾ ਗਿਆ ਸੀ।

ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਜ਼ਿਲ੍ਹੇ ਦੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਅਜਿਹੀਆਂ ਹੋਰ ਸਪੇਸ ਲੈਬਜ਼ ਬਣਾਈਆਂ ਜਾਣਗੀਆਂ।

ਡਾ. ਅਗਰਵਾਲ ਨੇ ਵਿਦਿਆਰਥੀਆਂ ਨੂੰ ਮਿਹਨਤ ਅਤੇ ਸਮਰਪਣ ਭਾਵਨਾ ਨਾਲ ਜੀਵਨ ਵਿੱਚ ਸਫ਼ਲਤਾ ਪ੍ਰਾਪਤ ਕਰਨ ਲਈ ਨਿਰੰਤਰ ਯਤਨ ਕਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਸਖ਼ਤ ਮਿਹਨਤ ਦਾ ਕੋਈ ਬਦਲ ਨਹੀਂ ਹੈ ਅਤੇ ਮਿਹਨਤ ਨਾਲ ਜ਼ਿੰਦਗੀ ਵਿੱਚ ਕੋਈ ਵੀ ਮੰਜ਼ਿਲ ਸਰ ਕੀਤੀ ਜਾ ਸਕਦੀ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਦ੍ਰਿੜਤਾ ਨਾਲ ਅੱਗੇ ਵਧਣ ਲਈ ਉਤਸ਼ਾਹਿਤ ਕੀਤਾ।

ਇਸ ਤੋਂ ਪਹਿਲਾਂ ਡਿਪਟੀ ਕਮਿਸ਼ਨਰ ਅਤੇ ਪ੍ਰਿੰਸੀਪਲ ਪ੍ਰੇਮ ਕੁਮਾਰ ਨੇ ਸਪੇਸ ਲੈਬ ਦਾ ਦੌਰਾ ਵੀ ਕੀਤਾ ਅਤੇ ਵਿਦਿਆਰਥੀਆਂ ਨਾਲ ਗੱਲਬਾਤ ਵੀ ਕੀਤੀ।

ਇਸ ਮੌਕੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਰਾਜੀਵ ਕੁਮਾਰ ਜੋਸ਼ੀ, ਪ੍ਰਿੰਸੀਪਲ ਸਕੂਲ ਆਫ਼ ਐਮੀਨੈਂਸ ਫਿਲੌਰ ਤਰਲੋਕ ਸਿੰਘ, ਚੇਅਰਮੈਨ ਐਸ.ਐਸ.ਸੀ. ਕਮੇਟੀ ਡਾ. ਵੈਭਵ ਸ਼ਰਮਾ, ਸਕੱਤਰ ਰੈੱਡ ਕਾਰਸ ਸੁਸਾਇਟੀ ਸੁਰਜੀਤ ਲਾਲ ਅਤੇ ਸਕੂਲ ਦਾ ਸਮੁੱਚਾ ਸਟਾਫ਼ ਮੌਜੂਦ ਸੀ।

Leave a Comment

Your email address will not be published. Required fields are marked *

Scroll to Top