ਜਲੰਧਰ ਪ੍ਰਸ਼ਾਸਨ ਸੰਭਾਵੀ ਹੜ੍ਹਾਂ ਵਰਗੀ ਕਿਸੇ ਵੀ ਸਥਿਤੀ ਨਾਲ ਪ੍ਰਭਾਵਸ਼ਾਲੀ ਢੰਗ ਨਾਲ ਨਜਿੱਠਣ ਲਈ ਪੂਰੀ ਤਰ੍ਹਾਂ ਤਿਆਰ : ਡਿਪਟੀ ਕਮਿਸ਼ਨਰ

ਜਲੰਧਰ: ਚੱਲ ਰਹੇ ਮਾਨਸੂਨ ਸੀਜ਼ਨ ਦੇ ਮੱਦੇਨਜ਼ਰ ਜਲੰਧਰ ਪ੍ਰਸ਼ਾਸਨ ਜ਼ਿਲ੍ਹੇ ਵਿੱਚ ਸੰਭਾਵੀ ਹੜ੍ਹਾਂ ਵਰਗੀ ਕਿਸੇ ਵੀ ਸਥਿਤੀ ਨਾਲ ਪ੍ਰਭਾਵਸ਼ਾਲੀ ਢੰਗ ਨਾਲ ਨਜਿੱਠਣ ਲਈ ਪੂਰੀ ਤਰ੍ਹਾਂ ਤਿਆਰ ਹੈ ਕਿਉਂਕਿ ਅਜਿਹੇ ਕਿਸੇ ਵੀ ਹਾਲਾਤ ਨਾਲ ਨਿਪਟਣ ਲਈ ਪ੍ਰਸ਼ਾਸਨ ਵੱਲੋਂ ਪਹਿਲਾਂ ਹੀ ਪੁਖ਼ਤਾ ਪ੍ਰਬੰਧ ਯਕੀਨੀ ਬਣਾਏ ਗਏ ਹਨ।
ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਕਿਹਾ ਕਿ ਜ਼ਿਲ੍ਹੇ ਵਿੱਚ ਹਾਲਾਤ ਬਿਲਕੁਲ ਆਮ ਵਰਗੇ ਹਨ ਅਤੇ ਕਿਸੇ ਨੂੰ ਵੀ ਘਬਰਾਉਣ ਦੀ ਲੋੜ ਨਹੀਂ ਹੈ। ਉਨ੍ਹਾਂ ਦੱਸਿਆ ਕਿ ਬਰਸਾਤ ਦੇ ਮੌਸਮ ਨੂੰ ਧਿਆਨ ਵਿੱਚ ਰੱਖਦਿਆਂ ਹੜ੍ਹਾਂ ਤੋਂ ਬਚਾਅ ਲਈ ਸ਼ਹਿਰਾਂ ਤੇ ਪਿੰਡਾਂ ਵਿੱਚ ਨਹਿਰਾਂ, ਨਾਲਿਆਂ, ਚੌਆਂ, ਡਰੇਨਾਂ ਦੀ ਸਾਫ਼-ਸਫਾਈ, ਦਰਿਆ ਦੇ ਕਿਨਾਰਿਆਂ ਦੇ ਮਜ਼ਬੂਤੀਕਰਨ, ਪਿੰਡਾਂ ਵਿਚਲੇ ਛੱਪੜਾਂ ਦੀ ਡੀ ਵਾਟਰਿੰਗ ਸਮੇਤ ਵਿਆਪਕ ਉਪਾਵਾਂ ਨੂੰ ਅੰਤਿਮ ਰੂਪ ਦਿੱਤਾ ਜਾ ਚੁੱਕਾ ਹੈ।
ਉਨ੍ਹਾਂ ਦੱਸਿਆ ਕਿ ਕਿਸੇ ਵੀ ਹੰਗਾਮੀ ਹਾਲਾਤ ਦੇ ਤੁਰੰਤ ਟਾਕਰੇ ਲਈ ਲੋੜੀਂਦੀ ਗਿਣਤੀ ਵਿੱਚ ਮਿੱਟੀ ਦੇ ਭਰੇ ਬੈਗਾਂ ਦੀ ਉਪਲਬਧਤਾ ਸਮੇਤ ਫਲੱਡ ਲਾਈਟਾਂ, ਸਰਚ ਲਾਈਟਾਂ, ਲਾਈਫ਼ ਜੈਕਟਾਂ, ਰੱਸੇ, ਕਿਸ਼ਤੀਆਂ ਤੋਂ ਇਲਾਵਾ ਹੋਰ ਲੋੜੀਂਦੇ ਇੰਤਜ਼ਾਮ ਪਹਿਲਾਂ ਹੀ ਕਰ ਲਏ ਗਏ ਹਨ। ਇਸ ਦੇ ਨਾਲ ਹੀ ਲੋਕਾਂ ਦੀ ਸਹੂਲਤ ਲਈ ਜ਼ਿਲ੍ਹਾ ਅਤੇ ਸਬ ਡਵੀਜ਼ਨ ਪੱਧਰ ’ਤੇ ਹੜ੍ਹ ਕੰਟਰੋਲ ਰੂਮ ਵੀ ਸਥਾਪਤ ਕੀਤੇ ਗਏ ਹਨ, ਜਿਥੇ ਲੋਕ ਐਮਰਜੈਂਸੀ ਹਾਲਾਤ ਸਮੇਂ ਸੰਪਰਕ ਕਰ ਸਕਦੇ ਹਨ।
ਡਾ. ਅਗਰਵਾਲ ਨੇ ਦੱਸਿਆ ਕਿ ਹੜ੍ਹਾਂ ਤੋਂ ਸੁਰੱਖਿਆ ਸਬੰਧੀ ਪ੍ਰਸ਼ਾਸਨ ਨੇ ਕਈ ਮੌਕ ਡਰਿੱਲ ਵੀ ਕਰਵਾਈਆਂ ਹਨ। ਹਾਲ ਹੀ ਵਿੱਚ ਸਤਲੁਜ ਦਰਿਆ ਦੇ ਕੰਢੇ ਪਿੰਡ ਤਲਵੰਡੀ ਕਲਾਂ ਵਿਖੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਭਾਰਤੀ ਫੌਜ, ਐਨ.ਡੀ.ਆਰ.ਐਫ., ਐਸ.ਡੀ.ਆਰ.ਐਫ. ਅਤੇ ਹੋਰ ਵਿਭਾਗਾਂ ਦੇ ਸਹਿਯੋਗ ਨਾਲ ਫਲੱਡ ਪ੍ਰੋਟੈਕਸ਼ਨ ਐਕਸਰਸਾਈਜ਼ ਕਰਵਾਈ ਗਈ ਸੀ।
ਪੰਜਾਬ ਸਰਕਾਰ ਵੱਲੋਂ ਮਾਨਸੂਨ ਸੀਜ਼ਨ ਦੌਰਾਨ ਲੋਕਾਂ ਦੀ ਜਾਨ-ਮਾਲ ਦੀ ਸੁਰੱਖਿਆ ਯਕੀਨੀ ਬਣਾਉਣ ਦੀ ਵਚਨਬੱਧਤਾ ਦਹੁਰਾਉਂਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਹਰ ਸਥਿਤੀ ਉਪਰ ਨੇੜਿਓਂ ਨਜ਼ਰ ਰੱਖੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਵੱਲੋਂ ਜ਼ਿਲ੍ਹੇ ਵਿੱਚੋਂ ਲੰਘਦੀਆਂ ਸਾਰੀਆਂ ਨਹਿਰਾਂ, ਨਾਲਿਆਂ ਦੀ ਸਫਾਈ ਕਰਵਾਈ ਗਈ ਹੈ, ਫਿਰ ਵੀ ਜੇਕਰ ਕਿਸੇ ਪਿੰਡ ਵਿੱਚ ਨਿਕਾਸੀ ਵਿੱਚ ਰੁਕਾਵਟ ਆਦਿ ਦੀ ਸਮੱਸਿਆ ਪੇਸ਼ ਆਉਂਦੀ ਹੈ ਤਾਂ ਲੋਕ ਸਬੰਧਤ ਐਸ.ਡੀ.ਐਮ. ਨਾਲ ਸੰਪਰਕ ਕਰ ਸਕਦੇ ਹਨ।

Leave a Comment

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।

Scroll to Top