ਜਲੰਧਰ : ਲੋਕਾਂ ਦੀ ਸੁਰੱਖਿਆ ਅਤੇ ਸ਼ਹਿਰ ਦੀ ਦਿੱਖ ਸੰਵਾਰਨ ਦੀ ਦਿਸ਼ਾ ਵਿੱਚ ਮਹੱਤਵਪੂਰਣ ਕਦਮ ਚੁੱਕਦਿਆਂ ਡਿਪਟੀ ਕਮਿਸ਼ਨਰ ਡਾ.ਹਿਮਾਂਸ਼ੂ ਅਗਰਵਾਲ ਨੇ ਟੈਲੀਕਾਮ ਅਤੇ ਇੰਟਰਨੈੱਟ ਦੀ ਸਹੂਲਤ ਮੁਹੱਈਆ ਕਰਵਾਉਣ ਵਾਲਿਆਂ ਸਮੇਤ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਨੂੰ ਪੂਰੇ ਸ਼ਹਿਰ ਵਿੱਚ ਲਟਕਦੀਆਂ, ਗੈਰ-ਵਰਤੋਂ ਯੋਗ ਅਤੇ ਖ਼ਰਾਬ ਤਾਰਾਂ ਤੁਰੰਤ ਹਟਾਉਣ ਦੀ ਹਦਾਇਤ ਕੀਤੀ। ਉਨ੍ਹਾਂ ਕਿਹਾ ਕਿ ਇਸ ਦੀ ਸ਼ੁਰੂਆਤ ਪਵਿੱਤਰ ਚਿੰਤਪੁਰਨੀ ਮੰਦਿਰ ਪੁਰਾਣਾ, ਰੇਲਵੇ ਰੋਡ ਤੋਂ ਪਾਇਲਟ ਪ੍ਰਾਜੈਕਟ ਦੇ ਤੌਰ ’ਤੇ ਕੀਤੀ ਜਾਵੇ ਅਤੇ ਇਸ ਪ੍ਰਾਜੈਕਟ ਦੀ ਸਫ਼ਲਤਾ ਤੋਂ ਬਾਅਦ ਇਸ ਨੂੰ ਪੂਰੇ ਸ਼ਹਿਰ ਵਿੱਚ ਅਪਣਾਇਆ ਜਾਵੇ।
ਲੋਕਾਂ ਨੂੰ ਦਰਪੇਸ਼ ਸਮੱਸਿਆਵਾਂ ਅਤੇ ਨਿਰੀਖਣ ਦੇ ਆਧਾਰ ’ਤੇ ਡਾ. ਅਗਰਵਾਲ ਕਿਹਾ ਕਿ ਮੰਦਿਰ ਦੇ ਸਾਹਮਣੇ ਅਤੇ ਆਲੇ-ਦੁਆਲੇ ਵੱਡੀ ਗਿਣਤੀ ਤਾਰਾਂ ਉਲਝੀਆਂ ਹੋਈਆਂ ਹਨ। ਉਨ੍ਹਾਂ ਕਿਹਾ ਕਿ ਢਿੱਲੀਆਂ ਅਤੇ ਲਟਕਦੀਆਂ ਤਾਰਾਂ ਖਾਸ ਕਰਕੇ ਬਰਸਾਤ ਅਤੇ ਹਨੇਰੀ-ਤੂਫ਼ਾਨ ਦੇ ਸਮੇਂ ਖ਼ਤਰਾ ਪੈਦਾ ਕਰਦੀਆਂ ਹਨ। ਡਿਪਟੀ ਕਮਿਸ਼ਨਰ ਨੇ ਸਾਰੇ ਸਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਕਿਹਾ ਕਿ ਅਜਿਹੀਆਂ ਲਟਕਦੀਆਂ ਤਾਰਾਂ ਖਾਸ ਕਰ ਬੱਚਿਆਂ ਅਤੇ ਬਜ਼ੁਰਗਾਂ ਲਈ ਬਹੁਤ ਖਤਰਨਾਕ ਹੋ ਸਕਦੀਆਂ ਹਨ।
ਡਿਪਟੀ ਕਮਿਸ਼ਨਰ ਨੇ ਪੀ.ਐਸ.ਪੀ.ਸੀ.ਐਲ., ਬੀ.ਐਸ.ਐਨ.ਐਲ. ਅਤੇ ਇੰਟਰਨੈੱਟ ਸਹੂਲਤ ਪ੍ਰਦਾਨ ਕਰਨ ਵਾਲੀਆਂ ਕੰਪਨੀਆਂ ਨੂੰ ਸਾਂਝੇ ਤੌਰ ’ਤੇ ਇਸ ਮਸਲੇ ਦੇ ਹੱਲ ਲਈ ਪਾਇਲਟ ਪ੍ਰਾਜੈਕਟ ਦੀ ਸ਼ੁਰੂਆਤ ਕਰਨ ਦਾ ਸੱਦਾ ਦਿੱਤਾ। ਉਨ੍ਹਾਂ ਨੇ ਟੀਮਾਂ ਨੂੰ ਹਦਾਇਤ ਕੀਤੀ ਕਿ ਕਾਰਜਸ਼ੀਲ ਅਤੇ ਗੈਰ ਕਾਰਜਸ਼ੀਲ ਤਾਰਾਂ ਦੀ ਪਹਿਚਾਣ ਕਰਕੇ ਇਨ੍ਹਾਂ ਦੀ ਨਿਸ਼ਾਨਦੇਹੀ ਕਰਨ ਤੋਂ ਇਲਾਵਾ ਖ਼ਰਾਬ ਤਾਰਾਂ ਦੀ ਤੁਰੰਤ ਮੁਰੰਮਤ ਕੀਤੀ ਜਾਵੇ ਜਾਂ ਇਨ੍ਹਾਂ ਨੂੰ ਤੁਰੰਤ ਹਟਾਇਆ ਜਾਵੇ। ਉਨ੍ਹਾਂ ਕਿਹਾ ਕਿ ਪਾਇਲਟ ਪ੍ਰਾਜੈਕਟ ਦੀ ਸਫ਼ਲਤਾ ਤੋਂ ਬਾਅਦ ਇਸ ਨੂੰ ਪੂਰੇ ਸ਼ਹਿਰ ਵਿੱਚ ਦੁਹਰਾਇਆ ਜਾਵੇ।
ਡਾ.ਅਗਰਵਾਲ ਨੇ ਜ਼ੋਰ ਦਿੰਦਿਆਂ ਕਿਹਾ ਕਿ ਇਸ ਮੁਹਿੰਮ ਦਾ ਉਦੇਸ਼ ਸ਼ਹਿਰ ਵਾਸੀਆਂ ਦੀ ਸੁਰੱਖਿਆ ਦੇ ਨਾਲ-ਨਾਲ ਸ਼ਹਿਰ ਦੀ ਸੁੰਦਰ ਦਿੱਖ ਨੂੰ ਬਹਾਲ ਕਰਨਾ ਵੀ ਹੈ। ਉਨ੍ਹਾਂ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਆਉਣ ਵਾਲੇ ਹਫ਼ਤਿਆਂ ਦੌਰਾਨ ਅਜਿਹੇ ਨਿਰੀਖਣ ਸ਼ਹਿਰ ਦੇ ਹੋਰਨਾਂ ਖੇਤਰਾਂ ਵਿੱਚ ਕਰਵਾਉਣ ਦੀ ਵਚਨਬੱਧਤਾ ਦਾ ਵੀ ਪ੍ਰਗਟਾਵਾ ਕੀਤਾ। ਉਨ੍ਹਾਂ ਸਬੰਧਿਤਾਂ ਨੂੰ ਸ਼ਹਿਰ ਨੂੰ ਸਾਫ-ਸੁਥਰਾ ਰੱਖਣ ਪ੍ਰਤੀ ਆਪਣੀ ਨਿੱਜੀ ਜ਼ਿੰਮੇਵਾਰੀ ਨਿਭਾਉਣ ਦੀ ਅਪੀਲ ਵੀ ਕੀਤੀ।
