ਜਲੰਧਰ, 12 ਅਪ੍ਰੈਲ – ਡਿਪਟੀ ਕਮਿਸ਼ਨਰ ਡਾ.ਹਿਮਾਂਸ਼ੂ ਅਗਰਵਾਲ ਵਲੋਂ ਅੱਜ ਨਿੱਕੂ ਪਾਰਕ ਵਿਖੇ ਬੱਚਿਆਂ ਦੇ ਮਨੋਰੰਜਨ ਲਈ ਲਗਾਏ ਗਏ ਝੂਲਿਆਂ, ਪਾਰਕ ਵਿਖੇ ਸਾਫ਼-ਸਫ਼ਾਈ ਤੇ ਬੱਚਿਆਂ ਦੀ ਸੁਰੱਖਿਆ ਨਾਲ ਜੁੜੇ ਮਸਲਿਆਂ ਦਾ ਜਾਇਜ਼ਾ ਲਿਆ ਗਿਆ।
ਉਨ੍ਹਾਂ ਪਾਰਕ ਦਾ ਦੌਰਾ ਕਰਨ ਮਗਰੋਂ ਮਾਡਲ ਟਾਊਨ ਚਿਲਡਰਨ ਪਾਰਕ ਕਮੇਟੀ ਦੀ ਮੀਟਿੰਗ ਦੌਰਾਨ ਕਮੇਟੀ ਨੂੰ ਨਿਰਦੇਸ਼ ਦਿੱਤੇ ਕਿ ਸਾਰੇ ਝੂਲਿਆਂ ਦੀ ਤਕਨੀਕੀ ਸਮੀਖਿਆ ਕਰਵਾਈ ਜਾਵੇ ਅਤੇ ਲੋੜ ਅਨੁਸਾਰ ਸੁਰੱਖਿਆ ਆਡਿਟ ਵੀ ਕਰਵਾਇਆ ਜਾਵੇ ਤਾਂ ਜੋ ਬੱਚਿਆਂ ਦੀ ਸੁਰੱਖਿਆ ਹਰ ਪੱਖੋਂ ਯਕੀਨੀ ਬਣਾਈ ਜਾ ਸਕੇ।

ਉਨ੍ਹਾਂ ਕਮੇਟੀ ਅਤੇ ਨਗਰ ਨਿਗਮ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਪਾਰਕ ਵਿੱਚ ਸਾਫ਼ ਸਫਾਈ ਨੂੰ ਹਰ ਪੱਖੋਂ ਯਕੀਨੀ ਬਣਾਇਆ ਜਾਵੇ। ਉਨ੍ਹਾਂ ਨਗਰ ਨਿਗਮ ਨੂੰ ਕਿਹਾ ਕਿ ਪਾਰਕ ਵਿਖੇ ਪੱਤਿਆਂ ਅਤੇ ਹੋਰ ਰਹਿੰਦ-ਖੂੰਹਦ ਦਾ ਆਪਣੇ ਡੰਪਾਂ ਵਿਖੇ ਵਿਗਿਆਨਕ ਤਰੀਕੇ ਨਾਲ ਨਿਪਟਾਰਾ ਕਰਨਾ ਯਕੀਨੀ ਬਣਾਵੇ।
ਉਨ੍ਹਾਂ ਇਹ ਵੀ ਕਿਹਾ ਕਿ ਜਿਹੜੇ ਝੂਲੇ-ਰਾਈਡਾਂ ਦੀ ਮੁਰੰਮਤ ਹੋਣ ਵਾਲੀ ਹੈ ਜਾਂ ਉਨਾਂ ਦੇ ਸਪੇਅਰ ਪਾਰਟਸ ਪੈਣ ਵਾਲੇ ਹਨ ਸਬੰਧੀ ਤੁਰੰਤ ਕਾਰਵਾਈ ਕੀਤੀ ਜਾਵੇ। ਇਸ ਤੋਂ ਇਲਾਵਾ ਹਰੇਕ ਝੂਲੇ ਨੇੜੇ ਹਦਾਇਤਾਂ ਦਰਸਾਉਂਦੇ ਬੋਰਡ ਵੀ ਲਗਾਉਣ ਲਈ ਕਿਹਾ ਗਿਆ।

ਡਿਪਟੀ ਕਮਿਸ਼ਨਰ ਨੇ ਕਮੇਟੀ ਨੂੰ ਨਿਰਦੇਸ਼ ਦਿੱਤੇ ਕਿ ਅਗਾਮੀ ਗਰਮੀ ਦੇ ਸੀਜ਼ਨ ਦੇ ਮੱਦੇਨਜ਼ਰ ਪੀਣ ਵਾਲੇ ਪਾਣੀ ਦੇ ਵੀ ਪੁਖ਼ਤਾ ਪ੍ਰਬੰਧ ਕੀਤੇ ਜਾਣ।ਇਸ ਮੌਕੇ ਚਿਲਡਰਨ ਪਾਰਕ ਕਮੇਟੀ ਦੇ ਚੇਅਰਮੈਨ-ਕਮ-ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਜਸਬੀਰ ਸਿੰਘ ਤੇ ਕਮੇਟੀ ਦੇ ਮੈਂਬਰ ਹਾਜ਼ਰ ਸਨ।

















































