ਜਲੰਧਰ,15 ਦਸੰਬਰ : ਡਿਪਟੀ ਕਮਿਸ਼ਨਰ ਡਾ.ਹਿਮਾਂਸ਼ੂ ਅਗਰਵਾਲ ਅਤੇ ਪੁਲਿਸ ਕਮਿਸ਼ਨਰ ਧਨਪ੍ਰੀਤ ਕੌਰ ਨੇ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਉਹਨਾਂ ਨੂੰ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀਆਂ ਧਮਕੀਆਂ ਸਬੰਧੀ ਮਿਲੀਆਂ ਈਮੇਲਜ਼ ਤੋਂ ਘਬਰਾਉਣ ਦੀ ਲੋੜ ਨਹੀਂ ਹੈ। ਉਨ੍ਹਾਂ ਕਿਹਾ ਕਿ ਮੁੱਢਲੀ ਜਾਂਚ-ਪੜਤਾਲ ਵਿੱਚ ਇਨ੍ਹਾਂ ਧਮਕੀਆਂ ਨੂੰ ਝੂਠੀਆਂ ਤੇ ਬੁਨਿਆਦ ਪਾਇਆ ਗਿਆ ਹੈ।
ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਵਿਖੇ ਪ੍ਰੈਸ ਨੁਮਾਇੰਦਿਆਂ ਨਾਲ ਗੱਲਬਾਤ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਿਵਲ ਪ੍ਰਸ਼ਾਸ਼ਨ ਅਤੇ ਕਮਿਸ਼ਨਰੇਟ ਪੁਲਿਸ ਵਲੋਂ 11 ਸਕੂਲਾਂ ਨੂੰ ਬੰਬ ਦੀਆਂ ਧਮਕੀਆਂ ਮਿਲਣ ’ਤੇ ਤੁਰੰਤ ਕਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਸੁਰੱਖਿਆ ਦੇ ਮੱਦੇਨਜ਼ਰ ਐਂਟੀ ਸਾਬੋਤਾਜ ਤੇ ਹੋਰਨਾਂ ਸੁਰੱਖਿਆ ਟੀਮਾਂ ਨੂੰ ਤੁਰੰਤ ਸਬੰਧਿਤ ਸਕੂਲਾਂ ਦੀ ਬਾਰੀਕੀ ਨਾਲ ਜਾਂਚ ਕਰਨ ਲਈ ਭੇਜ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਜਾਂਚ ਦੌਰਾਨ ਕੋਈ ਵੀ ਸ਼ੱਕੀ ਵਸਤੂ ਅਤੇ ਗਤੀਵਿਧੀ ਸਾਹਮਣੇ ਨਹੀਂ ਆਈ। ਉਨ੍ਹਾਂ ਕਿਹਾ ਕਿ ਸਕੂਲ ਪ੍ਰਬੰਧਕਾਂ ਨੂੰ ਪਹਿਲਾਂ ਹੀ ਸੁਰੱਖਿਆ ਲਈ ਕੀਤੀਆਂ ਜਾਣ ਵਾਲੀਆਂ ਕਾਰਵਾਈਆਂ ਬਾਰੇ ਜਾਣੂ ਕਰਵਾ ਦਿੱਤਾ ਗਿਆ ਹੈ ਅਤੇ ਉਹਨਾਂ ਵਲੋਂ ਪ੍ਰਸਾਸ਼ਨ ਨੂੰ ਪੂਰਾ ਸਹਿਯੋਗ ਦਿੱਤਾ ਗਿਆ ।
ਪੁਲਿਸ ਕਮਿਸ਼ਨਰ ਧਨਪ੍ਰੀਤ ਕੌਰ ਨੇ ਦੱਸਿਆ ਕਿ ਧਮਕੀ ਭਰੀਆਂ ਈਮੇਲ ਦਾ ਪਤਾ ਲਗਾਉਣ ਲਈ ਸਾਈਬਰ ਸੈਲ ਅਧੀਨ ਇਕ ਐਫ.ਆਰ.ਆਰ.ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਸਾਈਬਰਾਂ ਟੀਮਾਂ ਵਲੋਂ ਈਮੇਲਜ਼ ਭੇਜਣ ਲਈ ਵਰਤੇ ਗਏ ਵੀ.ਪੀ.ਐਨ. ਸਰੋਤਾਂ ਦਾ ਪਤਾ ਲਗਾਉਣ ਲਈ ਕੰਮ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਹੁਣ ਤੱਕ ਕੁਝ ਵੀ ਸ਼ੱਕੀ ਨਹੀਂ ਪਾਇਆ ਗਿਆ ਅਤੇ ਇਹਨਾਂ ਧਮਕੀਆਂ ਭਰੀਆਂ ਈਮੇਲਜ਼ ਭੇਜਣ ਪਿਛੇ ਲੋਕਾਂ ਵਿੱਚ ਡਰ ਅਤੇ ਸਹਿਮ ਪੈਦਾ ਕਰਨਾ ਜਾਪਦਾ ਹੈ।
ਪੰਜਾਬ ਸਰਕਾਰ ਦੀ ਅਮਨ-ਕਾਨੂੰਨ ਵਿਵਸਥਾ ਕਾਇਮ ਰੱਖਣ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਪੁਲਿਸ ਕਮਿਸ਼ਨਰ ਨੇ ਕਿਹਾ ਕਿ ਇਕ ਵਾਰ ਦੋਸ਼ੀਆਂ ਦੀ ਪਹਿਚਾਣ ਹੋ ਜਾਣ ਤੋਂ ਬਾਅਦ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।
ਦੋਵਾਂ ਅਧਿਕਾਰੀਆਂ ਨੇ ਨਾਗਰਿਕਾਂ ਨੂੰ ਸ਼ਾਂਤ ਰਹਿਣ ਅਤੇ ਸੂਬਾ ਸਰਕਾਰ ਦੀ ਸੁਰੱਖਿਆ ਵਿਵਸਥਾ ’ਤੇ ਵਿਸ਼ਵਾਸ਼ ਰੱਖਣ ਦੀ ਅਪੀਲ ਕੀਤੀ। ਉਨ੍ਹਾਂ ਭਰੋਸਾ ਦੁਆਇਆ ਕਿ ਵਿਦਿਆਰਥੀਆਂ ਅਤੇ ਆਮ ਜਨਤਾ ਦੀ ਸੁਰੱਖਿਆ ਪ੍ਰਸ਼ਾਸਨ ਦੀ ਪਹਿਲੀ ਤਰਜੀਹ ਹਨ।
——
- +91 99148 68600
- info@livepunjabnews.com
















































