ਜਲੰਧਰ, 2 ਮਈ : ਡਿਪਟੀ ਕਮਿਸ਼ਨਰ ਸ਼੍ਰੀ ਵਰਜੀਤ ਵਾਲੀਆ ਨੇ ਜ਼ਿਲ੍ਹੇ ਵਿੱਚ ਚੱਲ ਰਹੀ ਕਣਕ ਦੀ ਖਰੀਦ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬੀਤੀ ਸ਼ਾਮ ਤੱਕ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਕੁੱਲ 4,68,149 ਮੀਟ੍ਰਿਕ ਟਨ ਕਣਕ ਦੀ ਆਮਦ ਹੋਈ ਹੈ ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਮੰਡੀਆਂ ਵਿੱਚ ਕੀਤੇ ਪੁਖ਼ਤਾ ਪ੍ਰਬੰਧਾਂ ਸਦਕਾ ਵੱਖ-ਵੱਖ ਖਰੀਦ ਏਜੰਸੀਆਂ ਵੱਲੋਂ 4,67,198 ਮੀਟ੍ਰਿਕ ਟਨ ਖਰੀਦ ਕੀਤੀ ਜਾ ਚੁੱਕੀ ਹੈ।
ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ ਕਿਸਾਨਾਂ ਨੂੰ ਖਰੀਦ ਕੀਤੀ ਕਣਕ ਦੀ ਅਦਾਇਗੀ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਈ ਜਾ ਰਹੀ ਹੈ ਅਤੇ 1150 ਕਰੋੜ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ।
ਡਿਪਟੀ ਕਮਿਸ਼ਨਰ ਨੇ ਲਿਫ਼ਟਿੰਗ ਵਿੱਚ ਤੇਜ਼ੀ ਲਿਆਉਣ ’ਤੇ ਜ਼ੋਰ ਦਿੰਦਿਆਂ ਸਬੰਧਿਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਲਿਫ਼ਟਿੰਗ ਦੇ ਕੰਮ ਨੂੰ ਹੋਰ ਗਤੀ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਫ਼ਸਲ ਦੀ ਮਿੱਥੇ ਸਮੇਂ ਵਿੱਚ ਚੁਕਾਈ ਹੋਣੀ ਚਾਹੀਦੀ ਹੈ।
ਸ਼੍ਰੀ ਵਾਲੀਆ ਨੇ ਕਿਹਾ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਮੁਤਾਬਕ ਜ਼ਿਲ੍ਹਾ ਪ੍ਰਸ਼ਾਸਨ ਖਰੀਦ ਸੀਜ਼ਨ ਨੂੰ ਨਿਰਵਿਘਨ ਅਤੇ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਵਚਨਬੱਧ ਹੈ, ਜਿਸ ਤਹਿਤ ਸਮੁੱਚੀ ਖਰੀਦ ਪ੍ਰਕਿਰਿਆ ਨੂੰ ਬਿਨ੍ਹਾਂ ਕਿਸੇ ਰੁਕਾਵਟ ਦੇ ਸੁਚੱਜੇ ਢੰਗ ਨਾਲ ਸਿਰੇ ਚਾੜ੍ਹਿਆ ਜਾ ਰਿਹਾ ਹੈ।
ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਅਹਿਮ ਅਪੀਲ ਕਰਦਿਆਂ ਕਿਹਾ ਕਿ ਕਟਾਈ ਉਪਰੰਤ ਕਣਕ ਦੇ ਨਾੜ ਨੂੰ ਬਿਲਕੁਲ ਅੱਗ ਨਾ ਲਗਾਈ ਜਾਵੇ, ਕਿਉਂਕਿ ਇਸ ਨਾਲ ਨਾ ਸਿਰਫ਼ ਵਾਤਾਵਰਣ ਪ੍ਰਦੂਸ਼ਿਤ ਹੁੰਦਾ ਹੈ ਸਗੋਂ ਮਿੱਟੀ ਦੀ ਉਪਜਾਊ ਸ਼ਕਤੀ ਵੀ ਘੱਟਦੀ ਹੈ ਅਤੇ ਫ਼ਸਲ ਦੀ ਰਹਿੰਦ-ਖੂਹੰਦ ਨੂੰ ਸਾੜਨ ਨਾਲ ਪੈਦਾ ਹੋਣ ਵਾਲੇ ਧੂੰਏਂ ਕਾਰਨ ਹਾਦਸੇ ਹੋਣ ਦਾ ਡਰ ਵੀ ਬਣਿਆ ਰਹਿੰਦਾ ਹੈ।
ਉਨ੍ਹਾਂ ਕਿਸਾਨਾਂ ਨੂੰ ਨਾੜ ਨੂੰ ਅੱਗ ਨਾ ਲਾ ਕੇ ਵਾਤਾਵਰਣ ਦੀ ਸੰਭਾਲ ਵਿੱਚ ਯੋਗਦਾਨ ਪਾਉਣ ਦਾ ਸੱਦਾ ਦਿੱਤਾ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਫ਼ਸਲ ਦੀ ਰਹਿੰਦ-ਖੂਹੰਦ ਦੇ ਸੁਚੱਜੇ ਪ੍ਰਬੰਧਨ ਲਈ ਸਰਕਾਰ ਵੱਲੋਂ ਸਬਸਿਡੀ ’ਤੇ ਮੁਹੱਈਆ ਕਰਵਾਈ ਜਾ ਰਹੀ ਖੇਤੀ ਮਸ਼ੀਨਰੀ ਦੀ ਵੱਧ ਤੋਂ ਵੱਧ ਵਰਤੋਂ ਕੀਤੀ ਜਾਵੇ।

















































