ਜਲੰਧਰ, 25 ਜੁਲਾਈ : ਜ਼ਿਲ੍ਹਾ ਪ੍ਰਸ਼ਾਸਨ ਵਲੋਂ 15 ਅਗਸਤ ਨੂੰ ਆਜ਼ਾਦੀ ਦਿਹਾੜਾ ਸ਼ਰਧਾ ਤੇ ਉਤਸ਼ਾਹ ਨਾਲ ਮਨਾਉਣ ਦੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ।
ਅੱਜ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਇਕ ਉੱਚ ਪੱਧਰੀ ਮੀਟਿੰਗ ਦੌਰਾਨ ਕਿਹਾ ਕਿ ਆਜ਼ਾਦੀ ਦਿਹਾੜੇ ਸਬੰਧੀ ਸਮਾਰੋਹ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਸਥਾਨਕ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿਖੇ ਮਨਾਇਆ ਜਾਵੇਗਾ।
ਉਨ੍ਹਾਂ ਅਧਿਕਾਰੀਆਂ ਨੂੰ ਸਮੁੱਚੇ ਪ੍ਰਬੰਧ ਸਮੇਂ ਸਿਰ ਯਕੀਨੀ ਬਣਾਉਣ ਦੀਆਂ ਹਦਾਇਤਾਂ ਕੀਤੀਆਂ, ਤਾਂ ਜੋ ਇਸ ਮਹੱਤਵਪੂਰਣ ਸਮਾਗਮ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਿਆ ਜਾ ਸਕੇ। ਉਨ੍ਹਾਂ ਦੱਸਿਆ ਕਿ ਸਮਾਗਮ ਦੌਰਾਨ ਅਨੁਸ਼ਾਸਤ ਫੋਰਸ ਦੀਆਂ ਟੁਕੜੀਆਂ ਵਲੋਂ ਸ਼ਾਨਦਾਰ ਮਾਰਚ ਪਾਸਟ ਕੀਤਾ ਜਾਵੇਗਾ। ਇਸ ਤੋਂ ਇਲਾਵਾ ਵਿਕਾਸ ਅਤੇ ਲੋਕ ਭਲਾਈ ਯੋਜਨਾਵਾਂ ਨੂੰ ਦਰਸਾਉਂਦੀਆਂ ਝਾਕੀਆਂ ਵੀ ਕੱਢੀਆਂ ਜਾਣਗੀਆਂ ਅਤੇ ਵਿਦਿਆਰਥੀਆਂ ਵੱਲੋਂ ਪੀ.ਟੀ. ਸ਼ੋਅ ਅਤੇ ਦੇਸ਼ ਭਗਤੀ ਦੀ ਭਾਵਨਾ ਨਾਲ ਭਰਪੂਰ ਵੰਨਗੀਆਂ ਵੀ ਸਮਾਗਮ ਦਾ ਹਿੱਸਾ ਹੋਣਗੀਆਂ। ਉਨ੍ਹਾਂ ਕਿਹਾ ਕਿ ਦੇਸ਼ ਦੀ ਆਜ਼ਾਦੀ ਵਿੱਚ ਯੋਗਦਾਨ ਪਾਉਣ ਵਾਲੇ ਜ਼ਿਲ੍ਹੇ ਨਾਲ ਸਬੰਧਿਤ ਆਜ਼ਾਦੀ ਘੁਲਾਟੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਦਾ ਵਿਸ਼ੇਸ਼ ਸਨਮਾਨ ਕੀਤਾ ਜਾਵੇਗਾ। ਇਸ ਤੋਂ ਇਲਾਵਾ ਵਿਲੱਖਣ ਪ੍ਰਾਪਤੀ ਵਾਲੀਆਂ ਸ਼ਖ਼ਸੀਅਤਾਂ ਨੂੰ ਵੀ ਸਨਮਾਨਿਆ ਜਾਵੇਗਾ। ਉਨ੍ਹਾਂ ਕਿਹਾ ਕਿ ਵਧੀਆ ਕਾਰਗੁਜ਼ਾਰੀ ਵਾਲੇ ਅਧਿਕਾਰੀਆਂ/ਕਰਮਚਾਰੀਆਂ ਦਾ ਵੀ ਸਨਮਾਨ ਕੀਤਾ ਜਾਵੇਗਾ, ਇਸ ਲਈ ਵਿਭਾਗਾਂ ਦੇ ਮੁਖੀ ਆਪਣੀਆਂ ਸਿਫਾਰਿਸ਼ਾਂ 8 ਅਗਸਤ ਤੱਕ ਮੁਹੱਈਆ ਕਰਵਾਉਣੀਆਂ ਯਕੀਨੀ ਬਣਾਉਣ।

ਡਾ. ਅਗਰਵਾਲ ਨੇ ਸਮਾਗਮ ਵਾਲੇ ਸਥਾਨ ਦੀ ਸਫਾਈ ਤੇ ਸਜਾਵਟ, ਪ੍ਰਮੁੱਖ ਚੌਕਾ ਦੀ ਸਜਾਵਟ, ਪੀਣ ਵਾਲੇ ਪਾਣੀ ਦੇ ਪ੍ਰਬੰਧ, ਬੈਠਣ ਦੇ ਇੰਤਜ਼ਾਮ, ਨਿਰਵਿਘਨ ਬਿਜਲੀ ਸਪਲਾਈ, ਮੈਡੀਕਲ ਟੀਮਾਂ ਦੀ ਤਾਇਨਾਤੀ, ਫਾਇਰ ਬ੍ਰਿਗੇਡ, ਰਿਫਰੈਸ਼ਮੈਂਟ ਸਮੇਤ ਹੋਰ ਜ਼ਰੂਰੀ ਪ੍ਰਬੰਧਾਂ ਲਈ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਦਿੱਤੇ।
ਉਨ੍ਹਾਂ ਜ਼ਿਲ੍ਹਾ ਪੁਲਿਸ ਨੂੰ ਸਮਾਗਮ ਵਾਲੇ ਦਿਨ ਸਟੇਡੀਅਮ ਵਿੱਚ ਲੋਕਾਂ ਦੀ ਸੁਖਾਲੀ ਐਂਟਰੀ, ਬੈਰੀਕੇਟਿੰਗ, ਸੁਰੱਖਿਆ ਪ੍ਰਬੰਧ, ਢੁੱਕਵੀਂ ਪਾਰਕਿੰਗ ਦੇ ਨਾਲ-ਨਾਲ ਸੁਚਾਰੂ ਆਵਾਜਾਈ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਇਸ ਰਾਸ਼ਟਰੀ ਤਿਉਹਾਰ ਨੂੰ ਸੁਚੱਜੇ ਢੰਗ ਨਾਲ ਮਨਾਉਣ ਲਈ ਸੌਂਪੀਆਂ ਗਈਆਂ ਜ਼ਿੰਮੇਵਾਰੀਆਂ ਨੂੰ ਨਿੱਜੀ ਦਿਲਚਸਪੀ ਲੈਂਦੇ ਹੋਏ ਪੂਰੀ ਸ਼ਿੱਦਤ ਨਾਲ ਪੂਰਾ ਕੀਤਾ ਜਾਵੇ।
ਉਨ੍ਹਾਂ ਦੱਸਿਆ ਕਿ ਆਜ਼ਾਦੀ ਦਿਹਾੜੇ ਸਮਾਗਮ ਦੀ ਫੁੱਲ ਡਰੈੱਸ ਰਿਹਰਸਲ 13 ਅਗਸਤ ਨੂੰ ਹੋਵੇਗੀ।
ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਜਸਬੀਰ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਜਨਰਲ) ਅਮਨਿੰਦਰ ਕੌਰ, ਐਸ.ਡੀ.ਐਮ. ਆਦਮਪੁਰ ਵਿਵੇਕ ਕੁਮਾਰ ਮੋਦੀ (ਵਾਧੂ ਚਾਰਜ ਵਧੀਕ ਡਿਪਟੀ ਕਮਿਸ਼ਨਰ, ਦਿਹਾਤੀ ਵਿਕਾਸ), ਐਸ.ਡੀ.ਐਮ. ਜਲੰਧਰ-1 ਰਣਦੀਪ ਸਿੰਘ ਹੀਰ ਤੇ ਐਸ.ਡੀ.ਐਮ. ਜਲੰਧਰ-2 ਸ਼ਾਇਰੀ ਮਲਹੋਤਰਾ, ਜੁਆਇੰਟ ਕਮਿਸ਼ਨਰ ਨਗਰ ਨਿਗਮ ਜਲੰਧਰ ਸੁਮਨਦੀਪ ਕੌਰ, ਸਹਾਇਕ ਕਮਿਸ਼ਨਰ (ਯੂ.ਟੀ.) ਮੁਕੀਲਨ ਆਰ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਵੀ ਮੌਜੂਦ ਸਨ।
———