ਜਲੰਧਰ, 28 ਅਕਤੂਬਰ : ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਦੇ ਰੁਝਾਨ ਨੂੰ ਠੱਲ੍ਹ ਪਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੀਤੇ ਠੋਸ ਉਪਰਾਲਿਆਂ ਦੇ ਸਾਰਥਕ ਨਤੀਜੇ ਆਉਣੇ ਸ਼ੁਰੂ ਹੋ ਗਏ ਹਨ, ਜਿਸ ਸਦਕਾ ਜਲੰਧਰ ਜ਼ਿਲ੍ਹੇ ਵਿੱਚ ਇਸ ਸਾਲ ਫ਼ਸਲਾਂ ਦੀ ਰਹਿੰਦ-ਖੂਹੰਦ ਨੂੰ ਅੱਗ ਲਗਾਉਣ ਦੀਆਂ ਘਟਨਾਵਾਂ ਵਿੱਚ ਭਾਰੀ ਗਿਰਾਵਟ ਆਈ ਹੈ।
ਇਸ ਸਾਲ 15 ਸਤੰਬਰ ਤੋਂ ਲੈ ਕੇ 26 ਅਕਤੂਬਰ ਤੱਕ ਪਰਾਲੀ ਨੂੰ ਅੱਗ ਲਗਾਉਣ ਦੇ 13 ਮਾਮਲੇ ਸਾਹਮਣੇ ਆਏ ਹਨ, ਜਦਕਿ ਸਾਲ 2021 ਵਿੱਚ ਅਜਿਹੇ 275 ਮਾਮਲੇ ਸਾਹਮਣੇ ਆਏ ਸਨ। ਮੁੱਖ ਮੰਤਰੀ ਪੰਜਾਬ ਸ.ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਦੇ ਠੋਸ ਯਤਨਾਂ ਸਦਕਾ ਪਿਛਲੇ ਕੁਝ ਸਾਲਾਂ ਵਿੱਚ ਸਕਾਰਾਤਮਕ ਨਤੀਜੇ ਆਏ ਹਨ ਅਤੇ ਸਾਲ 2023 ਵਿੱਚ ਕੇਵਲ 77 ਮਾਮਲੇ, ਸਾਲ 2024 ਵਿੱਚ 22 ਅਤੇ ਇਸ ਸਾਲ ਸਤੰਬਰ 15 ਤੋਂ 26 ਅਕਤੂਬਰ 2025 ਵਿਚਕਾਰ 13 ਮਾਮਲੇ ਦਰਜ ਕੀਤੇ ਗਏ ਹਨ।
ਜ਼ਿਕਰਯੋਗ ਹੈ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪਰਾਲੀ ਸਾੜਨ ਦੇ ਰੁਝਾਨ ਨੂੰ ਰੋਕਣ ਲਈ ਬਹੁ-ਮੰਤਵੀ ਰਣਨੀਤੀ ਅਪਣਾਈ ਗਈ, ਜਿਸ ਤਹਿਤ ਪਰਾਲੀ ਨੂੰ ਅੱਗ ਲਗਾਉਣ ਦੀਆਂ ਘਟਨਾਵਾਂ ’ਤੇ ਨਜ਼ਰ ਰੱਖਣ ਲਈ ਕਲੱਸਟਰ ਅਫ਼ਸਰਾਂ ਦੀ ਤਾਇਨਾਤੀ, ਵਾਤਾਵਰਣ ਮੁਆਵਜ਼ਾ ਲਗਾਉਣਾ, ਜਾਗਰੂਕਤਾ ਗਤੀਵਿਧੀਆਂ ਕਰਵਾਉਣਾ ਅਤੇ ਫ਼ਸਲਾਂ ਦੀ ਰਹਿੰਦ-ਖੂਹੰਦ ਦੀ ਸੁਚੱਜੀ ਸੰਭਾਲ ਲਈ ਸਹਾਇਤਾ ਮੁਹੱਈਆ ਕਰਵਾਉਣਾ ਆਦਿ ਸ਼ਾਮਿਲ ਹੈ।
ਇਸੇ ਤਰ੍ਹਾਂ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪਰਾਲੀ ਨੂੰ ਅੱਗ ਲਗਾਉਣ ਦੇ ਰੁਝਾਨ ਨੂੰ ਰੋਕਣ ਲਈ ਕਈ ਉਪਾਅ ਕੀਤੇ ਗਏ, ਜਿਸ ਵਿੱਚ ਇਸ ਸਾਲ ਐਕਸ-ਸੀਟੂ ਮੈਨੇਜਮੈਂਟ ਤਕਨੀਕ ਦੀ ਵਰਤੋਂ ਕਰਦਿਆਂ ਬੁਆਇਲਰਾਂ ਵਿੱਚ 1.60 ਲੱਖ ਟਨ ਤੋਂ ਵੱਧ ਪਰਾਲੀ ਦਾ ਪ੍ਰਬੰਧਨ ਸ਼ਾਮਿਲ ਹੈ।
ਮੁੱਖ ਖੇਤੀਬਾੜੀ ਅਫ਼ਸਰ ਡਾ.ਜਸਵਿੰਦਰ ਸਿੰਘ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਸਾਲ ਜ਼ਿਲ੍ਹੇ ਵਿੱਚ 1,171,500 ਹੈਕਟੇਅਰ ਰਕਬੇ ਵਿੱਚ ਝੋਨੇ ਦੀ ਕਾਸ਼ਤ ਕੀਤੀ ਗਈ । ਸਬੰਧਿਤ ਅਧਿਕਾਰੀਆ ਵਲੋਂ ਹੁਣ ਤੱਕ ਕਰੀਬ 8 ਚਲਾਨ ਕੀਤੇ ਗਏ ਹਨ, ਜਿਸ ਤਹਿਤ ਉਲੰਘਣਾ ਕਰਨ ਵਾਲਿਆਂ ਨੂੰ 40,000 ਰੁਪਏ ਵਾਤਾਵਰਣ ਮੁਆਵਜ਼ਾ ਲਗਾਇਆ ਗਿਆ ਹੈ ਅਤੇ ਮਾਲ ਰਿਕਾਰਡ ਵਿੱਚ ਰੈਡ ਐਂਟਰੀ ਵੀ ਕੀਤੀ ਗਈ ਹੈ।
ਕਿਸਾਨਾਂ ਨੂੰ ਪਰਾਲੀ ਦੇ ਸੁਚੱਜੇ ਪ੍ਰਬੰਧਨ ਲਈ ਉਪਕਰਣਾਂ ਦੀ ਉਪਲਬਧਤਾ ਯਕੀਨੀ ਬਣਾਉਂਦਿਆਂ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜ਼ਿਲ੍ਹੇ ਵਿੱਚ 7000 ਅਜਿਹੇ ਅਤਿ ਆਧੁਨਿਕ ਖੇਤੀ ਸੰਦ ਸਬਸਿਡੀ ’ਤੇ ਮੁਹੱਈਆ ਕਰਵਾਏ ਗਏ ਹਨ। ਇਸ ਤੋਂ ਇਲਾਵਾ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਲਗਾਉਣ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨ ਲਈ ਜਾਗਰੂਕਤਾ ਮੁਹਿੰਮਾਂ ਦੀ ਲੜੀ ਚਲਾਈ ਗਈ। ਜ਼ਿਲ੍ਹੇ ਵਿੱਚ ਹੁਣ ਤੱਕ 113 ਜਾਗਰੂਕਤਾ ਕੈਂਪ ਲਗਾਏ ਗਏ ਹਨ।
ਜ਼ਿਲ੍ਹੇ ਵਿੱਚ ਪਰਾਲੀ ਸਾੜਨ ਦੀ ਸਮੱਸਿਆ ਨਾਲ ਨਜਿੱਠਣ ਲਈ ਕਿਸਾਨਾਂ ਵੱਲੋਂ ਪਾਏ ਜਾ ਰਹੇ ਯੋਗਦਾਨ ਦੀ ਸ਼ਲਾਘਾ ਕਰਦਿਆਂ ਡਿਪਟੀ ਕਮਿਸ਼ਨਰ ਡਾ.ਹਿਮਾਂਸ਼ੂ ਅਗਰਵਾਲ ਨੇ ਕਿਹਾ ਕਿ ਅਜਿਹੀਆਂ ਘਟਨਾਵਾਂ ਨੂੰ ਹੋਰ ਘੱਟ ਕਰਨ ਲਈ ਜ਼ਿਲ੍ਹੇ ਭਰ ਵਿੱਚ ਹੋਰ ਵਧੇਰੇ ਉਪਰਾਲੇ ਕੀਤੇ ਜਾਣਗੇ।
ਇਸ ਤੋਂ ਇਲਾਵਾ ਡਾ. ਅਗਰਵਾਲ ਨੇ ਜ਼ਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਪਰਾਲੀ ਨੂੰ ਅੱਗ ਲਾਉਣ ਤੋਂ ਗੁਰੇਜ਼ ਕੀਤਾ ਜਾਵੇ ਕਿਉਂਕਿ ਇਸ ਨਾਲ ਉੱਠਣ ਵਾਲਾ ਧੂੰਆਂ ਦਮੇ ਦੇ ਮਰੀਜ਼ਾਂ ਲਈ ਦਿੱਕਤਾਂ ਵਿੱਚ ਵਾਧਾ ਕਰ ਸਕਦਾ ਹੈ।

















































