ਜਲੰਧਰ, 05 ਸਤੰਬਰ – ਡਾਇਰੈਕਟਰ ਆਦਮਪੁਰ ਸਿਵਲ ਏਅਰਪੋਰਟ ਪੁਸ਼ਪੇਂਦਰਾ ਕੁਮਾਰ ਨਿਰਾਲਾ ਵਲੋਂ ਅੱਜ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨਾਲ ਹਵਾਈ ਅੱਡੇ ਸਬੰਧੀ ਵੱਖ-ਵੱਖ ਮੁੱਦਿਆਂ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ ਅਤੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਇਨ੍ਹਾਂ ਦੇ ਹੱਲ ਦੀ ਮੰਗ ਕੀਤੀ। ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਵਲੋਂ ਡਾਇਰੈਕਟਰ ਵਲੋਂ ਉਠਾਏ ਗਏ ਮੁੱਦਿਆਂ ਦੇ ਨਿਪਟਾਰੇ ਲਈ ਤੁਰੰਤ ਕਾਰਵਾਈ ਦਾ ਭਰੋਸਾ ਦਿੱਤਾ ਗਿਆ।
ਡਾ.ਅਗਰਵਾਲ ਵਲੋਂ ਮੌਜੂਦਾ ਰੂਟਾਂ ਤੋਂ ਇਲਾਵਾ ਆਦਮਪੁਰ ਤੋਂ ਨਵੀਂ ਦਿੱਲੀ ਲਈ ਸਿੱਧੀ ਉਡਾਣ ਸ਼ੁਰੂ ਕਰਨ ਦੀ ਲੋੜ ’ਤੇ ਚਾਨਣਾ ਪਾਇਆ ਗਿਆ। ਉਨ੍ਹਾਂ ਏਅਰਪੋਰਟ ਅਥਾਰਟੀ ਨੂੰ ਸੱਦਾ ਦਿੱਤਾ ਕਿ ਇਨ੍ਹਾਂ ਹਵਾਈ ਉਡਾਣਾਂ ਨੂੰ ਸ਼ੁਰੂ ਕਰਨ ਸਬੰਧੀ ਤਜਵੀਜ਼ ਤਿਆਰ ਕੀਤੀ ਜਾਵੇ। ਉਨ੍ਹਾਂ ਜ਼ੋਰ ਦਿੱਤਾ ਕਿ ਇਸ ਨਾਲ ਯਾਤਰੀਆਂ ਖਾਸ ਕਰਕੇ ਖਿੱਤੇ ਦੇ ਐਨ.ਆਰ.ਆਈਜ਼ ਅਤੇ ਉਦਯੋਗਾਂ ਦੀ ਲੰਬੇ ਸਮੇਂ ਤੋਂ ਮੰਗ ਪੂਰੀ ਹੋਵੇਗੀ। ਡਿਪਟੀ ਕਮਿਸ਼ਨਰ ਨੇ ਧਿਆਨ ਦੁਆਇਆ ਕਿ ਨਵੀਂ ਦਿੱਲੀ ਦੀ ਸਿੱਧੀ ਹਵਾਈ ਉਡਾਣ ਨਾ ਹੋਣ ਕਰਕੇ ਯਾਤਰੀਆਂ ਨੂੰ ਅਵਾਜਾਈ ਦੇ ਹੋਰਨਾਂ ਸਾਧਨਾਂ ਦੀ ਵਰਤੋਂ ਕਰਨੀ ਪੈਂਦੀ ਹੈ। ਉਨ੍ਹਾਂ ਕਿਹਾ ਕਿ ਹਵਾਈ ਅੱਡੇ ਤੋਂ ਇਹ ਰੂਟ ਸ਼ੁਰੂ ਕਰਨ ਨਾਲ ਆਦਪੁਰ ਹਵਾਈ ਅੱਡੇ ’ਤੇ ਯਾਤਰੀਆਂ ਦੀ ਗਿਣਤੀ ਵੀ ਵਧੇਗੀ।
ਡਾਇਰੈਕਟਰ ਵਲੋਂ ਉਠਾਏ ਗਏ ਮੁੱਦਿਆਂ ਸਬੰਧੀ ਡਿਪਟੀ ਕਮਿਸ਼ਨਰ ਵਲੋਂ ਸਬੰਧਿਤ ਅਧਿਕਾਰੀਆਂ ਨੂੰ ਸਾਰੇ ਬਕਾਇਆ ਮਸਲਿਆਂ ਨੂੰ ਸੁਚੱਜੇ ਢੰਗ ਨਾਲ ਹੱਲ ਕਰਨ ਦੀਆਂ ਹਦਾਇਤਾਂ ਕੀਤੀਆਂ ਗਈਆਂ। ਉਨ੍ਹਾਂ ਵਲੋਂ ਹਵਾਈ ਅੱਡੇ ਤੱਕ ਸੁਖਾਲੀ ਪਹੁੰਚ ਨੂੰ ਯਕੀਨੀ ਬਣਾਉਣ ਲਈ 4.30 ਕਿਲੋਮੀਟਰ ਲੰਬੀ ਸੜਕ ਦੇ ਕੰਮ ਨੂੰ ਦੋ ਮਹੀਨਿਆਂ ਦੇ ਵਿੱਚ-ਵਿੱਚ ਮੁਕੰਮਲ ਕਰਨ ਦੇ ਆਦੇਸ਼ ਦਿੰਦਿਆਂ ਸਬੰਧਿਤ ਵਿਭਾਗਾਂ ਨੂੰ ਜ਼ਮੀਨ ਪ੍ਰਾਪਤ ਕਰਨ ਦੀ ਪ੍ਰਕਿਰਿਆ ਤੇਜ਼ ਕਰਨ ਦੀਆਂ ਹਦਾਇਤਾਂ ਕੀਤੀਆਂ ਗਈਆਂ। ਉਨ੍ਹਾਂ ਵਲੋਂ ਹਵਾਈ ਅੱਡੇ ਨੂੰ ਜਾਣ ਵਾਲੀ ਸੜਕ ’ਤੇ ਸਹੀ ਢੰਗ ਨਾਲ ਦਿਸ਼ਾ ਸੂਚਕ ਬੋਰਡ ਲਗਾਉਣ ’ਤੇ ਵੀ ਜ਼ੋਰ ਦਿੱਤਾ ਗਿਆ।
ਦੁਆਬਾ ਖੇਤਰ ਲਈ ਆਦਮਪੁਰ ਹਵਾਈ ਅੱਡੇ ਨੂੰ ਮਹੱਤਵਪੂਰਨ ਪ੍ਰਾਜੈਕਟ ਕਰਾਰ ਦਿੰਦਿਆਂ ਡਾ. ਅਗਰਵਾਲ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਯਾਤਰੀਆਂ ਖਾਸ ਕਰਕੇ ਐਨ.ਆਰ.ਆਈਜ਼ ਭਾਈਚਾਰੇ ਨੂੰ ਸਮੇਂ ਸਿਰ ਸੁਚੱਜੇ ਢੰਗ ਨਾਲ ਬਿਹਤਰੀਨ ਸੇਵਾਵਾਂ ਪ੍ਰਦਾਨ ਕਰਨ ਲਈ ਵਚਨਬੱਧ ਹੈ। ਇਸ ਮੌਕੇ ਐਸ.ਐਸ.ਪੀ. ਹਰਕਮਲਪ੍ਰੀਤ ਸਿੰਘ ਖੱਖ ਨਾਲ ਸੁਰੱਖਿਆ ਮਾਮਲਿਆਂ ਸਬੰਧੀ ਵੀ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ ਜਿਨਾਂ ਵਲੋਂ ਇਸ ’ਤੇ ਤੁਰੰਤ ਕਾਰਵਾਈ ਦਾ ਭਰੋਸਾ ਦੁਆਇਆ ਗਿਆ। ਇਸ ਮੌਕੇ ਐਸ.ਡੀ.ਐਮ. ਬਲਬੀਰ ਰਾਜ ਸਿੰਘ ਅਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ।
————-

















































