ਡਿਪਟੀ ਕਮਿਸ਼ਨਰ ਵੱਲੋਂ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਆਦਰਸ਼ ਨਗਰ ਦਾ ਦੌਰਾ

ਜਲੰਧਰ, 22 ਅਕਤੂਬਰ : ਪੰਜਾਬ ਸਰਕਾਰ ਵੱਲੋਂ ਸਕੂਲੀ ਸਿੱਖਿਆ ਨੂੰ ਹੋਰ ਬਿਹਤਰ ਬਣਾਉਣ ਦੇ ਮੰਤਵ ਨਾਲ ਕੀਤੇ ਜਾ ਰਹੇ ਉਪਰਾਲਿਆਂ ਤਹਿਤ ਅੱਜ ਜ਼ਿਲ੍ਹੇ ਭਰ ਦੇ ਸਾਰੇ 1389 ਸਕੂਲਾਂ ਵਿੱਚ ਮੈਗਾ ਮਾਪੇ-ਅਧਿਆਪਕ ਮਿਲਣੀਆਂ ਕਰਵਾਈਆਂ ਗਈਆਂ, ਜਿਨ੍ਹਾਂ ਨੂੰ ਵਿਦਿਆਰਥੀਆਂ ਦੇ ਮਾਪਿਆਂ ਵੱਲੋਂ ਭਰਵਾਂ ਹੁੰਗਾਰਾ ਦਿੱਤਾ ਗਿਆ।
ਇਸ ਦੌਰਾਨ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਆਦਰਸ਼ ਨਗਰ ਵਿਖੇ ਮਾਪੇ-ਅਧਿਆਪਕ ਮਿਲਣੀ ਦਾ ਜਾਇਜ਼ਾ ਲੈਂਦਿਆਂ ਵਿਦਿਆਰਥਣਾਂ, ਉਨ੍ਹਾਂ ਦੇ ਮਾਪਿਆਂ ਅਤੇ ਅਧਿਆਪਕਾਂ ਨਾਲ ਗੱਲਬਾਤ ਕੀਤੀ। ਉਨ੍ਹਾਂ ਮਾਪਿਆਂ ਨੂੰ ਕਿਹਾ ਕਿ ਉਹ ਆਪਣੇ ਬੱਚਿਆਂ ਦੇ ਬਿਹਤਰ ਭਵਿੱਖ ਲਈ ਉਨ੍ਹਾਂ ਦੇ ਅਧਿਆਪਕਾਂ ਨਾਲ ਹਮੇਸ਼ਾ ਰਾਬਤੇ ਵਿੱਚ ਰਹਿਣ ਤਾਂ ਜੋ ਬੱਚਿਆਂ ਦੀ ਵੱਖ-ਵੱਖ ਵਿਸ਼ਿਆਂ ਵਿੱਚ ਰੁਚੀ ਅਤੇ ਕਮਜ਼ੋਰੀ ਬਾਰੇ ਪਤਾ ਲੱਗ ਸਕੇ ਅਤੇ ਲੋੜ ਮੁਤਾਬਕ ਕਮੀਆਂ ਨੂੰ ਦੂਰ ਕੀਤਾ ਜਾ ਸਕੇ। ਉਨ੍ਹਾਂ ਮਾਪਿਆਂ ਨੂੰ ਆਪਣੇ ਬੱਚਿਆਂ ਨੂੰ ਪੂਰਾ ਸਮਾਂ ਦੇਣ ਦੀ ਅਪੀਲ ਵੀ ਕੀਤੀ।
ਵਿਦਿਆਰਥਣਾਂ ਨਾਲ ਗੱਲਬਾਤ ਕਰਦਿਆਂ ਡਾ. ਅਗਰਵਾਲ ਨੇ ਉਨ੍ਹਾਂ ਨੂੰ ਜ਼ਿੰਦਗੀ ਵਿੱਚ ਸਫ਼ਲਤਾ ਹਾਸਲ ਕਰਨ ਲਈ ਸਖ਼ਤ ਮਿਹਨਤ ਕਰਨ ਲਈ ਪ੍ਰੇਰਿਆ। ਉਨ੍ਹਾਂ ਕਿਹਾ ਕਿ ਮਿਹਨਤ ਦਾ ਕੋਈ ਬਦਲ ਨਹੀਂ ਹੈ ਅਤੇ ਮਿਹਨਤ ਨਾਲ ਜ਼ਿੰਦਗੀ ਵਿੱਚ ਕੋਈ ਵੀ ਮੁਕਾਮ ਹਾਸਲ ਕੀਤਾ ਜਾ ਸਕਦਾ ਹੈ। ਉਨ੍ਹਾਂ ਵਿਦਿਆਰਥਣਾਂ ਨੂੰ ਪੜ੍ਹਾਈ ਦੇ ਨਾਲ-ਨਾਲ ਸਹਿ ਵਿੱਦਿਅਕ ਗਤੀਵਿਧੀਆਂ ਵਿੱਚ ਭਾਗ ਲੈਣ ਲਈ ਵੀ ਉਤਸ਼ਾਹਿਤ ਕੀਤਾ। ਇਸ ਮੌਕੇ ਉਨ੍ਹਾਂ ਅਧਿਆਪਕਾਂ ਨਾਲ ਵੀ ਗੱਲਬਾਤ ਕੀਤੀ ਅਤੇ ਉਨ੍ਹਾਂ ਨੂੰ ਕਿਹਾ ਕਿ ਵਿਦਿਆਰਥੀਆਂ ਨੂੰ ਸਿੱਖਿਆ ਦੇ ਨਾਲ-ਨਾਲ ਖੇਡਾਂ ਤੇ ਸੱਭਿਆਚਾਰਕ ਗਤੀਵਿਧੀਆਂ ਨਾਲ ਜੋੜਨ ਲਈ ਵੱਧ ਤੋਂ ਵੱਧ ਉਪਰਾਲੇ ਕੀਤੇ ਜਾਣ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਦਾ ਮਿਆਰ ਉੱਚਾ ਚੁੱਕਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ ਅਤੇ ਇਹ ਮਾਪੇ-ਅਧਿਆਪਕ ਮਿਲਣੀਆਂ ਵਿਦਿਆਰਥੀਆਂ ਦੇ ਰੌਸ਼ਨ ਭਵਿੱਖ ਲਈ ਨਵੀਆਂ ਸੰਭਾਨਾਵਾਂ ਤਲਾਸ਼ਣ ਲਈ ਮਦਦਗਾਰ ਸਾਬਤ ਹੋਣਗੀਆਂ। ਇਸ  ਦੌਰਾਨ ਉਨ੍ਹਾਂ ਸਕੂਲ ਵਿਖੇ ਵੱਖ-ਵੱਖ ਕਲਾਸਾਂ, ਲਾਇਬ੍ਰੇਰੀ, ਲੈਬੋਰੇਟਰੀ ਆਦਿ ਦਾ ਜਾਇਜ਼ਾ ਵੀ ਲਿਆ।
ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ ਡਾ. ਗੁਰਿੰਦਰਜੀਤ ਕੌਰ, ਸਕੂਲ ਦੇ ਪ੍ਰਿੰ. ਖੁਸ਼ਦੀਪ ਕੌਰ, ਅਧਿਆਪਕ, ਸਕੂਲੀ ਸਟਾਫ਼, ਵਿਦਿਆਰਥਣਾਂ ਅਤੇ ਉਨ੍ਹਾਂ ਦੇ ਮਾਪੇ ਵੀ ਮੌਜੂਦ ਸਨ।

Leave a Comment

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।

Scroll to Top