Click on the Edit Content button to edit/add the content.

ਐਸ.ਆਈ.ਆਰ. ਤਹਿਤ ਜ਼ਿਲ੍ਹੇ ਦੇ ਸਮੂਹ 1997 ਪੋਲਿੰਗ ਸਟੇਸ਼ਨਾਂ ‘ਤੇ ਲੱਗੇ ਵਿਸ਼ੇਸ਼ ਕੈਂਪ

ਜਲੰਧਰ, 6 ਸਤੰਬਰ : ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਵੋਟਰ ਸੂਚੀਆਂ ਦੀ ਚੱਲ ਰਹੀ ਸਪੈਸ਼ਲ ਇੰਟੈਂਸਿਵ ਰਵੀਜ਼ਨ-2026 ਤਹਿਤ ਮੁੱਖ ਚੋਣ ਅਫ਼ਸਰ, ਪੰਜਾਬ ਦੇ ਨਿਰਦੇਸ਼ਾਂ ਅਨੁਸਾਰ ਅੱਜ ਜ਼ਿਲ੍ਹੇ ਦੇ ਸਮੂਹ 1997 ਪੋਲਿੰਗ ਸਟੇਸ਼ਨਾਂ ‘ਤੇ ਵਿਸ਼ੇਸ਼ ਕੈਂਪ ਲਗਾਏ ਗਏ।

ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਵਰਜੀਤ ਵਾਲੀਆ ਨੇ ਵੱਖ-ਵੱਖ ਪੋਲਿੰਗ ਬੂਥਾਂ ਦਾ ਦੌਰਾ ਕਰਕੇ ਵੋਟਰਾਂ ਪਾਸੋਂ ਦਾਅਵੇ ਤੇ ਇਤਰਾਜ਼ ਪ੍ਰਾਪਤ ਕਰਨ ਦੀ ਪ੍ਰਕਿਰਿਆ ਦਾ ਜਾਇਜ਼ਾ ਲਿਆ। ਉਨ੍ਹਾਂ ਇਸ ਦੌਰਾਨ ਕੈਂਪ ਵਿੱਚ ਪਹੁੰਚੇ ਨਾਗਰਿਕਾਂ ਨਾਲ ਗੱਲਬਾਤ ਵੀ ਕੀਤੀ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਹ ਕੈਂਪ ਯੋਗ ਨਾਗਰਿਕਾਂ ਦੀ ਵੋਟਰ ਵਜੋਂ ਰਜਿਸਟ੍ਰੇਸ਼ਨ ਯਕੀਨੀ ਬਣਾਉਣ ਅਤੇ ਵੋਟਰਾਂ ਨੂੰ ਨੋਟਿਸ ਫਾਰਮ, ਦਾਅਵੇ ਅਤੇ ਇਤਰਾਜ਼ ਦਾਇਰ ਕਰਨ ਸਬੰਧੀ ਸਹਿਯੋਗ ਪ੍ਰਦਾਨ ਕਰਨ ਲਈ ਲਗਾਏ ਗਏ ਹਨ। ਉਨ੍ਹਾਂ ਦੱਸਿਆ ਕਿ ਕੈਂਪ ਦੌਰਾਨ ਬੂਥ ਲੈਵਲ ਅਫ਼ਸਰਾਂ ਵੱਲੋਂ ਆਪੋ-ਆਪਣੇ ਬੂਥਾਂ ‘ਤੇ ਮੌਜੂਦ ਰਹਿ ਕੇ ਨਾਗਰਿਕਾਂ ਦੀ ਲੋੜ ਮੁਤਾਬਕ ਫਾਰਮ ਨੰ.6, 6ਏ ਅਤੇ ਫਾਰਮ 8 ਭਰਨ ਵਿੱਚ ਸਹਾਇਤਾ ਕੀਤੀ ਗਈ। ਇਸ ਦੇ ਨਾਲ ਹੀ ਸਹਾਇਕ ਦਸਤਾਵੇਜ਼ ਵੀ ਪ੍ਰਾਪਤ ਕੀਤੇ ਗਏ ਤਾਂ ਜੋ ਵੋਟਰ ਸੂਚੀ ਵਿੱਚ ਨਾਮ ਦਰਜ ਕਰਨ, ਵੇਰਵਿਆਂ ‘ਚ ਸੋਧ ਆਦਿ ਸਮੇਂ ਸਿਰ ਯਕੀਨੀ ਬਣਾਈ ਜਾ ਸਕੇ।

ਉਨ੍ਹਾਂ ਦੱਸਿਆ ਕਿ ਕੈਂਪ ਦੌਰਾਨ ਦਿਵਿਆਂਗ (ਪੀ.ਡਬਲਯੂ.ਡੀ) ਵੋਟਰਾਂ ਦੀ ਪਛਾਣ ਵੀ ਕੀਤੀ ਗਈ ਅਤੇ ਲੋੜੀਂਦੀ ਮਾਰਕਿੰਗ ਲਈ ਫਾਰਮ ਨੰਬਰ 8 ਭਰਵਾਏ ਗਏ ਤਾਂ ਜੋ ਚੋਣ ਪ੍ਰਕਿਰਿਆ ਦੌਰਾਨ ਉਨ੍ਹਾਂ ਨੂੰ ਲੋੜੀਂਦੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਸਕਣ।

ਸ਼੍ਰੀ ਵਾਲੀਆ ਨੇ ਵਿਸ਼ੇਸ਼ ਕੈਂਪ ਵਿੱਚ ਸਹਿਯੋਗ ਦੇਣ ਲਈ ਵੱਖ-ਵੱਖ ਰਾਜਨੀਤਿਕ ਪਾਰਟੀਆਂ ਵੱਲੋਂ ਨਿਯੁਕਤ ਬੂਥ ਲੈਵਲ ਏਜੰਟਾਂ (ਬੀ.ਐਲ.ਏਜ਼) ਦਾ ਵੀ ਧੰਨਵਾਦ ਕੀਤਾ।

ਜ਼ਿਕਰਯੋਗ ਹੈ ਕਿ ਚੋਣ ਕਮਿਸ਼ਨ ਵੱਲੋਂ ਐਸ.ਆਈ.ਆਰ.-2026 ਸਬੰਧੀ ਜਾਰੀ ਸ਼ਡਿਊਲ ਅਨੁਸਾਰ ਡ੍ਰਾਫ਼ਟ ਵੋਟਰ ਸੂਚੀ ਦੀ ਪ੍ਰਕਾਸ਼ਨਾ 13 ਅਗਸਤ 2026 ਨੂੰ ਕੀਤੀ ਜਾ ਚੁੱਕੀ ਹੈ, ਜਿਸ ਸਬੰਧੀ 12 ਸਤੰਬਰ 2026 ਤੱਕ ਦਾਅਵੇ ਅਤੇ ਇਤਰਾਜ਼ ਪ੍ਰਾਪਤ ਕੀਤੇ ਜਾਣਗੇ। ਨੋਟਿਸ ਪੜਾਅ/ਦਾਅਵਿਆਂ ਅਤੇ ਇਤਰਾਜ਼ਾਂ ਦਾ ਨਿਪਟਾਰਾ 8 ਅਕਤੂਬਰ 2026 ਤੱਕ ਕੀਤਾ ਜਾਵੇਗਾ ਅਤੇ ਅੰਤਿਮ ਵੋਟਰ ਸੂਚੀ ਦੀ ਪ੍ਰਕਾਸ਼ਨਾ 12 ਅਕਤੂਬਰ 2026 ਨੂੰ ਕੀਤੀ ਜਾਵੇਗੀ।

Table of Contents

Scroll to Top