ਜਲੰਧਰ, 26 ਜੂਨ : ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਮਾਲ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਆਮ ਲੋਕਾਂ ਨੂੰ ਮਾਲ ਵਿਭਾਗ ਨਾਲ ਸਬੰਧਤ ਸੇਵਾਵਾਂ ਪੂਰੀ ਪਾਰਦਸ਼ਤਾ, ਨਿਰਵਿਘਨ ਤੇ ਤੈਅ ਸਮਾਂ ਸੀਮਾ ਵਿੱਚ ਮਿਲਣੀਆਂ ਯਕੀਨੀ ਬਣਾਈਆਂ ਜਾਣ ਅਤੇ ਆਪਣੇ ਕੰਮਕਾਜ ਲਈ ਦਫ਼ਤਰਾਂ ਆਉਣ ਵਾਲੇ ਵਿਅਕਤੀਆਂ ਨੂੰ ਹਰ ਸੰਭਵ ਸਹੂਲਤ ਪ੍ਰਦਾਨ ਕੀਤੀ ਜਾਵੇ।
ਬੁੱਧਵਾਰ ਨੂੰ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਮਾਲ ਵਿਭਾਗ ਦੀ ਸ਼ਾਮ ਤੋਂ ਦੇਰ ਤੱਕ ਚੱਲੀ ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਮੇਰਾ ਘਰ ਮੇਰੇ ਨਾਮ’, ਖਸਰਾ ਮੈਪਿੰਗ, ਰਿਕਵਰੀ ਕੇਸਾਂ, ਇੰਤਕਾਲ, ਰੈਵੇਨਿਊ ਕੋਰਸ ਕੇਸਾਂ, ਈ-ਸੇਵਾ ਪੈਂਡੈਂਸੀ, ਜਮ੍ਹਾਬੰਦੀਆਂ ਦੀ ਡਿਜੀਟਾਈਜ਼ੇਸ਼ਨ ਆਦਿ ਦੀ ਪ੍ਰਗਤੀ ਸਮੇਤ ਜਲੰਧਰ ਵਿੱਚ ‘ਈਜ਼ੀ ਰਜਿਸਟ੍ਰੇਸ਼ਨ ਪ੍ਰਣਾਲੀ’ ਲਾਗੂ ਕਰਨ ਸਬੰਧੀ ਚੱਲ ਰਹੀ ਪ੍ਰਕਿਰਿਆ ਦਾ ਬਾਰੀਕੀ ਨਾਲ ਜਾਇਜ਼ਾ ਲਿਆ।
ਡਾ. ਅਗਰਵਾਲ ਨੇ ‘ਮੇਰਾ ਘਰ ਮੇਰੇ ਨਾਮ’ ਸਕੀਮ ਤਹਿਤ ਪਿੰਡਾਂ ਵਿੱਚ ਚੱਲ ਰਹੇ ਗਰਾਊਂਡ ਟਰੂਥਿੰਗ (ਡੋਰ-ਟੂ-ਡੋਰ ਸਰਵੇ) ਦੇ ਕੰਮ ਦੀ ਸਮੀਖਿਆ ਕਰਦਿਆਂ ਇਸ ਵਿੱਚ ਤੇਜ਼ੀ ਲਿਆਉਣ ਦੀਆਂ ਹਦਾਇਤਾਂ ਕੀਤੀਆਂ। ਉਨ੍ਹਾਂ ਕਿਹਾ ਕਿ ਇਸ ਸਕੀਮ ਤਹਿਤ 890 ਪਿੰਡਾਂ ਵਿੱਚ ਡਰੋਨ ਸਰਵੇਖਣ ਉਪਰੰਤ 528 ਨਕਸ਼ਾ-1 ਪ੍ਰਾਪਤ ਹੋਏ ਸਨ, ਜਿਨ੍ਹਾਂ ਦੇ ਆਧਾਰ ’ਤੇ ਪਿੰਡਾਂ ਵਿੱਚ ਡੋਰ-ਟੂ-ਡੋਰ ਸਰਵੇ ਦਾ ਕੰਮ ਚੱਲ ਰਿਹਾ ਹੈ। ਉਨ੍ਹਾਂ ਦੱਸਿਆ ਕਿ 287 ਨਕਸ਼ਾ-1 ਦੀ ਗਰਾਊਂਡ ਟਰੂਥਿੰਗ ਮੁਕੰਮਲ ਹੋ ਚੁੱਕੀ ਹੈ। ਉਨ੍ਹਾਂ ਅਧਿਕਾਰੀਆਂ ਨੂੰ ਡੋਰ-ਟੂ-ਡੋਰ ਸਰਵੇ ਦੇ ਕਾਰਜ ਵਿੱਚ ਤੇਜ਼ੀ ਲਿਆਉਣ ਅਤੇ ਇਸ ਨੂੰ ਜਲਦ ਨੇਪਰੇ ਚਾੜ੍ਹਨ ਲਈ ਜ਼ਿਲ੍ਹਾ ਮਾਲ ਅਫ਼ਸਰ ਨੂੰ ਇਸ ਪ੍ਰਕਿਰਿਆ ਦੀ ਰੋਜ਼ਾਨਾ ਦੇ ਆਧਾਰ ’ਤੇ ਨਿਗਰਾਨੀ ਯਕੀਨੀ ਬਣਾਉਣ ਦੀ ਹਦਾਇਤ ਕੀਤੀ।
ਜਲੰਧਰ ਵਿੱਚ ‘ਈਜ਼ੀ ਰਜਿਸਟ੍ਰੇਸ਼ਨ ਪ੍ਰਣਾਲੀ’ ਸ਼ੁਰੂ ਕਰਨ ਸੰਬੰਧੀ ਕੀਤੇ ਜਾ ਰਹੇ ਪ੍ਰਬੰਧਾਂ ਦਾ ਜਾਇਜ਼ਾ ਲੈਂਦਿਆਂ ਡਿਪਟੀ ਕਮਿਸ਼ਨਰ ਨੇ ਇਸ ਦੇ ਨਿਰਵਿਘਨ ਸੰਚਾਲਨ ਲਈ ਲੋੜੀਂਦੇ ਸਟਾਫ਼, ਸਟਾਫ਼ ਦੀ ਢੁੱਕਵੀਂ ਟ੍ਰੇਨਿੰਗ, ਜ਼ਰੂਰੀ ਸਾਜੋ-ਸਮਾਨ ਆਦਿ ਦੀ ਉਪਲਬਧਤਾ ’ਤੇ ਜ਼ੋਰ ਦਿੱਤਾ। ਉਨ੍ਹਾਂ ਉਪ ਮੰਡਲ ਮੈਜਿਸਟ੍ਰੇਟਾਂ ਨੂੰ ਤਹਿਸੀਲਾਂ ਦਾ ਨਿਜੀ ਤੌਰ ’ਤੇ ਦੌਰਾ ਕਰਨ ਲਈ ਕਿਹਾ ਤਾਂ ਜੋ ਇਸ ਪ੍ਰਣਾਲੀ ਨੂੰ ਬਿਨਾਂ ਕਿਸੇ ਰੁਕਾਵਟ ਦੇ ਨਿਸ਼ਚਿਤ ਦਿਨ ਤੋਂ ਸ਼ੁਰੂ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਇਸ ਪੋਰਟਲ ਰਾਹੀਂ ਰਜਿਸਟ੍ਰੇਸ਼ਨ ਪ੍ਰਕਿਰਿਆ ਹੋਰ ਪਾਰਦਰਸ਼ੀ ਅਤੇ ਸੁਵਿਧਾਜਨਕ ਬਣੇਗੀ।
ਮਾਲ ਵਿਭਾਗ ਨਾਲ ਸਬੰਧਿਤ ਸੇਵਾਵਾਂ ਸਮੇਂ ਸਿਰ ਮੁਹੱਈਆ ਕਰਵਾਉਣ ’ਤੇ ਜ਼ੋਰ ਦਿੰਦਿਆਂ ਉਨ੍ਹਾਂ ਅਧਿਕਾਰੀਆਂ ਨੂੰ ਇੰਤਕਾਲ, ਤਕਸੀਮ, ਜਮ੍ਹਾਂਬੰਦੀਆਂ ਅਤੇ ਨਿਸ਼ਾਨਦੇਹੀ ਦੇ ਮਾਮਲਿਆਂ ਨੂੰ ਬਿਨਾਂ ਕਿਸੇ ਦੇਰੀ ਤੋਂ ਸਮਾਂਬੱਧ ਢੰਗ ਨਾਲ ਨਿਪਟਾਉਣ ਦੀ ਹਦਾਇਤ ਕੀਤੀ। ਉਨ੍ਹਾਂ ਕਿਹਾ ਕਿ ਤਕਸੀਮ ਦੇ ਇਕ-ਦੋ ਸਾਲ ਤੋਂ ਜ਼ਿਆਦਾ ਪੁਰਾਣੇ ਕੇਸਾਂ ਨੂੰ ਪਹਿਲ ਦੇ ਆਧਾਰ ’ਤੇ ਨਿਬੇੜਿਆ ਜਾਵੇ।
ਡਿਪਟੀ ਕਮਿਸ਼ਨਰ ਨੇ ਤਹਿਸੀਲਦਾਰਾਂ ਅਤੇ ਨਾਇਬ ਤਹਿਸੀਲਦਾਰਾਂ ਨੂੰ ਰਿਕਵਰੀ ਨਾਲ ਸਬੰਧਤ ਮਾਮਲਿਆਂ ਨੂੰ ਸੰਜੀਦਗੀ ਨਾਲ ਲੈਂਦਿਆਂ ਰਿਕਵਰੀ ਵਿੱਚ ਤੇਜ਼ੀ ਲਿਆਉਣ ਲਈ ਕਿਹਾ। ਉਨ੍ਹਾਂ ਕਿਹਾ ਕਿ ਰਿਕਵਰੀ ਨੂੰ ਪਹਿਲੀ ਤਰਜੀਹ ਦਿੱਤੀ ਜਾਣੀ ਚਾਹੀਦੀ ਹੈ ਤਾਂ ਜੋ ਸੂਬਾ ਸਰਕਾਰ ਦੇ ਮਾਲੀਏ ਵਿੱਚ ਵਾਧਾ ਹੋ ਸਕੇ।
ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ (ਜ) ਅਮਨਿੰਦਰ ਕੌਰ, ਸਮੂਹ ਐਸ.ਡੀ.ਐਮਜ਼, ਜ਼ਿਲ੍ਹਾ ਮਾਲ ਅਫ਼ਸਰ ਨਵਦੀਪ ਸਿੰਘ ਭੋਗਲ ਅਤੇ ਮਾਲ ਵਿਭਾਗ ਦੇ ਅਧਿਕਾਰੀ ਵੀ ਮੌਜੂਦ ਸਨ।
