ਗੈਸ ਸਿਲੰਡਰਾਂ ਦੀ ਕਾਲਾਬਾਜ਼ਾਰੀ ਰੋਕਣ ਲਈ ਜਲੰਧਰ ਪ੍ਰਸ਼ਾਸਨ ਨੇ ਜਾਰੀ ਕੀਤਾ ਵਟਸਐਪ ਹੈਲਪਲਾਈਨ ਨੰਬਰ

ਜਲੰਧਰ, 15 ਮਾਰਚ : ਜ਼ਿਲ੍ਹਾ ਪ੍ਰਸ਼ਾਸਨ ਵਲੋਂ ਮੌਜੂਦਾ ਹਾਲਾਤ ਦੇ ਮੱਦੇਨਜ਼ਰ ਗੈਸ ਸਿਲੰਡਰਾਂ ਦੀ ਕਾਲਾਬਜ਼ਾਰੀ ਰੋਕਣ ਲਈ ਜਿੱਥੇ ਉੱਚ ਅਧਿਕਾਰੀਆਂ ਦੀ ਕਮੇਟੀ ਗਠਿਤ ਕੀਤੀ ਗਈ ਹੈ ਅਤੇ ਵੱਡੇ ਪੱਧਰ ‘ਤੇ ਟੀਮਾਂ ਵਲੋਂ ਗੈਸ ਏਜੰਸੀਆਂ ਦੀ ਚੈਕਿੰਗ ਕੀਤੀ ਜਾ ਰਹੀ ਹੈ, ਉੱਥੇ ਹੁਣ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਵਲੋਂ ਇਕ ਹੋਰ ਅਹਿਮ ਕਦਮ ਚੁੱਕਦਿਆਂ ਵਟਸਐਪ ਹੈਲਪਲਾਈਨ ਨੰਬਰ 9646222555 ਜਾਰੀ ਕੀਤਾ ਗਿਆ ਹੈ, ਤਾਂ ਜੋ ਗੈਸ ਸਿਲੰਡਰਾਂ ਦੀ ਸੁਚਾਰੂ ਸਪਲਾਈ ਯਕੀਨੀ ਬਣਾਉਣ ਦੇ ਨਾਲ-ਨਾਲ ਕਾਲਾਬਾਜ਼ਾਰੀ ‘ਤੇ ਨਿਗਰਾਨੀ ਰੱਖੀ ਜਾ ਸਕੇ।

ਇਸ ਹੈਲਪਲਾਈਨ ਨੰਬਰ ’ਤੇ ਆਮ ਲੋਕ ਜੇਕਰ ਕਿਤੇ ਗੈਸ ਸਿਲੰਡਰਾਂ ਦੀ ਕਾਲਾਬਾਜ਼ਾਰੀ ਦਾ ਮਾਮਲਾ ਸਾਹਮਣੇ ਆਉਂਦਾ ਹੈ ਤਾਂ ਮੈਸੇਜ ਰਾਹੀਂ ਸੂਚਨਾ ਸਾਂਝੀ ਕਰ ਸਕਦੇ ਹਨ।

ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਵਧੇਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਮਕਸਦ ਲਈ ਬਾਕਾਇਦਾ ਲੋੜੀਂਦਾ ਸਟਾਫ਼ ਤਾਇਨਾਤ ਕੀਤਾ ਜਾ ਰਿਹਾ ਹੈ, ਜੋ ਕਿ ਪ੍ਰਾਪਤ ਹੋਣ ਵਾਲੀਆਂ ਸ਼ਿਕਾਇਤਾਂ ਅਤੇ ਸੂਚਨਾਵਾਂ ਨੂੰ ਫੌਰੀ ਕਾਰਵਾਈ ਲਈ ਤੁਰੰਤ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਦੀ ਅਗਵਾਈ ਵਿੱਚ ਗਠਿਤ ਕਮੇਟੀ ਨੂੰ ਭੇਜਣਾ ਯਕੀਨੀ ਬਣਾਏਗਾ।

ਉਨ੍ਹਾਂ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਜੇਕਰ ਉਨ੍ਹਾਂ ਨੂੰ ਕਿਤੇ ਵੀ ਗੈਸ ਸਿਲੰਡਰਾਂ ਦੀ ਕਾਲਾਬਾਜ਼ਾਰੀ ਬਾਰੇ ਕੋਈ ਜਾਣਕਾਰੀ ਮਿਲਦੀ ਹੈ, ਤਾਂ ਤੁਰੰਤ ਉਕਤ ਹੈਲਪਲਾਈਨ ਨੰਬਰ ਰਾਹੀਂ ਸਾਂਝੀ ਕੀਤੀ ਜਾਵੇ, ਤਾਂ ਜੋ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਤੁਰੰਤ ਬਣਦੀ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਸਕੇ।

ਡਾ. ਅਗਰਵਾਲ ਨੇ ਕਿਹਾ ਕਿ ਮੌਜੂਦਾ ਬਣੇ ਹਾਲਾਤ ਦੇ ਮੱਦੇਨਜ਼ਰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਾਰੀ ਸਥਿਤੀ ’ਤੇ ਬਾਰੀਕੀ ਨਾਲ ਨਜ਼ਰ ਰੱਖੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸਿਲੰਡਰਾਂ ਦੀ ਕਾਲਾਬਾਜ਼ਾਰੀ ਤੇ ਗੈਰ-ਕਾਨੂੰਨੀ ਜਮ੍ਹਾਖੋਰੀ ਨੂੰ ਰੋਕਣ ਲਈ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਦੀ ਪ੍ਰਧਾਨਗੀ ਹੇਠ ਇਕ ਵਿਸ਼ੇਸ਼ ਕਮੇਟੀ ਦਾ ਗਠਨ ਕੀਤਾ ਗਿਆ ਹੈ। ਇਸ ਤੋਂ ਇਲਾਵਾ ਘਰੇਲੂ ਗੈਸ ਸਿਲੰਡਰਾਂ ਦੀ ਸੁਚਾਰੂ ਸਪਲਾਈ ਤੇ ਵੰਡ ਯਕੀਨੀ ਬਣਾਉਣ ਲਈ ਗੈਸ ਏਜੰਸੀਆਂ ਤੇ ਉਨ੍ਹਾਂ ਦੇ ਗੋਦਾਮਾਂ ’ਤੇ ਨਿਗਰਾਨੀ ਲਈ ਜ਼ਿਲ੍ਹਾ ਪ੍ਰਸ਼ਾਸਨ ਦੀਆਂ ਟੀਮਾਂ ਵਲੋਂ ਲਗਾਤਾਰ ਚੈਕਿੰਗ ਕੀਤੀ ਜਾ ਰਹੀ ਹੈ।

ਡਿਪਟੀ ਕਮਿਸ਼ਨਰ ਨੇ ਲੋਕਾਂ ਨੂੰ ਅਫ਼ਵਾਹਾਂ ਤੋਂ ਸੁਚੇਤ ਰਹਿਣ ਦੀ ਅਪੀਲ ਕਰਦਿਆਂ ਕਿਹਾ ਕਿ ਕਿੱਲਤ ਬਾਰੇ ਅਫ਼ਵਾਹਾਂ ਫੈਲਾਉਣ ਵਾਲਿਆਂ ਖਿਲਾਫ਼ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ  ਜਾਵੇਗੀ। ਉਨ੍ਹਾਂ ਜਨਤਾ ਨੂੰ ਘਬਰਾਹਟ ਵਿੱਚ ਆ ਕੇ ਗੈਸ ਸਿਲੰਡਰਾਂ ਦੀ ਬੇਲੋੜੀ ਖ਼ਰੀਦ ਕਰਨ ਤੋਂ ਗੁਰੇਜ਼ ਕਰਨ ਦੀ ਅਪੀਲ ਵੀ ਕੀਤੀ।

ਕਾਲਾਬਾਜ਼ਾਰੀ ਅਤੇ ਗੈਰ-ਕਾਨੂੰਨੀ ਜਮ੍ਹਾਖੋਰੀ ਖਿਲਾਫ਼ ਸਖ਼ਤ ਕਾਰਵਾਈ ਦੀ ਚਿਤਾਵਨੀ ਦਿੰਦਿਆਂ ਡਾ. ਅਗਰਵਾਲ ਨੇ ਕਿਹਾ ਕਿ ਜੇਕਰ ਕੋਈ ਅਜਿਹਾ ਮਾਮਲਾ ਸਾਹਮਣੇ ਆਉਂਦਾ ਹੈ ਤਾਂ ਜ਼ਰੂਰੀ ਵਸਤਾਂ ਐਕਟ-1955 ਤਹਿਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

Leave a Comment

Your email address will not be published. Required fields are marked *

Scroll to Top