ਜਲੰਧਰ, 16 ਅਪ੍ਰੈਲ : ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਨੇ ਅੱਜ ਜ਼ਿਲ੍ਹੇ ਵਿੱਚ ਕਣਕ ਦੇ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਂਦਿਆਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਇਹ ਯਕੀਨੀ ਬਣਾਇਆ ਜਾਵੇ ਕਿ ਮੰਡੀਆਂ ਵਿੱਚ ਵਿਕਰੀ ਲਈ ਆਪਣੀ ਫ਼ਸਲ ਲੈ ਕੇ ਆਉਣ ਵਾਲੇ ਕਿਸਾਨਾਂ ਨੂੰ ਕੋਈ ਦਿੱਕਤ ਪੇਸ਼ ਨਾ ਆਵੇ।
ਇਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਡਿਪਟੀ ਕਮਿਸ਼ਨਰ ਨੇ ਖੁਰਾਕ ਤੇ ਸਿਵਲ ਸਪਲਾਈਜ਼, ਮੰਡੀ ਬੋਰਡ ਅਤੇ ਵੱਖ-ਵੱਖ ਖ਼ਰੀਦ ਏਜੰਸੀਆਂ ਦੇ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਉਨ੍ਹਾਂ ਨੂੰ ਫ਼ਸਲ ਦੀ ਸਮੇਂ ਸਿਰ ਖ਼ਰੀਦ, ਨਾਲੋ-ਨਾਲ ਚੁਕਾਈ ਅਤੇ ਨਿਰਧਾਰਿਤ ਸਮੇਂ ਦੇ ਅੰਦਰ ਅਦਾਇਗੀ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ, ਤਾਂ ਜੋ ਕਣਕ ਦੇ ਖ਼ਰੀਦ ਸੀਜ਼ਨ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਿਆ ਜਾ ਸਕੇ।
ਪੰਜਾਬ ਸਰਕਾਰ ਵੱਲੋਂ ਕਿਸਾਨਾਂ ਦੀ ਫ਼ਸਲ ਦਾ ਇਕ ਇਕ ਦਾਣਾ ਖ਼ਰੀਦਣ ਦੀ ਵਚਨਬੱਧਤਾ ਦਹੁਰਾਉਂਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਸ ਵਾਰ ਜ਼ਿਲ੍ਹੇ ਵਿੱਚ 5 ਲੱਖ 27 ਹਜ਼ਾਰ ਮੀਟ੍ਰਿਕ ਟਨ ਕਣਕ ਦੀ ਖ਼ਰੀਦ ਦਾ ਟੀਚਾ ਰੱਖਿਆ ਗਿਆ ਹੈ, ਜਿਸ ਦੇ ਲਈ ਜ਼ਿਲ੍ਹੇ ਵਿੱਚ 79 ਰੈਗੂਲਰ ਅਤੇ 24 ਆਰਜੀ ਮੰਡੀਆਂ ਸਥਾਪਤ ਕੀਤੀਆਂ ਗਈਆਂ ਹਨ।
ਸ਼੍ਰੀ ਵਾਲੀਆ ਨੇ ਦੱਸਿਆ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਮੁਤਾਬਕ ਕਿਸਾਨਾਂ ਦੀ ਸੁਵਿਧਾ ਨੂੰ ਮੁੱਖ ਰੱਖਦੇ ਹੋਏ ਮੰਡੀਆਂ ਵਿੱਚ ਪੀਣ ਵਾਲੇ ਪਾਣੀ, ਬੈਠਣ ਦੀ ਵਿਵਸਥਾ, ਬਿਜਲੀ, ਸ਼ੈੱਡ, ਪਖਾਨੇ ਆਦਿ ਦੇ ਢੁੱਕਵੇਂ ਇੰਤਜ਼ਾਮ ਯਕੀਨੀ ਬਣਾਏ ਗਏ ਹਨ ਅਤੇ ਲੋੜੀਂਦੀ ਮਾਤਰਾ ਵਿੱਚ ਬਾਰਦਾਨਾ ਉਪਲਬਧ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੀਆਂ 73 ਮੰਡੀਆਂ ਵਿੱਚ ਫ਼ਸਲ ਆਉਣੀ ਸ਼ੁਰੂ ਹੋ ਗਈ ਹੈ ਅਤੇ ਆਉਣ ਵਾਲੇ ਦੋ ਦਿਨਾਂ ਵਿੱਚ ਆਮਦ ਹੋਰ ਤੇਜ਼ ਹੋ ਜਾਵੇਗੀ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕਣਕ ਦੀ ਸੁਚੱਜੀ ਤੇ ਨਿਰਵਿਘਨ ਖ਼ਰੀਦ ਪ੍ਰਕਿਰਿਆ ਯਕੀਨੀ ਬਣਾਉਣ ਵਿੱਚ ਕੋਈ ਕਸਰ ਬਾਕੀ ਨਹੀਂ ਰਹਿਣ ਦਿੱਤੀ ਜਾਵੇਗੀ।
ਇਕ ਵੱਖਰੀ ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਨੇ ਜ਼ਿਲ੍ਹੇ ਵਿੱਚ ਗੈਸ ਸਪਲਾਈ ਦਾ ਜਾਇਜ਼ਾ ਲੈਂਦਿਆਂ ਘਰੇਲੂ ਗੈਸ ਸਿਲੰਡਰਾਂ ਦੀ ਸਪਲਾਈ ਸੁਚਾਰੂ ਢੰਗ ਨਾਲ ਯਕੀਨੀ ਬਣਾਉਣ ’ਤੇ ਜ਼ੋਰ ਦਿੱਤਾ, ਤਾਂ ਜੋ ਆਮ ਲੋਕਾਂ ਨੂੰ ਕੋਈ ਮੁਸ਼ਕਲ ਪੇਸ਼ ਨਾ ਆਵੇ। ਉਨ੍ਹਾਂ ਇਹ ਵੀ ਹਦਾਇਤ ਕੀਤੀ ਕਿ ਕਮਰਸ਼ੀਅਲ ਸਿਲੰਡਰਾਂ ਦੀ ਸਪਲਾਈ ਸਬੰਧੀ ਸਰਕਾਰ ਵੱਲੋਂ ਜਾਰੀ ਹਦਾਇਤਾਂ ਦੀ ਪਾਲਣਾ ਯਕੀਨੀ ਬਣਾਈ ਜਾਵੇ ਅਤੇ ਕਮਰਸ਼ੀਅਲ ਸਿਲੰਡਰਾਂ ਦੀ ਸਪਲਾਈ ਸਿੱਖਿਆ ਸੰਸਥਾਵਾਂ ਤੇ ਹਸਪਤਾਲਾਂ ਨੂੰ ਤਰਜੀਹ ਦੇ ਆਧਾਰ ’ਤੇ ਕਰਨ ਦੇ ਨਿਰਦੇਸ਼ ਦਿੱਤੇ।
ਮੀਟਿੰਗਾਂ ਵਿੱਚ ਜ਼ਿਲ੍ਹਾ ਕੰਟਰੋਲਰ ਖੁਰਾਕ ਤੇ ਸਿਵਲ ਸਪਲਾਈਜ਼ ਨਰਿੰਦਰ ਸਿੰਘ, ਜ਼ਿਲ੍ਹਾ ਮੰਡੀ ਅਫ਼ਸਰ ਅਰਵਿੰਦਰ ਸਿੰਘ, ਖ਼ਰੀਦ ਏਜੰਸੀਆਂ ਦੇ ਅਧਿਕਾਰੀ ਅਤੇ ਗੈਸ ਕੰਪਨੀਆਂ ਦੇ ਨੁਮਾਇੰਦੇ ਵੀ ਮੌਜੂਦ ਸਨ।

















































