ਜਲੰਧਰ – ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਅੱਜ ਜ਼ਿਲ੍ਹਾ ਖੇਤੀਬਾੜੀ ਪੈਦਾਵਾਰ ਕਮੇਟੀ ਦੀ ਮੀਟਿੰਗ ਦੌਰਾਨ ਖੇਤੀਬਾੜੀ ਵਿਭਾਗ ਅਤੇ ਖੇਤੀ ਉਤਪਾਦਨ ਨਾਲ ਸਬੰਧਤ ਹੋਰ ਵਿਭਾਗਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਂਦਿਆਂ ਕਿਸਾਨਾਂ ਨੂੰ ਨਵੀਂਆਂ ਤਕਨੀਕਾਂ ਬਾਰੇ ਜਾਣੂ ਕਰਵਾਉਣ ਲਈ ਅਧਿਕਾਰੀਆਂ ਨੂੰ ਵੱਧ ਤੋਂ ਵੱਧ ਉਪਰਾਲੇ ਕਰਨ ਦੀਆਂ ਸਖ਼ਤ ਹਦਾਇਤਾਂ ਦਿੱਤੀਆਂ।
ਇਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਡਿਪਟੀ ਕਮਿਸ਼ਨਰ ਨੇ ਖੇਤੀਬਾੜੀ, ਬਾਗਬਾਨੀ, ਪਸ਼ੂ ਪਾਲਣ, ਮੱਛੀ ਪਾਲਣ, ਡੇਅਰੀ, ਸਹਿਕਾਰਤਾ ਅਤੇ ਹੋਰ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਉਨ੍ਹਾਂ ਨੂੰ ਕਿਸਾਨਾਂ ਨੂੰ ਬਾਗਬਾਨੀ, ਫੁੱਲਾਂ ਅਤੇ ਸਬਜ਼ੀਆਂ ਦੀ ਕਾਸ਼ਤ ਲਈ ਹੋਰ ਉਤਸ਼ਾਹਿਤ ਕਰਨ ਲਈ ਕਿਹਾ। ਉਨ੍ਹਾਂ ਕਿਹਾ ਕਿ ਫ਼ਸਲੀ ਵਿਭਿੰਨਤਾ ਰਾਹੀਂ ਜਿਥੇ ਕਿਸਾਨ ਆਪਣੀ ਆਮਦਨ ਵਿੱਚ ਵਾਧਾ ਕਰ ਸਕਦੇ ਹਨ ਉਥੇ ਜ਼ਮੀਨ ਹੇਠਲੇ ਪਾਣੀ ਦੀ ਵੀ ਬੱਚਤ ਹੁੰਦੀ ਹੈ।
ਡਾ. ਹਿਮਾਂਸ਼ੂ ਨੇ ਖੇਤੀਬਾੜੀ ਵਿਭਾਗ ਵੱਲੋਂ ਕੁਆਲਟੀ ਕੰਟਰੋਲ ਅਧੀਨ ਖਾਦ, ਬੀਜ ਅਤੇ ਕੀੜੇਮਾਰ ਦਵਾਈਆਂ ਦੇ ਟੀਚੇ ਅਨੁਸਾਰ ਵੱਖ-ਵੱਖ ਡੀਲਰਾਂ ਤੋਂ ਨਮੂਨੇ ਲੈਣ, ਜਾਗਰੂਕਤਾ ਕੈਂਪ, ਵਿਜ਼ਿਟਾਂ, ਕਿਸਾਨਾਂ ਨੂੰ ਸਬਸਿਡੀ ’ਤੇ ਮੁਹੱਈਆ ਕਰਵਾਈ ਗਈ ਮਸ਼ੀਨਰੀ ਆਦਿ ਬਾਰੇ ਜਾਣਕਾਰੀ ਹਾਸਲ ਕੀਤੀ। ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਖਾਦ, ਬੀਜ ਅਤੇ ਕੀੜੇਮਾਰ ਦਵਾਈਆਂ ਦੇ ਡੀਲਰਾਂ ਦੀਆਂ ਦੁਕਾਨਾਂ ਦੀ ਨਿਯਮਿਤ ਤੌਰ ’ਤੇ ਚੈਕਿੰਗ ਯਕੀਨੀ ਬਣਾਈ ਜਾਵੇ ਤਾਂ ਜੋ ਕਿਸਾਨਾਂ ਨੂੰ ਮਿਆਰੀ ਖਾਦ, ਬੀਜ ਅਤੇ ਕੀੜੇਮਾਰ ਦਵਾਈਆਂ ਦੀ ਸਪਲਾਈ ਯਕੀਨੀ ਬਣਾਈ ਜਾ ਸਕੇ।
ਡਿਪਟੀ ਕਮਿਸ਼ਨਰ ਨੇ ਡੇਅਰੀ ਵਿਭਾਗ ਵੱਲੋਂ ਲਾਏ ਜਾਂਦੇ ਟ੍ਰੇਨਿੰਗ ਕੈਂਪਾਂ ਦਾ ਵੀ ਜਾਇਜ਼ਾ ਲਿਆ। ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਇਨ੍ਹਾਂ ਕੈਂਪਾਂ ਦੌਰਾਨ ਸਿਖਿਆਰਥੀਆਂ ਨੂੰ ਜ਼ਿਲ੍ਹੇ ਵਿੱਚ ਬੇਸਹਾਰਾ ਪਸ਼ੂਆਂ ਦੀ ਸਾਂਭ-ਸੰਭਾਲ ਕਰਨ ਵਾਲੀਆਂ ਰਜਿਸਟਰਡ ਗਊਸ਼ਲਾਵਾਂ ਬਾਰੇ ਜਾਣਕਾਰੀ ਦਿੱਤੀ ਜਾਵੇ ਤਾਂ ਜੋ ਦੁੱਧ ਦੇਣਾ ਛੱਡ ਚੁੱਕੇ ਪਸ਼ੂਆਂ ਨੂੰ ਇਨ੍ਹਾਂ ਗਊਸ਼ਲਾਵਾਂ ਵਿੱਚ ਪਹੁੰਚਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਇਸ ਨਾਲ ਬੇਸਹਾਰਾ ਪਸ਼ੂਆਂ ਦੀ ਸਮੱਸਿਆ ਨੂੰ ਹੱਲ ਕਰਨ ਵਿੱਚ ਸਹਾਇਤਾ ਮਿਲੇਗੀ।
ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਪਸ਼ੂ ਪਾਲਣ ਵਿਭਾਗ ਵੱਲੋਂ ਕੀਤੀ ਜਾ ਰਹੀ ਵੈਕਸੀਨੇਸ਼ਨ, ਪਸ਼ੂ ਭਲਾਈ ਕੈਂਪਾਂ ਦਾ ਵੀ ਜਾਇਜ਼ਾ ਲਿਆ। ਉਨ੍ਹਾਂ ਮੱਛੀ ਪਾਲਣ, ਭੂਮੀ ਰੱਖਿਆ ਵਿਭਾਗ ਵੱਲੋਂ ਕੀਤੀਆਂ ਜਾ ਰਹੀਆਂ ਗਤੀਵਿਧੀਆਂ ਦੀ ਵੀ ਸਮੀਖਿਆ ਕੀਤੀ। ਉਨ੍ਹਾਂ ਲੀਡ ਬੈਂਕ ਮੈਨੇਜਰ ਪਾਸੋਂ ਕਿਸਾਨਾਂ ਨੂੰ ਮੁਹੱਈਆ ਕਰਵਾਏ ਗਏ ਕਰਜ਼ਿਆਂ ਬਾਰੇ ਜਾਣਕਾਰੀ ਹਾਸਲ ਕੀਤੀ।
ਡਿਪਟੀ ਕਮਿਸ਼ਨਰ ਨੇ ਸਮੂਹ ਵਿਭਾਗਾਂ ਨੂੰ ਪੂਰੇ ਤਾਲਮੇਲ ਨਾਲ ਕੰਮ ਕਰਦਿਆਂ ਕਿਸਾਨਾਂ ਅਤੇ ਕਿਸਾਨੀ ਨਾਲ ਸਬੰਧਤ ਮਸਲਿਆਂ ਨੂੰ ਤਰਜੀਹ ਦੇ ਆਧਾਰ ’ਤੇ ਹੱਲ ਕਰਨ ਦੇ ਹੁਕਮ ਵੀ ਦਿੱਤੇ।
ਇਸ ਮੌਕੇ ਮੁੱਖ ਖੇਤੀਬਾੜੀ ਅਫ਼ਸਰ ਡਾ. ਜਸਵੰਤ ਰਾਏ, ਸਹਾਇਕ ਡਾਇਰੈਕਟਰ ਪਸ਼ੂ ਪਾਲਣ ਡਾ. ਅਨਿਲ ਕਪੂਰ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਕਿਸਾਨ ਮੈਂਬਰ ਵੀ ਮੌਜੂਦ ਸਨ।
ਕੈਪਸ਼ਨ : ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਖੇਤੀਬਾੜੀ ਵਿਭਾਗ ਅਤੇ ਖੇਤੀ ਉਤਪਾਦਨ ਨਾਲ ਸਬੰਧਤ ਹੋਰ ਵਿਭਾਗਾਂ ਦੇ ਅਧਿਕਾਰੀਆਂ ਤੇ ਕਿਸਾਨ ਮੈਂਬਰਾਂ ਨਾਲ ਮੀਟਿੰਗ ਕਰਦੇ ਹੋਏ।
- +91 99148 68600
- info@livepunjabnews.com