ਡਿਪਟੀ ਕਮਿਸ਼ਨਰ ਵੱਲੋਂ ਨੈਸ਼ਨਲ ਹਾਈਵੇ ਤੋਂ ਤੁਰੰਤ ਪਾਣੀ ਦੀ ਨਿਕਾਸੀ ਕਰਵਾਉਣ ਦੇ ਹੁਕਮ

ਜਲੰਧਰ, 29 ਅਗਸਤ : ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਨੈਸ਼ਨਲ ਹਾਈਵੇ ਅਥਾਰਟੀ ਆਫ਼ ਇੰਡੀਆ (ਐਨ.ਐਚ.ਏ.ਆਈ.) ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਮਾਨਸੂਨ ਸੀਜ਼ਨ ਦੌਰਾਨ ਰਾਹਗੀਰਾਂ ਨੂੰ ਰਾਹਤ ਪਹੁੰਚਾਉਣ ਲਈ ਹਾਈਵੇ, ਖਾਸ ਕਰਕੇ ਸ਼ਹਿਰੀ ਖੇਤਰ ਦੀਆਂ ਸਲਿੱਪ ਸੜਕਾਂ ’ਤੇ ਜਮ੍ਹਾ ਪਾਣੀ ਦੀ ਤੁਰੰਤ ਨਿਕਾਸੀ ਕਰਵਾਈ ਜਾਵੇ।
ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਪੰਜਾਬ ਸੜਕ ਸਫਾਈ ਮਿਸ਼ਨ ਤਹਿਤ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਸੱਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਨੇ ਐਨ.ਐਚ.ਏ.ਆਈ. ਦੇ ਨਾਲ-ਨਾਲ ਕਈ ਥਾਵਾਂ ਉੱਤੇ ਮੀਂਹ ਦਾ ਪਾਣੀ ਇਕੱਤਰ ਹੋਣ ’ਤੇ ਚਿੰਤਾ ਪ੍ਰਗਟ ਕੀਤੀ। ਉਨ੍ਹਾਂ ਕਿਹਾ ਕਿ ਇਸ ਨਾਲ ਲੋਕਾਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਹੈ, ਇਸ ਲਈ ਇਸ ਦਾ ਪਹਿਲ ਦੇ ਅਧਾਰ ’ਤੇ ਹੱਲ ਕੀਤਾ ਜਾਣਾ ਚਾਹੀਦਾ ਹੈ।
    ਡਾ.ਅਗਰਵਾਲ ਨੇ ਐਨ.ਐਚ.ਏ.ਆਈ. ਦੇ ਅਧਿਕਾਰੀਆਂ ਨੂੰ ਸੁਚਾਰੂ ਡਰੇਨਜ਼ ਅਤੇ ਪਾਣੀ ਦੇ ਨਿਰਵਿਘਨ ਵਹਾਅ ਨੂੰ ਯਕੀਨੀ ਬਣਾਉਣ ਲਈ ਜਲੰਧਰ ਵਿੱਚੋਂ ਲੰਘਣ ਵਾਲੇ ਹਾਈਵੇ ਦੇ ਨਾਲ-ਨਾਲ ਮੀਂਹ ਦੇ ਪਾਣੀ ਦੇ ਚੈਂਬਰਾਂ ਦੀ ਜਾਂਚ ਅਤੇ ਸਫਾਈ ਕਰਨ ਲਈ ਕਿਹਾ। ਉਨ੍ਹਾਂ ਅਧਿਕਾਰੀਆਂ ਨੂੰ ਸਪਸ਼ਟ ਨਿਰਦੇਸ਼ ਦਿੱਤੇ ਕਿ ਸਲਿੱਪ ਸੜਕਾਂ ’ਤੇ ਨਜ਼ਰ ਰੱਖੀ ਜਾਵੇ, ਜੋ ਖਾਸ ਕਰਕੇ ਭਾਰੀ ਬਰਸਾਤ ਵਿੱਚ ਪਾਣੀ ਵਿੱਚ ਡੁੱਬ ਜਾਂਦੀਆਂ ਹਨ, ਜਿਸ ਨਾਲ ਆਮ ਲੋਕਾਂ ਨੂੰ ਆਵਾਜਾਈ ਵਿੱਚ ਦਿੱਕਤਾਂ ਦਾ ਸਾਹਮਣਾ ਕਰਨਾ ਪੈਂਦਾ ਹੈ।
    ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵਲੋਂ ਸ਼ੁਰੂ ਕੀਤੇ ਗਏ ਪੰਜਾਬ ਸੜਕ ਸਫਾਈ ਮਿਸ਼ਨ ਤਹਿਤ ਜ਼ਿਲ੍ਹੇ ਵਿੱਚ ਅਧਿਕਾਰੀਆਂ ਵੱਲੋਂ ਗੋਦ ਲਈਆਂ ਗਈਆਂ 51 ਪ੍ਰਮੁੱਖ ਸੜਕਾਂ ਦਾ ਜ਼ਿਕਰ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਬੁਨਿਆਦੀ ਢਾਂਚੇ ਵਿੱਚ ਸੁਧਾਰ ਕਰਕੇ ਇਨ੍ਹਾਂ ਸੜਕਾਂ ਨੂੰ ਨਵੀਂ ਦਿੱਖ ਪ੍ਰਦਾਨ ਕੀਤੀ ਜਾਵੇਗੀ। ਉਨ੍ਹਾਂ ਅਧਿਕਾਰੀਆਂ ਨੂੰ ਆਪੋ-ਆਪਣੇ ਅਧਿਕਾਰ ਖੇਤਰ ਵਿੱਚ ਗੋਦ ਲਈਆਂ ਗਈਆਂ ਸੜਕਾਂ ਦੇ ਨਿਯਮਿਤ ਦੌਰੇ ਕਰਨ ਅਤੇ ਇਨ੍ਹਾਂ ਦੀ ਸੁਚੱਜੇ ਢੰਗ ਨਾਲ ਸਾਂਭ-ਸੰਭਾਲ ਯਕੀਨੀ ਬਣਾਉਣ ਲਈ ਸਰਗਰਮ ਉਪਾਅ ਕਰਨ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਅਧਿਕਾਰੀਆਂ ਨੂੰ ਇਹ ਵੀ ਕਿਹਾ ਕਿ ਗੋਦ ਲਈਆਂ ਗਈਆਂ ਸੜਕਾਂ ਦਾ ਹਫ਼ਤੇ ਵਿੱਚ ਤਿੰਨ ਵਾਰ ਦੌਰਾ ਕੀਤਾ ਜਾਵੇ ਅਤੇ ਆਪਣੇ ਦੌਰੇ ਅਤੇ ਕੀਤੀ ਗਈ ਕਾਰਵਾਈ ਦੀਆਂ ਤਸਵੀਰਾਂ ਸਾਂਝੀਆਂ ਕੀਤੀਆਂ ਜਾਣ। 
   ਡਾ. ਅਗਰਵਾਲ ਨੇ ਦੁਹਰਾਇਆ ਕਿ ਜ਼ਿਲ੍ਹਾ ਪ੍ਰਸ਼ਾਸਨ ਨਿਵਾਸੀਆਂ ਲਈ ਨਿਰਵਿਘਨ ਆਵਾਜਾਈ  ਯਕੀਨੀ ਬਣਾਉਣ ਲਈ ਸੜਕਾਂ ਦੇ ਉੱਚ ਮਿਆਰ ਨੂੰ ਬਣਾਈ ਰੱਖਣ ਲਈ ਵਚਨਬੱਧ ਹੈ।
——–

Leave a Comment

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।

Scroll to Top