ਜਲੰਧਰ, 2 ਜਨਵਰੀ : ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਜਾਰੀ ਐਕਸ਼ਨ ਹੈਲਪਲਾਈਨ ਵਟਸਐਪ ਨੰਬਰ 96462-22555 ’ਤੇ ਪ੍ਰਾਪਤ 774 ਸ਼ਿਕਾਇਤਾਂ ਦਾ ਪ੍ਰਭਾਵਸ਼ਾਲੀ ਢੰਗ ਨਾਲ ਨਿਪਾਟਾਰਾ ਕਰਕੇ ਜਿਥੇ ਨਾਗਰਿਕਾਂ ਨੂੰ ਰਾਹਤ ਪ੍ਰਦਾਨ ਕੀਤੀ ਗਈ ਹੈ, ਉਥੇ ਨਿਵਾਸੀਆਂ ਵੱਲੋਂ ਵੀ ਸ਼ਹਿਰ ਨੂੰ ਸਾਫ-ਸੁਥਰਾ ਰੱਖਣ ਲਈ ਕੀਤੇ ਜਾ ਰਹੇ ਉਪਰਾਲਿਆਂ ਵਿੱਚ ਯੋਗਦਾਨ ਪਾਇਆ ਜਾ ਰਿਹਾ ਹੈ।
ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਐਕਸ਼ਨ ਹੈਲਪਲਾਈਨ ’ਤੇ ਆਉਣ ਵਾਲੀਆਂ ਸ਼ਿਕਾਇਤਾਂ ਦੇ ਨਿਪਟਾਰੇ ਸਬੰਧੀ ਅੱਜ ਇਕ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸਬੰਧਤ ਅਧਿਕਾਰੀਆਂ ਦੇ ਯਤਨਾਂ ’ਤੇ ਤਸੱਲੀ ਪ੍ਰਗਟਾਉਂਦਿਆਂ ਉਨ੍ਹਾਂ ਨੂੰ ਹੋਰ ਡਟ ਕੇ ਕੰਮ ਕਰਨ ਲਈ ਕਿਹਾ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਖਾਲੀ ਪਲਾਟਾਂ ਦੀ ਸਾਫ-ਸਫਾਈ ਸਬੰਧੀ ਐਕਸ਼ਨ ਹੈਲਪਲਾਈਨ ਵਟਸਐਪ ਨੰਬਰ ’ਤੇ ਪ੍ਰਾਪਤ 473 ਸ਼ਿਕਾਇਤਾਂ ਦਾ ਹੁਣ ਤੱਕ ਸਫ਼ਲਤਾਪੂਰਵਕ ਹੱਲ ਕੀਤਾ ਗਿਆ ਹੈ। ਜਦਕਿ ਪਲਾਟਾਂ ਦੀ ਸਾਫ਼-ਸਫਾਈ ਨਾ ਕਰਵਾਉਣ ਵਾਲੇ ਮਾਲਕਾਂ ਖਿਲਾਫ਼ ਸਖ਼ਤ ਕਾਰਵਾਈ ਅਮਲ ਵਿੱਚ ਲਿਆਉਂਦਿਆਂ 204 ਪਲਾਟ ਮਾਲਕਾਂ ਨੂੰ ਨੋਟਿਸ ਜਾਰੀ ਕੀਤੇ ਗਏ ਹਨ ਅਤੇ 23 ਮਾਮਲਿਆਂ ਵਿੱਚ ਰੈੱਡ ਐਂਟਰੀ ਲਈ ਸਿਫਾਰਿਸ਼ ਕੀਤੀ ਗਈ ਹੈ।
ਡਾ. ਅਗਰਵਾਲ ਨੇ ਦੱਸਿਆ ਕਿ ਪ੍ਰਸ਼ਾਸਨ ਵੱਲੋਂ ਵਿੱਢੀ ਮੁਹਿੰਮ ਵਿੱਚ ਪਲਾਟ ਮਾਲਕਾਂ ਵੱਲੋਂ ਵੀ ਸਾਥ ਦਿੱਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਸਫਾਈ ਪਸੰਦ ਵਿਅਕਤੀਆਂ ਵੱਲੋਂ ਪਲਾਟਾਂ ਦੀ ਸਫਾਈ ਕਰਵਾਉਣ ਤੋਂ ਇਲਾਵਾ ਚਾਰਦਿਵਾਰੀਆਂ ਵੀ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਹੋਰਨਾਂ ਪਲਾਟ ਮਾਲਕਾਂ ਨੂੰ ਵੀ ਆਪਣੇ ਖਾਲੀ ਪਏ ਪਲਾਟਾਂ ਦੀ ਸਫਾਈ ਅਤੇ ਚਾਰਦਿਵਾਰੀ ਕਰਵਾਉਣ ਦੇ ਨਿਰਦੇਸ਼ ਦਿੱਤੇ, ਤਾਂ ਜੋ ਕੂੜੇ ਦੀ ਗੈਰ-ਕਾਨੂੰਨੀ ਡੰਪਿੰਗ ਨੂੰ ਰੋਕਿਆ ਜਾ ਸਕੇ। ਉਨ੍ਹਾਂ ਕਿਹਾ ਕਿ ਅਜਿਹਾ ਨਾ ਕਰਨ ਦੀ ਸੂਰਤ ਵਿੱਚ ਵਿਭਾਗ ਵੱਲੋਂ ਸਫਾਈ ਕਰਵਾਈ ਜਾਵੇਗੀ, ਜਿਸਦਾ ਖਰਚਾ ਜੁਰਮਾਨੇ ਵਜੋਂ ਪਲਾਟ ਮਾਲਕ ਤੋਂ ਵਸੂਲ ਕੀਤਾ ਜਾਵੇਗਾ। ਇਸ ਤੋਂ ਇਲਾਵਾ ਮਾਲ ਰਿਕਾਰਡ ਵਿੱਚ ਰੈੱਡ ਐਂਟਰੀ ਵੀ ਕੀਤੀ ਜਾਵੇਗੀ। ਉਨ੍ਹਾਂ ਇਸ ਗੱਲ ’ਤੇ ਜ਼ੋਰ ਦਿੱਤਾ ਕਿ ਇਹ ਕਦਮ ਸ਼ਹਿਰ ਦੀ ਦਿੱਖ ਸੰਵਾਰਨ ਅਤੇ ਸਾਫ-ਸੁਥਰਾ ਰੱਖਣ ਲਈ ਚੁੱਕਿਆ ਜਾ ਰਿਹਾ ਹੈ।
ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਟੈਲੀਕਾਮ ਤੇ ਇੰਟਰਨੈੱਟ ਦੀ ਸੁਵਿਧਾ ਮੁਹੱਈਆ ਕਰਵਾਉਣ ਵਾਲੀਆਂ ਕੰਪਨੀਆਂ ਦੀਆਂ ਸ਼ਹਿਰ ਵਿੱਚ ਲਟਕਦੀਆਂ, ਢਿੱਲੀਆਂ, ਗੈਰ-ਵਰਤੋਂਯੋਗ ਅਤੇ ਖ਼ਰਾਬ ਤਾਰਾਂ ਹਟਾਉਣ ਦੀ ਮੁਹਿੰਮ ਦਾ ਵੀ ਜਾਇਜ਼ਾ ਲਿਆ। ਉਨ੍ਹਾਂ ਦੱਸਿਆ ਕਿ ਐਕਸ਼ਨ ਹੈਲਪਲਾਈਨ ਰਾਹੀਂ ਅਜਿਹੀਆਂ 60 ਸ਼ਿਕਾਇਤਾਂ ਦਾ ਹੱਲ ਯਕੀਨੀ ਬਣਾਇਆ ਗਿਆ ਹੈ।
ਇਸੇ ਤਰ੍ਹਾਂ ਬੇਸਹਾਰਾ ਪਸ਼ੂਆਂ ਸਬੰਧੀ ਹੈਲਪਲਾਈਨ ’ਤੇ ਪ੍ਰਾਪਤ ਸ਼ਿਕਾਇਤਾਂ ਦਾ ਨਿਯਮਿਤ ਢੰਗ ਨਾਲ ਨਿਪਟਾਰਾ ਕਰਦਿਆਂ ਸ਼ਹਿਰ ਵਿੱਚੋਂ ਹੁਣ ਤੱਕ 241 ਬੇਸਹਾਰਾ ਪਸ਼ੂ ਗਊਸ਼ਲਾਵਾਂ ਵਿੱਚ ਭੇਜੇ ਗਏ, ਜਿਨ੍ਹਾਂ ਵਿੱਚ ਨਵੰਬਰ ਤੇ ਦਸੰਬਰ ਮਹੀਨੇ ਦੌਰਾਨ ਗਊਸ਼ਲਾਵਾਂ ਵਿੱਚ ਤਬਦੀਲ ਕੀਤੇ 88 ਬੇਸਹਾਰਾ ਪਸ਼ੂ ਸ਼ਾਮਲ ਹਨ। ਉਨ੍ਹਾਂ ਇਹ ਵੀ ਦੱਸਿਆ ਕਿ ਮਹੀਨਾ ਅਪ੍ਰੈਲ ਤੋਂ ਹੁਣ ਤੱਕ ਸ਼ਹਿਰ ਵਿੱਚੋਂ ਕੁੱਲ 340 ਬੇਸਹਾਰਾ ਪਸ਼ੂ ਗਊਸ਼ਲਾਵਾਂ ਵਿੱਚ ਪਹੁੰਚਾਏ ਗਏ ਹਨ।
ਪੰਜਾਬ ਸਰਕਾਰ ਵੱਲੋਂ ਸਫਾਈ ਪੱਖੋਂ ਸ਼ਹਿਰਾਂ ਅਤੇ ਪਿੰਡਾਂ ਦੀ ਨੁਹਾਰ ਬਦਲਣ ਦੀ ਵਚਨਬੱਧਤਾ ਦੁਹਰਾਉਂਦਿਆਂ ਡਿਪਟੀ ਕਮਿਸ਼ਨਰ ਨੇ ਸ਼ਹਿਰ ਨੂੰ ਸਾਫ-ਸੁਥਰਾ ਬਣਾਉਣ ਵਿੱਚ ਜਨਤਾ ਤੋਂ ਸਹਿਯੋਗ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਲੋਕ ਖਾਲੀ ਪਲਾਟਾਂ ’ਚ ਕੂੜਾ ਸੁੱਟਣ ਨਾਲ ਸਬੰਧਤ ਸੂਚਨਾ, ਲੋਕੇਸ਼ਨ ਸਮੇਤ ਐਕਸ਼ਨ ਹੈਲਪਲਾਈਨ ਵਟਸਐਪ ਨੰਬਰ 96462-22555 ’ਤੇ ਭੇਜ ਸਕਦੇ ਹਨ। ਇਸ ਤੋਂ ਇਲਾਵਾ ਫੋਕਲ ਪੁਆਇੰਟ, ਉਦਯੋਗਿਕ ਖੇਤਰ ਵਿੱਚ ਉਦਯੋਗ ਜਾਂ ਬੁਨਿਆਦੀ ਢਾਂਚੇ ਬਾਰੇ ਵੀ ਇਸੇ ਹੈਲਪਲਾਈਨ ਨੰਬਰ ’ਤੇ ਸੂਚਨਾ ਸਾਂਝੀ ਕੀਤੀ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਐਕਸ਼ਨ ਹੈਲਪਲਾਈਨ ’ਤੇ ਪ੍ਰਾਪਤ ਸ਼ਿਕਾਇਤਾਂ ਨੂੰ ਸਬੰਧਤ ਵਿਭਾਗਾਂ ਨੂੰ ਭੇਜ ਕੇ ਢੁੱਕਵਾਂ ਹੱਲ ਯਕੀਨੀ ਬਣਾਇਆ ਜਾਵੇਗਾ।
ਮੀਟਿੰਗ ਵਿੱਚ ਸਹਾਇਕ ਕਮਿਸ਼ਨਰ (ਯੂ.ਟੀ.) ਮੁਕਿਲਨ ਆਰ., ਸੀ.ਐਮ.ਐਫ.ਓ. ਨਵਦੀਪ ਸਿੰਘ, ਜੁਆਇੰਟ ਕਮਿਸ਼ਨਰ ਨਗਰ ਨਿਗਮ ਸੁਮਨਦੀਪ ਕੌਰ ਅਤੇ ਹੋਰ ਅਧਿਕਾਰੀ ਮੌਜੂਦ ਸਨ।

















































