ਜਲੰਧਰ, 22 ਅਗਸਤ : ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਝੋਨੇ ਦੇ ਅਗਾਮੀ ਸੀਜ਼ਨ ਦੌਰਾਨ 17 ਫੀਸਦੀ ਜਾਂ ਇਸ ਤੋਂ ਘੱਟ ਨਮੀ ਵਾਲਾ ਝੋਨਾ ਹੀ ਮੰਡੀਆਂ ਵਿੱਚ ਲਿਆਂਦਾ ਜਾਵੇ। ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਇਸ ਗੱਲ ’ਤੇ ਜ਼ੋਰ ਦਿੱਤਾ ਕਿ ਹਦਾਇਤਾਂ ਦੀ ਸਖ਼ਤੀ ਨਾਲ ਪਾਲਣਾ ਜ਼ਿਲ੍ਹੇ ਭਰ ਵਿੱਚ ਝੋਨੇ ਦੀ ਖ਼ਰੀਦ ਪ੍ਰਕਿਰਿਆ ਨੂੰ ਸੁਚਾਰੂ ਤੇ ਨਿਰਵਿਘਨ ਢੰਗ ਨਾਲ ਨੇਪਰੇ ਚਾੜ੍ਹਨ ਵਿੱਚ ਮਦਦਗਾਰ ਸਾਬਿਤ ਹੋਵੇਗੀ।
ਡਾ.ਅਗਰਵਾਲ ਨੇ ਕਿਹਾ ਕਿ ਕੰਬਾਈਨਾਂ ਨਾਲ ਝੋਨੇ ਦੀ ਕਟਾਈ ਸਵੇਰੇ 10 ਵਜੇ ਤੋਂ ਸ਼ਾਮ 6 ਵਜੇ ਤੱਕ ਕਰਨ ਦੀ ਆਗਿਆ ਹੋਵੇਗੀ ਅਤੇ ਉਲੰਘਣਾ ਕਰਨ ਵਾਲਿਆਂ ਖਿਲਾਫ਼ ਜ਼ਬਤੀ ਸਮੇਤ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਨਿਰਧਾਰਿਤ ਮਾਪਦੰਡਾਂ ਅਨੁਸਾਰ ਕਿਸਾਨਾਂ ਦੀ ਫ਼ਸਲ ਦਾ ਇਕ-ਇਕ ਦਾਣਾ ਬਿਨ੍ਹਾਂ ਕਿਸੇ ਦੇਰੀ ਦੇ ਖ਼ਰੀਦ ਕਰਨ ਲਈ ਵਚਨਬੱਧ ਹੈ।
ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਂਦਿਆਂ ਡਿਪਟੀ ਕਮਿਸ਼ਨਰ ਨੇ ਖੁਰਾਕ, ਸਿਵਲ ਸਪਲਾਈਜ਼ ਅਤੇ ਮੰਡੀ ਬੋਰਡ ਦੇ ਅਧਿਕਾਰੀਆਂ ਨੂੰ ਜ਼ਿਲ੍ਹੇ ਦੀਆਂ 78 ਮੰਡੀਆਂ ਅਤੇ 28 ਆਰਜ਼ੀ ਯਾਰਡਾਂ ਵਿੱਚ ਝੋਨੇ ਦੀ ਖ਼ਰੀਦ ਲਈ ਪੁਖ਼ਤਾ ਪ੍ਰਬੰਧਾਂ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀ ਸਹੂਲਤ ਲਈ ਮੰਡੀਆਂ ਵਿੱਚ ਸਾਫ਼-ਸਫ਼ਾਈ, ਪੀਣ ਵਾਲੇ ਪਾਣੀ, ਸ਼ੈਡ, ਰੌਸ਼ਨੀ, ਪੱਖਿਆਂ ਆਦਿ ਸਮੇਤ ਲੋੜੀਂਦੇ ਪ੍ਰਬੰਧ ਪਹਿਲਾਂ ਹੀ ਮੁਕੰਮਲ ਕਰ ਲਏ ਜਾਣ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਸੀਜ਼ਨ ਦੌਰਾਨ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ 10.80 ਲੱਖ ਮੀਟ੍ਰਿਕ ਟਨ ਝੋਨੇ ਦੀ ਆਮਦ ਹੋਣ ਦੀ ਸੰਭਾਵਨਾ ਹੈ। ਉਨ੍ਹਾਂ ਕਿਸਾਨਾਂ ਨੂੰ ਭਰੋਸਾ ਦੁਆਇਆ ਕਿ ਮੰਡੀਆਂ ਵਿੱਚ ਉਨ੍ਹਾਂ ਦੀ ਫ਼ਸਲ ਦੀ ਨਿਰਵਿਘਨ ਤੇ ਸੁਚਾਰੂ ਖ਼ਰੀਦ ਲਈ ਪੁਖ਼ਤਾ ਪ੍ਰਬੰਧਾਂ ਕੀਤੇ ਜਾਣਗੇ।
