ਜਲੰਧਰ, 28 ਅਪ੍ਰੈਲ : ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਦੀਆਂ ਹਦਾਇਤਾਂ ’ਤੇ ਉਪ ਮੰਡਲ ਮੈਜਿਸਟ੍ਰੇਟ ਜਲੰਧਰ-1 ਨਵਦੀਪ ਸਿੰਘ ਵੱਲੋਂ ਅੱਜ ਸਥਾਨਕ ਸ਼ਹੀਦ ਬਾਬੂ ਲਾਭ ਸਿੰਘ ਸਿਵਲ ਹਸਪਤਾਲ ਦਾ ਅਚਨਚੇਤ ਨਿਰੀਖਣ ਕੀਤਾ ਗਿਆ।
ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਨਾਲ ਲੈਕੇ ਕੀਤੇ ਨਿਰੀਖਣ ਦੌਰਾਨ ਐਸ.ਡੀ.ਐਮ. ਨੇ ਸਿਵਲ ਹਸਪਤਾਲ ਵਿਖੇ ਮਰੀਜ਼ਾਂ ਨੂੰ ਪ੍ਰਦਾਨ ਕੀਤੀਆਂ ਜਾ ਰਹੀਆਂ ਸਿਹਤ ਸੇਵਾਵਾਂ, ਪੀਣ ਵਾਲੇ ਸਾਫ ਪਾਣੀ ਦੀ ਉਪਲਬਧਤਾ, ਸਾਫ-ਸਫਾਈ ਖਾਸ ਕਰ ਬਾਥਰੂਮਾਂ ਦੀ ਸਫਾਈ ਸਮੇਤ ਹੋਰ ਬੁਨਿਆਦੀ ਸਹੂਲਤਾਂ ਦਾ ਜਾਇਜ਼ਾ ਲਿਆ। ਉਨ੍ਹਾਂ ਮੌਕੇ ‘ਤੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਵੀ ਦਿੱਤੇ।
ਉਨ੍ਹਾਂ ਮਰੀਜ਼ਾਂ ਨੂੰ ਸਿਵਲ ਹਸਪਤਾਲ ਵਿੱਚੋਂ ਮਿਲ ਰਹੀਆਂ ਦਵਾਈਆਂ ਦੀ ਉਪਲਬਧਤਾ ਬਾਰੇ ਫੀਡਬੈਕ ਵੀ ਹਾਸਲ ਕੀਤੀ। ਇਸ ਤੋਂ ਇਲਾਵਾ ਉਨ੍ਹਾਂ ਵੱਖ-ਵੱਖ ਵਾਰਡਾਂ ਦਾ ਦੌਰਾ ਕਰਦਿਆਂ ਮਰੀਜ਼ਾਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਨੂੰ ਸਿਵਲ ਹਸਪਤਾਲ ਵਿੱਚ ਮਿਲ ਰਹੀਆਂ ਸਿਹਤ ਸੇਵਾਵਾਂ ਅਤੇ ਹੋਰ ਸਹੂਲਤਾਂ ਬਾਰੇ ਪੁੱਛਿਆ। ਮਰੀਜ਼ਾਂ ਵੱਲੋਂ ਸਿਵਲ ਹਸਪਤਾਲ ਵਿੱਚ ਪ੍ਰਦਾਨ ਕੀਤੀਆਂ ਜਾ ਰਹੀਆਂ ਸਿਹਤ ਸੇਵਾਵਾਂ ‘ਤੇ ਤਸੱਲੀ ਪ੍ਰਗਟ ਕੀਤੀ ਗਈ। ਇਸ ਦੌਰਾਨ ਉਨ੍ਹਾਂ ਲੈਬੋਰੇਟਰੀਜ਼ ਅਤੇ ਡੇਂਗੂ ਵਾਰਡ ਦਾ ਵੀ ਜਾਇਜ਼ਾ ਲਿਆ।
ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਨੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਸਖ਼ਤ ਹਦਾਇਤ ਕਰਦਿਆਂ ਕਿਹਾ ਕਿ ਮਰੀਜ਼ਾਂ ਨੂੰ ਸਿਹਤ ਸਹੂਲਤਾਂ ਪੱਖੋਂ ਕੋਈ ਕਮੀਂ ਨਹੀਂ ਆਉਣੀ ਚਾਹੀਦੀ। ਇਸ ਤੋਂ ਇਲਾਵਾ ਮਰੀਜ਼ਾਂ ਅਤੇ ਅਟੈਂਡੈਂਟਾਂ ਲਈ ਬੁਨਿਆਦੀ ਸਹੂਲਤਾਂ ਯਕੀਨੀ ਬਣਾਈਆਂ ਜਾਣ। ਉਨ੍ਹਾਂ ਕਿਹਾ ਕਿ ਹਸਪਤਾਲ ਵਿੱਚ ਪੀਣ ਵਾਲੇ ਸਾਫ਼ ਪਾਣੀ ਦੇ ਸੁਚੱਜੇ ਪ੍ਰਬੰਧਾਂ ਤੋਂ ਇਲਾਵਾ ਵਾਰਡਾਂ ਅਤੇ ਬਾਥਰੂਮਾਂ ਦੀ ਸਾਫ-ਸਫਾਈ ਯਕੀਨੀ ਬਣਾਈ ਜਾਵੇ।
ਸ਼੍ਰੀ ਵਾਲੀਆ ਨੇ ਪੰਜਾਬ ਸਰਕਾਰ ਵੱਲੋਂ ਮਰੀਜ਼ਾਂ ਨੂੰ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਦੀ ਵਚਨਬੱਧਤਾ ਦੁਹਰਾਉਂਦਿਆਂ ਕਿਹਾ ਕਿ ਜ਼ਿਲ੍ਹੇ ਦੀਆਂ ਸਾਰੀਆਂ ਸਰਕਾਰੀ ਸਿਹਤ ਸੰਸਥਾਵਾਂ ਵਿੱਚ ਸੁਚਾਰੂ ਢੰਗ ਨਾਲ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।
ਉਨ੍ਹਾਂ ਸਿਹਤ ਵਿਭਾਗ ਨੂੰ ਹਦਾਇਤ ਕੀਤੀ ਕਿ ਸੁਚਾਰੂ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੌਰਾਨ ਕਿਸੇ ਕਿਸਮ ਦੀ ਲਾਪ੍ਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਭਵਿੱਖ ਵਿੱਚ ਵੀ ਅਜਿਹੇ ਅਚਨਚੇਤ ਨਿਰੀਖਣ ਜਾਰੀ ਰਹਿਣਗੇ ਅਤੇ ਮਰੀਜ਼ਾਂ ਤੋਂ ਮਿਲ ਰਹੀਆਂ ਸਹੂਲਤਾਂ ਬਾਰੇ ਫੀਡਬੈਕ ਵੀ ਪ੍ਰਾਪਤ ਕੀਤੀ ਜਾਵੇਗੀ।

















































