ਡਿਪਟੀ ਕਮਿਸ਼ਨਰ ਵੱਲੋਂ ਉੱਚ ਪੱਧਰੀ ਮੀਟਿੰਗ; ਅਧਿਕਾਰੀਆਂ ਨੂੰ ਉਦਯੋਗਾਂ ਨੂੰ ਦਰਪੇਸ਼ ਸਮੱਸਿਆਵਾਂ ਸਮਾਂਬੱਧ ਤਰੀਕੇ ਨਾਲ ਹੱਲ ਕਰਨ ਦੇ ਦਿੱਤੇ ਨਿਰਦੇਸ਼

ਜਲੰਧਰ, 25 ਫਰਵਰੀ : ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਉੱਚ ਪੱਧਰੀ ਮੀਟਿੰਗ ਕਰਦਿਆਂ ਅਧਿਕਾਰੀਆਂ ਨੂੰ ਉਦਯੋਗਾਂ ਨੂੰ ਦਰਪੇਸ਼ ਮੁਸ਼ਕਲਾਂ ਦਾ ਸਮਾਂਬੱਧ ਤਰੀਕੇ ਨਾਲ ਹੱਲ ਕਰਨ ਦੇ ਨਿਰਦੇਸ਼ ਦਿੱਤੇ।

ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਉਦਯੋਗਾਂ ਨੂੰ ਪਹਿਲ ਦੇ ਅਧਾਰ ‘ਤੇ ਸਹੂਲਤਾਂ ਮੁਹੱਈਆ ਕਰਵਾਈਆਂ ਜਾਣ, ਤਾਂ ਜੋ ਉਨ੍ਹਾਂ ਨੂੰ ਕਿਸੇ ਵੀ ਤਰ੍ਹਾਂ ਦੀਆਂ ਸਮੱਸਿਆਵਾਂ ਦਾ ਸਾਹਮਣਾ ਨਾ ਕਰਨਾ ਪਵੇ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਵਾਧੂ ਚਾਰਜ ਵਧੀਕ ਡਿਪਟੀ ਕਮਿਸ਼ਨਰ (ਜ) ਦਿਵਿਆ ਪੀ ਵੀ ਮੌਜੂਦ ਸਨ।

ਡਾ. ਅਗਰਵਾਲ ਨੇ ਸਬੰਧਤ ਅਧਿਕਾਰੀਆਂ ਨੂੰ ਇਹ ਵੀ ਹਦਾਇਤ ਕੀਤੀ ਕਿ ਉਦਯੋਗਿਕ ਇਲਾਕਿਆਂ ਵਿੱਚ ਸੜਕਾਂ, ਸੀਵਰੇਜ, ਸਟ੍ਰੀਟ ਲਾਈਟਾਂ, ਸਫਾਈ, ਪਾਣੀ ਨਾਲ ਸਬੰਧਤ ਮੁਸ਼ਕਲਾਂ ਦਾ ਨਿਪਟਾਰਾ ਤੁਰੰਤ ਪ੍ਰਭਾਵ ਨਾਲ ਕੀਤਾ ਜਾਵੇ। ਉਨ੍ਹਾਂ ਅਧਿਕਾਰੀਆਂ ਨੂੰ ਦੌਰਾ ਕਰਕੇ ਮੌਕੇ ਦਾ ਜਾਇਜ਼ਾ ਲੈਣ ਦੀ ਹਦਾਇਤ ਵੀ ਕੀਤੀ। ਉਨ੍ਹਾਂ ਨਿਰਦੇਸ਼ ਦਿੰਦਿਆਂ ਕਿਹਾ ਕਿ ਸਨਅਤਾਂ ਨੂੰ ਪੇਸ਼ ਆ ਰਹੀਆਂ ਸਮੱਸਿਆਵਾਂ ਖਾਸ ਕਰ ਜ਼ਿਲ੍ਹਾ ਪੱਧਰ ਨਾਲ ਸਬੰਧਤ ਮੁਸ਼ਕਲਾਂ ਦੇ ਨਿਪਟਾਰੇ ਲਈ ਫੌਰੀ ਕਦਮ ਚੁੱਕੇ ਜਾਣ। ਉਨ੍ਹਾਂ ਕਿਹਾ ਕਿ ਇਸ ਕੰਮ ਵਿੱਚ ਕਿਸੇ ਕਿਸਮ ਦੀ ਲਾਪ੍ਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਜੇਕਰ ਕੋਈ ਕੁਤਾਹੀ ਪਾਈ ਗਈ ਤਾਂ ਸਬੰਧਤ ਅਧਿਕਾਰੀ ਦੀ ਜਵਾਬਦੇਹੀ ਤੈਅ ਕੀਤੀ ਜਾਵੇਗੀ।

ਪੰਜਾਬ ਸਰਕਾਰ ਦੀ ਉਦਯੋਗਾਂ ਨੂੰ ਦਰਪੇਸ਼ ਸਮੱਸਿਆਵਾਂ ਦੇ ਹੱਲ ਅਤੇ ਕਾਰੋਬਾਰ ਲਈ ਸਾਜਗਾਰ ਮਾਹੌਲ ਦੇਣ ਦੀ ਵਚਨਬੱਧਤਾ ਦੁਹਰਾਉਂਦਿਆਂ ਡਿਪਟੀ ਕਮਿਸ਼ਨਰ ਨੇ ਭਰੋਸਾ ਦਿਵਾਇਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਉਦਯੋਗਾਂ ਨੂੰ ਪੇਸ਼ ਆ ਰਹੀਆਂ ਮੁਸ਼ਕਲਾਂ ਦੇ ਹੱਲ ਲਈ ਹਰ ਸੰਭਵ ਕਦਮ ਚੁੱਕੇ ਜਾਣਗੇ।

Leave a Comment

Your email address will not be published. Required fields are marked *

Scroll to Top