ਡਿਪਟੀ ਕਮਿਸ਼ਨਰ ਵੱਲੋਂ ਪੌਦੇ ਲਾਉਣ ਦੀ ਮੁਹਿੰਮ ਦੀ ਸ਼ੁਰੂਆਤ,ਜ਼ਿਲ੍ਹਾ ਵਾਸੀਆਂ ਨੂੰ ਜਲੰਧਰ ਨੂੰ ਸਾਫ-ਸੁਥਰਾ, ਹਰਿਆ-ਭਰਿਆ ਤੇ ਪ੍ਰਦੂਸ਼ਣ ਮੁਕਤ ਬਣਾਉਣ ਦਾ ਦਿੱਤਾ ਸੱਦਾ

ਜਲੰਧਰ, 14 ਜੂਨ- ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਅੱਜ ਸੀ.ਟੀ. ਗਰੁੱਪ ਵਿਖੇ ਬੂਟੇ ਲਾਉਣ ਦੀ ਮੁਹਿੰਮ ਦੀ ਸ਼ੁਰੂਆਤ ਕਰਦਿਆਂ ਜ਼ਿਲ੍ਹਾ ਵਾਸੀਆਂ ਨੂੰ ਜਲੰਧਰ ਨੂੰ ਸਾਫ-ਸੁਥਰਾ, ਹਰਿਆ-ਭਰਿਆ ਅਤੇ ਪ੍ਰਦੂਸ਼ਣ ਮੁਕਤ ਬਣਾਉਣ ਦਾ ਸੱਦਾ ਦਿੱਤਾ।
ਸੰਸਥਾ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 555ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ ਇਸ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਹੈ।

ਇਸ ਮੌਕੇ ਸੰਬੋਧਨ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪ੍ਰਸ਼ਾਸਨ ਵੱਲੋਂ ਜ਼ਿਲ੍ਹੇ ਵਿੱਚ 45 ਲੱਖ ਬੂਟੇ ਲਾਉਣ ਦਾ ਟੀਚਾ ਮਿਥਿਆ ਗਿਆ ਹੈ, ਜਿਸ ਵਿੱਚ ਹਰੇਕ ਵਰਗ ਨੂੰ ਸਰਗਰਮ ਭਾਗੀਦਾਰੀ ਯਕੀਨੀ ਬਣਾਉਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਵਾਤਾਵਰਣ ਦੀ ਸੰਭਾਲ ਸਾਡਾ ਸਾਰਿਆਂ ਦਾ ਨੈਤਿਕ ਫਰਜ਼ ਹੈ, ਜਿਸ ਦੇ ਲਈ ਸਾਨੂੰ ਸਾਰਿਆਂ ਨੂੰ ਸੁਹਿਰਦ ਯਤਨ ਕਰਨੇ ਚਾਹੀਦੇ ਹਨ।

ਵਿਦਿਆਰਥੀਆਂ ਨੂੰ ਹਰਿਆਲੀ ਵਧਾਉਣ ਦਾ ਸੁਨੇਹਾ ਘਰ-ਘਰ ਪਹੁੰਚਾਉਣ ਲਈ ਉਤਸ਼ਾਹਿਤ ਕਰਦਿਆਂ ਡਾ. ਅਗਰਵਾਲ ਨੇ ਕਿਹਾ ਕਿ ਲੋਕਾਂ ਨੂੰ ਵਾਤਾਵਰਣ ਦੀ ਸੰਭਾਲ ਪ੍ਰਤੀ ਜਾਗਰੂਕ ਕਰਨ ਵਿੱਚ ਨੌਜਵਾਨ ਅਹਿਮ ਭੂਮਿਕਾ ਨਿਭਾਅ ਸਕਦੇ ਹਨ। ਉਨ੍ਹਾਂ ਵਿਦਿਆਰਥੀਆਂ ਨੂੰ ਇਸ ਮੁਹਿੰਮ ਨੂੰ ਲੋਕ ਲਹਿਰ ਬਣਾਉਣ ਲਈ ਵਧ-ਚੜ੍ਹ ਕੇ ਅੱਗੇ ਆਉਣ ਲਈ ਉਤਸ਼ਾਹਿਤ ਕੀਤਾ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪ੍ਰਸ਼ਾਸਨ ਵੱਲੋਂ ਜ਼ਿਲ੍ਹੇ ਵਿੱਚ ਹਰਿਆਵਲ ਵਧਾਉਣ ਅਤੇ ਚੁਗਿਰਦੇ ਦੀ ਸੰਭਾਲ ਲਈ ਠੋਸ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਜ਼ਿਲ੍ਹਾ ਵਾਸੀਆਂ ਨੂੰ ਵੀ ਜਲੰਧਰ ਨੂੰ ਹਰਿਆ-ਭਰਿਆ ਬਣਾਉਣ ਲਈ ਵੱਧ ਤੋਂ ਵੱਧ ਬੂਟੇ ਲਾ ਕੇ ਪ੍ਰਸ਼ਾਸਨ ਨੂੰ ਸਹਿਯੋਗ ਦੇਣਾ ਚਾਹੀਦਾ ਹੈ।
ਇਸ ਮੌਕੇ ਸੀ.ਟੀ. ਗਰੁੱਪ ਦੇ ਅਹੁਦੇਦਾਰ ਵੀ ਮੌਜੂਦ ਸਨ।

ਕੈਪਸ਼ਨ : ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਸੀ.ਟੀ. ਗਰੁੱਪ ਵਿਖੇ ਪੌਦੇ ਲਾਉਣ ਦੀ ਮੁਹਿੰਮ ਦੀ ਸ਼ੁਰੂਆਤ ਕਰਦੇ ਹੋਏ।

Leave a Comment

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।

Scroll to Top