ਡਿਪਟੀ ਕਮਿਸ਼ਨਰ ਵੱਲੋਂ ਕਿਸਾਨਾਂ ਨੂੰ ਫ਼ਸਲਾਂ ਦੀ ਰਹਿੰਦ-ਖੂਹੰਦ ਨੂੰ ਅੱਗ ਨਾ ਲਾਉਣ ਦੀ ਅਪੀਲ

ਨਕੋਦਰ (ਜਲੰਧਰ), 13 ਸਤੰਬਰ: ਫ਼ਸਲ ਦੀ ਰਹਿੰਦ-ਖੂਹੰਦ ਸਾੜਨ ਦੀਆਂ ਘਟਨਾਵਾਂ ਨੂੰ ਠੱਲ੍ਹ ਪਾਉਣ ਲਈ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਨਕੋਦਰ ਸਬ ਡਵੀਜ਼ਨ ਦੇ ਤਿੰਨ ਪਿੰਡਾਂ ਚੱਕ ਕਲਾਂ, ਕੰਗ ਸਾਹਬੂ ਅਤੇ ਸਿੱਧਵਾਂ ਦਾ ਦੌਰਾ ਕਰਕੇ ਕਿਸਾਨਾਂ ਨੂੰ ਖੇਤਾਂ ਵਿੱਚ ਅੱਗ ਲਾਉਣ ਤੋਂ ਗੁਰੇਜ਼ ਕਰਨ ਅਤੇ ਵਾਤਾਵਰਣ ਦੀ ਸੁਰੱਖਿਆ ਵਿੱਚ ਸਰਗਰਮ ਯੋਗਦਾਨ ਪਾਉਣ ਦੀ ਅਪੀਲ ਕੀਤੀ ਗਈ।
ਫ਼ਸਲ ਦੀ ਰਹਿੰਦ-ਖੂਹੰਦ ਸਾੜਨ ਪੱਖੋਂ ਸੰਵੇਦਨਸ਼ੀਲ ਇਨ੍ਹਾਂ ਪਿੰਡਾਂ ਵਿੱਚ ਕਿਸਾਨਾਂ ਨਾਲ ਗੱਲਬਾਤ ਕਰਦਿਆਂ ਡਾ. ਅਗਰਵਾਲ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਦੀ ਕਿਸਾਨਾਂ ਨੂੰ ਆਧੁਨਿਕ ਖੇਤੀ ਅਪਣਾਉਣ ਵਿੱਚ ਸਹਿਯੋਗ ਦੇਣ ਦੀ ਵਚਨਬੱਧਤਾ ਦੁਹਰਾਈ।
ਆਪਣੇ ਦੌਰੇ ਦੌਰਾਨ ਡਾ. ਅਗਰਵਾਲ ਨੇ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਲਾਏ ਬਿਨਾਂ ਇਸ ਦੇ ਪ੍ਰਬੰਧਨ ਵਿੱਚ ਮਦਦ ਲਈ ਸਰਕਾਰ ਵੱਲੋਂ ਮੁਹੱਈਆ ਕਰਵਾਈ ਜਾਂਦੀ ਆਧੁਨਿਕ ਖੇਤੀ ਮਸ਼ੀਨਰੀ, ਬੀਜ, ਉੱਨਤ ਤਕਨੀਕ, ਮੌਸਮ ਦੀ ਭਵਿੱਖਬਾਣੀ ਅਤੇ ਕੀਟਨਾਸ਼ਕਾਂ ਦੀ ਸਹੀ ਵਰਤੋਂ ਬਾਰੇ ਜਾਣਕਾਰੀ ਦੀ ਉਪਲਬਧਤਾ  ਬਾਰੇ ਜਾਣੂ ਕਰਵਾਇਆ। ਉਨ੍ਹਾਂ ਨੇ ਜ਼ਮੀਨ ਹੇਠਲੇ ਪਾਣੀ ਨੂੰ ਬਚਾਉਣ ਲਈ ਫ਼ਸਲੀ ਵਿਭਿੰਨਤਾ ਦੀ ਫੌਰੀ ਲੋੜ ‘ਤੇ ਜ਼ੋਰ ਦਿੱਤਾ। ਕਿਸਾਨਾਂ ਨੂੰ ਫ਼ਸਲ ਰਹਿੰਦ-ਖੂਹੰਦ ਪ੍ਰਬੰਧਨ ਤਕਨੀਕਾਂ ਅਪਣਾਉਣ ਦੀ ਅਪੀਲ ਕਰਦਿਆਂ ਡਿਪਟੀ ਕਮਿਸ਼ਨਰ ਨੇ ਉਨ੍ਹਾਂ ਨੂੰ ਭਰੋਸਾ ਦਿਵਾਇਆ ਕਿ ਇਸ ਕੰਮ ਲਈ ਲੋੜੀਂਦੇ ਸਰੋਤ ਉਪਲਬਧ ਹਨ।
ਬਿਹਤਰ ਖੇਤੀ ਅਭਿਆਸਾਂ ਨੂੰ ਉਤਸ਼ਾਹਿਤ ਕਰਨ ਲਈ ਡਾ. ਅਗਰਵਾਲ ਵੱਲੋਂ “ਵਾਤਾਵਰਣ ਦੇ ਰਾਖੇ” ਐਵਾਰਡ ਦੇਣ ਦਾ ਐਲਾਨ ਕੀਤਾ ਗਿਆ, ਜਿਸ ਤਹਿਤ ਖੇਤੀ ਸਬੰਧੀ ਆਧੁਨਿਕ ਤਕਨੀਕਾਂ ਅਪਨਾਉਣ ਵਾਲੀਆਂ ਪੰਚਾਇਤਾਂ ਅਤੇ ਵਿਅਕਤੀਗਤ ਕਿਸਾਨਾਂ ਨੂੰ ਸਨਮਾਨਿਤ ਕੀਤਾ ਜਾਵੇਗਾ। ਅਜਿਹੇ ਪਿੰਡ ਜਿਥੇ ਪਰਾਲੀ ਸਾੜਨ ਦੀ ਕੋਈ ਘਟਨਾ ਨਹੀਂ ਹੋਵੇਗੀ, ਦੀਆਂ ਪੰਚਾਇਤਾਂ ਨੂੰ ਇੱਕ ਲੱਖ ਰੁਪਏ ਦੇ ਵਿਕਾਸ ਕਾਰਜ ਮਿਲਣਗੇ, ਜਦਕਿ ਵਿਅਕਤੀਗਤ ਕਿਸਾਨਾਂ ਨੂੰ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ ਵਿੱਚ ਸਨਮਾਨਿਤ ਕੀਤਾ ਜਾਵੇਗਾ।
ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਸਹੀ ਰਿਪੋਰਟਿੰਗ ਯਕੀਨੀ ਬਣਾਉਣ ਲਈ ਖੇਤਾਂ ਵਿੱਚ ਅੱਗ ਦੇ ਮਾਮਲਿਆਂ ਦੀ ਨੇੜਿਓਂ ਨਿਗਰਾਨੀ ਕਰਨ ਦੇ ਨਿਰਦੇਸ਼ ਵੀ ਦਿੱਤੇ। ਪਰਾਲੀ ਸਾੜਨ ਦੇ ਰੁਝਾਨ ਨੂੰ ਰੋਕਣ ਨੂੰ ਸਮੂਹਿਕ ਜ਼ਿੰਮੇਵਾਰੀ ਦੱਸਦਿਆਂ ਉਨ੍ਹਾਂ ਕਿਹਾ ਕਿ ਵਾਤਾਵਰਣ ਨੂੰ ਬਚਾਉਣ ਵਿੱਚ ਹਰੇਕ ਕਿਸਾਨ ਦੀ ਕੋਸ਼ਿਸ਼ ਬਹੁਤ ਅਹਿਮੀਅਤ ਰੱਖਦੀ ਹੈ।
ਇਸ ਦੌਰਾਨ ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਅੱਗ ਲੱਗਣ ਦੇ ਮਾਮਲਿਆਂ ‘ਤੇ  ਸਖ਼ਤ ਨਜ਼ਰ ਰੱਖਣ ਦੀ ਹਦਾਇਤ ਕੀਤੀ। ਉਨ੍ਹਾਂ ਕਿਹਾ ਕਿ ਇਸ ਰੁਝਾਨ ਨੂੰ ਰੋਕਣਾ ਸਾਡੀ ਸਮੂਹਿਕ ਜ਼ਿੰਮੇਵਾਰੀ ਹੈ।

Leave a Comment

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।

Scroll to Top