ਪਠਾਨਕੋਟ: ਸਾਊਦੀ ਅਰਬ ਵਿੱਚ ਨਸ਼ੀਲੇ ਪਦਾਰਥਾਂ ਨਾਲ ਜੁੜੇ ਇੱਕ ਮਾਮਲੇ ਵਿੱਚ ਮੌਤ ਦੀ ਸਜ਼ਾ ਦਾ ਸਾਹਮਣਾ ਕਰ ਰਹੇ ਪੰਜਾਬ ਦੇ ਪਠਾਨਕੋਟ ਨਾਲ ਸਬੰਧਤ ਟਰੱਕ ਡਰਾਈਵਰ ਬਲਜਿੰਦਰ ਸਿੰਘ ਦੇ ਹੱਕ ਵਿੱਚ ਹੁਣ ਕਈ ਪ੍ਰਮੁੱਖ ਹਸਤੀਆਂ ਨੇ ਆਵਾਜ਼ ਬੁਲੰਦ ਕੀਤੀ ਹੈ। ਪਰਿਵਾਰ ਵੱਲੋਂ ਕੇਂਦਰ ਸਰਕਾਰ ਤੋਂ ਮਦਦ ਦੀ ਅਪੀਲ ਕੀਤੇ ਜਾਣ ਤੋਂ ਬਾਅਦ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਨੇ ਵੀ ਸਰਕਾਰ ਨੂੰ ਮਾਮਲੇ ਵਿੱਚ ਤੁਰੰਤ ਦਖਲ ਦੇਣ ਦੀ ਅਪੀਲ ਕੀਤੀ ਹੈ।
ਦਿਲਜੀਤ ਤੋਂ ਇਲਾਵਾ ਭਾਰਤੀ ਪਹਿਲਵਾਨ ਦ ਗ੍ਰੇਟ ਖਲੀ ਅਤੇ ਸਾਬਕਾ ਸੰਸਦ ਮੈਂਬਰ ਅਵਿਨਾਸ਼ ਰਾਏ ਖੰਨਾ ਨੇ ਵੀ ਬਲਜਿੰਦਰ ਸਿੰਘ ਦੇ ਮਾਮਲੇ ਨੂੰ ਲੈ ਕੇ ਆਪਣੀ ਆਵਾਜ਼ ਉਠਾਈ ਹੈ। ਇਸ ਤੋਂ ਬਾਅਦ ਸੋਸ਼ਲ ਮੀਡੀਆ ‘ਤੇ ਵੀ ਬਲਜਿੰਦਰ ਨੂੰ ਬਚਾਉਣ ਦੀ ਮੁਹਿੰਮ ਤੇਜ਼ ਹੋਈ ਹੈ।
ਖਲੀ ਨੇ ਵੀਡੀਓ ਜਾਰੀ ਕਰਕੇ ਕੀਤੀ ਮਦਦ ਦੀ ਅਪੀਲ
ਦ ਗ੍ਰੇਟ ਖਲੀ ਨੇ ਬਲਜਿੰਦਰ ਸਿੰਘ ਦੇ ਮਾਮਲੇ ਸਬੰਧੀ ਇੱਕ ਵੀਡੀਓ ਜਾਰੀ ਕਰਦਿਆਂ ਲੋਕਾਂ ਨੂੰ ਪਰਿਵਾਰ ਦੀ ਮਦਦ ਲਈ ਅੱਗੇ ਆਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿੱਚ ਮਨੁੱਖੀ ਪੱਧਰ ‘ਤੇ ਮਦਦ ਦੀ ਲੋੜ ਹੈ ਅਤੇ ਬਲਜਿੰਦਰ ਨੂੰ ਬਚਾਉਣ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾਣੀ ਚਾਹੀਦੀ ਹੈ।
ਪਾਕਿਸਤਾਨੀ ਵਿਅਕਤੀ ‘ਤੇ ਲਾਇਆ ਫਸਾਉਣ ਦਾ ਦੋਸ਼
ਖਲੀ ਨੇ ਆਪਣੇ ਵੀਡੀਓ ਵਿੱਚ ਦਾਅਵਾ ਕੀਤਾ ਕਿ ਬਲਜਿੰਦਰ ਸਿੰਘ ਨੂੰ ਕਥਿਤ ਤੌਰ ‘ਤੇ ਇੱਕ ਪਾਕਿਸਤਾਨੀ ਵਿਅਕਤੀ ਨੇ ਫਸਾਇਆ। ਉਨ੍ਹਾਂ ਮੁਤਾਬਕ, ਉਸ ਵਿਅਕਤੀ ਨੇ ਆਪਣੇ ਬਿਮਾਰ ਪਿਤਾ ਦਾ ਹਵਾਲਾ ਦੇ ਕੇ ਬਲਜਿੰਦਰ ਦੀ ਹਮਦਰਦੀ ਹਾਸਲ ਕੀਤੀ ਅਤੇ ਦਵਾਈ ਦੇ ਨਾਂ ‘ਤੇ ਉਸਨੂੰ ਇੱਕ ਪੈਕੇਟ ਦਿੱਤਾ, ਜਿਸ ਵਿੱਚ ਨਸ਼ੀਲੇ ਪਦਾਰਥ ਹੋਣ ਦਾ ਦੋਸ਼ ਹੈ।
ਖਲੀ ਨੇ ਸੋਸ਼ਲ ਮੀਡੀਆ ‘ਤੇ ਸਰਗਰਮ ਲੋਕਾਂ ਨੂੰ ਵੀ ਬਲਜਿੰਦਰ ਦੇ ਹੱਕ ਵਿੱਚ ਆਵਾਜ਼ ਚੁੱਕਣ ਦੀ ਅਪੀਲ ਕੀਤੀ। ਉਨ੍ਹਾਂ ਦਾ ਕਹਿਣਾ ਹੈ ਕਿ ਬਲਜਿੰਦਰ ਬੇਕਸੂਰ ਹੈ ਅਤੇ ਸਰਕਾਰ ਨੂੰ ਉਸਨੂੰ ਬਚਾਉਣ ਲਈ ਤੁਰੰਤ ਕਦਮ ਚੁੱਕਣੇ ਚਾਹੀਦੇ ਹਨ।
ਹੁਣ ਪਰਿਵਾਰ ਦੀਆਂ ਨਜ਼ਰਾਂ ਕੇਂਦਰ ਸਰਕਾਰ ਦੀ ਦਖਲਅੰਦਾਜ਼ੀ ‘ਤੇ ਟਿਕੀਆਂ ਹੋਈਆਂ ਹਨ, ਤਾਂ ਜੋ ਬਲਜਿੰਦਰ ਸਿੰਘ ਨੂੰ ਸਾਊਦੀ ਅਰਬ ਵਿੱਚ ਮਿਲੀ ਮੌਤ ਦੀ ਸਜ਼ਾ ਤੋਂ ਰਾਹਤ ਦਿਵਾਉਣ ਲਈ ਕਾਨੂੰਨੀ ਅਤੇ ਕੂਟਨੀਤਕ ਪੱਧਰ ‘ਤੇ ਯਤਨ ਕੀਤੇ ਜਾ ਸਕਣ।
ਬਲਜਿੰਦਰ ਸਿੰਘ ਮਾਮਲੇ ‘ਚ ਦਿਲਜੀਤ ਦੋਸਾਂਝ ਨੇ ਕੀਤੀ ਕੇਂਦਰ ਸਰਕਾਰ ਤੋਂ ਦਖਲ ਦੀ ਅਪੀਲ
ਪੰਜਾਬ ਦੇ ਪਠਾਨਕੋਟ ਨਾਲ ਸਬੰਧਤ ਟਰੱਕ ਡਰਾਈਵਰ ਬਲਜਿੰਦਰ ਸਿੰਘ ਨੂੰ ਸਾਊਦੀ ਅਰਬ ਵਿੱਚ ਨਸ਼ੀਲੇ ਪਦਾਰਥਾਂ ਨਾਲ ਜੁੜੇ ਇੱਕ ਮਾਮਲੇ ਵਿੱਚ ਮੌਤ ਦੀ ਸਜ਼ਾ ਸੁਣਾਏ ਜਾਣ ਦੇ ਮਾਮਲੇ ਨੇ ਹੁਣ ਤੂਲ ਫੜ ਲਿਆ ਹੈ। ਬਲਜਿੰਦਰ ਦੇ ਪਰਿਵਾਰ ਵੱਲੋਂ ਕੇਂਦਰ ਸਰਕਾਰ ਤੋਂ ਮਦਦ ਦੀ ਗੁਹਾਰ ਲਗਾਏ ਜਾਣ ਤੋਂ ਬਾਅਦ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਨੇ ਵੀ ਇਸ ਮਾਮਲੇ ਵਿੱਚ ਸਰਕਾਰ ਤੋਂ ਦਖਲ ਦੀ ਮੰਗ ਕੀਤੀ ਹੈ।
ਦਿਲਜੀਤ ਦੋਸਾਂਝ ਨੇ ਸੋਸ਼ਲ ਮੀਡੀਆ ‘ਤੇ ਇੱਕ ਵੀਡੀਓ ਸਾਂਝੀ ਕਰਦਿਆਂ ਕਿਹਾ ਕਿ ਉਹ ਬਲਜਿੰਦਰ ਸਿੰਘ ਦੇ ਮਾਮਲੇ ਬਾਰੇ ਪੂਰੀ ਜਾਣਕਾਰੀ ਨਹੀਂ ਰੱਖਦੇ। ਹਾਲਾਂਕਿ, ਉਨ੍ਹਾਂ ਕਿਹਾ ਕਿ ਜੇਕਰ ਬਲਜਿੰਦਰ ਬੇਕਸੂਰ ਹੈ ਤਾਂ ਇਸ ਮਾਮਲੇ ਦੀ ਨਿਰਪੱਖ ਜਾਂਚ ਹੋਣੀ ਚਾਹੀਦੀ ਹੈ।
ਦਿਲਜੀਤ ਨੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰਵਾਈ ਜਾਵੇ ਅਤੇ ਜੇਕਰ ਸੰਭਵ ਹੋਵੇ ਤਾਂ ਬਲਜਿੰਦਰ ਸਿੰਘ ਨੂੰ ਭਾਰਤ ਵਾਪਸ ਲਿਆਉਣ ਲਈ ਹਰ ਸੰਭਵ ਕਾਨੂੰਨੀ ਅਤੇ ਕੂਟਨੀਤਕ ਸਹਾਇਤਾ ਦਿੱਤੀ ਜਾਵੇ। ਉਨ੍ਹਾਂ ਇਹ ਵੀ ਕਿਹਾ ਕਿ ਬਲਜਿੰਦਰ ਦਾ ਪਰਿਵਾਰ ਪੰਜਾਬ ਵਿੱਚ ਰਹਿੰਦਾ ਹੈ ਅਤੇ ਇਸ ਮੁਸ਼ਕਲ ਘੜੀ ਵਿੱਚ ਸਰਕਾਰ ਵੱਲੋਂ ਪਰਿਵਾਰ ਦੀ ਮਦਦ ਕੀਤੀ ਜਾਣੀ ਚਾਹੀਦੀ ਹੈ।
ਅਵਿਨਾਸ਼ ਰਾਏ ਖੰਨਾ ਨੇ ਵੀ ਮਾਮਲਾ ਕੇਂਦਰ ਤੱਕ ਪਹੁੰਚਾਇਆ
ਇਸ ਮਾਮਲੇ ਵਿੱਚ ਭਾਜਪਾ ਆਗੂ ਅਤੇ ਸਾਬਕਾ ਸੰਸਦ ਮੈਂਬਰ ਅਵਿਨਾਸ਼ ਰਾਏ ਖੰਨਾ ਨੇ ਵੀ ਪਰਿਵਾਰ ਦੀ ਆਵਾਜ਼ ਕੇਂਦਰ ਸਰਕਾਰ ਤੱਕ ਪਹੁੰਚਾਈ ਹੈ। ਉਨ੍ਹਾਂ ਵੱਲੋਂ ਵਿਦੇਸ਼ ਮੰਤਰਾਲੇ ਨੂੰ ਮਾਮਲੇ ਤੋਂ ਜਾਣੂ ਕਰਵਾਉਂਦਿਆਂ ਅਪੀਲ ਕੀਤੀ ਗਈ ਕਿ ਇਸ ਮੁੱਦੇ ਨੂੰ ਸਾਊਦੀ ਅਰਬ ਦੀ ਸਰਕਾਰ ਕੋਲ ਉਠਾਇਆ ਜਾਵੇ।
ਖੰਨਾ ਨੇ ਕਿਹਾ ਕਿ ਵਿਦੇਸ਼ ਵਿੱਚ ਮੁਸ਼ਕਲ ਦਾ ਸਾਹਮਣਾ ਕਰ ਰਹੇ ਕਿਸੇ ਵੀ ਭਾਰਤੀ ਨਾਗਰਿਕ ਨੂੰ ਉਪਲਬਧ ਕਾਨੂੰਨੀ, ਮਾਨਵਤਾਵਾਦੀ ਅਤੇ ਕੂਟਨੀਤਕ ਸਹਾਇਤਾ ਮਿਲਣੀ ਚਾਹੀਦੀ ਹੈ। ਉਨ੍ਹਾਂ ਪਰਿਵਾਰ ਨੂੰ ਹਰ ਸੰਭਵ ਮਦਦ ਲਈ ਭਰੋਸਾ ਵੀ ਦਿੱਤਾ।
ਬਲਜਿੰਦਰ ਸਿੰਘ ਦੇ ਪਰਿਵਾਰ ਵੱਲੋਂ ਦੱਸਿਆ ਗਿਆ ਹੈ ਕਿ ਉਹ ਟਰੱਕ ਡਰਾਈਵਰ ਵਜੋਂ ਕੰਮ ਕਰਦਾ ਸੀ ਅਤੇ ਸਮਾਨ ਲੈ ਕੇ ਦੁਬਈ ਤੋਂ ਸਾਊਦੀ ਅਰਬ ਆਉਂਦਾ-ਜਾਂਦਾ ਰਹਿੰਦਾ ਸੀ।
ਪਰਿਵਾਰ ਦੇ ਮੁਤਾਬਕ, ਕਰੀਬ ਤਿੰਨ ਸਾਲ ਪਹਿਲਾਂ ਦੁਬਈ ਵਿੱਚ ਕੰਮ ਕਰਨ ਵਾਲੇ ਇੱਕ ਜਾਣਕਾਰ ਨੇ ਬਲਜਿੰਦਰ ਨਾਲ ਸੰਪਰਕ ਕੀਤਾ ਅਤੇ ਇੱਕ ਪੈਕੇਟ ਸਾਊਦੀ ਅਰਬ ਲਿਜਾਣ ਦੀ ਬੇਨਤੀ ਕੀਤੀ। ਪਰਿਵਾਰ ਦਾ ਦਾਅਵਾ ਹੈ ਕਿ ਉਸ ਵਿਅਕਤੀ ਨੇ ਬਲਜਿੰਦਰ ਨੂੰ ਦੱਸਿਆ ਸੀ ਕਿ ਪੈਕੇਟ ਵਿੱਚ ਉਸਦੇ ਬਜ਼ੁਰਗ ਪਿਤਾ ਲਈ ਦਵਾਈਆਂ ਹਨ।
ਬਲਜਿੰਦਰ ਦੇ ਪਿਤਾ ਜਸਵਿੰਦਰ ਸਿੰਘ ਮੁਤਾਬਕ, ਉਨ੍ਹਾਂ ਦੇ ਪੁੱਤਰ ਨੇ ਪੈਕੇਟ ਲਿਜਾਣ ਦੀ ਬੇਨਤੀ ਨੂੰ ਪਹਿਲਾਂ ਦੋ ਵਾਰ ਠੁਕਰਾ ਦਿੱਤਾ ਸੀ। ਉਨ੍ਹਾਂ ਦਾ ਕਹਿਣਾ ਹੈ ਕਿ ਬਲਜਿੰਦਰ ਨੂੰ ਪੈਕੇਟ ਦੇ ਅੰਦਰ ਮੌਜੂਦ ਸਮਾਨ ਬਾਰੇ ਜਾਣਕਾਰੀ ਨਹੀਂ ਸੀ।
ਹੁਣ ਪਰਿਵਾਰ ਵੱਲੋਂ ਕੇਂਦਰ ਸਰਕਾਰ ਤੋਂ ਮੰਗ ਕੀਤੀ ਜਾ ਰਹੀ ਹੈ ਕਿ ਮਾਮਲੇ ਦੀ ਪੂਰੀ ਜਾਂਚ ਕਰਵਾਈ ਜਾਵੇ ਅਤੇ ਬਲਜਿੰਦਰ ਸਿੰਘ ਨੂੰ ਕਾਨੂੰਨੀ ਤੇ ਕੂਟਨੀਤਕ ਪੱਧਰ ‘ਤੇ ਹਰ ਸੰਭਵ ਸਹਾਇਤਾ ਦਿੱਤੀ ਜਾਵੇ।